ਰਿਸ਼ਵਤ ਲੈਣ ਦੇ ਇਲਜ਼ਾਮ ਹੇਠ ਐੱਸਆਈ ਗ੍ਰਿਫ਼ਤਾਰ (etv bharat punjab ( ਰਿਪੋਟਰ ਲੁਧਿਆਣਾ)) ਲੁਧਿਆਣਾ:ਪੰਜਾਬ ਵਿਜੀਲੈਂਸ ਬਿਊਰੋ ਨੇ ਪੁਲਿਸ਼ ਥਾਣਾ ਡਿਵੀਜ਼ਨ ਨੰ. 5 ਲੁਧਿਆਣਾ ਸਿਟੀ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਚਰਨਜੀਤ ਸਿੰਘ ਨੂੰ 2,70,000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਦੱਸਣਯੋਗ ਹੈ ਕਿ ਉਕਤ ਏ.ਐਸ.ਆਈ. ਨੇ ਉਸਦੇ ਖਿਲਾਫ਼ ਭ੍ਰਿਸ਼ਟਾਚਾਰ ਦਾ ਕੇਸ ਦਰਜ ਹੋਣ ਤੋਂ ਬਾਅਦ ਬਿਊਰੋ ਅੱਗੇ ਆਤਮ ਸਮਰਪਣ ਕੀਤਾ ਹੈ।
ਸ਼ਿਕਾਇਤ ਦੇ ਆਧਾਰ ’ਤੇ ਕਾਰਵਾਈ:ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧ ਵਿੱਚ ਲੁਧਿਆਣਾ ਦੇ ਬੱਸ ਸਟੈਂਡ ਨੇੜੇ ਜਵਾਹਰ ਨਗਰ ਕੈਂਪ ਸਥਿਤ ਹੋਟਲ ਤਾਜ ਦੇ ਮਾਲਕ ਕਮਲਜੀਤ ਆਹੂਜਾ ਵੱਲੋਂ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ 'ਤੇ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਉਕਤ ਪੁਲਿਸ ਮੁਲਾਜ਼ਮ ਖ਼ਿਲਾਫ਼ ਪਹਿਲਾਂ ਹੀ ਕੇਸ ਦਰਜ ਹੈ।
ਗੱਲਬਾਤ ਦੀ ਰਿਕਾਰਡਿੰਗ ਵੀ ਪੇਸ਼: ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਉਕਤ ਏ.ਐਸ.ਆਈ. ਉਸਦੇ ਪਰਿਵਾਰਕ ਮੈਂਬਰਾਂ ਵਿਰੁੱਧ ਡਵੀਜ਼ਨ ਨੰਬਰ 5 ਥਾਣੇ ਵਿੱਚ ਦਰਜ ਇੱਕ ਕੇਸ ਵਿੱਚ ਆਈ.ਪੀ.ਸੀ. ਦੀ ਧਾਰਾ 307, 379-ਬੀ ਜੋੜਨ ਦੀਆਂ ਧਮਕੀਆਂ ਦੇ ਕੇ ਉਸ ਤੋਂ ਪਹਿਲਾਂ ਹੀ 2,70,000 ਰੁਪਏ ਰਿਸ਼ਵਤ ਵਜੋਂ ਵਸੂਲ ਚੁੱਕਿਆ ਹੈ ਅਤੇ ਹੁਣ ਹੋਰ ਰਿਸ਼ਵਤ ਮੰਗ ਰਿਹਾ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਪੜਤਾਲ ਦੌਰਾਨ ਸ਼ਿਕਾਇਤਕਰਤਾ ਵੱਲੋਂ ਲਾਏ ਗਏ ਦੋਸ਼ ਸਹੀ ਪਾਏ ਗਏ, ਜਿਸ ਸਬੰਧੀ ਸ਼ਿਕਾਇਤਕਰਤਾ ਨੇ ਸਬੂਤ ਵਜੋਂ ਏ.ਐਸ.ਆਈ. ਚਰਨਜੀਤ ਸਿੰਘ ਅਤੇ ਉਸ (ਸ਼ਿਕਾਇਤਕਰਤਾ) ਦਰਮਿਆਨ ਹੋਈ ਗੱਲਬਾਤ ਦੀ ਰਿਕਾਰਡਿੰਗ ਵੀ ਪੇਸ਼ ਕੀਤੀ ਹੈ।
2 ਲੱਖ ਰੁਪਏ ਪ੍ਰਤੀ ਮਹੀਨਾ ਰਿਸ਼ਵਤ: ਮੁੱਢਲੀ ਜਾਂਚ ਦੌਰਾਨ ਇਹ ਗੱਲ ਸਾਬਤ ਹੋਈ ਕਿ ਏ.ਐਸ.ਆਈ. ਚਰਨਜੀਤ ਸਿੰਘ ਵੱਲੋਂ ਇਸ ਥਾਣੇ ਦੇ ਐਸ.ਐਚ.ਓ. ਦੇ ਨਾਂ 'ਤੇ 2,70,000 ਰੁਪਏ ਦੀ ਰਿਸ਼ਵਤ ਲਈ ਗਈ ਸੀ ਅਤੇ ਉਹ ਸ਼ਿਕਾਇਤਕਰਤਾ ਨੂੰ ਬਿਨਾਂ ਕਿਸੇ ਪ੍ਰੇਸ਼ਾਨੀ ਦੇ ਉਸਦਾ ਹੋਟਲ ਚਲਾਉਣ ਬਦਲੇ 2 ਲੱਖ ਰੁਪਏ ਪ੍ਰਤੀ ਮਹੀਨਾ ਰਿਸ਼ਵਤ ਦੇਣ ਲਈ ਵੀ ਕਹਿ ਰਿਹਾ ਸੀ। ਉਨ੍ਹਾਂ ਦੱਸਿਆ ਕਿ ਇਸ ਜਾਂਚ ਰਿਪੋਰਟ ਦੇ ਆਧਾਰ 'ਤੇ ਉਕਤ ਏ.ਐਸ.ਆਈ. ਚਰਨਜੀਤ ਸਿੰਘ ਖਿਲਾਫ਼ ਵਿਜੀਲੈਂਸ ਬਿਊਰੋ ਥਾਣਾ ਲੁਧਿਆਣਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਪਹਿਲਾਂ ਹੀ ਕੇਸ ਦਰਜ ਹੈ। ਬੁਲਾਰੇ ਨੇ ਦੱਸਿਆ ਕਿ ਜਾਂਚ ਦੌਰਾਨ ਇਸ ਕੇਸ ਵਿੱਚ ਉਕਤ ਐਸ.ਐਚ.ਓ. ਅਤੇ ਹੋਰ ਮੁਲਾਜ਼ਮਾਂ ਦੀ ਭੂਮਿਕਾ ਦੀ ਜਾਂਚ ਕੀਤੀ ਜਾਵੇਗੀ।