ਚੰਡੀਗੜ੍ਹ:ਅੱਜ ਇਥੇ ਪੰਜਾਬ ਸਿਵਲ ਸਕੱਤਰੇਤ- 1 ਵਿਖੇ ਖਣਨ ਤੇ ਭੂ-ਵਿਗਿਆਨ, ਜਲ ਸਰੋਤ, ਭੂਮੀ ਤੇ ਜਲ ਸੰਭਾਲ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ. ਅਤੇ ਮਾਲ, ਮੁੜ ਵਸੇਬਾ, ਆਫ਼ਤ ਪ੍ਰਬੰਧਨ, ਜਲ ਸਪਲਾਈ ਤੇ ਸੈਨੀਟੇਸ਼ਨ, ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ ਮੁੰਡੀਆਂ ਦੀ ਮੌਜੂਦਗੀ ਵਿੱਚ ਆਪਣੇ ਅਹੁਦੇ ਦਾ ਕਾਰਜਭਾਰ ਸੰਭਾਲ ਲਿਆ।
ਬਰਿੰਦਰ ਕੁਮਾਰ ਗੋਇਲ ਨੇ ਮੁੱਖ ਮੰਤਰੀ ਮਾਨ ਦਾ ਕੀਤਾ ਧੰਨਵਾਦ
ਇਸ ਮੌਕੇ ਸ੍ਰੀ ਗੋਇਲ ਨੇ ਉਨ੍ਹਾਂ ਵਿੱਚ ਵਿਸ਼ਵਾਸ ਜਤਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕੀਤਾ ਅਤੇ ਭਰੋਸਾ ਦਿਵਾਇਆ ਕਿ ਉਹ ਸੂਬਾ ਸਰਕਾਰ ਦੀਆਂ ਲੋਕ ਭਲਾਈ ਪਹਿਲਕਦਮੀਆਂ ਨੂੰ ਅੱਗੇ ਵਧਾਉਣ ਲਈ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਕੰਮ ਕਰਨਗੇ। ਉਨ੍ਹਾਂ ਕਿਹਾ ਕਿ ਪੰਜਾਬ ਦੇ ਬੇਸ਼ਕੀਮਤੀ ਪਾਣੀ ਅਤੇ ਖਣਿਜ ਸਰੋਤਾਂ ਦੀ ਸੰਭਾਲ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਇਸ ਮੌਕੇ ਮਾਲੇਰਕੋਟਲਾ ਦੇ ਵਿਧਾਇਕ ਮੁਹੰਮਦ ਜਮੀਲ ਉਰ ਰਹਿਮਾਨ ਅਤੇ ਹੋਰ ਪਤਵੰਤੇ ਵੀ ਹਾਜ਼ਰ ਸਨ।
ਪਿਛਲੇ ਦਿਨੀਂ ਕੈਬਨਿਟ 'ਚ ਹੋਇਆ ਸੀ ਫੇਰਬਦਲ
ਕਾਬਿਲੇਗੌਰ ਹੈ ਕਿ ਇਸ ਤੋਂ ਪਹਿਲਾਂ ਲਾਲਜੀਤ ਸਿੰਘ ਭੁੱਲਰ ਵਲੋਂ ਵੀ ਜੇਲ ਮੰਤਰੀ ਦਾ ਅਹੁਦਾ ਸੰਭਾਲਿਆ ਗਿਆ ਹੈ। ਇਸ ਤੋਂ ਪਹਿਲਾਂ ਜੇਲ ਮੰਤਰੀ ਦਾ ਮਹਿਕਮਾ ਮੁੱਖ ਮੰਤਰੀ ਭਗਵੰਤ ਮਾਨ ਕੋਲ ਸੀ ਤੇ ਪਿਛਲੇ ਦਿਨੀਂ ਹੋਈ ਕੈਬਨਿਟ ਫੇਰਬਦਲ 'ਚ ਜਿਥੇ ਪੁਰਾਣੇ ਮੰਤਰੀਆਂ ਤੋਂ ਲਾਂਬੇ ਕਰਕੇ ਨਵੇਂ ਮੰਤਰੀ ਬਣਾਏ ਗਏ ਤਾਂ ਉਥੇ ਹੀ ਵਿਭਾਗਾਂ 'ਚ ਵੀ ਫੇਰਬਦਲ ਕੀਤਾ ਗਿਆ ਹੈ। ਜਿਸ 'ਚ ਪਹਿਲਾਂ ਖਣਨ ਤੇ ਭੂ-ਵਿਗਿਆਨ ਸਮੇਤ ਕੁਝ ਮਹਿਕਮੇ ਸਾਬਕਾ ਮੰਤਰੀ ਚੇਤਨ ਸਿੰਘ ਜੋੜੇਮਾਜਰਾ ਕੋਲ ਸਨ, ਜੋ ਹੁਣ ਬਰਿੰਦਰ ਕੁਮਾਰ ਗੋਇਲ ਨੂੰ ਸੌਂਪੇ ਗਏ ਹਨ।