ਬਰਨਾਲਾ : ਵਿਧਾਨ ਸਭਾ ਜ਼ਿਮਨੀ ਚੋਣਾਂ ਦਾ ਨਤੀਜਾ ਭਲਕੇ 23 ਨਵੰਬਰ ਨੂੰ ਆਵੇਗਾ। 20 ਨਵੰਬਰ ਨੂੰ ਹੋਈਆਂ ਇਨ੍ਹਾਂ ਚੋਣਾਂ ਦੌਰਾਨ ਮੁੱਖ ਮੁਕਾਬਲਾ ਆਮ ਆਦਮੀ ਪਾਰਟੀ ਅਤੇ ਕਾਂਗਰਸ ਪਾਰਟੀ ਵਿੱਚ ਰਹਿਣ ਦੇ ਅਸਾਰ ਹਨ। ਜਦਕਿ ਭਾਰਤੀ ਜਨਤਾ ਪਾਰਟੀ ਵੀ ਇਸ ਵਾਰ ਪੂਰੇ ਦਮ ਨਾਲ ਚੋਣ ਲੜਦੀ ਦਿਖਾਈ ਦਿੱਤੀ। ਉੱਥੇ ਹੀ ਆਮ ਆਦਮੀ ਪਾਰਟੀ ਦੇ ਬਾਗੀ ਗੁਰਦੀਪ ਸਿੰਘ ਬਾਠ ਨੇ ਅਜ਼ਾਦ ਚੋਣ ਲੜ ਕੇ ਇਸ ਚੋਣ ਨੂੰ ਦਿਲਚਸਪ ਬਣਾ ਦਿੱਤਾ, ਜਿਸ ਦਾ ਨੁਕਸਾਨ ਆਮ ਆਦਮੀ ਪਾਰਟੀ ਨੂੰ ਹੋ ਸਕਦਾ ਹੈ। ਇਸ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਗੋਬਿੰਦ ਸਿੰਘ ਵੀ ਚੰਗੀ ਵੋਟ ਲੈ ਸਕਦੇ ਹਨ।
'ਆਪ' ਪਾਰਟੀ ਨੂੰ ਇਸ ਸੀਟ ਤੋਂ ਹੋ ਸਕਦਾ ਹੈ ਨੁਕਸਾਨ
ਦੱਸ ਦੇਈਏ ਕਿ ਬਰਨਾਲਾ ਜ਼ਿਲ੍ਹੇ ਨੂੰ ਆਮ ਆਦਮੀ ਪਾਰਟੀ ਦਾ ਗੜ ਮੰਨਿਆ ਜਾਂਦਾ ਹੈ ਕਿਉਂਕਿ ਆਮ ਆਦਮੀ ਪਾਰਟੀ 2014 ਤੋਂ ਲੈ ਕੇ ਹੁਣ ਤੱਕ ਇੱਕ ਵਾਰ ਵੀ ਬਰਨਾਲਾ ਜ਼ਿਲ੍ਹੇ ਵਿੱਚੋਂ ਨਹੀਂ ਹਾਰੀ। ਉੱਥੇ ਲਗਾਤਾਰ ਦੋ ਵਿਧਾਨ ਸਭਾ ਦੀਆਂ ਚੋਣਾਂ ਵੀ ਬਰਨਾਲਾ ਵਿਧਾਨ ਸਭਾ ਸੀਟ ਤੋਂ ਆਮ ਆਦਮੀ ਪਾਰਟੀ ਜਿੱਤੀ ਹੋਈ ਹੈ। ਮੀਤ ਹੇਅਰ ਦੇ ਮੈਂਬਰ ਪਾਰਲੀਮੈਂਟ ਬਣਨ ਅਤੇ ਉਨ੍ਹਾਂ ਵੱਲੋਂ ਅਸਤੀਫ਼ਾ ਦਿੱਤੇ ਜਾਣ ਤੋਂ ਬਾਅਦ ਇਹ ਸੀਟ ਖਾਲੀ ਹੋਈ ਅਤੇ ਜ਼ਿਮਨੀ ਚੋਣ ਵਿੱਚ ਮੀਤ ਹੇਅਰ ਦੇ ਖਾਸ ਹਰਿੰਦਰ ਸਿੰਘ ਧਾਲੀਵਾਲ ਨੂੰ ਉਮੀਦਵਾਰ ਬਣਾ ਕੇ ਚੋਣ ਮੈਦਾਨ ਵਿੱਚ ਉਤਾਰ ਦਿੱਤਾ ਗਿਆ। ਜਿਸਦਾ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਗੁਰਦੀਪ ਸਿੰਘ ਬਾਠ ਵੱਲੋਂ ਵਿਰੋਧ ਕਰਦਿਆਂ ਅਜ਼ਾਦ ਉਮੀਦਵਾਰ ਵਜੋਂ ਚੋਣ ਲੜੀ ਜਾ ਰਹੀ ਹੈ। ਜਿਸ ਕਰਕੇ ਆਮ ਆਦਮੀ ਪਾਰਟੀ ਨੂੰ ਇਸ ਸੀਟ ਤੋਂ ਨੁਕਸਾਨ ਹੋ ਸਕਦਾ ਹੈ।