ਬਰਨਾਲਾ:ਬਰਨਾਲਾ ਵਿਧਾਨ ਸਭਾ ਜ਼ਿਮਨੀ ਚੋਣਾਂ ਵਿੱਚ ਕਾਂਗਰਸ ਪਾਰਟੀ ਦੇ ਵੱਡੇ ਨੇਤਾ ਚੋਣ ਪ੍ਰਚਾਰ ਵਿੱਚ ਉਤਰ ਆਏ ਹਨ। ਅੱਜ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਅਤੇ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਵਲੋਂ ਬਰਨਾਲਾ ਦੇ ਉਮੀਦਵਾਰ ਕੁਲਦੀਪ ਸਿੰਘ ਕਾਲਾ ਢਿੱਲੋਂ ਦੇ ਹੱਕ ਵਿੱਚ ਚੋਣ ਪ੍ਰਚਾਰ ਕੀਤਾ ਗਿਆ। ਇਸ ਦੌਰਾਨ ਉਹਨਾਂ ਜਿੱਥੇ ਕਾਂਗਰਸ ਪਾਰਟੀ ਦੀ ਜਿੱਤ ਦਾ ਦਾਅਵਾ ਕੀਤਾ, ਉਥੇ ਪੰਜਾਬ ਸਰਕਾਰ ਨੂੰ ਵੱਖ-ਵੱਖ ਮੁੱਦਿਆਂ ਉਤੇ ਘੇਰਿਆ।
ਪ੍ਰਧਾਨਗੀ ਨੀ CM ਕੁਰਸੀ ਛੱਡਣ ਦਾ ਆਇਆ ਸਮਾਂ
ਇਸ ਮੌਕੇ ਗੱਲਬਾਤ ਕਰਦਿਆਂ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਬਰਨਾਲਾ ਵਿਧਾਨ ਸਭਾ ਜ਼ਿਮਨੀ ਚੋਣ ਵਿੱਚ ਪਾਰਟੀ ਦੇ ਵਰਕਰਾਂ ਦੀ ਮੰਗ ਉਪਰ ਕੁਲਦੀਪ ਸਿੰਘ ਕਾਲਾ ਢਿੱਲੋਂ ਨੂੰ ਟਿਕਟ ਦਿੱਤੀ ਗਈ ਹੈ ਅਤੇ ਇਹਨਾਂ ਨੂੰ ਬਹੁਤ ਵਧੀਆ ਹੁੰਗਾਰਾ ਮਿਲ ਰਿਹਾ ਹੈ। ਉਹਨਾਂ ਕਿਹਾ ਕਿ ਪੰਜਾਬ ਦੇ ਹਾਲਾਤ ਬਹੁਤ ਮਾੜੇ ਹੋ ਚੁੱਕੇ ਹਨ। ਪੰਜਾਬ ਵਿੱਚ ਢਾਈ ਸਾਲ ਦੀ ਸਰਕਾਰ ਹੋ ਚੁੱਕੀ ਹੈ। ਭਗਵੰਤ ਮਾਨ ਨੇ ਬੀਤੇ ਕੱਲ੍ਹ ਪਾਰਟੀ ਦੇ ਪ੍ਰਧਾਨਗੀ ਅਹੁਦੇ ਨੂੰ ਛੱਡਣ ਦਾ ਗੱਲ ਆਖੀ ਹੈ, ਪਰ ਹੁਣ ਤਾਂ ਉਹਨਾਂ ਦੀ ਮੁੱਖ ਮੰਤਰੀਸ਼ਿਪ ਛੱਡਣ ਦਾ ਸਮਾਂ ਆ ਗਿਆ ਹੈ, ਕਿਉਂਕਿ ਪੂਰੇ ਪੰਜਾਬ ਵਿੱਚ ਹੁਣ ਕਿਸੇ ਵਿਅਕਤੀ ਦੀ ਜਿੰਦਗੀ ਅਤੇ ਕਾਰੋਬਾਰ ਸੁਰੱਖਿਅਤ ਨਹੀਂ ਹੈ।