ਬਰਨਾਲਾ:ਬਰਨਾਲਾ ਪੁਲਿਸ ਨੇ ਜ਼ਿਲ੍ਹੇ ਦੇ ਪਿੰਡ ਪੱਖੋਕੇ ਦੀ ਦਾਣਾ ਮੰਡੀ ’ਚ 28 ਅਕਤੂਬਰ ਨੂੰ ਹੋਏ ਇੱਕ ਨੌਜਵਾਨ ਦੇ ਕਤਲ ਦੇ 7 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਵਿੱਚ ਸਫ਼ਲਤਾ ਪ੍ਰਾਪਤ ਕੀਤੀ ਹੈ। ਇਸ ਮਾਮਲੇ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਡੀਐਸਪੀ ਸਤਵੀਰ ਸਿੰਘ ਬੈਂਸ ਨੇ ਦੱਸਿਆ ਕਿ 28 ਅਕਤੂਬਰ ਨੂੰ ਦਾਣਾ ਮੰਡੀ ਪੱਖੋਕੇ ਵਿੱਚ ਇੱਕ ਝਗੜੇ ਦੌਰਾਨ ਨੌਜਵਾਨ ਨੇ ਜੈਸਮੀਨ ਸਿੰਘ ਉਰਫ਼ ਜੱਸੂ ਪੁੱਤਰ ਗੁਰਚਰਨ ਸਿੰਘ ਦਾ ਕਤਲ ਹੋ ਗਿਆ ਸੀ। ਜਿਸ ਤੋਂ ਬਾਅਦ ਮ੍ਰਿਤਕ ਨੌਜਵਾਨ ਦੇ ਪਿਤਾ ਗੁਰਚਰਨ ਸਿੰਘ ਦੇ ਬਿਆਨਾਂ ਦੇ ਆਧਾਰ ’ਤੇ ਰਮਨਜੀਤ ਸਿੰਘ ਉਰਫ਼ ਰਮਨਾ ਪੁੱਤਰ ਸੁਖਦੇਵ ਸਿੰਘ ਵਾਸੀ ਪੱਖੋਕੇ ਅਤੇ ਉਸਦੇ 12 ਸਾਥੀਆਂ ਵਿਰੁੱਧ ਕਤਲ ਦਾ ਮਾਮਲਾ ਥਾਣਾ ਸਦਰ ਬਰਨਾਲਾ ਵਿਖੇ ਦਰਜ ਕੀਤਾ ਗਿਆ ਸੀ।
ਪੱਖੋਕੇ ਦਾਣਾ ਮੰਡੀ 'ਚ ਹੋਏ ਕਤਲ ਕੇਸ 'ਚ ਨੂੰ ਪੁਲਿਸ ਨੇ ਕੀਤਾ ਹੱਲ, 7 ਮੁਲਜ਼ਮਾਂ ਨੂੰ ਕੀਤਾ ਕਾਬੂ - MURDER OF A YOUTH ON OCTOBER 28
ਬਰਨਾਲਾ ਪੁਲਿਸ ਨੇ ਪਿੰਡ ਪੱਖੋਕੇ ਦੀ ਦਾਣਾ ਮੰਡੀ ’ਚ 28 ਅਕਤੂਬਰ ਨੂੰ ਹੋਏ ਇੱਕ ਨੌਜਵਾਨ ਦੇ ਕਤਲ ਕੇਸ ਵਿੱਚ 7 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ।
Published : Nov 2, 2024, 8:50 AM IST
ਡੀਐਸਪੀ ਸਤਵੀਰ ਸਿੰਘ ਬੈਂਸ ਨੇ ਦੱਸਿਆ ਕਿ ਥਾਣਾ ਥਾਣਾ ਸਦਰ ਦੇ ਮੁਖੀ ਇੰਸਪੈਕਟਰ ਸ਼ੇਰਵਿੰਦਰ ਸਿੰਘ ਦੀ ਅਗਵਾਈ ਹੇਠ ਕਤਲ ਦੇ ਮੁਲਜ਼ਮਾਂ ਦੀ ਸਰਗਰਮੀ ਨਾਲ ਭਾਲ ਸ਼ੁਰੂ ਕੀਤੀ ਗਈ। ਜਿਸ ਤੋਂ ਬਾਅਦ ਕਤਲ ਕਾਂਡ ਦੇ ਮੁਲਜ਼ਮ ਰਮਨਜੀਤ ਸਿੰਘ ਉਰਫ਼ ਰਮਨਾ, ਗੁਰਪ੍ਰੀਤ ਸਿੰਘ, ਹਰਜਿੰਦਰ ਸਿੰਘ ਉਰਫ਼ ਜਿੰਦਰ, ਹਰਮਨਦੀਪ ਸਿੰਘ ਉਰਫ ਹੰਮੂ, ਏਕਮਪ੍ਰੀਤ ਸਿੰਘ, ਸੁਖਵਿੰਦਰ ਸਿੰਘ ਉਰਫ ਸੁੱਖਾ (ਸਾਰੇ ਵਾਸੀ ਪਿੰਡ ਪੱਖੋਕੇ) ਅਤੇ ਮਨਦੀਪ ਸਿੰਘ ਪੁੱਤਰ ਜਗਦੇਵ ਸਿੰਘ ਵਾਸੀ ਘੁਮਾਣ ਪੱਤੀ ਰੰਗੀਆਂ ਨੂੰ ਕਾਬੂ ਕੀਤਾ ਗਿਆ। ਡੀਐਸਪੀ ਬੈਂਸ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ 3 ਨਵੰਬਰ ਤੱਕ ਦਾ ਰਿਮਾਂਡ ਹਾਸਿਲ ਕੀਤਾ ਗਿਆ ਹੈ ਅਤੇ ਇਸ ਮੁਕੱਦਮੇ ਵਿੱਚ ਰਹਿੰਦੇ ਬਾਕੀ ਮੁਲਜ਼ਮਾਂ ਦੀ ਭਾਲ ਲਈ ਪੁਲਿਸ ਵੱਲੋਂ ਰੇਡ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਦੱਸਿਆ ਕਿ ਰਿਮਾਂਡ ਦੌਰਾਨ ਮੁਲਜ਼ਮਾਂ ਤੋਂ ਇਸ ਕਤਲ ਸਬੰਧੀ ਹੋਰ ਪੁੱਛਗਿੱਛ ਵੀ ਕੀਤੀ ਜਾਵੇਗੀ।
ਟਰੈਕਟਰ ਦਾ ਡੈੱਕ ਬੰਦ ਕਰਨ ਨੂੰ ਲੈ ਕੇ ਹੋਈ ਲੜਾਈ
ਜ਼ਿਕਰਯੋਗ ਹੈ ਕਿ 28 ਅਕਤੂਬਰ ਦੀ ਰਾਤ ਪਿੰਡ ਪੱਖੋਕੇ ਦੀ ਦਾਣਾ ਮੰਡੀ ਵਿੱਚ ਦੋ ਧਿਰਾਂ ਦਰਮਿਆਨ ਟਰੈਕਟਰ ਦਾ ਡੈੱਕ ਬੰਦ ਕਰਨ ਨੂੰ ਲੈ ਕੇ ਲੜਾਈ ਹੋ ਗਈ ਸੀ। ਜਿਸ ਵਿੱਚ 25 ਸਾਲਾ ਨੌਜਵਾਨ ਜੈਸਮੀਨ ਸਿੰਘ ਜੱਸੂ ਦਾ ਪਿੰਡ ਦੇ ਹੀ ਕੁੱਝ ਨੌਜਵਾਨਾਂ ਨੇ ਕਤਲ ਕਰ ਦਿੱਤਾ ਸੀ। ਪਹਿਲਾਂ ਉਸਦੇ ਉਪਰ ਗੱਡੀ ਚੜ੍ਹਾਈ ਗਈ ਅਤੇ ਬਾਅਦ ਵਿੱਚ ਮੁਲਜ਼ਮਾਂ ਨੇ ਨੌਜਵਾਨ ਦੀ ਰਾੜਾਂ ਨਾਲ ਕੁੱਟਮਾਰ ਕੀਤੀ ਗਈ ਸੀ। ਜਿਸ ਕਾਰਨ ਉਕਤ ਨੌਜਵਾਨ ਦੀ ਮੌਤ ਹੋ ਗਈ ਅਤੇ ਉਸਦੇ ਦੋ ਸਾਥੀ ਗੰਭੀਰ ਰੂਪ ਵਿੱਚ ਜ਼ਖ਼ਮੀ ਵੀ ਹੋ ਗਏ ਸਨ। ਮ੍ਰਿਤਕ ਨੌਜਵਾਨ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ ਜਿਸਦੇ ਪਿਤਾ ਸਾਬਕਾ ਫ਼ੌਜੀ ਹਨ ਅਤੇ ਉਸਦੀ ਭੈਣ ਕੈਨੇਡਾ ਰਹਿੰਦੀ ਹੈ।