ਬਠਿੰਡਾ:ਸੰਯੁਕਤ ਕਿਸਾਨ ਮੋਰਚਾ ਭਾਰਤ ਦੇ ਸੱਦੇ 'ਤੇ ਟੋਹਾਣਾ ਮਹਾਂਪੰਚਾਇਤ ਵਿੱਚ ਪਿੰਡ ਕੋਠਾ ਗੁਰੂ ਤੋਂ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਜਾ ਰਹੀ ਬੱਸ ਦਾ ਹਾਦਸਾ ਵਾਪਰਨ ਕਾਰਨ ਕੋਠਾ ਗੁਰੂ ਦੀਆਂ ਤਿੰਨ ਔਰਤਾਂ ਸ਼ਹੀਦ ਹੋ ਗਈਆਂ। ਇਸ ਦੇ ਨਾਲ ਹੀ ਦਰਜਨਾਂ ਦੀ ਗਿਣਤੀ ਵਿੱਚ ਕਿਸਾਨ ਜ਼ਖ਼ਮੀ ਵੀ ਹੋਏ।
ਕਿਸਾਨਾਂ ਵਲੋਂ ਡੀਸੀ ਦਫ਼ਤਰ ਦਾ ਘਿਰਾਓ (Etv Bharat) ਬਰਨਾਲਾ ਕਿਸਾਨਾਂ ਦੀ ਬੱਸ ਹਾਦਸਾ ਮਾਮਲਾ
ਇਸ ਹਾਦਸੇ 'ਚ ਮਾਰੇ ਗਏ ਕਿਸਾਨਾਂ ਔਰਤਾਂ ਨੂੰ ਮੁਆਵਜ਼ਾ ਅਤੇ ਜ਼ਖ਼ਮੀਆਂ ਦਾ ਇਲਾਜ ਅਤੇ ਮੁਆਵਜ਼ਾ ਦੇਣ ਦੀ ਮੰਗ ਨੂੰ ਲੈ ਕੇ ਅੱਜ ਦੂਜੇ ਦਿਨ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਡਿਪਟੀ ਕਮਿਸ਼ਨਰ ਬਠਿੰਡਾ ਦੇ ਦਫ਼ਤਰ ਦਾ ਘਿਰਾਓ ਕਰਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਪ੍ਰਦਰਸ਼ਨ ਦੌਰਾਨ ਕਿਸਾਨਾਂ ਨੇ ਪੰਜਾਬ ਸਰਕਾਰ ਅਤੇ ਪ੍ਰਸ਼ਾਸਨ ਖਿਲਾਫ ਜੰਮ ਕੇ ਨਾਅਰੇਬਾਜ਼ੀ ਵੀ ਕੀਤੀ। ਇਸ ਦੇ ਨਾਲ ਹੀ ਕਿਸਾਨਾਂ ਨੇ ਜ਼ਖ਼ਮੀਆਂ ਅਤੇ ਮ੍ਰਿਤਕਾਂ ਨੂੰ ਮੁਆਵਜ਼ਾ ਨਾ ਮਿਲਣ ਤੱਕ ਇਹ ਧਰਨਾ ਪ੍ਰਦਰਸ਼ਨ ਇਸੇ ਤਰ੍ਹਾਂ ਜਾਰੀ ਰੱਖਣ ਦਾ ਐਲਾਨ ਕੀਤਾ ਹੈ।
ਮ੍ਰਿਤਕਾਂ ਤੇ ਜ਼ਖ਼ਮੀਆਂ ਲਈ ਮੁਆਵਜ਼ੇ ਦੀ ਮੰਗ
ਇਸ ਸਬੰਧੀ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾ ਦੇ ਸ਼ਿੰਗਾਰਾ ਸਿੰਘ ਮਾਨ ਨੇ ਪੰਜਾਬ ਦੀ ਭਗਵੰਤ ਮਾਨ ਸਰਕਾਰ ਉਤੇ ਦੋਸ਼ ਲਾਇਆ ਕਿ ਉਹ ਹਾਦਸੇ ਦੌਰਾਨ ਫੌਤ ਹੋਈਆਂ ਤਿੰਨ ਕਿਸਾਨ ਔਰਤਾਂ ਦੇ ਪੀੜਤ ਪਰਿਵਾਰਾਂ ਨੂੰ ਕੋਈ ਮੁਆਵਜ਼ਾ ਦੇਣ ਲਈ ਤਿਆਰ ਨਹੀਂ ਹਨ। ਉਹਨਾਂ 'ਆਪ' ਸਰਕਾਰ 'ਤੇ ਵਰਦਿਆਂ ਕਿਹਾ ਕਿ ਸਰਕਾਰ ਬਣਨ ਤੋਂ ਪਹਿਲਾਂ ਭਗਵੰਤ ਮਾਨ ਦਾਅਵੇ ਕਰਦੇ ਸਨ ਕਿ ਉਹਨਾਂ ਦੀ ਸਰਕਾਰ ਵਿੱਚ ਕਿਸੇ ਨੂੰ ਧਰਨੇ ਲਗਾਉਣ ਦੀ ਜ਼ਰੂਰਤ ਨਹੀਂ ਪਵੇਗੀ ਪਰ ਹੁਣ ਧਰਨਿਆਂ ਦੀ ਜਗ੍ਹਾ ਆਪਣੀਆਂ ਮਾਮੂਲੀ ਮੰਗਾਂ ਲਈ ਵੀ ਕਿਸਾਨਾਂ ਨੂੰ ਮੋਰਚੇ ਲਗਾਉਣੇ ਪੈ ਰਹੇ ਹਨ। ਉਹਨਾਂ ਕਿਹਾ ਕਿ ਜਿੰਨਾ ਸਮਾਂ ਸਰਕਾਰ ਉਹਨਾਂ ਦੀਆਂ ਮੰਗਾਂ ਪੂਰੀਆਂ ਨਹੀਂ ਕਰਦੀ, ਉਦੋਂ ਤੱਕ ਉਨ੍ਹਾਂ ਦਾ ਸੰਘਰਸ਼ ਜਾਰੀ ਰਹੇਗਾ।