ਬਠਿੰਡਾ: ਕਿਸਾਨ ਅੰਦੋਲਨ ਦੀਆਂ ਰਹਿੰਦੀਆਂ ਮੰਗਾਂ ਮਨਵਾਉਣ ਲਈ ਚੱਲ ਰਹੇ ਸੰਘਰਸ਼ ਦੌਰਾਨ 30 ਦਸੰਬਰ ਨੂੰ ਪੰਜਾਬ ਬੰਦ ਦੇ ਐਲਾਨ ਦੇ ਚੱਲਦਿਆਂ ਵੱਖ-ਵੱਖ ਜਥੇਬੰਦੀਆਂ ਵੱਲੋਂ ਸਮਰਥਨ ਦਿੱਤਾ ਜਾ ਰਿਹਾ ਹੈ। ਇਸ ਬੰਦ ਨੂੰ ਸਫਲ ਬਣਾਉਣ ਲਈ ਅਗੇਤੀਆਂ ਤਿਆਰੀਆਂ ਆਰੰਭ ਦਿੱਤੀਆਂ ਗਈਆਂ ਹਨ। ਪੀਆਰਟੀਸੀ ਅਤੇ ਪਨਬੱਸ ਕੰਟਰੈਕਟ ਵਰਕਰ ਯੂਨੀਅਨ ਵੱਲੋਂ 30 ਦਸੰਬਰ ਨੂੰ ਪੰਜਾਬ ਬੰਦ ਦੇ ਸੱਦੇ ਦਾ ਸਮਰਥਨ ਕਰਦੇ ਹੋਏ ਚਾਰ ਘੰਟਿਆਂ ਲਈ ਬੱਸਾਂ ਦਾ ਚੱਕਾ ਜਾਮ ਕਰਨ ਦਾ ਐਲਾਨ ਕੀਤਾ ਗਿਆ।
30 ਦਸੰਬਰ ਨੂੰ ਪੰਜਾਬ ਬੰਦ ਦੇ ਸੱਦੇ ਦਾ ਮੁਲਾਜ਼ਮਾਂ ਵਲੋਂ ਸਮਰਥਨ (Etv Bharat ਪੱਤਰਕਾਰ ਬਠਿੰਡਾ) ਸੰਘਰਸ਼ ਕਰ ਰਹੇ ਕਿਸਾਨਾਂ 'ਤੇ ਤਸ਼ੱਦਦ
ਇਸ ਸਬੰਧੀ ਪੀਆਰਟੀਸੀ ਅਤੇ ਪਨਬਸ ਯੂਨੀਅਨ ਦੇ ਸੂਬਾ ਮੀਤ ਪ੍ਰਧਾਨ ਸੰਦੀਪ ਸਿੰਘ ਅਤੇ ਕੁਲਵੰਤ ਸਿੰਘ ਨੇ ਦੱਸਿਆ ਕਿ ਕੇਂਦਰ ਸਰਕਾਰ ਵੱਲੋਂ ਹਮੇਸ਼ਾ ਹੀ ਪੰਜਾਬ ਨਾਲ ਧੱਕੇਸ਼ਾਹੀ ਕੀਤੀ ਜਾਂਦੀ ਰਹੀ ਹੈ। ਹੁਣ ਵੀ ਕਿਸਾਨ ਅੰਦੋਲਨ ਦੌਰਾਨ ਮੰਨੀਆਂ ਹੋਈਆਂ ਮੰਗਾਂ ਲਾਗੂ ਨਹੀਂ ਕੀਤੀਆਂ ਜਾ ਰਹੀਆਂ, ਜਿਸ ਕਾਰਨ ਕਿਸਾਨਾਂ ਨੂੰ ਮੁੜ ਸੰਘਰਸ਼ ਦੇ ਰਾਹ ਪੈਣਾ ਪਿਆ ਹੈ। ਉਨ੍ਹਾਂ ਕਿਹਾ ਕਿ ਸ਼ਾਂਤਮਈ ਸੰਘਰਸ਼ ਕਰ ਰਹੇ ਕਿਸਾਨਾਂ 'ਤੇ ਲਗਾਤਾਰ ਕੇਂਦਰ ਸਰਕਾਰ ਦੀ ਸ਼ਹਿ 'ਤੇ ਤਸ਼ੱਦਦ ਕੀਤਾ ਜਾ ਰਿਹਾ ਹੈ।
ਸਰਕਾਰੀ ਅਦਾਰਿਆਂ ਦਾ ਨਿੱਜੀਕਰਨ ਕਰਨ ਦੀ ਕੋਸ਼ਿਸ਼
ਇਸੇ ਤਰ੍ਹਾਂ ਕੇਂਦਰ ਅਤੇ ਸੂਬਾ ਸਰਕਾਰਾਂ ਵੱਲੋਂ ਪੰਜਾਬ ਦੇ ਸਰਕਾਰੀ ਅਦਾਰਿਆਂ ਨੂੰ ਲਗਾਤਾਰ ਬੰਦ ਕਰਨ ਦੀਆਂ ਕੋਝੀਆਂ ਚਾਲਾਂ ਚੱਲੀਆਂ ਜਾ ਰਹੀਆਂ ਹਨ। ਭਾਵੇਂ ਸਿਹਤ ਸੇਵਾਵਾਂ ਹੋਣ, ਸਿੱਖਿਆ ਹੋਵੇ ਜਾਂ ਹੋਰ ਵਿਭਾਗ ਹੋਣ ਇਹਨਾਂ ਨੂੰ ਲਗਾਤਾਰ ਨਿੱਜੀਕਰਨ ਵੱਲ ਧੱਕਿਆ ਜਾ ਰਿਹਾ ਹੈ। ਨੌਜਵਾਨਾਂ ਨੂੰ ਰੁਜ਼ਗਾਰ ਦੇਣ ਦੀ ਬਜਾਏ ਠੇਕੇਦਾਰੀ ਸਿਸਟਮ ਨੂੰ ਪ੍ਰਫੁੱਲਤ ਕੀਤਾ ਜਾ ਰਿਹਾ ਹੈ। ਇਸ ਦੇ ਚੱਲਦੇ ਹੀ ਉਹਨਾਂ ਨੇ ਕਿਸਾਨਾਂ ਵੱਲੋਂ ਦਿੱਤੇ 30 ਦਸੰਬਰ ਨੂੰ ਬੰਦ ਦੇ ਸੱਦੇ ਦਾ ਸਮਰਥਨ ਕੀਤਾ ਹੈ।
ਮੁਲਾਜ਼ਮਾਂ ਦੀ ਨਹੀਂ ਕੀਤੀ ਜਾ ਰਹੀ ਪੱਕੀ ਭਰਤੀ
ਉਨ੍ਹਾਂ ਕਿਹਾ ਕਿ ਚਾਰ ਘੰਟਿਆਂ ਲਈ ਪੀਆਰਟੀਸੀ ਅਤੇ ਪਨਬੱਸ ਦੀਆਂ ਬੱਸਾਂ ਇਸ ਬੰਦ ਦਾ ਸਮਰਥਨ ਕਰਨਗੀਆਂ ਅਤੇ ਜਿੱਥੇ ਵੀ ਕਿਸਾਨਾਂ ਦਾ ਪ੍ਰਦਰਸ਼ਨ ਹੋਵੇਗਾ, ਉਥੇ ਹੀ ਠੇਕਾ ਮੁਲਾਜ਼ਮ ਇਸ ਪ੍ਰਦਰਸ਼ਨ ਵਿੱਚ ਸ਼ਾਮਿਲ ਹੋ ਕੇ ਆਪਣਾ ਬਣਦਾ ਯੋਗਦਾਨ ਪਾਉਣਗੇ। ਇਸ ਦੇ ਨਾਲ ਹੀ ਉਨ੍ਹਾਂ ਦਾ ਕਹਿਣਾ ਹੈ ਕਿ ਉਹ ਪਿਛਲੇ ਲੰਮੇ ਸਮੇਂ ਤੋਂ ਆਪਣੇ ਹੱਕੀ ਮੰਗਾਂ ਲਈ ਸੰਘਰਸ਼ ਕਰ ਰਹੇ ਹਨ। ਕੇਂਦਰ ਅਤੇ ਸੂਬਾ ਸਰਕਾਰ ਵੱਲੋਂ ਪੱਕਿਆ ਕਰਨ ਦੀ ਬਜਾਏ ਲਗਾਤਾਰ ਠੇਕੇ 'ਤੇ ਭਰਤੀ ਕੀਤੀ ਜਾ ਰਹੀ ਹੈ ਤਾਂ ਜੋ ਸਰਕਾਰੀ ਅਦਾਰਿਆਂ ਨੂੰ ਨਿੱਜੀਕਰਨ ਵੱਲ ਧੱਕਿਆ ਜਾ ਸਕੇ। ਉਨ੍ਹਾਂ ਕਿਹਾ ਕਿ ਅਜਿਹਾ ਹਰਗਿਜ਼ ਨਹੀਂ ਹੋਣ ਦਿੱਤਾ ਜਾਵੇਗਾ। ਇਸ ਲਈ ਸੰਘਰਸ਼ਸ਼ੀਲ ਜਥੇਬੰਦੀਆਂ ਨਾਲ ਰਲ ਕੇ ਉਹ ਆਪਣੇ ਸਰਕਾਰੀ ਅਦਾਰਿਆਂ ਨੂੰ ਬਚਾਉਣ ਲਈ ਸੰਘਰਸ਼ ਕਰਦੇ ਰਹਿਣਗੇ।
ਕਿਸਾਨਾਂ ਨੂੰ ਪੀਆਰਟੀਸੀ ਅਤੇ ਪਨਬੱਸ ਮੁਲਾਜ਼ਮਾਂ ਦਾ ਸਮਰਥਨ
ਕੰਟਰੈਕਟ ਵਰਕਰ ਯੂਨੀਅਨ ਦੇ ਆਗੂਆਂ ਦਾ ਕਹਿਣਾ ਕਿ ਇਸੇ ਸੰਘਰਸ਼ ਦੇ ਮੱਦੇਨਜ਼ਰ 30 ਦਸੰਬਰ ਨੂੰ ਪੰਜਾਬ ਵਿੱਚ ਪੀਆਰਟੀਸੀ ਅਤੇ ਪਨਬੱਸ ਚਾਰ ਘੰਟਿਆਂ ਲਈ ਆਪਣੀਆਂ ਸੇਵਾਵਾਂ ਠੱਪ ਰੱਖੇਗੀ। ਉਹਨਾਂ ਲੋਕਾਂ ਨੂੰ ਅਪੀਲ ਕੀਤੀ ਕਿ 30 ਦਸੰਬਰ ਨੂੰ ਬੱਸਾਂ ਰਾਹੀਂ ਸਫਰ ਕਰਨ ਤੋਂ ਗੁਰੇਜ਼ ਕਰਨ, ਜੇਕਰ ਜਿਆਦਾ ਜ਼ਰੂਰੀ ਹੈ ਤਾਂ ਹੀ ਬੱਸਾਂ ਰਾਹੀਂ ਸਫਰ ਕਰਨ ਨਹੀਂ ਉਹਨਾਂ ਨੂੰ ਵੱਡੀਆਂ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਉਹਨਾਂ ਕਿਹਾ ਕਿ ਇਸ ਦਿਨ 3000 ਤੋਂ ਉੱਪਰ ਸਰਕਾਰੀ ਬੱਸਾਂ ਚਾਰ ਘੰਟੇ ਲਈ ਬੰਦ ਰੱਖੀਆਂ ਜਾਣਗੀਆਂ।