ਬਠਿੰਡਾ: ਲੋਕ ਸਭਾ ਚੋਣਾਂ ਨੂੰ ਲੈਕੇ ਜਿਥੇ ਸਿਆਸੀ ਪਾਰਟੀਆਂ ਨੇ ਆਪਣੇ ਪੱਤੇ ਖੋਲ੍ਹਣੇ ਸ਼ੁਰੂ ਕਰ ਦਿੱਤੇ ਹੋਏ ਹਨ ਤਾਂ ਉਥੇ ਹੀ ਕਈ ਆਜ਼ਾਦ ਉਮੀਦਵਾਰ ਵੀ ਇੰਨ੍ਹਾਂ ਚੋਣਾਂ 'ਚ ਆਪਣੀ ਕਿਸਮਤ ਅਜ਼ਮਾ ਰਹੇ ਹਨ। ਫਰੀਦਕੋਟ ਲੋਕ ਸਭਾ ਹਲਕੇ ਦੀ ਗੱਲ ਕੀਤੀ ਜਾਵੇ ਤਾਂ ਉਥੋਂ ਕਾਂਗਰਸ ਵਲੋਂ ਆਪਣਾ ਉਮੀਦਵਾਰ ਹਾਲੇ ਤੱਕ ਚੋਣ ਮੈਦਾਨ 'ਚ ਨਹੀਂ ਉਤਾਰਿਆ ਗਿਆ, ਜਦਕਿ 'ਆਪ' ਵਲੋਂ ਅਦਾਕਾਰ ਤੇ ਗਾਇਕ ਕਰਮਜੀਤ ਅਨਮੋਲ, ਸ਼੍ਰੋਮਣੀ ਅਕਾਲੀ ਦਲ ਵਲੋਂ ਰਾਜਵਿੰਦਰ ਸਿੰਘ ਅਤੇ ਭਾਜਪਾ ਵਲੋਂ ਪ੍ਰਸਿੱਧ ਗਾਇਕ ਹੰਸ ਰਾਜ ਹੰਸ ਉਮੀਦਵਾਰਾਂ ਦੀ ਘੋਸ਼ਣਾ ਕੀਤੀ ਜਾ ਚੁੱਕੀ ਹੈ। ਜਦਕਿ ਲੋਕ ਗਾਇਕ ਮੁਹੰਮਦ ਸਦੀਕ ਹਲਕੇ ਵਿਚ ਕਾਂਗਰਸ ਦੇ ਮੌਜੂਦਾ ਸੰਸਦ ਮੈਂਬਰ ਹਨ।
ਫਰੀਦਕੋਟ ਤੋਂ ਲੜਨਗੇ ਆਜ਼ਾਦ ਚੋਣ: ਹੁਣ ਉਥੇ ਹੀ ਫਰੀਦਕੋਟ ਲੋਕ ਸਭਾ ਹਲਕੇ ਤੋਂ ਇੰਦਰਾ ਗਾਂਧੀ ਦਾ ਕਤਲ ਕਰਨ ਵਾਲੇ ਬੇਅੰਤ ਸਿੰਘ ਦੇ ਪੁੱਤਰ ਸਰਬਜੀਤ ਸਿੰਘ ਖਾਲਸਾ ਵਲੋਂ ਵੀ ਆਜ਼ਾਦ ਚੋਣ ਲੜਨ ਦਾ ਐਲਾਨ ਕੀਤਾ ਗਿਆ ਹੈ। ਇਸ ਸਬੰਧੀ ਸਰਬਜੀਤ ਸਿੰਘ ਖ਼ਾਲਸਾ ਨੇ ਕਿਹਾ ਕਿ ਉਹ ਇਸ ਵਾਰ ਫ਼ਰੀਦਕੋਟ ਲੋਕ ਸਭਾ ਸੀਟ ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜਨਗੇ। ਉਨ੍ਹਾਂ ਕਿਹਾ ਕਿ ਫਰੀਦਕੋਟ ਦੀ ਸੰਗਤ ਦਾ ਹੁਕਮ ਸੀ ਕਿ ਮੈਂ ਚੋਣ ਲੜਾਂ ਜਿਸ ਕਾਰਨ ਉਹ ਚੋਣ ਮੈਦਾਨ 'ਚ ਆਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਬੇਅਦਬੀ ਕਾਂਡ ਦੇ ਮੁੱਖ ਦੋਸ਼ੀਆਂ ਨੂੰ ਕੋਈ ਸਜ਼ਾ ਨਹੀਂ ਦਿੱਤੀ ਗਈ ਤੇ ਜੇਕਰ ਉਹ ਲੋਕ ਸਭਾ ਚੋਣ ਜਿੱਤ ਜਾਂਦੇ ਹਨ ਤਾਂ ਉਹ ਬੇਅਦਬੀ ਕਰਨ ਵਾਲਿਆਂ ਨੂੰ ਸਖ਼ਤ ਸਜ਼ਾਵਾਂ ਦਵਾਉਣਾ ਯਕੀਨੀ ਬਣਾਉਣਗੇ।
ਦੋ ਵਾਰ ਪਹਿਲਾਂ ਵੀ ਅਜ਼ਮਾ ਚੁੱਕੇ ਕਿਸਮਤ: ਉਨ੍ਹਾਂ ਦੱਸਿਆ ਕਿ ਪਹਿਲਾਂ ਵੀ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵਲੋਂ ਹੀ ਉਨ੍ਹਾਂ ਤੱਕ ਪਹੁੰਚ ਕਰਕੇ ਚੋਣ ਮੈਦਾਨ 'ਚ ਉਤਾਰਿਆ ਗਿਆ ਸੀ, ਜਦਕਿ ਉਨ੍ਹਾਂ ਕੋਈ ਪਹਿਲ ਨਹੀਂ ਕੀਤੀ ਸੀ। ਉਨ੍ਹਾਂ ਦੱਸਿਆ ਕਿ 2007 ਤੋਂ ਬਾਅਦ ਰਾਬਤ ਖਤਮ ਹੋ ਗਿਆ ਤੇ ਹੁਣ ਫਰੀਦਕੋਟ ਦੀ ਸੰਗਤ ਦੇ ਕਹਿਣ 'ਤੇ ਹੀ ਮੁੜ ਚੋਣ ਮੈਦਾਨ 'ਚ ਆਏ ਹਨ, ਜਦਕਿ ਉਨ੍ਹਾਂ ਦਾ ਚੋਣ ਲੜਨ ਦਾ ਕੋਈ ਮਨ ਨਹੀਂ ਸੀ।