ਫਰੀਦਕੋਟ: ਕਿਸਾਨਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਲਗਤਾਰ ਧਰਨੇ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਪਿਛਲ਼ੇ ਸਾਲ 13 ਫਰਵਰੀ ਤੋਂ ਚੱਲ ਰਹੇ ਕਿਸਾਨੀ ਅੰਦੋਲਨ ਨੂੰ ਹੁਣ ਹੋਰ ਤੇਜ਼ ਕਰਨ ਲਈ ਮਰਨ ਵਰਤ ਸ਼ੁਰੂ ਕੀਤਾ ਜਾਵੇਗਾ। ਕਿਸਾਨ ਅੰਦੋਲਨ ਦੀ ਆਗਾਮੀ ਰਣਨੀਤੀ ਦੇ ਹਿੱਸੇ ਵੱਜੋਂ ਅੰਦੋਲਨ ਨੂੰ ਹੋਰ ਤੇਜ਼ ਕਰਦੇ ਹੋਏ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਵੱਲੋਂ ਭਲਕੇ 26 ਨਵੰਬਰ ਤੋਂ ਖਨੌਰੀ ਬਾਰਡਰ ਵਿੱਚ ਮਰਨ ਵਰਤ ਸ਼ੁਰੂ ਕੀਤਾ ਜਾਵੇਗਾ। ਇਸ ਮੌਕੇ ਦੇਸ਼ ਭਰ ਤੋਂ ਕਿਸਾਨ ਆਗੂ ਖਨੌਰੀ ਸਰਹੱਦ 'ਤੇ ਹਾਜ਼ਰ ਹੋਣਗੇ ਤੇ ਕਿਸਾਨਾਂ ਦੇ ਵੱਡੇ ਜੱਥੇ ਖਨੌਰੀ ਬਾਰਡਰ ਉੱਪਰ ਲਗਾਤਾਰ ਪਹੁੰਚ ਰਹੇ ਹਨ।
ਕਿਸਾਨ ਆਗੂ ਡੱਲੇਵਾਲ ਨੇ ਚੁੱਕਿਆ ਵੱਡਾ ਕਦਮ, ਮਰਨ ਵਰਤ 'ਤੇ ਬੈਠਣ ਤੋਂ ਪਹਿਲਾਂ ਜਾਣੋਂ ਕਿਸ ਦੇ ਨਾਮ ਕਰਵਾਈ ਸਾਰੀ ਜਾਇਦਾਦ? - JAGJIT DALLEWAL DEATH FAST
ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਵੱਲੋਂ 26 ਨਵੰਬਰ ਤੋਂ ਖਨੌਰੀ ਬਾਰਡਰ ਵਿੱਚ ਮਰਨ ਵਰਤ ਸ਼ੁਰੂ ਕੀਤਾ ਜਾਵੇਗਾ।
Published : Nov 25, 2024, 11:05 PM IST
ਮੀਡੀਆ ਨੂੰ ਸੰਬੋਧਨ ਕਰਦੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਜਾਂ ਤਾਂ ਉਹ ਕਿਸਾਨਾਂ ਦੀਆਂ ਮੰਗਾਂ ਪੂਰੀਆਂ ਕਰਵਾ ਕੇ ਆਪਣੇ ਪਿੰਡ ਪਰਤਣਗੇ ਜਾਂ ਫਿਰ ਉਨ੍ਹਾਂ ਦੀ ਮ੍ਰਿਤਕ ਦੇਹ ਵਾਪਸ ਪਿੰਡ ਜਾਵੇਗੀ । ਇਸ ਦੇ ਨਾਲ ਹੀ ਉਨ੍ਹਾਂ ਦੀ ਆਖਿਆ ਕਿ ਉਨ੍ਹਾਂ ਦੀ ਸ਼ਹਾਦਤ ਤੋਂ ਬਾਅਦ ਉਨ੍ਹਾਂ ਦੀ ਮ੍ਰਿਤਕ ਦੇਹ ਉਸ ਸਮੇਂ ਤੱਕ ਬਾਰਡਰ ਉਤੇ ਹੀ ਰੱਖੀ ਜਾਵੇਗੀ ਜਦੋਂ ਤੱਕ ਸਰਕਾਰ ਵੱਲੋਂ ਲਿਖਤ ਵਿੱਚ ਮੰਨੀਆਂ ਗਈਆਂ ਮੰਗਾਂ ਨੂੰ ਲਾਗੂ ਨਹੀਂ ਕੀਤਾ ਜਾਂਦਾ। ਉਨ੍ਹਾਂ ਦੀ ਸ਼ਹਾਦਤ ਤੋਂ ਬਾਅਦ ਕਿਸਾਨ ਆਗੂ ਸੁਖਜੀਤ ਸਿੰਘ ਹਰਦੋਝੰਡੇ ਮਰਨ ਵਰਤ ਉਪਰ ਬੈਠਣਗੇ। ਤੁਹਾਨੂੰ ਦੱਸ ਦਈਏ ਕਿ ਖਨੌਰੀ ਬਾਰਡਰ ਪਹੁੰਚਣ ਤੋਂ ਪਹਿਲਾਂ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਵੱਲੋਂ ਅੱਜ ਫਰੀਦਕੋਟ ਪਹੁੰਚ ਕੇ ਆਪਣੀ ਸਾਰੀ ਜ਼ਮੀਨ ਤੇ ਜਾਇਦਾਦ ਆਪਣੇ ਪਰਿਵਾਰਕ ਮੈਂਬਰਾਂ (ਪੁੱਤਰ, ਨੂੰਹ, ਪੋਤਰੇ) ਦੇ ਨਾਂ 'ਤੇ ਕਰਵਾ ਦਿੱਤੀ ਗਈ। ਇਸ ਮੌਕੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਉਹ ਰਸਮਾਂ ਪੂਰੀਆਂ ਕਰਨ ਲਈ ਮਰਨ ਵਰਤ ਨਹੀਂ ਰੱਖ ਰਹੇ।
ਆਖਰੀ ਸਾਹ ਤੱਕ ਜਾਰੀ ਰਹੇਗੀ ਲੜਾਈ
ਕਿਸਾਨ ਆਗੂ ਨੇ ਆਖਿਆ ਕਿ ਉਹ ਕਿਸਾਨਾਂ ਦੀਆਂ ਮੰਗਾਂ ਦੀ ਪੂਰਤੀ ਲਈ ਆਪਣੀ ਜਾਨ ਕੁਰਬਾਨ ਕਰਨ ਲਈ ਤਿਆਰ ਹਨ ਅਤੇ ਇਹ ਲੜਾਈ ਆਪਣੇ ਆਖਰੀ ਸਾਹ ਤੱਕ ਜਾਰੀ ਰੱਖਣਗੇ।ਕਾਬਲੇਜ਼ਿਕਰ ਹੈ ਕਿ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਕੱਲ੍ਹ ਦੁਪਹਿਰ 12 ਵਜੇ ਤੋਂ ਖਨੌਰੀ ਸਰਹੱਦ ਵਿਖੇ ਮਰਨ ਵਰਤ ਸ਼ੁਰੂ ਕਰਨਗੇ, ਜਿਸ ਸਬੰਧੀ ਉਨ੍ਹਾਂ ਨੇ ਸਾਰੇ ਮੀਡੀਆ ਸਾਥੀਆਂ ਨੂੰ ਵੀ ਨਿਮਰਤਾ ਸਹਿਤ ਬੇਨਤੀ ਕਰਦੇ ਹੋਏ ਕਿਹਾ ਕਿ ਉਹ ਭਲਕੇ 26 ਨਵੰਬਰ ਖਨੌਰੀ ਬਾਰਡਰ ਉੱਪਰ ਪਹੁੰਚ ਕੇ ਇਸ ਅੰਦੋਲਨ ਨੂੰ ਕਵਰ ਕਰਨ ਅਤੇ ਹਰ ਇੱਕ ਇਨਸਾਨ ਦੇ ਹੱਕਾਂ ਲਈ ਲੜੇ ਜਾ ਰਹੇ ਅੰਦੋਲਨ ਦੀ ਗੱਲ ਨੂੰ ਕਵਰ ਕਰਕੇ ਦੁਨੀਆਂ ਦੇ ਕੋਨੇ ਕੋਨੇ ਤੱਕ ਪਹੁੰਚਾਉਣ।