ਬਠਿੰਡਾ:ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਸੂਬਾ ਕਮੇਟੀ ਦੇ ਸੱਦੇ ਤਹਿਤ ਅੱਜ ਜ਼ਿਲ੍ਹਾ ਬਠਿੰਡਾ ਵੱਲੋਂ ਡਿਪਟੀ ਕਮਿਸ਼ਨਰ ਬਠਿੰਡਾ ਦੇ ਦਫਤਰ ਅੱਗੇ ਅੱਜ ਪੰਜ ਰੋਜਾ ਧਰਨੇ ਦੇ ਅਖੀਰਲੇ ਦਿਨ ਹਜ਼ਾਰਾਂ ਦੀ ਗਿਣਤੀ ਵਿੱਚ ਕਿਸਾਨ ਮਜ਼ਦੂਰ ਮਰਦ ਔਰਤਾਂ ਸ਼ਾਮਿਲ ਹੋਏ। ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਝੰਡਾ ਸਿੰਘ ਨੇ ਐਲਾਨ ਕੀਤਾ ਕਿ ਜੇਕਰ ਸਰਕਾਰ ਨੇ ਕਿਸਾਨਾਂ ਵੱਲੋਂ ਭੇਜੀਆਂ ਮੰਗ ਪੱਤਰ ਰਾਹੀਂ ਮੰਗਾਂ ਨਾ ਮੰਨੀਆਂ ਤਾਂ 24 ਫਰਵਰੀ ਤੋਂ ਚੰਡੀਗੜ੍ਹ ਵਿਖੇ ਪੱਕਾ ਮੋਰਚਾ ਲਾਇਆ ਜਾਵੇਗਾ। ਉਹਨਾਂ ਇਹ ਵੀ ਐਲਾਨ ਕੀਤਾ ਕਿ ਉੱਥੇ ਸਰਕਾਰ ਨੂੰ ਮੰਗਾਂ ਪੂਰੀਆਂ ਕਰਨ ਖਾਤਰ ਅਜਿਹੇ ਹਾਲਾਤ ਪੈਦਾ ਕੀਤੇ ਜਾਣਗੇ ਕਿ ਜਾਂ ਤਾਂ ਸਰਕਾਰ ਦੀਆਂ ਕਿਸਾਨਾਂ ਦੀਆਂ ਮੰਗਾਂ ਮੰਨੇ ਜਾਂ ਫਿਰ ਉਹ ਕਿਸਾਨਾਂ ਦੇ ਰੋਹ ਦਾ ਸਾਹਮਣਾ ਕਰ ਲਈ ਤਿਆਰ ਰਹੇ।
ਸਰਕਾਰ ਨਹੀਂ ਸੁਣ ਰਹੀ ਮੰਗਾਂ:ਜ਼ਿਲ੍ਹਾ ਪ੍ਰਧਾਨ ਸ਼ਿੰਗਾਰਾ ਸਿੰਘ ਮਾਨ ਅਤੇ ਔਰਤ ਜਥੇਬੰਦੀ ਦੇ ਆਗੂ ਹਰਪ੍ਰੀਤ ਕੌਰ ਜੇਠੂਕੇ ਨੇ ਕਿਹਾ ਕਿ ਕਿਸਾਨ ਪੰਜ ਦਿਨਾਂ ਤੋਂ ਡਿਪਟੀ ਕਮਿਸ਼ਨਰ ਦਫਤਰਾਂ ਅੱਗੇ ਬੈਠੇ ਹਨ, ਪਰ ਸਰਕਾਰ ਉਹਨਾਂ ਦੀ ਗੱਲ ਸੁਣਨ ਨੂੰ ਤਿਆਰ ਨਹੀਂ। ਨਵੀਂ ਕਿਸਾਨ ਪੱਖੀ ਖੇਤੀ ਨੀਤੀ ਬਣਾਉਣ ਤੇ ਹੋਰ ਭੱਖਦੀਆਂ ਮੰਗਾਂ ਸਬੰਧੀ ਪੱਤਰ ਸਰਕਾਰ ਨੂੰ ਅੱਜ ਤੋਂ 17 ਦਿਨ ਪਹਿਲਾਂ ਭੇਜਿਆ ਜਾ ਚੁੱਕਿਆ ਹੈ, ਪਰ ਆਪਣੇ ਆਪ ਨੂੰ ਕਿਸਾਨਾਂ ਮਜ਼ਦੂਰਾਂ ਦੀ ਸਰਕਾਰ ਕਹਿਣ ਵਾਲੀ ਭਗਵੰਤ ਮਾਨ ਸਰਕਾਰ ਵੱਲੋਂ ਚੁੱਪਧਾਰੀ ਹੋਈ ਹੈ। ਕਿਸਾਨ ਆਗੂਆਂ ਨੇ ਮੰਗਿਆ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਿਸਾਨ ਪੱਖੀ ਖੇਤੀ ਨੀਤੀ ਬਣਾਈ ਜਾਵੇ ਤਾਂ ਜੋ ਖੇਤੀ ਮਸਲੇ ਹੱਲ ਹੋ ਸਕਣ ਅਤੇ ਖੇਤੀ-ਖੇਤਰ ਨੂੰ ਸੰਸਾਰ ਵਪਾਰ ਜਥੇਬੰਦੀ, ਸੰਸਾਰ ਬੈਂਕ ਅਤੇ ਕਾਰਪੋਰੇਟਾਂ ਦੇ ਪੰਜੇ ਵਿਚੋਂ ਮੁਕਤ ਕਰਵਾਇਆ ਜਾਵੇ।
ਕਿਸਾਨਾਂ ਦੇ ਐਕਸ਼ਨ ਦੀ ਤਿਆਰੀ: ਇਸ ਤੋਂ ਇਲਾਵਾ ਹੋਰ ਮੰਗਾਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੇਜ਼ਮੀਨੇ, ਗਰੀਬ ਕਿਸਾਨਾਂ ਅਤੇ ਖੇਤ ਮਜਦੂਰਾਂ ਦੀ ਜ਼ਮੀਨ ਦੀ ਤੋਟ ਪੂਰੀ ਕੀਤੀ ਜਾਵੇ। ਕਿਸਾਨਾਂ ਅਤੇ ਖੇਤ ਮਜਦੂਰਾਂ ਲਈ ਸਸਤੇ ਸਰਕਾਰੀ ਖੇਤੀ ਕਰਜ਼ਿਆਂ ਦਾ ਪ੍ਰਬੰਧ ਕੀਤਾ ਜਾਵੇ, ਕਿਸਾਨ ਪੱਖੀ ਕਰਜ਼ਾ ਕਾਨੂੰਨ ਬਣਾਇਆ ਜਾਵੇ, ਸੂਦਖੋਰੀ ਦਾ ਖਾਤਮਾ ਹੋਵੇ, ਕਿਸਾਨਾਂ, ਮਜਦੂਰਾਂ ਦੇ ਕਰਜ਼ਿਆਂ ਉਪਰ ਲੀਕ ਮਾਰੀ ਜਾਵੇ, ਨਹਿਰੀ ਪਾਣੀ ਹਰ ਖੇਤ ਤੱਕ ਪਹੁੰਚਦਾ ਕੀਤਾ ਜਾਵੇ , ਪਾਣੀ ਨੂੰ ਪਲੀਤ ਕਰਨ ਅਤੇ ਸੰਸਾਰ ਬੈਂਕ ਨੂੰ ਸੌਪਣ ਦੀ ਨੀਤੀ ਦਾ ਖਾਤਮਾ ਕੀਤਾ ਜਾਵੇ, ਧਰਤੀ ਹੇਠਲੇ ਪਾਣੀ ਦੀ ਮੁੜ ਭਰਾਈ ਲਈ ਵਿਗਿਆਨਕ ਢਾਂਚਾ ਉਸਾਰਿਆ ਜਾਵੇ।