ਖਨੌਰੀ :ਸਰਕਾਰ ਵੱਲੋਂ ਲਿਖਤ ਵਿੱਚ ਮੰਨੀਆਂ ਹੋਈਆਂ ਮੰਗਾਂ ਅਤੇ ਕੀਤੇ ਗਏ ਵਾਅਦਿਆਂ ਨੂੰ ਲਾਗੂ ਕਰਵਾਉਣ ਲਈ 26 ਨਵੰਬਰ 2024 ਤੋਂ ਮਰਨ ਵਰਤ ਉੱਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ 66ਵੇਂ ਦਿਨ ਵੀ ਜਾਰੀ ਰਿਹਾ। ਅੱਜ (ਵੀਰਵਾਰ) ਖਨੌਰੀ ਕਿਸਾਨ ਮੋਰਚੇ ਉੱਪਰ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ, ਜਿਸ ਉਪਰੰਤ ਕੀਰਤਨੀਏ ਜੱਥਿਆਂ ਵੱਲੋਂ ਕੀਰਤਨ ਰਾਹੀਂ ਸੰਗਤ ਨੂੰ ਨਿਹਾਲ ਕੀਤਾ ਗਿਆ।
ਖਨੌਰੀ ਬਾਰਡਰ 'ਤੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਪਾਏ ਭੋਗ (Etv Bharat) ਜਗਜੀਤ ਸਿੰਘ ਡੱਲੇਵਾਲ ਦੇ ਦਿਲ ਦੀ ਇੱਛਾ
ਕਿਸਾਨ ਆਗੂਆਂ ਨੇ ਦੱਸਿਆ ਕਿ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੇ ਦਿਲ ਦੀ ਇੱਛਾ ਸੀ ਕਿ ਉਹ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅੱਗੇ ਨਤਮਸਤਕ ਹੋ ਕੇ ਅਕਾਲ ਪੁਰਖ ਦੇ ਅੱਗੇ ਆਪਣਾ ਸੀਸ ਨਿਵਾਉਂਦੇ ਹੋਏ ਗੁਰੂ ਸਾਹਿਬ ਦੇ ਦਰਸ਼ਨ ਕਰਨਾ ਚਾਹੁੰਦੇ ਸਨ। ਜਦੋਂ ਮੱਥਾ ਟੇਕਣ ਤੋਂ ਬਾਅਦ ਉਨ੍ਹਾਂ ਨੂੰ ਵਾਪਸ ਟਰਾਲੀ ਵਿੱਚ ਲਿਆਂਦਾ ਗਿਆ ਤਾਂ ਸਰੀਰਕ ਕਮਜ਼ੋਰੀ ਹੋਣ ਕਾਰਨ ਥੋੜੀ ਜਿਹੀ ਵੀ ਹਲਚਲ ਨਾਂ ਸਹਾਰਦੇ ਹੋਏ ਉਹਨਾਂ ਨੂੰ ਬੁਖਾਰ ਹੋ ਗਿਆ ਹੈ।
ਜਗਜੀਤ ਸਿੰਘ ਡੱਲੇਵਾਲ ਦੀ ਚੰਗੀ ਸਿਹਤ ਲਈ ਕੀਤੀ ਗਈ ਅਰਦਾਸ
ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ ਜੀ ਨੇ ਖਨੌਰੀ ਕਿਸਾਨ ਮੋਰਚੇ ਉੱਪਰ ਜਗਜੀਤ ਸਿੰਘ ਡੱਲੇਵਾਲ ਜੀ ਨਾਲ ਮੁਲਾਕਾਤ ਕਰਕੇ ਉਹਨਾਂ ਦੀ ਸਿਹਤ ਸਬੰਧੀ ਜਾਣਕਾਰੀ ਲਈ। ਸਿੰਘ ਸਾਹਿਬ ਵੱਲੋਂ 66 ਦਿਨਾਂ ਤੋਂ ਮਰਨ ਵਰਤ ਉੱਤੇ ਬੈਠੇ ਜਗਜੀਤ ਸਿੰਘ ਡੱਲੇਵਾਲ ਦੀ ਚੰਗੀ ਸਿਹਤ ਲਈ ਅਰਦਾਸ ਬੇਨਤੀ ਕੀਤੀ ਗਈ।
ਮੀਡੀਆ ਨਾਲ ਰੂਬਰੂ ਹੁੰਦੇ ਹੋਏ ਕਿਸਾਨ (Etv Bharat) 13 ਫਰਵਰੀ ਨੂੰ ਸ਼ੰਭੂ ਕਿਸਾਨ ਮੋਰਚੇ ਉੱਪਰ ਕਿਸਾਨ ਮਹਾਂ ਪੰਚਾਇਤਾਂ
ਕਿਸਾਨ ਆਗੂਆਂ ਕਿਹਾ ਕਿ ਹੱਕੀ ਮੰਗਾਂ ਲਈ 13 ਫਰਵਰੀ 2024 ਤੋਂ ਚੱਲ ਰਹੀ ਮੋਰਚੇ ਦੇ ਬਾਰਡਰਾਂ ਉੱਪਰ ਇੱਕ ਸਾਲ ਪੂਰਾ ਹੋਣ ਉੱਤੇ 11 ਫਰਵਰੀ ਨੂੰ ਰਤਨਪੁਰਾ ਕਿਸਾਨ ਮੋਰਚੇ ਉੱਪਰ, 12 ਫਰਵਰੀ ਨੂੰ ਖਨੌਰੀ ਕਿਸਾਨ ਮੋਰਚੇ ਉੱਪਰ ਅਤੇ 13 ਫਰਵਰੀ ਨੂੰ ਸ਼ੰਭੂ ਕਿਸਾਨ ਮੋਰਚੇ ਉੱਪਰ ਹੋਣ ਵਾਲੀਆਂ ਕਿਸਾਨ ਮਹਾਂ ਪੰਚਾਇਤਾਂ ਵਿੱਚ ਪੂਰੇ ਦੇਸ਼ ਤੋਂ ਲੱਖਾਂ ਕਿਸਾਨਾਂ ਵੱਲੋਂ ਸ਼ਮੂਲੀਅਤ ਕੀਤੀ ਜਾਵੇਗੀ। ਜਿਸ ਸਬੰਧੀ ਦੇਸ਼ ਭਰ ਵਿੱਚ ਪਿੰਡ-ਪਿੰਡ ਜਾ ਕੇ ਮੀਟਿੰਗਾਂ ਕਰਕੇ ਲੋਕਾਂ ਨੂੰ ਲਾਮਬੰਦ ਕੀਤਾ ਜਾ ਰਿਹਾ ਹੈ।