ਬਰਨਾਲਾ:ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਵਲੋਂ ਜ਼ਿਮਨੀ ਚੋਣਾਂ ਵਿੱਚ ਆਮ ਆਦਮੀ ਪਾਰਟੀ ਦਾ ਵਿਰੋਧ ਕਰਨ ਦਾ ਐਲਾਨ ਕੀਤਾ ਹੈ। ਇਹ ਐਲਾਨ ਕਿਸਾਨ ਜੱਥੇਬੰਦੀ ਦੇ ਪ੍ਰਧਾਨ ਮਨਜੀਤ ਸਿੰਘ ਧਨੇਰ ਨੇ ਬਰਨਾਲਾ ਵਿਖੇ ਸੂਬਾ ਕਮੇਟੀ ਦੀ ਮੀਟਿੰਗ ਉਪਰੰਤ ਕੀਤਾ ਹੈ।
ਜ਼ਿਮਨੀ ਚੋਣਾਂ ‘ਚ AAP ਦੇ ਵਿਰੋਧ ਦਾ ਐਲਾਨ (ETV BHARAT) ਕਿਸਾਨਾਂ ਦੀ ਜ਼ਮੀਨ ਹੜੱਪਣ ਦੇ ਇਲਜ਼ਾਮ
ਮਨਜੀਤ ਧਨੇਰ ਨੇ ਕਿਹਾ ਕਿ ਮਾਨਸਾ ਜ਼ਿਲ੍ਹੇ ਦੇ ਪਿੰਡ ਕੁੱਲਰੀਆਂ ਦੇ ਕਿਸਾਨਾਂ ਦੀ ਜ਼ਮੀਨ ਆਮ ਆਦਮੀ ਪਾਰਟੀ ਦੇ ਕਾਰਜਕਾਰੀ ਸੂਬਾ ਪ੍ਰਧਾਨ ਬੁੱਧਰਾਮ ਦੀ ਸ਼ਹਿ 'ਤੇ ਭੂ-ਮਾਫੀਆ ਹੜੱਪਣਾ ਚਾਹੁੰਦਾ ਹੈ। ਉਹਨਾਂ ਦੀ ਜੱਥੇਬੰਦੀ ਇਸ ਧੱਕੇਸ਼ਾਹੀ ਦੇ ਖ਼ਿਲਾਫ਼ ਪਿਛਲੇ ਡੇਢ ਸਾਲ ਤੋਂ ਜਮਹੂਰੀ ਢੰਗ ਨਾਲ ਜਥੇਬੰਦਕ ਸੰਘਰਸ਼ ਲੜ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਅਨੇਕਾਂ ਹੀ ਮੰਤਰੀਆਂ, ਵਿਧਾਇਕਾਂ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਗੱਲਬਾਤ ਰਾਹੀਂ ਮੰਨਿਆ ਹੈ ਕਿ ਕੁੱਲਰੀਆਂ ਦੇ ਕਿਸਾਨਾਂ ਦਾ ਜ਼ਮੀਨ 'ਤੇ ਮਾਲਕੀ ਹੱਕ ਹੈ, ਪਰ ਭੂ-ਮਾਫੀਆ ਇਸ ਮਾਲਕੀ ਹੱਕ ਨੂੰ ਖੋਹਣ 'ਤੇ ਉਤਾਰੂ ਹੈ ਅਤੇ ਪੰਜਾਬ ਸਰਕਾਰ ਕੋਈ ਇਨਸਾਫ਼ ਨਹੀਂ ਦੇ ਰਹੀ।
ਪ੍ਰਸ਼ਾਸਨ 'ਤੇ ਵੀ ਲਾਏ ਗੰਭੀਰ ਦੋਸ਼
ਕਿਸਾਨ ਆਗੂ ਨੇ ਕਿਹਾ ਕਿ ਮਾਨਸਾ ਦਾ ਜ਼ਿਲ੍ਹਾਂ ਪ੍ਰਸ਼ਾਸਨ ਜਥੇਬੰਦੀ ਤੋਂ ਵਾਰ-ਵਾਰ ਸਮਾਂ ਲੈ ਰਿਹਾ ਹੈ ਪਰ ਹਰ ਵਾਰ ਆਪਣੇ ਵਾਅਦੇ ਪੂਰੇ ਕਰਨ ਤੋਂ ਮੁੱਕਰ ਜਾਂਦਾ ਹੈ। ਇਸ ਲਈ ਸੂਬਾ ਕਮੇਟੀ ਨੇ ਫੈਸਲਾ ਕੀਤਾ ਹੈ ਕਿ ਆਉਣ ਵਾਲੀਆਂ ਜ਼ਿਮਨੀ ਚੋਣਾਂ ਵਿੱਚ ਬਰਨਾਲਾ ਵਿਖੇ 3 ਨਵੰਬਰ ਨੂੰ ਅਤੇ ਗਿੱਦੜਬਾਹਾ ਵਿਖੇ 4 ਨਵੰਬਰ ਨੂੰ ਵੱਡੀਆਂ ਰੈਲੀਆਂ ਕਰਕੇ ਆਮ ਆਦਮੀ ਪਾਰਟੀ ਦੇ ਵਿਰੋਧ ਦਾ ਸੱਦਾ ਦਿੱਤਾ ਜਾਵੇਗਾ। ਉਸ ਤੋਂ ਬਾਅਦ ਜਥੇਬੰਦੀ ਇਨ੍ਹਾਂ ਦੋਵਾਂ ਹਲਕਿਆਂ ਦੇ ਪਿੰਡਾਂ ਵਿੱਚ ਆਮ ਆਦਮੀ ਪਾਰਟੀ ਦੀ ਕਿਸਾਨ ਵਿਰੋਧੀ ਨੀਤੀ ਦਾ ਪਰਦਾਫਾਸ਼ ਕਰੇਗੀ।
ਜ਼ਿਮਨੀ ਚੋਣਾਂ 'ਚ AAP ਦੇ ਵਿਰੋਧ ਦਾ ਐਲਾਨ
ਇਸ ਦੇ ਨਾਲ ਹੀ ਕਿਸਾਨ ਆਗੂਆਂ ਨੇ ਦੁਹਰਾਇਆ ਕਿ ਜਥੇਬੰਦੀ ਕੁੱਲਰੀਆਂ ਦੇ ਕਿਸਾਨਾਂ ਦੀ ਜ਼ਮੀਨ ਬਚਾਉਣ ਲਈ ਕੋਈ ਵੀ ਕੁਰਬਾਨੀ ਕਰਨ ਤੋਂ ਨਹੀਂ ਝਿਜਕੇਗੀ। ਉਹਨਾਂ ਕਿਹਾ ਕਿ ਝੋਨੇ ਦੀ ਖਰੀਦ ਦੇ ਮਾੜੇ ਪ੍ਰਬੰਧਾਂ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚੇ ਵੱਲੋਂ ਲਗਾਤਾਰ ਪੰਜਾਬ ਭਰ ਵਿੱਚ ਸੰਘਰਸ਼ ਕੀਤਾ ਜਾ ਰਿਹਾ ਹੈ। ਇਸੇ ਤਹਿਤ 29 ਅਕਤੂਬਰ ਨੂੰ ਪੰਜਾਬ ਭਰ ਦੇ ਡੀਸੀ ਦਫਤਰਾਂ ਅੱਗੇ ਧਰਨੇ ਪ੍ਰਦਰਸ਼ਨ ਕੀਤੇ ਜਾਣਗੇ।