ਪਟਿਆਲਾ/ਅਬੋਹਰ : ਇੱਕ ਪਾਸੇ ਜਿੱਥੇ ਕਿਸਾਨ ਜਥੇਬੰਦੀਆਂ ਵੱਲੋਂ ਕਿਸਾਨੀ ਮੁੱਦਿਆਂ ਨੂੰ ਲੈ ਕੇ ਦਿੱਲੀ ਜਾਣ ਲਈ ਸ਼ੰਭੂ ਸਰਹੱਦ 'ਤੇ ਪਿਛਲੇ ਕਈ ਦਿਨਾਂ ਤੋਂ ਤਿੱਖਾ ਸੰਘਰਸ਼ ਕੀਤਾ ਜਾ ਰਿਹਾ ਹੈ, ਉੱਥੇ ਹੀ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਸੱਦੇ 'ਤੇ ਪੰਜਾਬ ਭਾਜਪਾ ਦੇ ਤਿੰਨ ਵੱਡੇ ਆਗੂਆਂ ਦੇ ਘਰਾਂ ਦਾ ਘਿਰਾਓ ਕੀਤਾ, ਜੋ ਕਿ ਕਿਸਾਨਾਂ ਨੂੰ ਨਜ਼ਰਅੰਦਾਜ਼ ਕਰ ਰਹੇ ਹਨ। ਇਹਨਾਂ ਵਿੱਚ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਦੇ ਅਬੋਹਰ ਵਿੱਚ ਜੱਦੀ ਘਰ ਦੇ ਬਾਹਰ ਧਰਨਾ ਦਿੱਤਾ ਅਤੇ ਨਾਲ ਹੀ ਪਟਿਆਲਾ ਵਿੱਖੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਦੇ ਘਰ ਦਾ ਵੀ ਘਿਰਾਓ ਕੀਤਾ ਗਿਆ।
ਬੀਕੇਯੂ ਉਗਰਾਹਾਂ ਨੇ ਭਾਜਪਾ ਆਗੂ ਸੁਨੀਲ ਜਾਖੜ ਤੇ ਕੈਪਟਨ ਅਮਰਿੰਦਰ ਸਿੰਘ ਦੇ ਘਰ ਦਾ ਕੀਤਾ ਘਿਰਾਓ
ਸੰਯੁਕਤ ਕਿਸਾਨ ਮੋਰਚਾ (SKM) ਅਤੇ ਟਰੇਡ ਯੂਨੀਅਨਾਂ ਵੱਲੋਂ ਕਿਸਾਨ ਅੰਦੋਲਨ ਦੀ ਹਿਮਾਇਤ ਕਰਦਿਆਂ ਪੰਜਾਬ ਦੇ ਵੱਡੇ ਭਾਜਪਾ ਆਗੂਆਂ ਦੇ ਘਰ ਦਾ ਘਿਰਾਓ ਕਰਨ ਅਤੇ ਧਰਨਾ ਦੇਣ ਦੇ ਸੱਦੇ ਤਹਿਤ ਅੱਜ ਭਾਜਪਾ ਪੰਜਾਬ ਪ੍ਰਧਾਨ ਸੁਨੀਲ ਜਾਖੜ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਦੇ ਮੌਜੂਦਾ ਆਗੂ ਕੈਪਟਨ ਅਮਰਿੰਦਰ ਸਿੰਘ ਦੇ ਘਰ ਦੇ ਬਾਹਰ ਕਿਸਾਨ ਜਥੇਬੰਦੀਆਂ ਨੇ ਧਰਨਾ ਦਿੱਤਾ।
Published : Feb 17, 2024, 2:17 PM IST
ਉਗਰਾਹਾਂ ਵੱਲੋਂ ਤੈਅ ਕੀਤੀ ਗਈ ਰਣਨੀਤੀ :ਦੱਸਣਯੋਗ ਹੈ ਕਿ ਸੰਯੁਕਤ ਕਿਸਾਨ ਮੋਰਚਾ (SKM) ਅਤੇ ਟਰੇਡ ਯੂਨੀਅਨਾਂ ਵੱਲੋਂ ਬੀਤੇ ਦਿਨ ‘ਭਾਰਤ ਬੰਦ’ ਦਾ ਸੱਦਾ ਦਿੱਤਾ ਗਿਆ ਸੀ ਜਿਸ ਤਹਿਤ ਭਵਾਨੀਗੜ੍ਹ ਵਿਖੇ ਬਠਿੰਡਾ-ਚੰਡੀਗੜ੍ਹ ਕੌਮੀ ਮਾਰਗ ‘ਤੇ ਲਗਾਏ ਧਰਨੇ ‘ਚ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਵੀ ਸ਼ਾਮਲ ਹੋਏ। ਇਸ ਦੌਰਾਨ ਉਨ੍ਹਾਂ ਵੱਲੋਂ ਮੀਟਿੰਗ ਕੀਤੀ ਗਈ ਜਿਸ ‘ਚ ਕਈ ਅਹਿਮ ਐਲਾਨ ਕੀਤੇ ਸਨ। ਉਗਰਾਹਾਂ ਨੇ ਜਾਣਕਾਰੀ ਦਿੱਤੀ ਕਿ 24 ਫ਼ਰਵਰੀ ਦਾ ਚੰਡੀਗੜ੍ਹ ਮੋਰਚਾ ਰੱਦ ਕੀਤਾ ਗਿਆ ਹੈ। ਇਸ ਦੇ ਨਾਲ ਹੀ ਉਨ੍ਹਾਂ ਦੀ ਜਥੇਬੰਦੀ ਵੱਲੋਂ 17-18 ਫ਼ਰਵਰੀ ਨੂੰ ਸੂਬੇ ਦੇ ਸਾਰੇ ਟੋਲ ਟੈਕਸ ਬੈਰੀਅਰ ਫ੍ਰੀ ਕਰਵਾਏਗੀ।
ਕਿਸੇ ਵੀ ਵ੍ਹੀਕਲ ਦੀ ਪਰਚੀ ਨਹੀਂ ਕੱਟਣ ਦਿੱਤੀ:ਜ਼ਿਕਰਯੋਗ ਹੈ ਕਿ ਜਿਸ ਤਹਿਤ ਟੌਲ ਪਲਾਜ਼ਾ ਮਹਿਲ ਕਲਾਂ ਤੇ ਟੌਲ ਪਲਾਜ਼ਾ ਬਡਬਰ ਫਰੀ ਕੀਤੇ ਜਾਣਗੇ ਅਤੇ ਕਿਸੇ ਵੀ ਵ੍ਹੀਕਲ ਦੀ ਪਰਚੀ ਨਹੀਂ ਕੱਟਣ ਦਿੱਤੀ ਜਾਵੇਗੀ। ਇਸਤੋਂ ਇਲਾਵਾ ਪੰਜਾਬ ਭਰ ਵਿੱਚ ਦੋ ਦਿਨਾਂ ਬੀਜੇਪੀ ਨੇਤਾਵਾਂ ਦੀਆਂ ਕੋਠੀਆਂ ਅੱਗੇ ਧਰਨੇ ਲਗਾਏ ਜਾਣਗੇ ਮ, ਜਿਸ ਤਹਿਤ ਬੀਜੇਪੀ ਦੇ ਸੂਬਾ ਆਗੂ ਕੇਵਲ ਸਿੰਘ ਢਿੱਲੋਂ ਦੀ ਕੋਠੀ ਦਾ ਬਰਨਾਲਾ ਵਿਖੇ ਘਿਰਾਓ ਕੀਤਾ ਜਾਵੇਗਾ। ਇਸ ਮੌਕੇ ਸੂਬਾ ਆਗੂ ਹਰਦੀਪ ਸਿੰਘ ਟੱਲੇਵਾਲ, ਜ਼ਿਲ੍ਹਾ ਜਰਨਲ ਸਕੱਤਰ ਜਰਨੈਲ ਸਿੰਘ ਬਦਰਾ, ਮੀਤ ਪ੍ਰਧਾਨ ਬੁੱਕਣ ਸਿੰਘ ਸੱਦੋਵਾਲ, ਬਲਾਕ ਪ੍ਰਧਾਨ ਜੱਜ ਸਿੰਘ, ਰਾਮ ਸਿੰਘ ਸੰਘੇੜਾ, ਸੁਖਦੇਵ ਸਿੰਘ ਭੋਤਨਾ, ਦਰਸ਼ਨ ਸਿੰਘ ਚੀਮਾ, ਮਲਕੀਤ ਸਿੰਘ ਹੇੜੀਕੇ, ਬਲਵਿੰਦਰ ਸਿੰਘ ਕਾਲਾ ਬੂਲਾ, ਕਮਲਜੀਤ ਕੌਰ ਬਰਨਾਲਾ, ਹਰਪਾਲ ਕੌਰ, ਸੁਖਦੇਵ ਕੌਰ ਸੁਖਵਿੰਦਰ ਕੌਰ, ਬਿੰਦਰਪਾਲ ਕੌਰ, ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਨਿੱਕਾ ਸਿੰਘ ਸੰਧੂ ਤੇ ਆਦਿ ਆਗੂ ਹਾਜ਼ਰ ਸਨ।