ਬਰਨਾਲਾ:ਝੋਨੇ ਦੀ ਖਰੀਦ ਦੇ ਮਾੜੇ ਪ੍ਰਬੰਧਾਂ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦਾ ਸੰਘਰਸ਼ ਲਗਾਤਾਰ ਜਾਰੀ ਹੈ। ਜਿਸ ਦੇ ਚੱਲਦਿਆਂ ਅੱਜ ਬਰਨਾਲਾ ਵਿਖੇ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਕੇਵਲ ਸਿੰਘ ਢਿੱਲੋਂ ਦੀ ਕੋਠੀ ਦਾ ਕਿਸਾਨ ਜਥੇਬੰਦੀ ਵੱਲੋਂ ਘਿਰਾਓ ਕਰ ਲਿਆ ਗਿਆ। ਬਰਨਾਲਾ ਵਿਧਾਨ ਸਭਾ ਜ਼ਿਮਨੀ ਚੋਣ ਦੇ ਮੱਦੇਨਜ਼ਰ ਕਿਸਾਨ ਜਥੇਬੰਦੀ ਵੱਲੋਂ ਕੇਵਲ ਸਿੰਘ ਢਿੱਲੋਂ ਦੀ ਕੋਠੀ ਅੱਗੇ ਪੱਕਾ ਧਰਨਾ ਲਗਾਇਆ ਗਿਆ ਹੈ।
ਭਾਜਪਾ ਉਮੀਦਵਾਰ ਦੀ ਕੋਠੀ ਦਾ ਘਿਰਾਓ (ETV BHARAT) ਕਿਸਾਨੀ ਮੁੱਦਿਆਂ 'ਤੇ ਕੋਠੀ ਦਾ ਘਿਰਾਓ
ਪ੍ਰਦਰਸ਼ਨਕਾਰੀ ਕਿਸਾਨਾਂ ਵੱਲੋਂ ਝੋਨੇ ਦੀ ਖਰੀਦ ਨਾ ਹੋਣ, ਡੀਏਪੀ ਖਾਦ ਦੀ ਘਾਟ ਅਤੇ ਪਰਾਲੀ ਦਾ ਮੁੱਦਾ ਹੱਲ ਨਾ ਹੋਣ ਦੇ ਰੋਸ ਵਜੋਂ ਇਹ ਧਰਨਾ ਲਗਾਇਆ ਗਿਆ ਹੈ। ਇਸ ਤੋਂ ਪਹਿਲਾਂ ਬਰਨਾਲਾ ਵਿਧਾਨ ਸਭਾ ਦੀ ਜ਼ਿਮਨੀ ਚੋਣ ਲੜ ਰਹੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਿੰਦਰ ਸਿੰਘ ਧਾਲੀਵਾਲ ਦੇ ਚੋਣ ਦਫਤਰ, ਸੰਸਦ ਮੈਂਬਰ ਮੀਤ ਹੇਅਰ ਦੀ ਕੋਠੀ ਅੱਗੇ ਪੱਕਾ ਧਰਨਾ ਜਾਰੀ ਹੈ।
ਜ਼ਿਮਨੀ ਚੋਣਾਂ ਲੜ ਰਹੇ ਉਮੀਦਵਾਰ ਦੇ ਘਰ ਅੱਗੇ ਧਰਨੇ
ਇਸ ਮੌਕੇ ਗੱਲਬਾਤ ਕਰਦਿਆਂ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਪ੍ਰਧਾਨ ਜੋਗਿੰਦਿਰ ਸਿੰਘ ਉਗਰਾਹਾਂ ਨੇ ਕਿਹਾ ਕਿ ਉਹਨਾਂ ਦੀ ਜੱਥੇਬੰਦੀ ਵਲੋਂ ਝੋਨੇ ਦੀ ਖ਼ਰੀਦ ਨਾ ਹੋਣ, ਡੀਏਪੀ ਦੀ ਖ਼ਾਦ ਪੂਰੀ ਨਾ ਕਰਨ ਅਤੇ ਝੋਨੇ ਦੀ ਪਰਾਲੀ ਦੀ ਸਮੱਸਿਆ ਨੂੰ ਲੈ ਕੇ ਲਗਾਤਰ ਪਿਛਲੇ ਦਿਨਾਂ ਤੋਂ ਪੱਕੇ ਧਰਨੇ ਦਿੱਤੇ ਜਾ ਰਹੇ ਹਨ। ਜਿਸ ਤਹਿਤ ਅੱਜ ਉਹਨਾਂ ਵਲੋਂ ਪੰਜਾਬ ਦੇ ਚਾਰੇ ਵਿਧਾਨ ਸਭਾ ਹਲਕਿਆਂ ਵਿੱਚ ਜ਼ਿਮਨੀ ਚੋਣਾਂ ਲੜ ਰਹੇ ਆਮ ਆਦਮੀ ਪਾਰਟੀ ਅਤੇ ਭਾਜਪਾ ਉਮੀਦਵਾਰਾਂ ਦੇ ਘਰਾਂ ਅੱਗੇ ਧਰਨੇ ਲਗਾਏ ਗਏ ਹਨ। ਜਿਸ ਤਹਿਤ ਬਰਨਾਲਾ ਵਿਖੇ ਭਾਜਪਾ ਉਮੀਦਵਾਰ ਕੇਵਲ ਸਿੰਘ ਢਿੱਲੋਂ ਦੇ ਘਰ ਅੱਗੇ ਧਰਨਾ ਸ਼ੁਰੂ ਕੀਤਾ ਗਿਆ ਹੈ।
ਹੱਲ ਨਾ ਹੋਏ ਮਸਲੇ ਤਾਂ ਪਿੰਡਾਂ 'ਚ ਕਰਾਂਗੇ ਘਿਰਾਓ
ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਜਦਕਿ 'ਆਪ' ਉਮੀਦਵਾਰ ਹਰਿੰਦਰ ਸਿੰਘ ਦੇ ਚੋਣ ਦਫ਼ਤਰ, ਐਮਪੀ ਮੀਤ ਹੇਅਰ ਦੇ ਘਰ ਅੱਗੇ ਪਹਿਲਾਂ ਹੀ ਧਰਨਾ ਜਾਰੀ ਹੈ। ਉਹਨਾਂ ਕਿਹਾ ਕਿ ਕਿਸਾਨਾਂ ਦੀ ਮੰਡੀਆਂ ਵਿੱਚ ਝੋਨੇ ਦੀ ਫ਼ਸਲ ਨਮੀ ਦੇ ਬਹਾਨੇ ਨਹੀਂ ਖਰੀਦੀ ਜਾ ਰਹੀ। ਉਥੇ ਡੀਏਪੀ ਖਾਦ ਨਾ ਮਿਲਣ ਕਾਰਨ ਕਿਸਾਨਾਂ ਦੀ ਕਣਕ ਦੀ ਬਿਜਾਈ ਲੇਟ ਹੋ ਰਹੀ ਹੈ। ਉਥੇ ਸਰਕਾਰ ਪਰਾਲੀ ਦਾ ਪੱਕਾ ਪ੍ਰਬੰਧ ਕਰਨ ਵਿੱਚ ਵੀ ਫੇਲ੍ਹ ਸਾਬਿਤ ਹੋਈ ਹੈ। ਉਹਨਾਂ ਕਿਹਾ ਕਿ ਇਹਨਾਂ ਤਿੰਨੇ ਮੁੱਦਿਆਂ ਨੂੰ ਲੈ ਕੇ ਸੰਘਰਸ਼ ਜਾਰੀ ਰਹੇਗਾ ਅਤੇ ਲੋੜ ਪਈ ਤਾਂ ਆਮ ਆਦਮੀ ਪਾਰਟੀ ਅਤੇ ਭਾਜਪਾ ਦੇ ਉਮੀਦਵਾਰਾਂ ਦਾ ਪਿੰਡਾਂ ਵਿੱਚ ਦਾਖਲ ਹੋਣ 'ਤੇ ਵੀ ਘਿਰਾਓ ਕਰਕੇ ਵਿਰੋਧ ਕੀਤਾ ਜਾਵੇਗਾ।