ਅੰਮ੍ਰਿਤਸਰ : ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਦੇ 2 ਸਾਲ ਬੀਤ ਜਾਣ ਤੋਂ ਬਾਅਦ ਬਹੁ-ਗਿਣਤੀ ਲੋਕ ਇਸ ਪਾਰਟੀ ਦੀ ਕਾਰਗੁਜ਼ਾਰੀ ਤੋਂ ਖੁਸ਼ ਨਜ਼ਰ ਨਹੀਂ ਆਏ, ਇਹ ਅਸੀਂ ਨਹੀਂ ਬਲਕਿ ਹਾਲ ਹੀ ਵਿੱਚ ਲੋਕ ਸਭਾ ਚੋਣਾਂ ਦੇ ਨਤੀਜਿਆਂ ਨੇ ਇਸ ਗੱਲ ਉਤੇ ਮੋਹਰ ਲਾ ਦਿੱਤੀ ਹੈ, ਜਿਸ ਦਾ ਨਤੀਜਾ ਇਹ ਹੋਇਆ ਕਿ ਪੰਜਾਬ ਵਿੱਚ ਇੱਕ ਪਾਸੜ ਸਰਕਾਰ ਬਣਾਉਣ ਵਾਲੀ ਪਾਰਟੀ ਨੂੰ ਲੋਕ ਸਭਾ ਦੀਆਂ ਚੋਣਾਂ ਦੀਆਂ 13 ਸੀਟਾਂ ਵਿੱਚੋਂ ਸਿਰਫ਼ ਤਿੰਨ ਸੀਟਾਂ ਹੀ ਮਿਲੀਆਂ। ਇਸ ਨਤੀਜੇ ਨੇ ਸ਼ਾਇਦ ਆਮ ਆਦਮੀ ਪਾਰਟੀ ਨੂੰ ਇੱਕ ਵੱਡਾ ਝਟਕਾ ਦਿੱਤਾ ਅਤੇ ਨਿਰਾਸ਼ਾ ਵੀ। ਜਿਸ ਤੋਂ ਬਾਅਦ ਪਾਰਟੀ ਨੇ ਇੱਕ ਵਾਰ ਫਿਰ ਖੜ੍ਹੇ ਹੋ ਕੇ ਆਪਣੀਆਂ ਗਲਤੀਆਂ ਨੂੰ ਸੁਧਾਰਨ ਵੱਲ ਪਹਿਲਕਦਮੀ ਕੀਤੀ ਹੈ, ਜਿਸ ਦੀ ਉਦਾਹਰਨ ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਹਾਲ ਹੀ ਵਿੱਚ ਦੇ ਦਿੱਤੀ ਹੈ।
ਦਰਅਸਲ, ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ (15 ਜੂਨ) ਆਪਣੇ ਹਲਕੇ ਅਜਨਾਲਾ ਸਥਿਤ ਦਫ਼ਤਰ ਵਿਖੇ ਖੁੱਲ੍ਹਾ ਲੋਕ ਦਰਬਾਰ ਲਗਾਇਆ ਗਿਆ, ਜਿਸ ਦੌਰਾਨ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਗਈਆਂ ਅਤੇ ਸ਼ਿਕਾਇਤਾਂ ਦਾ ਮੌਕੇ ਉੱਪਰ ਹੀ ਨਿਪਟਾਰਾ ਕੀਤਾ ਗਿਆ।