ਚੰਡੀਗੜ੍ਹ:ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਦੇ ਮਾਮਲੇ ਵਿੱਚ ਸਖ਼ਤ ਕਾਰਵਾਈ ਕਰਦੇ ਹੋਏ ਪਟਿਆਲਾ ਪੁਲਿਸ ਨੇ ਐਮਸੀਐਮਸੀ, ਪਟਿਆਲਾ (ਮੀਡੀਆ ਸਰਟੀਫਿਕੇਸ਼ਨ ਅਤੇ ਮਾਨੀਟਰਿੰਗ ਕਮੇਟੀ) ਦੀਆਂ ਸਿਫ਼ਾਰਸ਼ਾਂ 'ਤੇ ਪ੍ਰਾਈਮ ਸਿਨੇਮਾ ਦੇ ਮਾਲਕ/ਪ੍ਰਬੰਧਕਾਂ ਅਤੇ ਕਿਊਬ ਸਿਨੇਮਾ ਦੇ ਇੰਚਾਰਜ ਖ਼ਿਲਾਫ਼ ਕੇਸ ਦਰਜ ਕੀਤਾ ਹੈ।
ਚੋਣ ਜ਼ਾਬਤੇ ਦੀ ਉਲੰਘਣਾ ਕਰਨ ਦੀ ਸ਼ਿਕਾਇਤ:ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਉਨ੍ਹਾਂ ਦੇ ਦਫ਼ਤਰ ਨੂੰ ਇੱਕ ਆਰ.ਟੀ.ਆਈ. ਕਾਰਕੁਨ ਵੱਲੋਂ 6 ਅਪ੍ਰੈਲ ਨੂੰ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਦੀ ਸ਼ਿਕਾਇਤ ਪ੍ਰਾਪਤ ਹੋਈ ਸੀ, ਜਿਸ ਵਿੱਚ ਦੱਸਿਆ ਗਿਆ ਸੀ ਕਿ ਸੂਬੇ ਭਰ ਦੇ ਸਿਨੇਮਾਘਰਾਂ 'ਚ ਪੰਜਾਬ ਸਰਕਾਰ ਦੇ ਲੋਗੋ ਅਤੇ ਮੁੱਖ ਮੰਤਰੀ, ਪੰਜਾਬ ਦੀ ਮੌਜੂਦਗੀ ਵਾਲੇ ਪ੍ਰਚਾਰ ਵੀਡੀਓ ਇਸ਼ਤਿਹਾਰ ਵਜੋਂ ਦਿਖਾਏ ਜਾ ਰਹੇ ਹਨ।
ਜ਼ਿਲ੍ਹਾ ਚੋਣ ਅਧਿਕਾਰੀਆਂ ਤੋਂ ਮੰਗੀ ਸੀ ਰਿਪੋਰਟ: ਇਸ ਸ਼ਿਕਾਇਤ ਦਾ ਤੁਰੰਤ ਨੋਟਿਸ ਲੈਂਦਿਆਂ, ਮੁੱਖ ਚੋਣ ਅਧਿਕਾਰੀ ਨੇ ਡਿਪਟੀ ਕਮਿਸ਼ਨਰ ਪਟਿਆਲਾ (ਜਿਸ ਦੇ ਅਧਿਕਾਰ ਖੇਤਰ ਵਿੱਚ ਪ੍ਰਾਈਮ ਸਿਨੇਮਾ, ਰਾਜਪੁਰਾ ਪੈਂਦਾ ਹੈ), ਸਕੱਤਰ ਲੋਕ ਸੰਪਰਕ ਵਿਭਾਗ, ਪੰਜਾਬ ਸਰਕਾਰ (ਜੋ ਪੰਜਾਬ ਸਰਕਾਰ ਦੇ ਸਾਰੇ ਇਸ਼ਤਿਹਾਰਾਂ ਲਈ ਵੱਖ-ਵੱਖ ਏਜੰਸੀਆਂ ਨੂੰ ਰਿਲੀਜ ਆਰਡਰ ਜਾਰੀ ਕਰਦੇ ਹਨ) ਤੋਂ ਇਲਾਵਾ ਸੂਬੇ ਦੇ ਸਾਰੇ ਡਿਪਟੀ ਕਮਿਸ਼ਨਰਾਂ ਕਮ ਜ਼ਿਲ੍ਹਾ ਚੋਣ ਅਧਿਕਾਰੀਆਂ ਤੋਂ ਕਿਸੇ ਵੀ ਸਿਨੇਮਾਘਰ ਵਿੱਚ ਅਜਿਹੇ ਸਰਕਾਰੀ ਇਸ਼ਤਿਹਾਰਾਂ ਦੇ ਪ੍ਰਸਾਰਣ ਦੀ ਸਥਿਤੀ ਦਾ ਪਤਾ ਲਗਾਉਣ ਲਈ ਰਿਪੋਰਟ ਮੰਗੀ ਗਈ ਸੀ।