ਪੰਜਾਬ

punjab

ETV Bharat / state

ਵਿਕਾਸ ਪ੍ਰੋਜੈਕਟਾਂ ਦੀ ਸ਼ੁਰੂਆਤ ਵੇਲੇ ਸੂਬਾ ਸਰਕਾਰ ਨੂੰ ਨਜ਼ਰਅੰਦਾਜ਼ ਕਰ ਕੇ ਪੰਜਾਬ ਦੇ ਲੋਕਾਂ ਦਾ ਨਿਰਾਦਰ ਕਰ ਰਹੀ ਹੈ ਕੇਂਦਰ ਸਰਕਾਰ: ਮੁੱਖ ਮੰਤਰੀ

ਮੁੱਖ ਮੰਤਰੀ ਭਗਵੰਤ ਮਾਨ ਨੇ ਵਿਧਾਨ ਸਭਾ 'ਚ ਸੰਬੋਧਨ ਕਰਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਹਰੇਕ ਚੀਜ਼ ਦਾ ਸਿਹਰਾ ਲੈਣ ਦੀ ਖ਼ਬਤ ਦਾ ਸ਼ਿਕਾਰ ਹਨ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵਿਕਾਸ ਪ੍ਰੋਜੈਕਟਾਂ ਦੀ ਸ਼ੁਰੂਆਤ ਵੇਲੇ ਸੂਬਾ ਸਰਕਾਰ ਨੂੰ ਨਜ਼ਰਅੰਦਾਜ਼ ਕਰ ਕੇ ਪੰਜਾਬ ਦੇ ਲੋਕਾਂ ਦਾ ਨਿਰਾਦਰ ਕਰ ਰਹੀ ਹੈ।

ਵਿਕਾਸ ਪ੍ਰੋਜੈਕਟਾਂ ਦੀ ਸ਼ੁਰੂਆਤ
ਵਿਕਾਸ ਪ੍ਰੋਜੈਕਟਾਂ ਦੀ ਸ਼ੁਰੂਆਤ

By ETV Bharat Punjabi Team

Published : Mar 12, 2024, 3:11 PM IST

ਚੰਡੀਗੜ੍ਹ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਸੂਬੇ ਦੇ ਵਿਕਾਸ ਪ੍ਰਾਜੈਕਟਾਂ ਨਾਲ ਸਬੰਧਤ ਸਮਾਗਮਾਂ ਵਿੱਚ ਚੁਣੀ ਹੋਈ ਸੂਬਾ ਸਰਕਾਰ ਨੂੰ ਨਜ਼ਰਅੰਦਾਜ਼ ਕਰ ਕੇ ਪੰਜਾਬ ਦੇ ਲੋਕਾਂ ਦੇ ਫ਼ਤਵੇ ਦਾ ਅਪਮਾਨ ਕੀਤਾ ਜਾ ਰਿਹਾ ਹੈ।

ਮੀਡੀਆ ਸਾਹਮਣੇ ਫੋਕੀ ਸ਼ੋਹਰਤ ਹਾਸਲ ਕਰਨ ਦੀ ਇੱਛਾ: ਪੰਜਾਬ ਵਿਧਾਨ ਸਭਾ ਦੇ ਸੈਸ਼ਨ ਦੌਰਾਨ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਸੂਬੇ ਦੇ ਸੱਤ ਰੇਲਵੇ ਸਟੇਸ਼ਨਾਂ ਨੂੰ ਅਪਗ੍ਰੇਡ ਕਰਨ ਦੇ ਕੰਮ ਦਾ ਉਦਘਾਟਨ ਕਰ ਰਹੇ ਹਨ ਪਰ ਬਦਕਿਸਮਤੀ ਨਾਲ ਪੰਜਾਬ ਦੇ ਲੋਕਾਂ ਅਤੇ ਪੰਜਾਬ ਸਰਕਾਰ ਨੂੰ ਇਸ ਲਈ ਸੱਦਾ ਨਹੀਂ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਹੈਰਾਨੀ ਦੀ ਗੱਲ ਹੈ ਕਿ ਦੇਸ਼ ਦੇ ਪ੍ਰਧਾਨ ਮੰਤਰੀ ਮੀਡੀਆ ਸਾਹਮਣੇ ਫੋਕੀ ਸ਼ੋਹਰਤ ਹਾਸਲ ਕਰਨ ਲਈ ਬਹੁਤ ਨੀਵਾਂ ਡਿੱਗ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਦੇ ਵਿਕਾਸ ਨੂੰ ਦਰਸਾਉਣ ਵਾਲੇ ਸਮਾਗਮਾਂ ਦੇ ਇਸ ਤਰ੍ਹਾਂ ਦੇ ਸਿਆਸੀਕਰਨ ਤੋਂ ਬਚਣਾ ਚਾਹੀਦਾ ਹੈ ਕਿਉਂਕਿ ਇਹ ਦੇਸ਼ ਦੇ ਹਿੱਤ ਵਿੱਚ ਨਹੀਂ ਹੈ, ਉਨ੍ਹਾਂ ਕਿਹਾ ਕਿ ਇਹ ਆਪਣੀ ਸਰਕਾਰ ਚੁਣਨ ਵਾਲੇ ਤਿੰਨ ਕਰੋੜ ਲੋਕਾਂ ਦੇ ਫਤਵੇ ਦਾ ਘੋਰ ਅਪਮਾਨ ਹੈ।

ਜ਼ਮੀਨੀ ਪੱਧਰ 'ਤੇ ਕੇਂਦਰ ਸਰਕਾਰ ਕਮਜ਼ੋਰ:ਮੁੱਖ ਮੰਤਰੀ ਨੇ ਕਿਹਾ ਕਿ ਇਹ ਮੰਦਭਾਗਾ ਹੈ ਕਿ ਦੇਸ਼ ਦੀ ਸਿਖਰਲੀ ਲੀਡਰਸ਼ਿਪ ‘ਕੰਮਾਂ ਦਾ ਸਿਹਰਾ’ ਲੈਣ ਲਈ ਅਜਿਹੇ ਹੋਛੇ ਉਧੇੜ-ਬੁਣ ਵਿੱਚ ਉਲਝੀ ਹੋਈ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕ ਬਹੁਤ ਸੂਝਵਾਨ ਹਨ ਅਤੇ ਉਹ ਚੰਗੀ ਤਰ੍ਹਾਂ ਜਾਣਦੇ ਹਨ ਕਿ ਜ਼ਮੀਨੀ ਪੱਧਰ 'ਤੇ ਕੇਂਦਰ ਸਰਕਾਰ ਵੱਲੋਂ ਉਨ੍ਹਾਂ ਲਈ ਕੁਝ ਵੀ ਠੋਸ ਨਹੀਂ ਕੀਤਾ ਗਿਆ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹੁਣ ਜਦੋਂ ਚੋਣਾਂ ਨੇੜੇ ਆ ਰਹੀਆਂ ਹਨ ਤਾਂ ਲੋਕਾਂ ਨੂੰ ਗੁਮਰਾਹ ਕਰਨ ਲਈ ਤਰ੍ਹਾਂ-ਤਰ੍ਹਾਂ ਦੇ ਹੱਥਕੰਡੇ ਵਰਤੇ ਜਾ ਰਹੇ ਹਨ।

ਕੇਂਦਰ ਸਰਕਾਰ ਦੀ ਆਲੋਚਨਾ: ਮੁੱਖ ਮੰਤਰੀ ਨੇ ਕਿਹਾ ਕਿ ਮੋਦੀ ਸਰਕਾਰ ਪੰਜਾਬ ਵਿਰੋਧੀ ਖ਼ਬਤ ਦਾ ਸ਼ਿਕਾਰ ਰਹੀ ਹੈ, ਜਿਸ ਕਾਰਨ ਉਹ ਸੂਬੇ ਨੂੰ ਬਰਬਾਦ ਕਰਨ 'ਤੇ ਤੁਲੀ ਹੋਈ ਹੈ। ਭਗਵੰਤ ਸਿੰਘ ਮਾਨ ਨੇ ਸੂਬੇ ਨਾਲ ਮਤਰੇਈ ਮਾਂ ਵਾਲਾ ਸਲੂਕ ਕਰਨ ਲਈ ਕੇਂਦਰ ਸਰਕਾਰ ਦੀ ਆਲੋਚਨਾ ਕਰਦਿਆਂ ਕਿਹਾ ਕਿ ਇਹ ਗੈਰਵਾਜਬ ਹੈ। ਉਨ੍ਹਾਂ ਆਰ.ਡੀ.ਐਫ. ਅਤੇ ਐਨ.ਐਚ.ਐਮ. ਦੇ ਫੰਡ ਰੋਕਣ ਲਈ ਕੇਂਦਰ ਸਰਕਾਰ ਦੀ ਨਿਖੇਧੀ ਕੀਤੀ, ਜਿਸ ਨਾਲ ਸੂਬੇ ਦੇ ਵਿਕਾਸ ਵਿੱਚ ਅੜਿੱਕੇ ਡਾਹੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਅੱਠ ਹਜ਼ਾਰ ਕਰੋੜ ਰੁਪਏ ਤੋਂ ਵੱਧ ਦੇ ਫੰਡਾਂ ਨੂੰ ਗਲਤ ਤਰੀਕੇ ਨਾਲ ਰੋਕਿਆ ਗਿਆ ਹੈ, ਜੋ ਸੂਬੇ ਨਾਲ ਸਰਾਸਰ ਧੱਕਾ ਹੈ।

ਲੋਕਾਂ ਦੀ ਭਲਾਈ ਲਈ ਲਗਾਤਾਰ ਉਪਰਾਲੇ : ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਲੋਕਾਂ ਦੀ ਭਲਾਈ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ, ਜਿਸ ਲਈ ਵੱਡੇ ਪੱਧਰ 'ਤੇ ਕਦਮ ਚੁੱਕੇ ਗਏ ਹਨ। ਉਨ੍ਹਾਂ ਕਿਹਾ ਕਿ ਸੂਬੇ ਦੇ ਇਤਿਹਾਸ ਵਿੱਚ ਪਹਿਲੀ ਵਾਰ ਲੋਕਾਂ ਦੀ ਭਲਾਈ ਲਈ ਲੋਕਾਂ ਨਾਲ ਸਲਾਹ-ਮਸ਼ਵਰਾ ਕਰ ਕੇ ਨੀਤੀਆਂ ਬਣਾਈਆਂ ਜਾ ਰਹੀਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਪੰਜਾਬ ਦੇ ਕੋਨੇ-ਕੋਨੇ ਦਾ ਦੌਰਾ ਕਰ ਕੇ ਸਮਾਜ ਦੇ ਵੱਖ-ਵੱਖ ਵਰਗਾਂ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ।

ਸਰਕਾਰ-ਵਪਾਰ ਮਿਲਣੀਆਂ: ਮੁੱਖ ਮੰਤਰੀ ਨੇ ਕਿਹਾ ਕਿ ਪਹਿਲਾਂ ਸਰਕਾਰ-ਕਿਸਾਨ ਮਿਲਣੀਆਂ ਕਾਰਵਾਈਆਂ ਗਈਆਂ ਸਨ, ਜਿਸ ਤੋਂ ਬਾਅਦ ਕਿਸਾਨਾਂ ਨਾਲ ਸਲਾਹ-ਮਸ਼ਵਰਾ ਕਰਕੇ ਸੂਬੇ ਦੀ ਖੇਤੀ ਬਾਰੇ ਰੂਪ-ਰੇਖਾ ਉਲੀਕੀ ਗਈ ਸੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵਪਾਰੀਆਂ ਅਤੇ ਉਦਯੋਗਪਤੀਆਂ ਦੇ ਲਟਕਦੇ ਮਸਲਿਆਂ ਨੂੰ ਹੱਲ ਕਰਨ ਲਈ ਸਰਕਾਰ-ਵਪਾਰ ਮਿਲਣੀਆਂ ਕਰਵਾ ਰਹੀ ਰਹੀ ਹੈ। ਭਗਵੰਤ ਸਿੰਘ ਮਾਨ ਨੇ ਵਪਾਰੀਆਂ ਤੋਂ ਪ੍ਰਾਪਤ ਸੁਝਾਵਾਂ ਅਨੁਸਾਰ ਸੂਬਾ ਸਰਕਾਰ ਵੱਲੋਂ ਵਪਾਰੀਆਂ ਦੇ ਹਿੱਤਾਂ ਦੀ ਰਾਖੀ ਲਈ ਕਈ ਅਹਿਮ ਫੈਸਲੇ ਲਏ ਗਏ ਹਨ।

5 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ: ਮੁੱਖ ਮੰਤਰੀ ਨੇ ਕਿਹਾ ਕਿ ਸਿਹਤ ਬੀਮਾ ਸਕੀਮ ਦੇ ਲਾਭਾਂ ਵਿੱਚ ਵਾਧਾ ਕਰਨ ਦੀ ਵਪਾਰੀਆਂ ਦੀ ਮੰਗ ਦੇ ਮੱਦੇਨਜ਼ਰ ਸੂਬਾ ਸਰਕਾਰ ਨੇ ਮੌਜੂਦਾ ਇਕ ਕਰੋੜ ਰੁਪਏ ਦੀ ਬਜਾਏ ਦੋ ਕਰੋੜ ਰੁਪਏ ਤੱਕ ਦਾ ਕਾਰੋਬਾਰ ਕਰਨ ਵਾਲੇ ਵਪਾਰੀਆਂ ਨੂੰ ਇਸ ਸਕੀਮ ਦਾ ਲਾਭ ਦੇਣ ਦਾ ਫੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਸੂਬੇ ਦੇ ਇੱਕ ਲੱਖ ਤੋਂ ਵੱਧ ਵਪਾਰੀਆਂ ਨੂੰ ਫਾਇਦਾ ਹੋਵੇਗਾ ਕਿਉਂਕਿ ਉਹ ਇਸ ਸਕੀਮ ਤਹਿਤ 5 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਕਰਵਾ ਸਕਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਲੋਕਾਂ ਦੀ ਸਰਕਾਰ ਹੈ ਅਤੇ ਲੋਕਾਂ ਦੀ ਭਲਾਈ ਲਈ ਅਣਥੱਕ ਮਿਹਨਤ ਕਰ ਰਹੀ ਹੈ।

ਸਰਕਾਰ ਤੁਹਾਡੇ ਦੁਆਰ: ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਨੇ ਇੱਕ ਹੋਰ ਇਤਿਹਾਸਕ ਪਹਿਲਕਦਮੀ ਕਰਦਿਆਂ 'ਸਰਕਾਰ ਤੁਹਾਡੇ ਦੁਆਰ' ਸਕੀਮ ਸ਼ੁਰੂ ਕੀਤੀ ਹੈ, ਜਿਸ ਦਾ ਉਦੇਸ਼ ਸਰਕਾਰ ਨੂੰ ਲੋਕਾਂ ਦੇ ਬੂਹੇ 'ਤੇ ਪਹੁੰਚਾਉਣਾ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਸਰਕਾਰਾਂ ਚੰਡੀਗੜ੍ਹ ਤੋਂ ਚਲਦੀਆਂ ਸਨ ਪਰ ਹੁਣ ਪਿੰਡਾਂ ਤੋਂ ਚਲਾਈਆਂ ਜਾ ਰਹੀਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਦਾ ਇਕੋ-ਇਕ ਉਦੇਸ਼ ਸਰਕਾਰੀ ਦਫ਼ਤਰਾਂ ਵਿੱਚ ਬੈਠ ਕੇ ਕੰਮ ਚਲਾਉਣ ਦੇ ਪੁਰਾਣੇ ਰੁਝਾਨ ਦੀ ਬਜਾਏ ਅਫ਼ਸਰਾਂ ਨੂੰ ਫੀਲਡ ਵਿੱਚ ਭੇਜ ਕੇ ਲੋਕਾਂ ਦੇ ਕੰਮਕਾਜ ਨੂੰ ਯਕੀਨੀ ਬਣਾਉਣਾ ਹੈ।

ਸੂਬੇ ਦੇ ਸਰਮਾਏ ਨੂੰ ਬੇਰਹਿਮੀ ਨਾਲ ਲੁੱਟਿਆ: ਮੁੱਖ ਮੰਤਰੀ ਨੇ ਆਪਣੇ ਨਿੱਜੀ ਹਿੱਤਾਂ ਲਈ ਸੂਬੇ ਦੇ ਸਰਮਾਏ ਨੂੰ ਬੇਰਹਿਮੀ ਨਾਲ ਲੁੱਟਣ ਲਈ ਸੂਬੇ ਦੀਆਂ ਪਿਛਲੀਆਂ ਸਰਕਾਰਾਂ ਦੀ ਆਲੋਚਨਾ ਕੀਤੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦਾ ਕਾਰਜਭਾਰ ਸੰਭਾਲਣ ਤੋਂ ਬਾਅਦ ਇਕ-ਇਕ ਪੈਸਾ ਸੂਬੇ ਦੇ ਵਿਕਾਸ ਅਤੇ ਲੋਕਾਂ ਦੀ ਭਲਾਈ ਲਈ ਖਰਚਿਆ ਜਾ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਸਰਕਾਰੀ ਖਜ਼ਾਨੇ ਵਿੱਚ ਹੁੰਦੀ ਲੁੱਟ ਦੀਆਂ ਚੋਰ ਮੋਰੀਆਂ ਬੰਦ ਕੀਤੀਆਂ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਲੋਕਾਂ ਦੀ ਭਲਾਈ ਲਈ ਇੱਕ-ਇੱਕ ਪੈਸਾ ਸਮਝਦਾਰੀ ਨਾਲ ਖਰਚਿਆ ਜਾਵੇ।

ਸਾਰਿਆਂ ਨੂੰ ਢੁਕਵੀਂ ਸੁਰੱਖਿਆ ਮੁਹੱਈਆ :ਮੁੱਖ ਮੰਤਰੀ ਨੇ ਸਾਰੀਆਂ ਸਿਆਸੀ ਪਾਰਟੀਆਂ ਨੂੰ ਭਰੋਸਾ ਦਿਵਾਇਆ ਕਿ ਸੂਬੇ ਵਿੱਚ ਆਉਣ ਵਾਲੀਆਂ ਚੋਣਾਂ ਦੇ ਮੱਦੇਨਜ਼ਰ ਉਨ੍ਹਾਂ ਸਾਰਿਆਂ ਨੂੰ ਢੁਕਵੀਂ ਸੁਰੱਖਿਆ ਮੁਹੱਈਆ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਹਰ ਪਾਰਟੀ ਨੂੰ ਲੋਕਾਂ ਤੋਂ ਵੋਟਾਂ ਮੰਗਣ ਦਾ ਜਾਇਜ਼ ਹੱਕ ਹੈ ਅਤੇ ਸੂਬਾ ਸਰਕਾਰ ਸੁਰੱਖਿਆ ਅਤੇ ਸੁਖਾਵੇਂ ਮਾਹੌਲ ਨੂੰ ਯਕੀਨੀ ਬਣਾ ਕੇ ਸਾਰਿਆਂ ਨੂੰ ਬਰਾਬਰੀ ਦਾ ਮਾਹੌਲ ਪ੍ਰਦਾਨ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਭਗਵੰਤ ਸਿੰਘ ਮਾਨ ਨੇ ਸਮੂਹ ਸਿਆਸੀ ਪਾਰਟੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਵੋਟਰਾਂ ਦਾ ਫਿਰਕੂ ਆਧਾਰ 'ਤੇ ਧਰੁਵੀਕਰਨ ਕਰਨ ਦੀਆਂ ਘਟੀਆਂ ਚਾਲਾਂ ਵਿਚ ਸ਼ਾਮਲ ਨਾ ਹੋ ਕੇ ਫੁੱਟ ਪਾਊ ਰਾਜਨੀਤੀ ਦੇ ਏਜੰਡੇ ਤੋਂ ਦੂਰ ਰਹਿਣ।

ਆਉਣ ਵਾਲੀਆਂ ਚੋਣਾਂ ਲੋਕਤੰਤਰ ਦਾ ਤਿਉਹਾਰ: ਮੁੱਖ ਮੰਤਰੀ ਨੇ ਕਿਹਾ ਕਿ ਆਉਣ ਵਾਲੀਆਂ ਚੋਣਾਂ ਲੋਕਤੰਤਰ ਦਾ ਤਿਉਹਾਰ ਹੈ ਅਤੇ ਸਾਰੀਆਂ ਸਿਆਸੀ ਪਾਰਟੀਆਂ ਅਤੇ ਲੋਕਾਂ ਨੂੰ ਇਸ ਵਿੱਚ ਪੂਰੇ ਜੋਸ਼ ਨਾਲ ਹਿੱਸਾ ਲੈਣਾ ਚਾਹੀਦਾ ਹੈ। ਸਿਆਸੀ ਵਿਰੋਧੀਆਂ ਨੂੰ ਸ਼ੁੱਭ ਕਾਮਨਾਵਾਂ ਦਿੰਦੇ ਹੋਏ ਉਨ੍ਹਾਂ ਆਸ ਪ੍ਰਗਟਾਈ ਕਿ ਇਹ ਚੋਣਾਂ ਦੇਸ਼ ਦੇ ਮਹਾਨ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਬੇਹੱਦ ਸਹਾਈ ਹੋਣਗੀਆਂ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਰਾਜਨੀਤੀ ਵਿੱਚ ਨੈਤਿਕਤਾ ਦੇ ਮੁਦਈ ਹਨ ਅਤੇ ਸਿਆਸੀ ਪਾਰਟੀਆਂ ਨੂੰ ਇੱਕ-ਦੂਜੇ ਵਿਰੁੱਧ ਚਿੱਕੜ ਉਛਾਲਣ ਅਤੇ ਨਿੱਜੀ ਹਮਲੇ ਕਰਨ ਤੋਂ ਗੁਰੇਜ਼ ਕਰ ਕੇ ਚੋਣਾਂ ਵਿੱਚ ਡਟਣਾ ਚਾਹੀਦਾ ਹੈ।

ABOUT THE AUTHOR

...view details