ਹੈਦਰਾਬਾਦ ਡੈਸਕ: ਜੇਕਰ ਤੁਸੀਂ ਵੀ ਬੱਸਾਂ 'ਚ ਸਫ਼ਰ ਕਰਦੇ ਹੋ ਤਾਂ ਇਹ ਖ਼ਬਰ ਤੁਹਾਡੇ ਲਈ ਜਾਣਨੀ ਬਹੁਤ ਜ਼ਰੂਰੀ ਹੈ ਕਿਉਂਕਿ ਨਹੀਂ ਤਾਂ ਤੁਹਾਨੂੰ ਬਹਤੁ ਸਾਰੀਆਂ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਇਸ ਦਾ ਕਾਰਨ ਕੱਚੇ ਮੁਲਾਜ਼ਮ ਹਨ। ਦਰਅਸਲ ਪੀਆਰਟੀਸੀ ਕੰਟਰੈਕਟ ਮੁਲਾਜ਼ਮ ਯੂਨੀਅਨ ਦੇ ਵੱਲੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਸੰਘਰਸ਼ ਕੀਤਾ ਜਾ ਰਿਹਾ ਹੈ। ਹੁਣ ਇੱਕ ਵਾਰ ਫਿਰ ਤੋਂ ਹੜ੍ਹਤਾਲ ਕੱਚੇ ਕਾਮਿਆਂ ਵੱਲੋਂ ਹੜਤਾਲ ਦਾ ਐਲਾਨ ਕੀਤਾ ਗਿਆ ਹੈ।
ਕੱਚੇ ਮੁਲਾਜ਼ਮਾਂ ਦੀਆਂ ਮੰਗਾਂ ਦਾ ਹੱਲ ਨਹੀਂ ਕੀਤਾ
ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਮੁੱਖ ਮੰਤਰੀ ਦੀਆਂ ਹਦਾਇਤਾਂ ਦੇ ਬਾਵਜੂਦ ਇਨ੍ਹਾਂ ਕੱਚੇ ਮੁਲਾਜ਼ਮਾਂ ਦੀਆਂ ਮੰਗਾਂ ਦਾ ਹੱਲ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਨੇ ਲੰਮੇ ਸਮੇਂ ਤੋਂ ਮੰਗਾਂ ਨੂੰ ਲੈ ਕੇ ਭਰੋਸਾ ਦਿੰਦੇ ਆ ਰਹੇ ਹਨ, ਪਰ ਹੁਣ ਤੱਕ ਇਸ ਮੁੱਦੇ ਵੱਲ ਕੋਈ ਧਿਆਨ ਨਹੀਂ ਦਿੱਤਾ ਗਿਆ। ਜਿਸ ਤੋਂ ਲੱਗਦਾ ਹੈ ਕਿ ਪ੍ਰਾਈਵੇਟ ਬੱਸਾਂ ‘ਤੇ ਕਰੋੜਾਂ ਰੁਪਏ ਖਰਚ ਕੀਤੇ ਜਾ ਰਹੇ ਹਨ।
ਕਦੋਂ ਹੋਵੇਗਾ ਬੱਸਾਂ ਦਾ ਚੱਕਾ ਜਾਮ
ਦਰਅਸਲ ਸੂਬੇ ਵਿਚ 3 ਦਿਨਾਂ ਲਈ ਸਰਕਾਰੀ ਬੱਸਾਂ ਦਾ ਚੱਕਾ ਜਾਮ ਰਹਿਣ ਵਾਲਾ ਹੈ ਅਤੇ 6, 7 ਅਤੇ 8 ਜਨਵਰੀ ਨੂੰ ਸੂਬੇ ਵਿਚ ਫ੍ਰਠਛ ਅਤੇ ਪਨਬਸ ਬੱਸਾਂ ਨਹੀਂ ਚੱਲਣਗੀਆਂ। ਆਪਣੀ ਮੰਗਾਂ ਨੂੰ ਲੈ ਕੇ ਪੀ. ਆਰ. ਟੀ. ਸੀ. ਅਤੇ ਪਨਬਸ ਮੁਲਾਜ਼ਮ ਯੂਨੀਅਨ ਨੇ ਚੰਡੀਗੜ੍ਹ ਵਿਖੇ ਮੁੱਖ ਮੰਤਰੀ ਦੀ ਰਿਹਾਇਸ਼ ਸਾਹਮਣੇ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਹੈ। ਇਸ ਕਰਕੇ 6 ਜਨਵਰੀ ਤੋਂ ਲੈ ਕੇ 8 ਜਨਵਰੀ ਤੱਕ ਸਰਕਾਰੀ ਬੱਸਾਂ ਵਿਚ ਸਫ਼ਰ ਕਰਨ ਵਾਲਿਆਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ।
ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ’ਚ ਹੋ ਰਹੀ ਦੇਰੀ
ਬਿਕਰਮਜੀਤ ਸਿੰਘ, ਸਤਪਾਲ ਸਿੰਘ ਸੱਤਾ ਅਤੇ ਚੰਨਣ ਸਿੰਘ ਚੰਨਾ ਨੇ ਕਿਹਾ ਕਿ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ’ਚ ਹੋ ਰਹੀ ਦੇਰੀ ਕਾਰਨ ਯੂਨੀਅਨ ਨੂੰ ਸੰਘਰਸ਼ ਦਾ ਬਿਗੁਲ ਵਜਾਉਣ ਲਈ ਮਜਬੂਰ ਹੋਣਾ ਪੈ ਰਿਹਾ ਹੈ। ਇਸੇ ਲੜੀ ਤਹਿਤ 6, 7 ਅਤੇ 8 ਜਨਵਰੀ ਨੂੰ ਸੂਬੇ ਭਰ ਵਿਚ ਸਰਕਾਰੀ ਬੱਸਾਂ ਦਾ ਚੱਕਾ ਜਾਮ ਕੀਤਾ ਜਾਵੇਗਾ ਅਤੇ ਮੁੱਖ ਮੰਤਰੀ ਦੀ ਰਿਹਾਇਸ਼ ਦੇ ਬਾਹਰ ਰੋਸ ਪ੍ਰਦਰਸ਼ਨ ਕਰਕੇ ਰੋਹ ਦਾ ਪ੍ਰਗਟਾਵਾ ਕੀਤਾ ਜਾਵੇਗਾ। 3 ਰੋਜ਼ਾ ਚੱਕਾ ਜਾਮ ਦੌਰਾਨ ਮੁਲਾਜ਼ਮਾਂ ਵੱਲੋਂ ਕੰਮ ਦਾ ਬਾਈਕਾਟ ਕੀਤਾ ਜਾਵੇਗਾ ਅਤੇ ਜ਼ਿਲ੍ਹਾ ਪੱਧਰ ’ਤੇ ਵੱਡੇ ਪ੍ਰਦਰਸ਼ਨ ਕੀਤੇ ਜਾਣਗੇ। ਇਸ ਤਹਿਤ ਬੱਸ ਸਟੈਂਡ ਨੂੰ ਬੰਦ ਕਰਨ ਦੀ ਵੀ ਯੋਜਨਾ ਬਣਾਈ ਜਾਵੇਗੀ ਅਤੇ ਪ੍ਰਾਈਵੇਟ ਬੱਸਾਂ ਨੂੰ ਬੱਸ ਸਟੈਂਡ ਅੰਦਰ ਨਹੀਂ ਜਾਣ ਦਿੱਤਾ ਜਾਵੇਗਾ। ਬੁਲਾਰਿਆਂ ਨੇ ਕਿਹਾ ਕਿ ਤਿੰਨ ਰੋਜ਼ਾ ਧਰਨੇ ਦੌਰਾਨ ਉਨ੍ਹਾਂ ਦੇ ਘਰਾਂ ਅੱਗੇ ਸੀਨੀਅਰ ਮੰਤਰੀਆਂ ਦੇ ਪੁਤਲੇ ਫੂਕੇ ਜਾਣਗੇ।