ਚੰਡੀਗੜ੍ਹ:ਪੰਜਾਬ 'ਚ ਇੱਕ ਵਾਰ ਫਿਰ ਤੋਂ ਮੌਸਮ 'ਚ ਤਬਦੀਲੀ ਦੇਖਣ ਨੂੰ ਮਿਲੀ ਹੈ। ਉਥੇ ਹੀ ਭਾਰਤੀ ਮੌਸਮ ਵਿਭਾਗ (IMD) ਨੇ 29 ਮਾਰਚ ਤੱਕ ਦੇਸ਼ ਦੇ ਕਈ ਹਿੱਸਿਆਂ ਵਿੱਚ ਗਰਜ ਅਤੇ ਬਿਜਲੀ ਦੇ ਨਾਲ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ। ਪੰਜਾਬ ਵਿਚ ਵੀ ਬੀਤੀ ਕੱਲ੍ਹ ਰਾਤ ਤੋਂ ਮੌਸਮ ਬਦਲ ਗਿਆ ਹੈ। ਕਈ ਇਲਾਕਿਆਂ ਵਿਚ ਸੰਘਣੇ ਬੱਦਲ ਛਾਏ ਹੋਏ ਹਨ, ਇਸ ਦੇ ਨਾਲ ਹੀ ਹਲਕੀ ਬੂੰਦਾ-ਬਾਂਦੀ ਵੀ ਕਿਤੇ-ਕਿਤੇ ਦੇਖਣ ਨੂੰ ਮਿਲ ਰਹੀ ਹੈ।
ਮੌਸਮ ਖਰਾਬ ਰਹਿਣ ਦੀ ਭਵਿੱਖਬਾਣੀ: ਮੌਸਮ ਵਿਭਾਗ ਨੇ ਅਗਲੇ ਦਿਨਾਂ ਵਿਚ ਮੌਸਮ ਖਰਾਬ ਰਹਿਣ ਦੀ ਭਵਿੱਖਬਾਣੀ ਕੀਤੀ ਹੈ। ਭਾਰਤੀ ਮੌਸਮ ਵਿਭਾਗ (IMD) ਦੇ ਅਨੁਸਾਰ 24 ਤੋਂ 29 ਮਾਰਚ ਦੇ ਦੌਰਾਨ ਅਰੁਣਾਚਲ ਪ੍ਰਦੇਸ਼, ਅਸਾਮ ਅਤੇ ਮੇਘਾਲਿਆ, ਨਾਗਾਲੈਂਡ, ਮਣੀਪੁਰ, ਮਿਜ਼ੋਰਮ ਅਤੇ ਤ੍ਰਿਪੁਰਾ ਦੇ ਵੱਖ-ਵੱਖ ਸਥਾਨਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਅਤੇ ਬਿਜਲੀ ਡਿੱਗਣ ਦੀ ਸੰਭਾਵਨਾ ਹੈ। ਉਥੇ ਹੀ 25 ਅਤੇ 26 ਮਾਰਚ ਦੌਰਾਨ ਅਰੁਣਾਚਲ ਪ੍ਰਦੇਸ਼ ਵਿਚ ਵੱਖ-ਵੱਖ ਥਾਵਾਂ ਉਤੇ ਭਾਰੀ ਮੀਂਹ ਜਾਂ ਬਰਫ਼ਬਾਰੀ ਦੀ ਸੰਭਾਵਨਾ ਹੈ। ਉਪ-ਹਿਮਾਲੀਅਨ ਪੱਛਮੀ ਬੰਗਾਲ ਅਤੇ ਸਿੱਕਮ ਵਿਚ 25 ਮਾਰਚ ਨੂੰ ਭਾਰੀ ਮੀਂਹ ਪੈ ਸਕਦਾ ਹੈ। ਆਸਾਮ ਅਤੇ ਮੇਘਾਲਿਆ ਵਿਚ 25 ਅਤੇ 26 ਮਾਰਚ ਨੂੰ ਵੱਖ-ਵੱਖ ਥਾਵਾਂ ‘ਤੇ ਭਾਰੀ ਮੀਂਹ ਪੈ ਸਕਦਾ ਹੈ।