ਪੰਜਾਬ

punjab

ETV Bharat / state

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਦੀ ਡੀਸੀ, ਪੁਲਿਸ ਕਮਿਸ਼ਨਰਾਂ ਅਤੇ ਐਸਐਸਪੀਆਂ ਨਾਲ ਹੋਈ ਮੀਟਿੰਗ, ਚੋਣਾਂ ਪ੍ਰਬੰਧਾਂ ਬਾਰੇ ਕੀਤਾ ਵਿਚਾਰ ਵਟਾਂਦਰਾ - Lok Sabha Elections 2024 - LOK SABHA ELECTIONS 2024

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਸੂਬੇ ਦੇ ਡਿਪਟੀ ਕਮਿਸ਼ਨਰਾਂ, ਪੁਲਿਸ ਕਮਿਸ਼ਨਰਾਂ ਅਤੇ ਐਸਐਸਪੀਆਂ ਨਾਲ ਮੀਟਿੰਗ ਕੀਤੀ ਹੈ। ਇਸ ਦੌਰਾਨ ਉਨ੍ਹਾਂ ਚੋਣਾਂ ਪ੍ਰਬੰਧਾਂ ਦਾ ਜਾਇਜ਼ਾ ਲਿਆ ਹੈ।

Lok Sabha Elections 2024
ਪੰਜਾਬ ਦੇ ਮੁੱਖ ਚੋਣ ਅਧਿਕਾਰੀ ਦੀ ਡੀਸੀ, ਪੁਲਿਸ ਕਮਿਸ਼ਨਰਾਂ ਅਤੇ ਐਸਐਸਪੀਆਂ ਨਾਲ ਹੋਈ ਮੀਟਿੰਗ

By ETV Bharat Punjabi Team

Published : May 1, 2024, 7:37 PM IST

ਚੰਡੀਗੜ੍ਹ:ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਬੁੱਧਵਾਰ ਨੂੰ ਲੋਕ ਸਭਾ ਚੋਣਾਂ-2024 ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਸੂਬੇ ਦੇ ਸਾਰੇ ਡਿਪਟੀ ਕਮਿਸ਼ਨਰਾਂ-ਕਮ-ਜ਼ਿਲ੍ਹਾ ਚੋਣ ਅਧਿਕਾਰੀਆਂ, ਪੁਲਿਸ ਕਮਿਸ਼ਨਰਾਂ ਅਤੇ ਐਸਐਸਪੀਜ਼ ਨਾਲ ਵੀਡੀਓ ਕਾਨਫ਼ਰੰਸਿੰਗ ਰਾਹੀਂ ਮੀਟਿੰਗ ਕੀਤੀ।

ਮੀਟਿੰਗ ਦੌਰਾਨ ਸਿਬਿਨ ਸੀ ਨੇ ਪੋਲਿੰਗ ਸਟੇਸ਼ਨਾਂ ਉੱਤੇ ਪ੍ਰਬੰਧਾਂ, ਪੋਲਿੰਗ ਸਟਾਫ ਦੀ ਤਾਇਨਾਤੀ, ਸੰਵੇਦਨਸ਼ੀਲ ਮੈਪਿੰਗ, ਸਵੀਪ (ਸਿਸਟੇਮੈਟਿਕ ਵੋਟਰਜ਼ ਐਜੂਕੇਸ਼ਨ ਅਤੇ ਇਲੈਕਟੋਰਲ ਪਾਰਟੀਸੀਪੇਸ਼ਨ) ਗਤੀਵਿਧੀਆਂ, ਵੈਬਕਾਸਟਿੰਗ, ਸੀਆਰਪੀਐਫ ਦੀ ਤਾਇਨਾਤੀ, ਸੰਚਾਰ ਯੋਜਨਾ, ਅੰਤਰਰਾਜੀ ਸਰਹੱਦਾਂ ਉੱਤੇ ਸੁਰੱਖਿਆ ਪ੍ਰਬੰਧਾਂ ਦੇ ਨਾਲ-ਨਾਲ ਸੂਬੇ ਵਿੱਚ ਸੁਤੰਤਰ ਅਤੇ ਨਿਰਪੱਖ ਚੋਣਾਂ ਕਰਵਾਉਣ ਲਈ ਕਾਨੂੰਨ-ਵਿਵਸਥਾ ਦੀ ਸਥਿਤੀ ਦਾ ਜਾਇਜ਼ਾ ਲਿਆ।

ਮੀਟਿੰਗ ਦੌਰਾਨ ਵੱਖ-ਵੱਖ ਗਤੀਵਿਧੀਆਂ ਜਿਵੇਂ ਕਿ ਚੋਣ ਪਹਿਚਾਣ ਪੱਤਰ, ਵੋਟਰਾਂ ਦੀ ਜਾਣਕਾਰੀ, ਵੈਬਕਾਸਟਿੰਗ, ਈ.ਵੀ.ਐਮ. ਸਟੋਰੇਜ ਅਤੇ ਟਰਾਂਸਪੋਰਟਿੰਗ, ਫੇਕ ਨਿਊਜ਼ ਦੀ ਜਾਂਚ, ਸੰਵੇਦਨਸ਼ੀਲ ਪੋਲਿੰਗ ਖੇਤਰਾਂ ਦੀ ਪਛਾਣ, ਹੋਰ ਮਾਡਲ ਪੋਲਿੰਗ ਬੂਥਾਂ ਦੀ ਸਥਾਪਨਾ, ਕਾਨੂੰਨ ਅਤੇ ਵਿਵਸਥਾ ਦੀ ਸਥਿਤੀ ਦਾ ਜਾਇਜ਼ਾ ਅਤੇ ਹਰੇਕ ਜ਼ਿਲ੍ਹੇ ਤੋਂ ਤਿਆਰੀਆਂ ਸਬੰਧੀ ਜਾਣਕਾਰੀ ਲਈ ਗਈ।

ਜ਼ਿਲ੍ਹਾ ਅਧਿਕਾਰੀਆਂ ਨੇ ਮੁੱਖ ਚੋਣ ਅਧਿਕਾਰੀ ਨੂੰ ਚੋਣਾਂ ਵਿੱਚ 'ਇਸ ਵਾਰ 70 ਪਾਰ' ਦੇ ਟੀਚੇ ਦੀ ਪ੍ਰਾਪਤੀ ਲਈ ਉਨ੍ਹਾਂ ਵੱਲੋਂ ਕੀਤੀਆਂ ਜਾ ਰਹੀਆਂ ਵੱਖ-ਵੱਖ ਗਤੀਵਿਧੀਆਂ ਅਤੇ ਪਹਿਲਕਦਮੀਆਂ ਬਾਰੇ ਜਾਣੂੰ ਕਰਵਾਇਆ। ਉਨ੍ਹਾਂ ਨੇ ਪਾਰਦਰਸ਼ੀ ਅਤੇ ਨਿਰਵਿਘਨ ਚੋਣਾਂ ਕਰਵਾਉਣ ਲਈ ਭਾਰਤੀ ਚੋਣ ਕਮਿਸ਼ਨ ਵੱਲੋਂ ਨਿਰਧਾਰਤ ਸਾਰੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਨ ਲਈ ਆਪਣੀ ਵਚਨਬੱਧਤਾ ਨੂੰ ਦੁਹਰਾਇਆ।

ਸਿਬਿਨ ਸੀ ਨੇ ਸਬੰਧਤ ਅਧਿਕਾਰੀਆਂ ਨੂੰ ਸਿਖਲਾਈ ਸਥਾਨਾਂ, ਡਿਸਪਰਸਲ ਸੈਂਟਰਾਂ, ਪੋਲਿੰਗ ਸਟੇਸ਼ਨਾਂ ਅਤੇ ਕੁਲੈਕਸ਼ਨ ਕੇਂਦਰਾਂ 'ਤੇ ਵੱਖ-ਵੱਖ ਤਰੀਕਿਆਂ ਰਾਹੀਂ ਪੋਲਿੰਗ ਸਟਾਫ਼ ਨੂੰ ਗਰਮੀ ਤੋਂ ਬਚਾਉਣ ਲਈ ਲੋੜੀਂਦੇ ਉਪਾਅ ਕਰਨ ਦੇ ਵੀ ਨਿਰਦੇਸ਼ ਦਿੱਤੇ। ਉਨ੍ਹਾਂ ਪੋਲਿੰਗ ਸਟੇਸ਼ਨਾਂ ਅਤੇ ਗਿਣਤੀ ਕੇਂਦਰਾਂ 'ਤੇ ਸਟਾਫ਼ ਲਈ ਛਾਂ, ਪੀਣ ਵਾਲੇ ਪਾਣੀ, ਵੇਟਿੰਗ ਏਰੀਆ, ਵਧੀਆ ਕੁਆਲਿਟੀ ਦੇ ਪਖਾਨਿਆਂ ਦਾ ਪ੍ਰਬੰਧ ਕਰਨ ਲਈ ਵੀ ਕਿਹਾ।

ਮੁੱਖ ਚੋਣ ਅਧਿਕਾਰੀ ਨੇ ਦੱਸਿਆ ਕਿ ਸੂਬੇ ਵਿੱਚ ਸੱਤਵੇਂ ਅਤੇ ਆਖਰੀ ਪੜਾਅ ਦੀ ਵੋਟਿੰਗ 1 ਜੂਨ ਨੂੰ ਹੋਵੇਗੀ ਅਤੇ ਨਾਮਜ਼ਦਗੀ ਪੱਤਰ ਦਾਖਲ ਕਰਨ ਲਈ 7 ਮਈ ਨੂੰ ਨੋਟੀਫਿਕੇਸ਼ਨ ਜਾਰੀ ਕੀਤਾ ਜਾਵੇਗਾ। ਉਨ੍ਹਾਂ ਨੇ ਸਾਰੇ ਜ਼ਿਲ੍ਹਾ ਅਧਿਕਾਰੀਆਂ ਨੂੰ ਦੱਸਿਆ ਕਿ ਚੋਣ ਕਮਿਸ਼ਨ ਸਾਰੇ ਪ੍ਰਬੰਧਾਂ ਦੀਆਂ ਤਿਆਰੀਆਂ ਦੀ ਪ੍ਰਗਤੀ 'ਤੇ ਨਜ਼ਰ ਰੱਖ ਰਿਹਾ ਹੈ। ਉਨ੍ਹਾਂ ਚੋਣਾਂ ਨਾਲ ਸਬੰਧਿਤ ਸਾਰੇ ਕਾਰਜਾਂ ਨੂੰ ਨਿਰਧਾਰਤ ਸਮਾਂ ਸੀਮਾ ਦੇ ਅੰਦਰ ਪੂਰਾ ਕਰਨ ਲਈ ਪੂਰੇ ਤਾਲਮੇਲ ਨਾਲ ਕੰਮ ਕਰਨ ਲਈ ਕਿਹਾ।

ਮੀਟਿੰਗ ਦੌਰਾਨ ਵਿਸ਼ੇਸ਼ ਡਾਇਰੈਕਟਰ ਜਨਰਲ ਆਫ਼ ਪੁਲਿਸ ਲਾਅ ਐਂਡ ਆਰਡਰ ਅਰਪਿਤ ਸ਼ੁਕਲਾ, ਵਧੀਕ ਡੀਜੀਪੀ-ਕਮ-ਰਾਜ ਪੁਲਿਸ ਨੋਡਲ ਅਫ਼ਸਰ ਮੁਹੰਮਦ ਫਾਰੂਕੀ, ਵਧੀਕ ਮੁੱਖ ਚੋਣ ਅਧਿਕਾਰੀ ਹਰੀਸ਼ ਨਈਅਰ ਤੇ ਅਭਿਜੀਤ ਕਪਲਿਸ਼, ਜੁਆਇੰਟ ਮੁੱਖ ਚੋਣ ਅਧਿਕਾਰੀ ਸਕੱਤਰ ਸਿੰਘ ਬੱਲ ਅਤੇ ਹੋਰ ਅਧਿਕਾਰੀ ਹਾਜ਼ਰ ਸਨ।

(PRESS NOTE)

ABOUT THE AUTHOR

...view details