ਪੰਜਾਬ

punjab

ETV Bharat / state

CM ਮਾਨ-ਕੇਜਰੀਵਾਲ ਨੇ ਲੁਧਿਆਣਾ 'ਚ ਕਾਰੋਬਾਰੀਆਂ ਨਾਲ ਕੀਤੀ ਮੁਲਾਕਾਤ: ਸੀਐਮ ਮਾਨ ਨੇ ਵਪਾਰੀਆਂ ਤੇ ਉਦਯੋਗਪਤੀਆਂ ਬਾਰੇ ਕਹੀ ਵੱਡੀ ਗੱਲ, ਜਾਣੋ ਕੀ ਕਿਹਾ... - ਲੁਧਿਆਣਾ ਵਿੱਚ ਆਪ ਦੀ ਰੈਲੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਲੁਧਿਆਣਾ ਵਿੱਚ ਸਰਕਾਰ-ਵਪਾਰ ਮਿਲਣੀ ਦੌਰਾਨ ਉਦਯੋਗਪਤੀਆਂ ਅਤੇ ਵਪਾਰੀਆਂ ਨਾਲ ਵਿਸਥਾਰਤ ਵਿਚਾਰ-ਵਟਾਂਦਰਾ ਕੀਤਾ।

AAP rally in Ludhiana
AAP rally in Ludhiana

By ETV Bharat Punjabi Team

Published : Mar 3, 2024, 6:42 PM IST

ਲੁਧਿਆਣਾ: ਲੁਧਿਆਣਾ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਸਰਕਾਰ-ਵਪਾਰ ਮਿਲਣੀ ਦੌਰਾਨ ਉਦਯੋਗਪਤੀਆਂ ਅਤੇ ਵਪਾਰੀਆਂ ਨਾਲ ਵਿਸਥਾਰਤ ਵਿਚਾਰ-ਵਟਾਂਦਰਾ ਕੀਤਾ।

ਇਸੇ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਸੀਐਮ ਮਾਨ ਨੇ ਕਿਹਾ ਕਿ ਸਰਕਾਰ-ਵਪਾਰ ਮਿਲਣੀ ਦੇ ਰੂਪ ਵਿੱਚ ਆਪਣੀ ਕਿਸਮ ਦੀ ਇਸ ਪਹਿਲੀ ਪਹਿਲਕਦਮੀ ਦਾ ਉਦੇਸ਼ ਵਪਾਰਕ ਭਾਈਚਾਰੇ ਦੀ ਭਲਾਈ ਯਕੀਨੀ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਇਹ ਸੂਬੇ ਦੇ ਆਰਥਿਕ ਵਿਕਾਸ ਨੂੰ ਹੁਲਾਰਾ ਦੇ ਕੇ ਸੂਬੇ ਦੀ ਪੁਰਾਤਨ ਸ਼ਾਨ ਬਹਾਲ ਕਰਨ ਵੱਲ ਇਕ ਠੋਸ ਕਦਮ ਹੈ। ਸੀਐਮ ਮਾਨ ਨੇ ਕਿਹਾ ਕਿ ਸੂਬੇ ਦੀ ਆਰਥਿਕਤਾ ਵਿੱਚ ਉਦਯੋਗ ਅਤੇ ਵਪਾਰ ਅਹਿਮ ਭੂਮਿਕਾ ਨਿਭਾਉਂਦੇ ਹਨ ਅਤੇ ਇਹ ਹਰੇਕ ਸੂਬੇ ਦੀ ਰੀੜ੍ਹ ਦੀ ਹੱਡੀ ਹੁੰਦੇ ਹਨ, ਜਿਸ ਲਈ ਇਸ ਨੂੰ ਹੁਲਾਰਾ ਦੇਣਾ ਲਾਜ਼ਮੀ ਹੈ।

'ਸੂਬਾ ਸਰਕਾਰ ਪੰਜਾਬ ਦੇ ਵਿਕਾਸ ਨੂੰ ਹੁਲਾਰਾ ਦੇ ਕੇ ਸੂਬੇ ਦੀ ਨੁਹਾਰ ਬਦਲਣ ਦੀ ਕਰ ਰਹੀ ਕੋਸ਼ਿਸ਼': ਉਸ ਤੋਂ ਅੱਗੇ ਉਨ੍ਹਾਂ ਨੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਦੇ ਵਿਕਾਸ ਨੂੰ ਹੁਲਾਰਾ ਦੇ ਕੇ ਸੂਬੇ ਦੀ ਨੁਹਾਰ ਬਦਲਣ ਲਈ ਅਣਥੱਕ ਮਿਹਨਤ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਉਹ ਲੋਕਾਂ ਦੀ ਭਲਾਈ ਅਤੇ ਸੂਬੇ ਦੇ ਵਿਕਾਸ ਲਈ ਘਟੀਏ ਦਰਜੇ ਦੀ ਰਾਜਨੀਤੀ ਦੀ ਬਜਾਏ ‘ਕੰਮ ਦੀ ਰਾਜਨੀਤੀ’ ਕਰ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਜਿਹਾ ਬਹੁਤ ਪਹਿਲਾਂ ਹੋ ਜਾਣਾ ਚਾਹੀਦਾ ਸੀ ਤਾਂ ਜੋ ਲੋਕਾਂ ਨੂੰ ਇਸ ਦਾ ਲਾਭ ਮਿਲ ਸਕਦਾ।

ਸੀਐਮ ਮਾਨ ਨੇ ਕਿਹਾ ਕਿ ਸੂਬੇ ਵਿੱਚ ਹੁਣ ਤੱਕ ਟਾਟਾ ਸਟੀਲ, ਸਨਾਤਨ ਟੈਕਸਟਾਈਲ ਅਤੇ ਹੋਰ ਪ੍ਰਮੁੱਖ ਕੰਪਨੀਆਂ ਵੱਲੋਂ 70,000 ਕਰੋੜ ਰੁਪਏ ਦਾ ਨਿਵੇਸ਼ ਕੀਤਾ ਗਿਆ ਹੈ, ਜੋ ਹੋਰ ਕੰਪਨੀਆਂ ਨੂੰ ਨਿਵੇਸ਼ ਲਈ ਉਤਸ਼ਾਹਿਤ ਕਰੇਗਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਸਥਾਨਕ ਉਦਯੋਗਾਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ ਅਤੇ ਉਹ ਸੂਬੇ ਦੇ ਅਸਲ ਬ੍ਰਾਂਡ ਅੰਬੈਸਡਰ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਇਹ ਯਕੀਨੀ ਬਣਾਉਣ ਲਈ ਵਚਨਬੱਧ ਹੈ ਕਿ ਇਹ ਕੰਪਨੀਆਂ ਸੂਬੇ ਵਿੱਚ ਆਪਣੇ ਕਾਰੋਬਾਰ ਦਾ ਵਿਸਥਾਰ ਕਰਨ।

'ਦੇਸ਼ ਭਰ ਵਿੱਚੋਂ ਸੂਬੇ ‘ਚ ਅਮਨ-ਕਾਨੂੰਨ ਦੀ ਸਥਿਤੀ ਸਭ ਤੋਂ ਵਧੀਆ':ਇਸ ਤੋਂ ਅੱਗੇ ਉਨ੍ਹਾਂ ਕਿਹਾ ਕਿ ਦੇਸ਼ ਭਰ ਵਿੱਚੋਂ ਸੂਬੇ ‘ਚ ਅਮਨ-ਕਾਨੂੰਨ ਦੀ ਸਥਿਤੀ ਸਭ ਤੋਂ ਵਧੀਆ ਹੈ, ਜਿਸ ਕਾਰਨ ਵੱਡੇ ਪੱਧਰ ‘ਤੇ ਉਦਯੋਗ ਸੂਬੇ ਵਿੱਚ ਨਿਵੇਸ਼ ਲਈ ਆ ਰਹੇ ਹਨ।। ਉਨ੍ਹਾਂ ਕਿਹਾ ਕਿ ਇਸ ਦੇ ਉਲਟ ਪਿਛਲੀਆਂ ਸਰਕਾਰਾਂ ਵੇਲੇ ਆਗੂ ਨਿਵੇਸ਼ ਲਈ ਆਉਣ ਵਾਲੇ ਉੱਦਮਾਂ ਵਿੱਚ ਹਿੱਸੇਦਾਰੀ ਮੰਗਦੇ ਸਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਹਿਲਾਂ ਸੱਤਾਧਾਰੀ ਪਰਿਵਾਰਾਂ ਨਾਲ ਸਮਝੌਤਿਆਂ 'ਤੇ ਦਸਤਖ਼ਤ ਕੀਤੇ ਜਾਂਦੇ ਸਨ ਪਰ ਹੁਣ ਸੂਬੇ ਦੀ ਤਰੱਕੀ ਅਤੇ ਖ਼ੁਸ਼ਹਾਲੀ ਲਈ ਇਹ ਸਮਝੌਤੇ ਕੀਤੇ ਜਾਂਦੇ ਹਨ।

ਮੁੱਖ ਮੰਤਰੀ ਨੇ ਵਪਾਰੀਆਂ ਨੂੰ ਸੂਬੇ ਦੀ ਤਰੱਕੀ ਅਤੇ ਖ਼ੁਸ਼ਹਾਲੀ ਲਈ ਤਨ-ਮਨ ਨਾਲ ਕੰਮ ਕਰਨ ਦਾ ਸੱਦਾ ਦਿੱਤਾ। ਉਨ੍ਹਾਂ ਵਪਾਰੀਆਂ ਅਤੇ ਉਦਯੋਗਪਤੀਆਂ ਨੂੰ ਸੂਬੇ ਦੀ ਆਰਥਿਕ ਖ਼ੁਸ਼ਹਾਲੀ ਦੇ ਨਵੇਂ ਯੁੱਗ ਦੀ ਸ਼ੁਰੂਆਤ ਲਈ ਇਸ ਕ੍ਰਾਂਤੀ ਵਿੱਚ ਹਿੱਸੇਦਾਰ ਬਣਨ ਦਾ ਸੱਦਾ ਦਿੱਤਾ। ਸੀਐਮ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਪਹਿਲਾਂ ਹੀ ਫੋਕਲ ਪੁਆਇੰਟਾਂ ਅਤੇ ਐਸ.ਈ.ਜ਼ੈਡਜ਼ ਵਿੱਚ ਬੁਨਿਆਦੀ ਢਾਂਚੇ ਨੂੰ ਅਪਗ੍ਰੇਡ ਕਰਨ ਤੋਂ ਇਲਾਵਾ ਸਨਅਤੀ ਖੇਤਰਾਂ ਵਿੱਚ ਵਿਸ਼ੇਸ਼ ਪੁਲਿਸ ਚੌਕੀਆਂ ਸਥਾਪਤ ਕਰਕੇ ਸੁਰੱਖਿਆ ਯਕੀਨੀ ਬਣਾਉਣ ਦਾ ਖਾਕਾ ਤਿਆਰ ਕਰ ਲਿਆ ਹੈ।

ਇਸੇ ਦੌਰਾਨ ਉਨ੍ਹਾਂ ਨੇ ਕਿਹਾ ਕਿ ਹੁਣ ਉਹ ਦਿਨ ਚਲੇ ਗਏ ਹਨ ਜਦੋਂ ਉਦਯੋਗਾਂ ਅਤੇ ਵਪਾਰੀਆਂ ਨੂੰ ਬੇਵਜ੍ਹਾ ਪ੍ਰੇਸ਼ਾਨੀ ਝੱਲਣੀ ਪੈਂਦੀ ਸੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਹੁਣ ਉਨ੍ਹਾਂ ਦੀ ਸਹੂਲਤ ਲਈ ਕੰਮ ਕਰੇਗੀ ਅਤੇ ਬੀਤੇ ਸਮਿਆਂ ਦੇ ਉਲਟ ਹੁਣ ਕੋਈ ਵੀ ਉਦਯੋਗਪਤੀਆਂ ਨੂੰ ਤੰਗ ਨਹੀਂ ਕਰੇਗਾ, ਸਗੋਂ ਸੂਬਾ ਸਰਕਾਰ ਉਦਯੋਗਾਂ ਨੂੰ ਉਤਸ਼ਾਹਿਤ ਕਰਨ ਲਈ ਹਰ ਸੰਭਵ ਯਤਨ ਕਰੇਗੀ। ਸੀਐਮ ਮਾਨ ਨੇ ਕਿਹਾ ਕਿ ਉਦਯੋਗਿਕ ਖੇਤਰ ਦੇ ਵਿਆਪਕ ਵਿਕਾਸ ਨੂੰ ਯਕੀਨੀ ਬਣਾਉਣ ਲਈ ਹਰ ਸੰਭਵ ਕਦਮ ਚੁੱਕਿਆ ਜਾ ਰਿਹਾ ਹੈ।

ਉਸ ਤੋਂ ਅੱਗੇ ਉਨ੍ਹਾਂ ਨੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਵਿੱਚ ਮੌਜੂਦਾ ਉਦਯੋਗਿਕ ਇਕਾਈਆਂ ਦੀ ਸੁਰੱਖਿਆ ਤੋਂ ਇਲਾਵਾਂ ਇਨ੍ਹਾਂ ਇਕਾਈਆਂ ਦੇ ਵਿਸਤਾਰ ਅਤੇ ਉਤਸ਼ਾਹਿਤ ਕਰਨ ਕਰਨ ਲਈ ਠੋਸ ਉਪਰਾਲੇ ਕਰੇਗੀ। ਉਨ੍ਹਾਂ ਕਿਹਾ ਕਿ ਉਦਯੋਗਪਤੀਆਂ ਨੇ ਦੇਸ਼ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਅਹਿਮ ਭੂਮਿਕਾ ਨਿਭਾਈ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਉਦਯੋਗਾਂ ਨੇ ਵਿਸ਼ਵ ਭਰ ਵਿੱਚ ਆਪਣੀ ਪਛਾਣ ਬਣਾਈ ਹੈ ਅਤੇ ਸੂਬਾ ਸਰਕਾਰ ਇਨ੍ਹਾਂ ਦੇ ਹਿੱਤਾਂ ਦੀ ਰਾਖੀ ਯਕੀਨੀ ਬਣਾਉਣ ਲਈ ਹਰ ਸੰਭਵ ਯਤਨ ਕਰੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਣ ਲਈ ਪਹਿਲੀ ਵਾਰ 410 ਹਾਈ-ਟੈੱਕ ਵਾਹਨ ਪੰਜਾਬ ਪੁਲਿਸ ਦੇ ਸਟੇਸ਼ਨ ਹਾਊਸ ਅਫ਼ਸਰਾਂ (ਐੱਸ.ਐੱਚ.ਓਜ਼) ਨੂੰ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਇਸ ਦੇ ਉਲਟ ਪਿਛਲੀਆਂ ਸਰਕਾਰਾਂ ਵੇਲੇ ਇਹੀ ਨਵੇਂ ਵਾਹਨ ਉੱਚ ਅਧਿਕਾਰੀਆਂ ਨੂੰ ਦਿੱਤੇ ਜਾਂਦੇ ਸਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਐਸ.ਐਚ.ਓਜ਼ ਪੰਜਾਬ ਪੁਲਿਸ ਦਾ ਅਸਲ ਚਿਹਰਾ ਹਨ ਕਿਉਂਕਿ ਉਹ ਸਿੱਧੇ ਤੌਰ 'ਤੇ ਲੋਕਾਂ ਨਾਲ ਜੁੜੇ ਹੋਏ ਹਨ। ਉਨ੍ਹਾਂ ਅੱਗੇ ਕਿਹਾ ਕਿ ਇਸ ਕਦਮ ਨਾਲ ਉਦਯੋਗਪਤੀਆਂ ਨੂੰ ਬਹੁਤ ਫਾਇਦਾ ਹੋਵੇਗਾ।

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸੂਬੇ ਵਿੱਚ ਸੜਕ ਹਾਦਸਿਆਂ ਕਾਰਨ ਹੋਣ ਵਾਲੀਆਂ ਮੌਤਾਂ ਦੀ ਦਰ ‘ਤੇ ਕਾਬੂ ਪਾਉਣ ਦੇ ਨਾਲ-ਨਾਲ ਸੂਬੇ ਦੀਆਂ ਸੜਕਾਂ 'ਤੇ ਆਵਾਜਾਈ ਨੂੰ ਸੁਚਾਰੂ ਬਣਾਉਣ ਲਈ ਸੂਬਾ ਸਰਕਾਰ ਨੇ ਸੜਕ ਸੁਰੱਖਿਆ ਫੋਰਸ ਦੀ ਸ਼ੁਰੂਆਤ ਕੀਤੀ ਹੈ। ਉਨ੍ਹਾਂ ਕਿਹਾ ਕਿ ਆਪਣੀ ਕਿਸਮ ਦੀ ਇਹ ਪਹਿਲੀ ਵਿਸ਼ੇਸ਼ ਫੋਰਸ ਪੰਜਾਬ ਵਿੱਚ ਰੋਜ਼ਾਨਾ ਸੜਕ ਹਾਦਸਿਆਂ ਵਿੱਚ ਜਾਣ ਵਾਲੀਆਂ ਕੀਮਤੀ ਜਾਨਾਂ ਬਚਾਉਣ ਲਈ ਅਹਿਮ ਭੂਮਿਕਾ ਨਿਭਾ ਰਹੀ ਹੈ।

ਉਨ੍ਹਾਂ ਦੱਸਿਆ ਕਿ ਸੜਕ ਹਾਦਸਿਆਂ ਨੂੰ ਰੋਕਣ ਲਈ ਇਸ ਫੋਰਸ ਨੂੰ ਗਲਤ ਢੰਗ ਨਾਲ ਡਰਾਈਵਿੰਗ ਕਰਨ, ਸੜਕਾਂ 'ਤੇ ਵਾਹਨਾਂ ਦੀ ਆਵਾਜਾਈ ਨੂੰ ਸੁਚਾਰੂ ਬਣਾਉਣ ਅਤੇ ਹੋਰ ਕੰਮਾਂ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਸ਼ੁਰੂਆਤੀ ਤੌਰ 'ਤੇ ਹਰ 30 ਕਿਲੋਮੀਟਰ ਦੇ ਘੇਰੇ ਵਿੱਚ ਅਤਿ-ਆਧੁਨਿਕ ਯੰਤਰਾਂ ਨਾਲ ਲੈਸ 129 ਵਾਹਨ ਸੜਕਾਂ 'ਤੇ ਤਾਇਨਾਤ ਕੀਤੇ ਗਏ ਹਨ ਅਤੇ ਇਨ੍ਹਾਂ ਵਾਹਨਾਂ ਵਿੱਚ ਕਿਸੇ ਵੀ ਲੋੜਵੰਦ ਵਿਅਕਤੀ ਨੂੰ ਐਮਰਜੈਂਸੀ ਇਲਾਜ ਮੁਹੱਈਆ ਕਰਵਾਉਣ ਲਈ ਸੰਪੂਰਨ ਮੈਡੀਕਲ ਕਿੱਟ ਦੀ ਸੁਵਿਧਾ ਵੀ ਉਪਲਬਧ ਹੈ।

ਆਪਣੇ ਸੰਬੋਧਨ ਵਿੱਚ ਦਿੱਲੀ ਦੇ ਮੁੱਖ ਮੰਤਰੀ ਨੇ ਉਦਯੋਗਪਤੀਆਂ ਨੂੰ ਸੂਬਾ ਸਰਕਾਰ ਵੱਲੋਂ ਅਤਿ-ਆਧੁਨਿਕ ਬੁਨਿਆਦੀ ਢਾਂਚੇ ਅਤੇ ਸਹੂਲਤਾਂ ਨਾਲ ਲੈਸ ਨਵੇਂ ਸਕੂਲ ਆਫ਼ ਐਕਸੀਲੈਂਸ ਦਾ ਦੌਰਾ ਕਰਨ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਇਹ ਸਕੂਲ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਕਾਨਵੈਂਟ ਤੋਂ ਪੜ੍ਹੇ ਵਿਦਿਆਰਥੀਆਂ ਦਾ ਮੁਕਾਬਲਾ ਕਰਨ ਵਿੱਚ ਮਦਦ ਕਰੇਗਾ ਤਾਂ ਜੋ ਉਹ ਜੀਵਨ ਵਿੱਚ ਹੋਰ ਅੱਗੇ ਵਧ ਸਕਣ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਸਕੂਲ ਦਾ ਇੱਕੋ ਦੌਰਾ ਉਦਯੋਗਪਤੀਆਂ ਨੂੰ ਇਹ ਸੋਚਣ ਲਈ ਮਜਬੂਰ ਕਰ ਦੇਵੇਗਾ ਕਿ ਉਨ੍ਹਾਂ ਨੂੰ ਵੀ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਪੜ੍ਹਨ ਭੇਜਣਾ ਚਾਹੀਦਾ ਹੈ।

ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਅਣਥੱਕ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੀ ਭਲਾਈ ਦੇ ਮੱਦੇਨਜ਼ਰ ਸ਼ਨਿਚਰਵਾਰ ਨੂੰ 165 ਆਮ ਆਦਮੀ ਕਲੀਨਿਕ ਸਮਰਪਿਤ ਕੀਤੇ ਗਏ। ਉਨ੍ਹਾਂ ਕਿਹਾ ਕਿ ਪਿਛਲੇ 75 ਸਾਲਾਂ ਵਿੱਚ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਨ ਲਈ ਅਜਿਹਾ ਕੋਈ ਉਪਰਾਲਾ ਨਹੀਂ ਹੋਇਆ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਹੁਣ ਸੂਬੇ ਵਿੱਚ 829 ਆਮ ਆਦਮੀ ਕਲੀਨਿਕ ਸੁਚਾਰੂ ਰੂਪ ਵਿੱਚ ਕੰਮ ਕਰ ਰਹੇ ਹਨ ਅਤੇ ਇਨ੍ਹਾਂ ਕਲੀਨਿਕਾਂ ਵਿੱਚ ਆਉਣ ਵਾਲੇ ਲੋਕਾਂ ਨੂੰ ਮੁਫ਼ਤ ਇਲਾਜ ਦੀ ਸਹੂਲਤ ਦਿੱਤੀ ਜਾ ਰਹੀ ਹੈ।

ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਇੱਕ ਵੱਖਰੀ ਕਿਸਮ ਦੀ ਸਰਕਾਰ ਸੱਤਾ ਵਿੱਚ ਆਈ ਹੈ, ਜਿਸ ਨਾਲ ਹੁਣ ਸਰਕਾਰੀ ਅਦਾਰਿਆਂ ਦੀ ਨੁਹਾਰ ਹੀ ਬਦਲ ਜਾਵੇਗੀ। ਉਨ੍ਹਾਂ ਕਿਹਾ ਕਿ ਦਿੱਲੀ ਦੇ ਪੌਸ਼ ਇਲਾਕਿਆਂ ਵਿੱਚ ਵੀ ਲੋਕ ਮਿਆਰੀ ਸਿਹਤ ਸੇਵਾਵਾਂ ਪ੍ਰਾਪਤ ਕਰਨ ਲਈ ਮੁਹੱਲਾ ਕਲੀਨਿਕਾਂ ਦੀ ਮੰਗ ਕਰ ਰਹੇ ਹਨ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਇਹ ਕਲੀਨਿਕ ਲੋਕਾਂ ਨੂੰ ਮਿਆਰੀ ਤੇ ਵਧੀਆ ਇਲਾਜ ਪ੍ਰਦਾਨ ਕਰ ਰਹੇ ਹਨ, ਜਿਸ ਕਾਰਨ ਇੱਥੇ ਲੋਕਾਂ ਦੀ ਆਮਦ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ।

ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ ਕਿ ਇੱਕ ਪਾਸੇ ਸੂਬੇ ਭਰ ਦੇ ਸਰਕਾਰੀ ਸਕੂਲਾਂ ਦਾ ਨਵੀਨੀਕਰਨ ਕੀਤਾ ਜਾ ਰਿਹਾ ਹੈ ਅਤੇ ਦੂਜੇ ਪਾਸੇ ਸਰਕਾਰੀ ਹਸਪਤਾਲਾਂ ਨੂੰ ਆਧੁਨਿਕ ਬੁਨਿਆਦੀ ਢਾਂਚੇ ਨਾਲ ਲੈਸ ਕਰਕੇ ਅਪਗ੍ਰੇਡ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ ਸੂਬਾ ਸਰਕਾਰ ਦੀ ਮੁੱਖ ਤਰਜੀਹ ਹੈ, ਜਿਸ ਲਈ ਉਦਯੋਗਿਕ ਖੇਤਰ ਵੱਡਾ ਅਧਾਰ ਹੈ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਉਦਯੋਗਿਕ ਖੇਤਰ ਦੀਆਂ ਸਾਰੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਨਜਿੱਠਿਆ ਜਾਵੇਗਾ ਤਾਂ ਜੋ ਵੱਧ ਤੋਂ ਵੱਧ ਨੌਕਰੀਆਂ ਪੈਦਾ ਹੋ ਸਕਣ।

ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀ ਕਿਸੇ ਵੀ ਸਰਕਾਰ ਨੇ ਉਦਯੋਗਪਤੀਆਂ ਅਤੇ ਵਪਾਰੀਆਂ ਦੀ ਭਲਾਈ ਦੀ ਕਦੇ ਕੋਈ ਚਿੰਤਾ ਨਹੀਂ ਕੀਤੀ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਸਨਅਤਕਾਰਾਂ ਨੂੰ ਚੋਰ ਕਰਾਰ ਦਿੰਦੀਆਂ ਸਨ, ਪਰ ਇਹ ਸਰਕਾਰ ਉਦਯੋਗਪਤੀਆਂ ਨੂੰ ਸੂਬੇ ਦੀ ਸਮਾਜਿਕ ਆਰਥਿਕ ਤਰੱਕੀ ਵਿੱਚ ਬਰਾਬਰ ਦਾ ਭਾਈਵਾਲ ਬਣਾਉਣਾ ਚਾਹੁੰਦੀ ਹੈ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਸੂਬਾ ਸਰਕਾਰ ਪਿਛਲੀਆਂ ਸਰਕਾਰਾਂ ਵਾਂਗ ਲੁੱਟਣ ਦੀ ਬਜਾਏ ਵਪਾਰੀਆਂ ਅਤੇ ਉਦਯੋਗਪਤੀਆਂ ਦੀ ਸਹੂਲਤ ਲਈ ਹੈ।

ਦਿੱਲੀ ਦੇ ਮੁੱਖ ਮੰਤਰੀ ਨੇ ਇਨ੍ਹਾਂ ਮਿਲਣੀਆਂ ਨੂੰ ਸੂਬਾ ਸਰਕਾਰ ਅਤੇ ਵਪਾਰੀਆਂ ਦਰਮਿਆਨ ਬਿਹਤਰ ਤਾਲਮੇਲ ਲਈ ਸਮੇਂ ਦੀ ਮੰਗ ਦੱਸਿਆ। ਉਨ੍ਹਾਂ ਕਿਹਾ ਕਿ ਵਪਾਰੀਆਂ ਨੂੰ ਦਰਪੇਸ਼ ਮੁਸ਼ਕਲਾਂ ਦਾ ਜਲਦ ਹੱਲ ਕਰਨਾ ਅਤੇ ਉਨ੍ਹਾਂ ਨੂੰ ਵੱਡੇ ਪੱਧਰ ’ਤੇ ਲਾਭ ਪਹੁੰਚਾਉਣਾ ਹੀ ਸਮੇਂ ਦੀ ਲੋੜ ਹੈ। ਅਰਵਿੰਦ ਕੇਜਰੀਵਾਲ ਨੇ ਗੈਰ-ਭਾਜਪਾ ਰਾਜਾਂ ਦੇ ਸੁਚਾਰੂ ਕੰਮਕਾਜ ਵਿੱਚ ਅੜਿੱਕਾ ਡਾਹੁਣ ਲਈ ਕੇਂਦਰ ਸਰਕਾਰ ਨੂੰ ਕਰੜੇ ਹੱਥੀਂ ਲਿਆ ਅਤੇ ਕਿਹਾ ਕਿ ਇਹ ਸਭ ਕੇਂਦਰ ਦਾ ਘਮੰਡੀ ਰਵੱਈੲਾ ਅਤੇ ਆਪਹੁਦਰੇਪਣ ਹੈ।

ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ ਕਿ ਜਿਵੇਂ ਕੇਰਲਾ, ਪੱਛਮੀ ਬੰਗਾਲ, ਤੇਲੰਗਾਨਾ ਅਤੇ ਹੋਰ ਰਾਜਾਂ ਦੇ ਲੋਕਾਂ ਨੇ ਆਪਣੇ ਮੁੱਖ ਮੰਤਰੀਆਂ ਨੂੰ ਲੋਕ ਸਭਾ ਸੀਟਾਂ ਦੇ ਕੇ ਸ਼ਕਤੀ ਦਿੱਤੀ ਸੀ, ਉਸੇ ਤਰ੍ਹਾਂ ਹੁਣ ਸਮਾਂ ਆ ਗਿਆ ਹੈ ਕਿ ਭਗਵੰਤ ਸਿੰਘ ਮਾਨ ਨੂੰ ਸਾਰੀਆਂ ਲੋਕ ਸਭਾ ਸੀਟਾਂ ਜਿਤਾਈਆਂ ਜਾਣ। ਉਨ੍ਹਾਂ ਕਿਹਾ ਕਿ ਕੇਂਦਰ ਪੰਜਾਬ ਵਿਰੋਧੀ ਰਵੱਈਏ ਦਾ ਸ਼ਿਕਾਰ ਹੈ, ਇਸ ਲਈ ਕੇਂਦਰ ਨੂੰ ਸਬਕ ਸਿਖਾਉਣਾ ਜ਼ਰੂਰੀ ਹੈ, ਜਿਸ ਲਈ ਪੰਜਾਬੀਆਂ ਨੂੰ ਤਿਆਰੀ ਖਿੱਚ ਲੈਣੀ ਚਾਹੀਦੀ ਹੈ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਜਦੋਂ ਕੇਂਦਰ ਸਰਕਾਰ ਨੂੰ ਸੂਬੇ ਦੀ ਝਾਕੀ ਨੂੰ ਰੱਦ ਕਰਨ ਦੇ ਆਪਣੇ ਗੁਨਾਹ ਦੀ ਸਜ਼ਾ ਦਿੱਤੀ ਜਾਵੇ ਕਿਉਂਕਿ ਇਹ ਪੰਜਾਬ ਅਤੇ ਪੰਜਾਬੀਆਂ ਦਾ ਸਿੱਧਮ-ਸਿੱਧਾ ਅਪਮਾਨ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਸ਼ਹੀਦਾਂ ਨੂੰ ਉਨ੍ਹਾਂ ਦੀਆਂ ਮਹਾਨ ਕੁਰਬਾਨੀਆਂ ਲਈ ਕੇਂਦਰ ਤੋਂ ਕਿਸੇ ਐਨ.ਓ.ਸੀ. ਦੀ ਲੋੜ ਨਹੀਂ ਹੈ।

(press note)

ABOUT THE AUTHOR

...view details