ਚੰਡੀਗੜ੍ਹ: ਜਿਸ ਦਾ ਇੰਤਜ਼ਾਰ ਸੀ ਆਖਰਕਾਰ ਉਹ ਚਿੱਠੀ ਮੁੱਖ ਮੰਤਰੀ ਭਗਵੰਤ ਮਾਨ ਨੇ ਲਿਖ ਦਿੱਤੀ ਹੈ। ਦਰਅਸਲ ਕੇਂਦਰੀ ਮੰਤਰੀ ਨਿਤਿਨ ਗਡਕਰੀ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਨੂੰ ਨੈਸ਼ਨਲ ਪ੍ਰੋਜੈਕਟਾਂ ਸਬੰਧੀ ਲਿਖੀ ਚਿੱਠੀ ਦੇ ਜਵਾਨ ਵਿੱਚ ਸੀਐਮ ਭਗਵੰਤ ਮਾਨ ਨੇ ਜਵਾਬ ਦਿੱਤਾ। ਉਨ੍ਹਾਂ ਨੇ ਨਿਤਿਨ ਗਡਕਰੀ ਨੂੰ ਚਿੱਠੀ ਲਿਖ ਕੇ ਕਿਸਾਨਾਂ ਨੂੰ ਉਨ੍ਹਾਂ ਦੀਆਂ ਜ਼ਮੀਨਾਂ ਦਾ ਵਾਜਿਬ ਭਾਅ ਦੇਣ ਦੀ ਗੱਲ ਕਹੀ। ਉਨ੍ਹਾਂ ਨੇ ਚਿੱਠੀ ਵਿੱਚ ਲਿਖਿਆ ਕਿ ਖੇਤੀ ਹੀ ਪੰਜਾਬੀਆਂ ਦਾ ਮੁੱਖ ਕਿੱਤਾ ਹੈ। ਪੰਜਾਬ ਵਿੱਚ ਜ਼ਮੀਨ ਕਿਸਾਨਾਂ ਦੀ ਮਾਂ ਦੇ ਬਰਾਬਰ ਹੈ। ਉਨ੍ਹਾਂ ਨੇ ਅੱਗੇ ਲਿਖਿਆ ਕਿ ਪੰਜਾਬ ਸਰਕਾਰ ਦੇ ਅਫਸਰ NHAI ਦੇ ਪ੍ਰੋਜੈਕਟ ਪੂਰੇ ਕਰਵਾਉਣ ਲਈ ਕਿਸਾਨਾਂ ਨਾਲ ਮੀਟਿੰਗ ਕਰ ਰਹੇ ਹਨ।
ਜ਼ਮੀਨ ਕਿਸਾਨਾਂ ਦੀ ਮਾਂ ਹੁੰਦੀ:ਸਰਕਾਰ ਵਲੋਂ ਲਿਖੀ ਚਿੱਠੀ 'ਚ ਮੁੱਖ ਮੰਤਰੀ ਭਗਵੰਤ ਮਾਨ ਨੇ ਲਿੱਖਿਆ ਹੈ ਕਿ ਕਿਸਾਨਾਂ ਲਈ ਉਨ੍ਹਾਂ ਦੀ ਜ਼ਮੀਨ ਮਾਂ ਸਮਾਨ ਹੁੰਦੀਆਂ ਹਨ ਤੇ ਖੇਤੀ ਹੀ ਪੰਜਾਬੀਆਂ ਦਾ ਮੁੱਖ ਧੰਦਾ ਹੈ। ਇਸ ਲਈ ਕਿਸਾਨਾਂ ਨੂੰ ਉਨ੍ਹਾਂ ਦੀ ਜ਼ਮੀਨ ਦੇ ਸਹੀ ਰੇਟ ਮਿਲਣੇ ਚਾਹੀਦੇ ਹਨ। ਇਸ ਦੇ ਨਾਲ ਹੀ ਮੁੱਖ ਮੰਤਰੀ ਮਾਨ ਨੇ ਭਰੋਸਾ ਦੁਆਇਆ ਕਿ ਸਰਕਾਰ ਦੇ ਅਧਿਕਾਰੀ NHAI ਦੇ ਪ੍ਰੋਜੈਕਟ ਪੂਰੇ ਕਰਵਾਉਣ ਲਈ ਕਿਸਾਨਾਂ ਨਾਲ ਲਗਾਤਾਰ ਬੈਠਕਾਂ ਕਰ ਰਹੇ ਹਨ।
ਪ੍ਰੋਜੈਕਟਾਂ ਨੂੰ ਤੇਜ਼ੀ ਨਾਲ ਲਾਗੂ ਕਰਨ ਲਈ ਵਚਨਬੱਧ: ਸੀਐਮ ਭਗਵੰਤ ਮਾਨ ਨੇ ਚਿੱਠੀ ‘ਚ ਲਿਖਿਆ, “ਮੈਂ ਇਹ ਦੱਸਣਾ ਚਾਹਾਂਗਾ ਕਿ ਅਸੀਂ ਦੇਸ਼ ਅਤੇ ਰਾਜ ਦੋਵਾਂ ਲਈ NHAI ਪ੍ਰੋਜੈਕਟਾਂ ਦੀ ਮਹੱਤਤਾ ਨੂੰ ਪੂਰੀ ਤਰ੍ਹਾਂ ਸਮਝਦੇ ਹਾਂ ਅਤੇ ਅਸੀਂ ਇਹਨਾਂ ਪ੍ਰੋਜੈਕਟਾਂ ਨੂੰ ਤੇਜ਼ੀ ਨਾਲ ਲਾਗੂ ਕਰਨ ਲਈ ਵਚਨਬੱਧ ਹਾਂ। ਰਾਜ ਸਰਕਾਰ ਭੂਮੀ ਗ੍ਰਹਿਣ ਅਤੇ ਹੋਰ ਸਬੰਧਤ ਮਾਮਲਿਆਂ ਵਿੱਚ NHAI ਦੀ ਸਰਗਰਮੀ ਨਾਲ ਸਹਾਇਤਾ ਕਰ ਰਹੀ ਹੈ। ਇਹੀ ਕਾਰਨ ਹੈ ਕਿ ਕੁਝ ਅਪਵਾਦਾਂ ਨੂੰ ਛੱਡ ਕੇ, ਸੂਬੇ ਵਿੱਚ NHAI ਦੇ ਜ਼ਿਆਦਾਤਰ ਪ੍ਰੋਜੈਕਟ ਟ੍ਰੈਕ ‘ਤੇ ਹਨ।”
ਦੋ ਮਾਮਲਿਆਂ 'ਚ FIR ਦਰਜ: ਸੀਐਮ ਮਾਨ ਨੇ ਕਿਹਾ ਕਿ ਤੁਹਾਡੇ ਦੁਆਰਾ ਦਰਸਾਏ ਗਏ ਦੋਵਾਂ ਮਾਮਲਿਆਂ ਵਿੱਚ, ਸਥਾਨਕ ਪੁਲਿਸ ਨੇ ਤੁਰੰਤ ਕਾਨੂੰਨ ਦੇ ਸੰਬੰਧਿਤ ਉਪਬੰਧਾਂ ਦੇ ਤਹਿਤ ਐਫਆਈਆਰ ਦਰਜ ਕੀਤੀਆਂ। ਇਸ ਤੋਂ ਇਲਾਵਾ ਇਨ੍ਹਾਂ ਦੋਵਾਂ ਮਾਮਲਿਆਂ ਵਿੱਚ ਗ੍ਰਿਫ਼ਤਾਰੀਆਂ ਕੀਤੀਆਂ ਗਈਆਂ ਹਨ। ਹਾਲਾਂਕਿ, ਜਾਂਚ ‘ਤੇ ਇਹ ਪਾਇਆ ਗਿਆ ਹੈ ਕਿ ਇੱਕ ਘਟਨਾ NHAI ਠੇਕੇਦਾਰ ਦੁਆਰਾ ਜ਼ਮੀਨ ਦੀ ਵੱਧ ਖੁਦਾਈ ਦਾ ਨਤੀਜਾ ਸੀ। ਦੂਜੀ ਘਟਨਾ ਠੇਕੇਦਾਰ ਦੁਆਰਾ ਆਪਣੇ ਉਪ-ਠੇਕੇਦਾਰ ਨੂੰ ਵਿੱਤੀ ਬਕਾਏ ਦਾ ਭੁਗਤਾਨ ਨਾ ਕਰਨ ਦਾ ਨਤੀਜਾ ਸੀ। ਇਸ ਤਰ੍ਹਾਂ, ਦੋਵੇਂ ਮਾਮਲੇ ਠੇਕੇਦਾਰ ਦੇ ਕਾਰਨਾਂ ਕਰਕੇ ਪੈਦਾ ਹੋਏ ਹਨ। ਵਿਸ਼ੇਸ਼ ਡੀਜੀਪੀ (ਲਾਅ ਐਂਡ ਆਰਡਰ) ਦੀ ਵਿਸਤ੍ਰਿਤ ਰਿਪੋਰਟ ਇਸ ਨਾਲ ਨੱਥੀ ਹੈ। ਇਸ ਸਭ ਦੇ ਬਾਵਜੂਦ, ਪੰਜਾਬ ਪੁਲਿਸ ਸਭ ਤੋਂ ਉੱਤਮ ਫੋਰਸਾਂ ਵਿੱਚੋਂ ਇੱਕ ਹੋਣ ਦੇ ਨਾਤੇ NHAI ਦੀਆਂ ਸੁਰੱਖਿਆ ਚਿੰਤਾਵਾਂ ਦਾ ਖਿਆਲ ਰੱਖਣ ਲਈ ਵਚਨਬੱਧ ਹੈ। ਸਥਾਨਕ ਪੁਲਿਸ ਨੇ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਇਲਾਕੇ ਵਿੱਚ ਗਸ਼ਤ ਟੀਮਾਂ ਤਾਇਨਾਤ ਕਰਨ ਦੇ ਨਿਰਦੇਸ਼ ਦਿੱਤੇ ਹਨ।”