ਚੰਡੀਗੜ੍ਹ:ਪੰਜਾਬ ਪੁਲਿਸ ਦੀ ਕਾਊਂਟਰ ਇੰਟੈਲੀਜੈਂਸ ਟੀਮ ਨੇ ਪਾਕਿਸਤਾਨ ਸਥਿਤ ਨਸ਼ਾ ਤਸਕਰ ਚਾਚਾ ਬਾਵਾ ਦੇ ਹੈਂਡਲਰ ਨੂੰ 10 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਅਨੁਸਾਰ ਫੜਿਆ ਗਿਆ ਮੁਲਜ਼ਮ ਅੰਮ੍ਰਿਤਸਰ ਦਾ ਰਹਿਣ ਵਾਲਾ ਹੈ। ਉਸ ਦੀ ਪਛਾਣ ਹਰਮਨਦੀਪ ਸਿੰਘ ਵਾਸੀ ਪਿੰਡ ਮਾਹਲ ਵਜੋਂ ਹੋਈ ਹੈ, ਜਿਸ ਤੋਂ ਪੁਲਿਸ ਨੇ 10 ਕਿੱਲੋ ਹੈਰੋਇਨ ਬਰਾਮਦ ਕੀਤੀ ਹੈ।
ਡੀਜੀਪੀ ਨੇ ਦਿੱਤੀ ਜਾਣਕਾਰੀ
ਡੀਜੀਪੀ ਗੌਰਵ ਯਾਦਵ ਨੇ ਸੋਸ਼ਲ ਮੀਡੀਆ ਐਕਸ ਉੱਤੇ ਜਾਣਕਾਰੀ ਸਾਂਝੀ ਕਰਦੇ ਹੋਏ ਕਿਹਾ ਕਿ "ਖੂਫੀਆ ਜਾਣਕਾਰੀ ਅਧਾਰਤ ਕਾਰਵਾਈ ਵਿੱਚ ਸੀਆਈ ਅੰਮ੍ਰਿਤਸਰ ਨੇ ਅੰਮ੍ਰਿਤਸਰ ਦੇ ਪਿੰਡ ਮਾਹਲ ਤੋਂ ਹਰਮਨਦੀਪ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਅਤੇ 10 ਕਿਲੋ ਹੈਰੋਇਨ ਬਰਾਮਦ ਕੀਤੀ। ਗ੍ਰਿਫ਼ਤਾਰ ਕੀਤਾ ਗਿਆ ਮੁਲਜ਼ਮ ਲਗਾਤਾਰ ਪਾਕਿਸਤਾਨ ਸਥਿਤ ਨਸ਼ਾ ਤਸਕਰ ਚਾਚਾ ਬਾਵਾ ਦੇ ਸੰਪਰਕ ਵਿੱਚ ਸੀ, ਜੋ ਅੱਗੇ ਨਸ਼ਾ ਵੇਚਣ ਲਈ ਅਟਾਰੀ ਸੈਕਟਰ ਵਿੱਚ ਡਰੋਨ ਰਾਹੀਂ ਹੈਰੋਇਨ ਭੇਜਦਾ ਸੀ। ਮੁਲਜ਼ਮ ਖਿਲਾਫ਼ ਐਨਡੀਪੀਐਸ ਐਕਟ ਤਹਿਤ ਐਫਆਈਆਰ ਦਰਜ ਕਰ ਲਈ ਗਈ ਹੈ ਅਤੇ ਹੋਰ ਸਾਥੀਆਂ ਦੀ ਪਛਾਣ ਲਈ ਜਾਂਚ ਜਾਰੀ ਹੈ। ਪੰਜਾਬ ਪੁਲਿਸ ਨਸ਼ੀਲੇ ਪਦਾਰਥਾਂ ਦੀ ਤਸਕਰੀ ਨੂੰ ਖ਼ਤਮ ਕਰਨ ਅਤੇ ਇੱਕ ਸੁਰੱਖਿਅਤ ਪੰਜਾਬ ਨੂੰ ਯਕੀਨੀ ਬਣਾਉਣ ਲਈ ਆਪਣੇ ਦ੍ਰਿੜ ਇਰਾਦੇ ਪ੍ਰਤੀ ਵਚਨਬੱਧ ਹੈ।"
ਮੁਲਜ਼ਮਾਂ ਖ਼ਿਲਾਫ਼ ਐਨਡੀਪੀਐਸ ਐਕਟ ਤਹਿਤ ਕੇਸ ਦਰਜ
ਪੁਲਿਸ ਨੇ ਮੁਲਜ਼ਮਾਂ ਖ਼ਿਲਾਫ਼ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਕਰ ਲਿਆ ਹੈ ਅਤੇ ਹੋਰ ਸਾਥੀਆਂ ਦੀ ਪਛਾਣ ਕਰਨ ਲਈ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ। ਫਿਲਹਾਲ ਇਸ ਗੱਲ ਦੀ ਜਾਂਚ ਕੀਤੀ ਜਾ ਰਹੀ ਹੈ ਕਿ ਮੁਲਜ਼ਮ ਭਾਰਤ ਵਿੱਚ ਕਿੰਨੇ ਹੋਰ ਸਮੱਗਲਰਾਂ ਦੇ ਸੰਪਰਕ ਵਿੱਚ ਸੀ।