ਚੰਡੀਗੜ੍ਹ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨੌਜਵਾਨਾਂ ਨੂੰ ਸੂਬੇ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਸਰਗਰਮ ਹਿੱਸੇਦਾਰ ਬਣਨ ਲਈ ਆਪਣੇ ਨਵੇਂ ਵਿਚਾਰਾਂ ਅਤੇ ਖੋਜਾਂ ਦੀ ਵਰਤੋਂ ਕਰਨ ਦਾ ਸੱਦਾ ਦਿੱਤਾ। ਇੱਥੇ ਟੀ.ਆਈ.ਈ. ਸੀ.ਓ.ਐਨ. ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਹ ਹਮੇਸ਼ਾ ਨਵੇਂ ਵਿਚਾਰਾਂ ਅਤੇ ਕਾਢਾਂ ਦੇ ਹਮਾਇਤੀ ਰਹੇ ਹਨ ਅਤੇ ਆਮ ਆਦਮੀ ਨੂੰ ਵੱਧ ਅਖ਼ਤਿਆਰ ਦੇਣਾ ਸਮੇਂ ਦੀ ਮੁੱਖ ਲੋੜ ਹੈ। ਉਨ੍ਹਾਂ ਕਿਹਾ ਕਿ ਇਸ ਲਈ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਵਿੱਚ ਉੱਦਮੀ ਹੁਨਰ ਨੂੰ ਹੁਲਾਰਾ ਦੇਣ ਲਈ ਬਿਜ਼ਨਸ ਬਲਾਸਟਰਜ਼ ਸਕੀਮ ਸ਼ੁਰੂ ਕੀਤੀ ਗਈ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਨੌਜਵਾਨਾਂ ਦੇ ਕਰੀਅਰ ਲਈ ਮਾਰਗਦਰਸ਼ਨ ਯਕੀਨੀ ਬਣਾਉਣਾ ਸਮੇਂ ਦੀ ਮੁੱਖ ਲੋੜ ਹੈ, ਜਿਸ ਨਾਲ ਉਨ੍ਹਾਂ ਨੂੰ ਵੱਡੇ ਪੱਧਰ 'ਤੇ ਸਸ਼ਕਤ ਬਣਾਇਆ ਜਾ ਸਕੇ।
'ਪੰਜਾਬ ਸਰਕਾਰ ਸੂਬੇ ਦੇ ਨੌਜਵਾਨਾਂ ਦੀ ਭਲਾਈ ਲਈ ਕਰ ਰਹੀ ਹੈ ਠੋਸ ਉਪਰਾਲੇ':ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਨੌਜਵਾਨਾਂ ਦੀ ਭਲਾਈ ਲਈ ਠੋਸ ਉਪਰਾਲੇ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਦਾ ਧਿਆਨ ਇਸ ਗੱਲ ਨੂੰ ਯਕੀਨੀ ਬਣਾਉਣਾ ਹੈ ਕਿ ਨੌਜਵਾਨ ਨੌਕਰੀ ਭਾਲਣ ਵਾਲਿਆਂ ਦੀ ਬਜਾਏ ਨੌਕਰੀ ਦੇਣ ਵਾਲੇ ਬਣਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਕ ਅਗਾਂਹਵਧੂ ਅਤੇ ਖ਼ੁਸ਼ਹਾਲ ਪੰਜਾਬ ਦੀ ਸਿਰਜਣਾ ਕਰਨਾ ਸਮੇਂ ਦੀ ਲੋੜ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਸਿੱਖਿਆ ਕ੍ਰਾਂਤੀ ਦੇ ਯੁੱਗ ਦੀ ਸ਼ੁਰੂਆਤ ਕਰਦਿਆਂ ਪੰਜਾਬ ਸਰਕਾਰ ਨੇ ਸੂਬੇ ਵਿੱਚ ‘ਸਕੂਲ ਆਫ਼ ਐਮੀਨੈਂਸ’ ਦੀ ਸਥਾਪਨਾ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਹਾਈ-ਟੈੱਕ ਸਕੂਲ ਨੌਜਵਾਨਾਂ ਲਈ ਅਤਿ-ਆਧੁਨਿਕ ਸਹੂਲਤਾਂ ਨਾਲ ਲੈਸ ਹਨ, ਜਿਸ ਨਾਲ ਉਹ ਜੀਵਨ ਦੇ ਹਰ ਖੇਤਰ ਵਿੱਚ ਉੱਤਮਤਾ ਨੂੰ ਯਕੀਨੀ ਬਣਾਉਂਦੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਅਤਿ-ਆਧੁਨਿਕ ਸਕੂਲ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਲਈ ਪ੍ਰੇਰਕ ਵਜੋਂ ਕੰਮ ਕਰ ਰਹੇ ਹਨ।
ਸੀਐਮ ਮਾਨ ਨੇ ਕਿਹਾ ਕਿ ਨੌਜਵਾਨਾਂ ਨੂੰ ਜ਼ਿੰਦਗੀ ਦੇ ਹਰ ਖੇਤਰ ਵਿੱਚ ਲਗਨ ਨਾਲ ਮਿਹਨਤ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਇਹ ਯਕੀਨੀ ਬਣਾਉਣਾ ਸਮੇਂ ਦੀ ਲੋੜ ਹੈ ਕਿ ਉਹ ਆਉਣ ਵਾਲੇ ਸਮੇਂ ਨਾਲ ਪ੍ਰਸੰਗਕ ਬਣੇ ਰਹਿਣ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਸੂਬੇ ਅਤੇ ਇਸ ਦੇ ਲੋਕਾਂ ਦੀ ਭਲਾਈ ਲਈ ਲੀਕ ਤੋਂ ਹਟਵੇਂ ਵਿਚਾਰਾਂ ਨੂੰ ਉਤਸ਼ਾਹਤ ਕਰ ਰਹੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਸਰਕਾਰੀ ਦਫ਼ਤਰਾਂ ਦੇ ਕੰਮਕਾਜ ਦੇ ਸਮੇਂ ਵਿੱਚ ਤਬਦੀਲੀ ਦਾ ਇਤਿਹਾਸਕ ਫੈਸਲਾ ਲਿਆ ਸੀ, ਜਿਸ ਨਾਲ 55 ਮੈਗਾ ਵਾਟ ਬਿਜਲੀ ਦੀ ਬੱਚਤ ਹੋਈ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਆਮ ਲੋਕਾਂ ਨੂੰ ਝੁਲਸਦੀ ਗਰਮੀ ਤੋਂ ਬਚ ਕੇ ਕੰਮ ਕਰਵਾਉਣ ਦੀ ਸਹੂਲਤ ਮਿਲੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਨਾਲ ਕਿਸਾਨਾਂ ਨੂੰ ਨਿਰਵਿਘਨ ਬਿਜਲੀ ਪ੍ਰਦਾਨ ਕਰਨ ਵਿੱਚ ਸਹਾਇਤਾ ਮਿਲਦੀ ਹੈ ਅਤੇ ਇਸ ਨਾਲ ਆਵਾਜਾਈ ਨੂੰ ਸੁਚਾਰੂ ਬਣਾਉਣ ਵਿੱਚ ਵੀ ਮਦਦ ਮਿਲਦੀ ਹੈ।
ਸੀਐਮ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਵੱਖ-ਵੱਖ ਰੰਗਾਂ ਵਾਲੇ ਸਟੈਂਪ ਪੇਪਰ ਲਿਆਂਦੇ ਹਨ, ਜੋ ਸੂਬੇ ਵਿੱਚ ਉਦਯੋਗਿਕ ਕ੍ਰਾਂਤੀ ਦੇ ਨਵੇਂ ਯੁੱਗ ਦੀ ਸ਼ੁਰੂਆਤ ਕਰਨ ਵੱਲ ਇਕ ਕਦਮ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਅਜਿਹਾ ਪਹਿਲਾ ਸੂਬਾ ਹੈ, ਜਿਸ ਨੇ ਉੱਦਮੀਆਂ ਨੂੰ ਆਪਣੇ ਯੂਨਿਟ ਸਥਾਪਤ ਕਰਨ ਲਈ ਹਰੇ ਰੰਗ ਦੇ ਸਟੈਂਪ ਪੇਪਰ ਜਾਰੀ ਕੀਤੇ ਹਨ, ਜਿਸ ਨਾਲ ਸੂਬੇ ਦੇ ਉਦਯੋਗਿਕ ਵਿਕਾਸ ਨੂੰ ਲੋੜੀਂਦਾ ਹੁਲਾਰਾ ਮਿਲੇਗਾ। ਉਨ੍ਹਾਂ ਨੇ ਇਸ ਨੂੰ ਕ੍ਰਾਂਤੀਕਾਰੀ ਕਦਮ ਦੱਸਿਆ, ਜਿਸ ਦਾ ਉਦੇਸ਼ ਸੂਬੇ ਵਿੱਚ ਆਪਣੀਆਂ ਇਕਾਈਆਂ ਸਥਾਪਤ ਕਰਨ ਦੇ ਚਾਹਵਾਨ ਉੱਦਮੀਆਂ ਲਈ ਕਾਰੋਬਾਰ ਕਰਨ ਦੀ ਸੌਖ ਨੂੰ ਉਤਸ਼ਾਹਿਤ ਕਰਨਾ ਹੈ।