ਪੰਜਾਬ

punjab

ETV Bharat / state

ਮੁੱਖ ਮੰਤਰੀ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦਾ 650ਵਾਂ ਪ੍ਰਕਾਸ਼ ਉਤਸਵ ਵਿਆਪਕ ਪੱਧਰ ’ਤੇ ਮਨਾਉਣ ਦਾ ਐਲਾਨ

ਅੱਜ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਉਤਸਵ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਖੁਰਾਲਗੜ੍ਹ ਵਿਖੇ ਨਤਮਸਤਕ ਹੋਏ। ਇਸ ਦੌਰਾਨ ਉਨ੍ਹਾਂ ਸਮਾਜ ਦੇ ਕਮਜ਼ੋਰ ਅਤੇ ਦੱਬੇ-ਕੁਚਲੇ ਵਰਗਾਂ ਦੀਆਂ ਦੁੱਖ-ਤਕਲੀਫਾਂ ਦੂਰ ਕਰਨ ਲਈ ਹੋਰ ਵੀ ਤਨਦੇਹੀ ਨਾਲ ਕੰਮ ਕਰਨ ਦਾ ਅਹਿਦ ਲਿਆ ਅਤੇ ਨਾਲ ਹੀ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਦਾ 650ਵਾਂ ਪ੍ਰਕਾਸ਼ ਉਤਸਵ ਵਿਆਪਕ ਪੱਧਰ ’ਤੇ ਮਨਾਇਆ ਜਾਵੇਗਾ।

ਸ੍ਰੀ ਗੁਰੂ ਰਵਿਦਾਸ ਜੀ
ਸ੍ਰੀ ਗੁਰੂ ਰਵਿਦਾਸ ਜੀ

By ETV Bharat Punjabi Team

Published : Feb 24, 2024, 5:38 PM IST

ਖੁਰਾਲਗੜ੍ਹ/ਹੁਸ਼ਿਆਰਪੁਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ ਸੂਬਾ ਸਰਕਾਰ ਸ੍ਰੀ ਗੁਰੂ ਰਵਿਦਾਸ ਜੀ ਦਾ 650ਵਾਂ ਪ੍ਰਕਾਸ਼ ਉਤਸਵ ਯਾਦਗਾਰੀ ਮੌਕੇ ਵਜੋਂ ਵਿਆਪਕ ਪੱਧਰ ਉਤੇ ਮਨਾਏਗੀ। ਅੱਜ ਇੱਥੇ ਸ੍ਰੀ ਗੁਰੂ ਰਵਿਦਾਸ ਜੀ ਦੇ 647ਵੇਂ ਪ੍ਰਕਾਸ਼ ਉਤਸਵ ਮੌਕੇ ਸ੍ਰੀ ਗੁਰੂ ਰਵਿਦਾਸ ਜੀ ਯਾਦਗਾਰ ਮਾਨਵਤਾ ਨੂੰ ਸਮਰਪਿਤ ਕਰਨ ਤੋਂ ਬਾਅਦ ਰਾਜ ਪੱਧਰੀ ਸਮਾਗਮ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਅਫਸਰਾਂ ਨੂੰ ਪਹਿਲਾਂ ਹੀ ਆਦੇਸ਼ ਦੇ ਦਿੱਤੇ ਹਨ ਕਿ ਇਸ ਸਮਾਗਮ ਨੂੰ ਯਾਦਗਾਰੀ ਬਣਾਉਣ ਲਈ ਢੁਕਵੀਂ ਵਿਉਂਤਬੰਦੀ ਯਕੀਨੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਵੱਡੇ ਪੱਧਰ ਉਤੇ ਮਨਾਉਣ ਲਈ ਸੰਗਤ ਦੇ ਸਲਾਹ-ਮਸ਼ਵਰੇ ਨਾਲ ਖੁਰਾਲਗੜ੍ਹ ਦੇ ਆਲੇ-ਦੁਆਲੇ ਸਮੁੱਚੇ ਇਲਾਕੇ ਨੂੰ ਵਿਆਪਕ ਪੱਧਰ ਉਤੇ ਵਿਕਸਤ ਕੀਤਾ ਜਾਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਯਾਦਗਾਰੀ ਮੌਕਾ ਹੋਵੇਗਾ ਅਤੇ ਸੂਬਾ ਸਰਕਾਰ ਇਸ ਉਤਸਵ ਦੀ ਸਫਲਤਾ ਬਣਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੇਗੀ।

ਸ੍ਰੀ ਗੁਰੂ ਰਵਿਦਾਸ ਯਾਦਗਾਰ ਮਨੁੱਖਤਾ ਨੂੰ ਸਮਰਪਿਤ:ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਯਾਦਗਾਰ ਲਗਭਗ 143 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਹੈ ਅਤੇ ਇਹ ਸੂਬਾ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਪ੍ਰਤੀ ਸ਼ਰਧਾ ਤੇ ਸਤਿਕਾਰ ਦਾ ਨਿਮਾਣਾ ਜਿਹਾ ਉਪਰਾਲਾ ਹੈ। ਉਨ੍ਹਾਂ ਕਿਹਾ ਕਿ ਇਹ ਯਾਦਗਾਰ ਸੈਲਾਨੀਆਂ ਲਈ ਸਹੂਲਤਾਂ ਵਾਲੀ ਇਮਾਰਤ, ਮਲਟੀ ਲੈਵਲ ਪਾਰਕਿੰਗ, ਮੀਨਾਰ-ਏ-ਬੇਗਮਪੁਰਾ, ਸੰਗਤ ਹਾਲ, ਅਤਿ ਆਧੁਨਿਕ ਆਡੀਟੋਰੀਅਮ ਅਤੇ ਹੋਰਾਂ ਸਹੂਲਤਾਂ ਨਾਲ ਲੈਸ ਹੈ। ਭਗਵੰਤ ਸਿੰਘ ਮਾਨ ਨੇ ਉਮੀਦ ਜ਼ਾਹਰ ਕੀਤੀ ਕਿ ਇਹ ਯਾਦਗਾਰ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ ਅਤੇ ਫਲਸਫੇ ਨੂੰ ਕਾਇਮ ਰੱਖਣ ਵਿੱਚ ਬਹੁਤ ਸਹਾਈ ਹੋਵੇਗੀ।

ਤਨਦੇਹੀ ਨਾਲ ਮਿਹਨਤ ਕਰਨ ਦਾ ਅਹਿਦ: ਸਮਾਜ ਦੇ ਕਮਜ਼ੋਰ ਅਤੇ ਪੱਛੜੇ ਵਰਗਾਂ ਦੀਆਂ ਦੁੱਖ-ਤਕਲੀਫਾਂ ਦੂਰ ਕਰਨ ਲਈ ਹੋਰ ਵੀ ਤਨਦੇਹੀ ਨਾਲ ਮਿਹਨਤ ਕਰਨ ਦਾ ਅਹਿਦ ਲੈਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਦੇ ਅਨੁਰੂਪ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਫ਼ਰਜ਼ ਬਣਦਾ ਹੈ ਕਿ ਉਹ ਗਰੀਬ ਤੋਂ ਗਰੀਬ ਵਰਗ ਦੀ ਭਲਾਈ ਨੂੰ ਯਕੀਨੀ ਬਣਾਏ ਜਿਸ ਲਈ ਕਈ ਪਹਿਲਕਦਮੀਆਂ ਕੀਤੀਆਂ ਜਾ ਰਹੀਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਦੇ ਆਸ਼ੀਰਵਾਦ ਨਾਲ ਉਨ੍ਹਾਂ ਦੀ ਸਰਕਾਰ ਭਾਰੀ ਬਹੁਮਤ ਨਾਲ ਸੱਤਾ ਵਿਚ ਆਈ ਹੈ ਜੋ ਸੂਬੇ ਦੀ ਸੇਵਾ ਕਰ ਰਹੀ ਹੈ।

ਆਦਰਸ਼ ਸਮਾਜ ਦਾ ਸੰਕਲਪ:ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਨੇ ਸਮੁੱਚੀ ਮਾਨਵਤਾ ਦੀ ਭਲਾਈ ਅਤੇ ਸਮਾਜ ਦੇ ਸਾਰੇ ਵਰਗਾਂ ਦੀ ਬਰਾਬਰੀ ਦਾ ਸੰਦੇਸ਼ ਦਿੱਤਾ ਤਾਂ ਕਿ ਸਮਾਨਤਾਵਾਦੀ ਕਦਰਾਂ-ਕੀਮਤਾਂ 'ਤੇ ਆਧਾਰਿਤ ਸਮਾਜ ਦੀ ਸਿਰਜਣਾ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਨੇ ਅਜਿਹੇ ਆਦਰਸ਼ ਸਮਾਜ ਦਾ ਸੰਕਲਪ ਦਿੱਤਾ, ਜਿੱਥੇ ਕਿਸੇ ਨੂੰ ਕਿਸੇ ਕਿਸਮ ਦਾ ਦੁੱਖ ਨਹੀਂ ਝੱਲਣਾ ਪੈਂਦਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਅਤੇ ਫਲਸਫੇ 'ਤੇ ਆਧਾਰਿਤ ਸਮਾਜ ਦੀ ਸਿਰਜਣਾ ਲਈ ਵਚਨਬੱਧ ਹੈ।

ਗਰੀਬ ਤੇ ਬੇਸਹਾਰਾ ਵਰਗਾਂ ਦੇ ਮਸੀਹਾ: ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਦਾ ਜੀਵਨ ਅਤੇ ਸਿੱਖਿਆਵਾਂ ਮਨੁੱਖਤਾ ਨੂੰ ਬਰਾਬਰੀ ਵਾਲੇ ਸਮਾਜ ਦੀ ਸਿਰਜਣਾ ਵੱਲ ਸੇਧ ਦਿੰਦੀਆਂ ਹਨ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਮਹਾਨ ਅਧਿਆਤਮਕ ਮਾਰਗਦਰਸ਼ਕ ਅਤੇ ਸਮਾਜ ਦੇ ਗਰੀਬ ਤੇ ਬੇਸਹਾਰਾ ਵਰਗਾਂ ਦੇ ਮਸੀਹਾ ਸਨ, ਜਿਨ੍ਹਾਂ ਨੇ ਸਾਨੂੰ ਨੇਕ ਅਤੇ ਉੱਤਮ ਜੀਵਨ ਜਿਊਣ ਦਾ ਉਪਦੇਸ਼ ਦਿੱਤਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ‘ਪ੍ਰਕਾਸ਼ ਉਤਸਵ’ ਅਜਿਹੇ ਸਮਾਜ ਦੀ ਸਿਰਜਣਾ ਕਰਨ ਪ੍ਰਤੀ ਆਪਣੇ ਆਪ ਨੂੰ ਸਮਰਪਿਤ ਕਰਨ ਦਾ ਮੌਕਾ ਹੈ ਜਿੱਥੇ ਹਰ ਮਨੁੱਖ ਬਿਨਾਂ ਕਿਸੇ ਭੇਦਭਾਵ ਦੇ ਸਵੈ-ਮਾਣ ਨਾਲ ਜੀਵਨ ਬਤੀਤ ਕਰਦਾ ਹੈ।

ਸਕੂਲ ਆਫ ਐਮੀਨੈਂਸ:ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ‘ਭਾਰਤ ਰਤਨ’ ਬਾਬਾ ਸਾਹਿਬ ਬੀ.ਆਰ.ਅੰਬੇਦਕਰ ਦੀ ਵਿਚਾਰਧਾਰਾ ਅਨੁਸਾਰ ਸੂਬਾ ਸਰਕਾਰ ਸਮਾਜ ਦੇ ਕਮਜ਼ੋਰ ਵਰਗਾਂ ਨੂੰ ਮਿਆਰੀ ਸਿੱਖਿਆ ਦੇ ਕੇ ਉਨ੍ਹਾਂ ਦਾ ਸਸ਼ਕਤੀਕਰਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਸਥਾਪਤ ਕੀਤੇ ਗਏ ‘ਸਕੂਲ ਆਫ ਐਮੀਨੈਂਸ’ ਗਰੀਬ ਪਰ ਹੋਣਹਾਰ ਵਿਦਿਆਰਥੀਆਂ ਨੂੰ ਸੁਨਹਿਰੇ ਭਵਿੱਖ ਦੇ ਕਾਬਲ ਬਣਾ ਕੇ ਬਾਬਾ ਸਾਹਿਬ ਦੇ ਸੁਪਨਿਆਂ ਨੂੰ ਸਾਕਾਰ ਕਰਨਗੇ। ਭਗਵੰਤ ਸਿੰਘ ਮਾਨ ਨੇ ਸੰਗਤ ਨੂੰ ਸੂਬੇ ਦੀ ਅਮਨ-ਸ਼ਾਂਤੀ, ਤਰੱਕੀ ਅਤੇ ਖੁਸ਼ਹਾਲੀ ਲਈ ਅਰਦਾਸ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਦੀ ਬਖਸ਼ਿਸ਼ ਸਦਕਾ ਸੂਬਾ ਸਰਕਾਰ ਵੱਲੋਂ ਛੇਤੀ ਹੀ ਅਗਾਂਹਵਧੂ ਪੰਜਾਬ ਸਿਰਜਿਆ ਜਾਵੇਗਾ।

ਨੌਜਵਾਨਾਂ ਨੂੰ 40,000 ਤੋਂ ਵੱਧ ਸਰਕਾਰੀ ਨੌਕਰੀਆਂ: ਸੂਬਾ ਸਰਕਾਰ ਦੀਆਂ ਲੋਕ ਪੱਖੀ ਪਹਿਲਕਦਮੀਆਂ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਨੇ ਸੂਬੇ ਵਿੱਚ ਕਾਬਲ ਨੌਜਵਾਨਾਂ ਨੂੰ 40,000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਪੂਰੀ ਭਰਤੀ ਪ੍ਰਕਿਰਿਆ ਲਈ ਪਾਰਦਰਸ਼ੀ ਵਿਧੀ ਅਪਣਾਈ ਗਈ ਹੈ, ਜਿਸ ਕਾਰਨ ਹੁਣ ਤੱਕ ਇੱਕ ਵੀ ਨਿਯੁਕਤੀ ਨੂੰ ਕਿਸੇ ਅਦਾਲਤ ਵਿੱਚ ਚੁਣੌਤੀ ਨਹੀਂ ਦਿੱਤੀ ਗਈ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਲਈ ਇਹ ਬੜੇ ਮਾਣ ਅਤੇ ਤਸੱਲੀ ਵਾਲੀ ਗੱਲ ਹੈ ਕਿ ਇਨ੍ਹਾਂ ਨੌਜਵਾਨਾਂ ਨੂੰ ਪੂਰੀ ਤਰ੍ਹਾਂ ਯੋਗਤਾ ਦੇ ਆਧਾਰ 'ਤੇ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ।

ਔਰਤਾਂ ਦੇ ਵੱਧ ਅਧਿਕਾਰਾਂ ਲਈ ਠੋਸ ਉਪਰਾਲੇ : ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਔਰਤਾਂ ਦੇ ਵੱਧ ਅਧਿਕਾਰਾਂ ਲਈ ਠੋਸ ਉਪਰਾਲੇ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਸੀਨੀਅਰ ਪੁਲੀਸ ਕਪਤਾਨ ਵਜੋਂ ਮਹਿਲਾ ਅਧਿਕਾਰੀ ਤਾਇਨਾਤ ਹਨ ਅਤੇ 10 ਤੋਂ ਵੱਧ ਜ਼ਿਲ੍ਹਿਆਂ ਵਿੱਚ ਮਹਿਲਾ ਡਿਪਟੀ ਕਮਿਸ਼ਨਰ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਵਿੱਚ ਲੜਕੀਆਂ ਦੀ ਭਲਾਈ ਲਈ ਵੱਡੇ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਇਨ੍ਹਾਂ ਉਪਰਾਲਿਆਂ ਦੇ ਲੋੜੀਂਦੇ ਨਤੀਜੇ ਸਾਹਮਣੇ ਆ ਰਹੇ ਹਨ।

ਨਾਗਰਿਕਾਂ ਨੂੰ 43 ਮਹੱਤਵਪੂਰਨ ਸੇਵਾਵਾਂ: ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਦਸੰਬਰ, 2023 ਵਿੱਚ ਨਾਗਰਿਕਾਂ ਨੂੰ 43 ਮਹੱਤਵਪੂਰਨ ਸੇਵਾਵਾਂ ਪ੍ਰਦਾਨ ਕਰਨ ਲਈ ਪ੍ਰਮੁੱਖ ਸਰਕਾਰੀ ਸੇਵਾਵਾਂ ਘਰ-ਘਰ ਜਾ ਕੇ ਪਹੁੰਚਾਉਣ ਵਾਸਤੇ ਵਿਸ਼ੇਸ਼ ਸਕੀਮ ਸ਼ੁਰੂ ਕੀਤੀ ਸੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਸਕੀਮ ਤਹਿਤ ਨਾਗਰਿਕ 1076 ਨੰਬਰ 'ਤੇ ਕਾਲ ਕਰ ਸਕਦੇ ਹਨ, ਆਪਣੀ ਸਹੂਲਤ ਅਨੁਸਾਰ ਸਮਾਂ ਦੇ ਸਕਦੇ ਹਨ ਅਤੇ ਨਾਗਰਿਕਾਂ ਦੇ ਘਰ-ਘਰ ਜਾ ਕੇ ਕਰਮਚਾਰੀ ਸੇਵਾ ਪ੍ਰਦਾਨ ਕਰਦੇ ਹਨ। ਉਨ੍ਹਾਂ ਕਿਹਾ ਕਿ ਹੁਣ ਇਸ ਤੋਂ ਅੱਗੇ ਜਾ ਕੇ ਸੂਬਾ ਸਰਕਾਰ ਨੇ ਇੱਕ ਹੋਰ ਅਹਿਮ ਪਹਿਲਕਦਮੀ 'ਆਪ ਦੀ ਸਰਕਾਰ, ਆਪ ਦੇ ਦੁਆਰ' ਤਹਿਤ ਸੂਬੇ ਭਰ ਵਿੱਚ ਕੈਂਪ ਲਾ ਕੇ ਨਾਗਰਿਕਾਂ ਤੱਕ ਪਹੁੰਚ ਕੀਤੀ ਹੈ ਅਤੇ ਸੂਬੇ ਦੀ ਹਰ ਤਹਿਸੀਲ ਵਿੱਚ ਰੋਜ਼ਾਨਾ ਚਾਰ ਕੈਂਪ ਲਾਏ ਜਾਣਗੇ।

ਮਿਆਰੀ ਸਿਹਤ ਸੇਵਾਵਾਂ ਪ੍ਰਦਾਨ:ਮੁੱਖ ਮੰਤਰੀ ਨੇ ਕਿਹਾ ਕਿ ਇਹ ਬਹੁਤ ਹੀ ਮਾਣ ਅਤੇ ਤਸੱਲੀ ਵਾਲੀ ਗੱਲ ਹੈ ਕਿ ਸਰਕਾਰ ਦੇ ਲੋਕ ਪੱਖੀ ਫੈਸਲਿਆਂ ਕਾਰਨ ਸੂਬੇ ਦੇ 90 ਫੀਸਦੀ ਖਪਤਕਾਰਾਂ ਨੂੰ ਜ਼ੀਰੋ ਬਿਜਲੀ ਬਿੱਲ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਸੂਬਾ ਸਰਕਾਰ ਵੱਲੋਂ ਪੰਜਾਬ ਵਿੱਚ 664 ਆਮ ਆਦਮੀ ਕਲੀਨਿਕ ਸਥਾਪਤ ਕੀਤੇ ਗਏ ਹਨ ਅਤੇ ਅਜਿਹੇ 150 ਹੋਰ ਕਲੀਨਿਕ ਜਲਦੀ ਹੀ ਸੂਬੇ ਦੇ ਲੋਕਾਂ ਨੂੰ ਸਮਰਪਿਤ ਕੀਤੇ ਜਾਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹੁਣ ਤੱਕ ਲਗਭਗ ਇਕ ਕਰੋੜ ਲੋਕ ਇਨ੍ਹਾਂ ਕਲੀਨਿਕਾਂ ਤੋਂ ਮੁਫਤ ਸਿਹਤ ਸੇਵਾਵਾਂ ਦਾ ਲਾਭ ਉਠਾ ਚੁੱਕੇ ਹਨ ਅਤੇ ਸਿਹਤ ਸੰਭਾਲ ਖੇਤਰ ਵਿੱਚ ਇਹ ਇੱਕ ਨਵੀਂ ਕ੍ਰਾਂਤੀ ਹੈ ਅਤੇ ਇਸ ਖੇਤਰ ਨੂੰ ਨਵਾਂ ਰੂਪ ਦੇਣ ਲਈ ਯਤਨ ਜਾਰੀ ਹਨ।

ਸਰਕਾਰੀ ਖਜ਼ਾਨਾ ਖਾਲੀ ਦਾ ਢਿੰਡੋਰਾ:ਮੁੱਖ ਮੰਤਰੀ ਨੇ ਵਿਅੰਗ ਕਰਦਿਆਂ ਕਿਹਾ ਕਿ ਸੂਬੇ ਦੇ ਇੱਕ ਸਾਬਕਾ ਵਿੱਤ ਮੰਤਰੀ ਨੇ ਨੌਂ ਸਾਲਾਂ ਤੱਕ ‘ਸਰਕਾਰੀ ਖਜ਼ਾਨਾ ਖਾਲੀ’ ਦਾ ਢਿੰਡੋਰਾ ਪਿੱਟੀ ਰੱਖਿਆ ਜਿਸ ਨਾਲ ਸੂਬੇ ਦੇ ਵਿਕਾਸ ਉਤੇ ਬੁਰਾ ਅਸਰ ਪਿਆ। ਮੁੱਖ ਮੰਤਰੀ ਨੇ ਕਿਹਾ ਕਿ ਜਦੋਂ ਦੀ ਉਨ੍ਹਾਂ ਨੇ ਸੂਬੇ ਦੀ ਜ਼ਿੰਮੇਵਾਰੀ ਸੰਭਾਲੀ ਹੈ, ਖਜ਼ਾਨੇ ਦਾ ਇਕ-ਇਕ ਪੈਸਾ ਸੂਬੇ ਦੇ ਵਿਕਾਸ ਅਤੇ ਲੋਕਾਂ ਦੀ ਭਲਾਈ ਲਈ ਖਰਚਿਆ ਜਾ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਸਰਕਾਰੀ ਖਜ਼ਾਨੇ ਵਿੱਚ ਹੁੰਦੀ ਲੁੱਟ ਦੀਆਂ ਚੋਰ-ਮੋਰੀਆਂ ਬੰਦ ਕੀਤੀਆਂ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਲੋਕਾਂ ਦੀ ਭਲਾਈ ਲਈ ਇੱਕ-ਇੱਕ ਪੈਸਾ ਸੂਝ-ਬੂਝ ਨਾਲ ਖਰਚਿਆ ਜਾਵੇ।

ABOUT THE AUTHOR

...view details