ਪਟਿਆਲਾ:ਬੀਤੇ ਦਿਨੀ ਰਾਜੀਵ ਗਾਂਧੀ ਲਾਅ ਯੂਨੀਵਰਸਿਟੀ ਦੀਆਂ ਵਿਦਿਆਰਥਣਾਂ ਵੱਲੋਂ ਯੂਨੀ ਦੇ ਵਾਈਸ ਚਾਂਸਲਰ ਜੈ ਸ਼ੰਕਰ ਵਿਰੁੱਧ ਉਨ੍ਹਾਂ ਦੀ ਰਿਹਾਇਸ਼ ਅੱਗੇ ਧਰਨਾ ਸ਼ੁਰੂ ਕੀਤਾ ਗਿਆ ਸੀ। ਵਿਦਿਆਰਥਣਾਂ ਦੇ ਇਲਜ਼ਾਮ ਹਨ ਕਿ ਵੀਸੀ ਬਿਨਾਂ ਦੱਸੇ ਹੀ ਕੁੜੀਆਂ ਦੇ ਕਮਰੇ ਵਿੱਚ ਦਾਖ਼ਲ ਹੋਇਆ ਸੀ, ਇਸ ਦੀ ਵੀਡੀਓ ਵੀ ਸਾਹਮਣੇ ਆਈ ਅਤੇ ਕੱਪੜਿਆਂ ਨੂੰ ਲੈ ਕੇ ਵੀ ਟਿੱਪਣੀ ਕੀਤੀ ਗਈ ਸੀ। ਹੁਣ ਇਸ ਮਾਮਲੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪਟਿਆਲਾ ਦੀ ਰਾਜੀਵ ਗਾਂਧੀ ਨੈਸ਼ਨਲ ਯੂਨੀਵਰਸਿਟੀ ਆਫ਼ ਲਾਅ ਦੇ ਸੰਘਰਸ਼ ਕਰ ਰਹੇ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ ਅਤੇ ਭਰੋਸਾ ਦਿਵਾਇਆ ਕਿ ਸੂਬਾ ਸਰਕਾਰ ਉਨ੍ਹਾਂ ਨੂੰ ਇਨਸਾਫ਼ ਦਿਵਾਉਣ ਲਈ ਵਚਨਬੱਧ ਹੈ।
ਸਰਕਾਰ ਹਿੱਤਾਂ ਦੀ ਰਾਖੀ ਲਈ ਪ੍ਰਤੀਬੱਧ
ਵਿਦਿਆਰਥੀਆਂ ਨਾਲ ਫੋਨ 'ਤੇ ਗੱਲਬਾਤ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਹਰ ਤਰ੍ਹਾਂ ਨਾਲ ਉਨ੍ਹਾਂ ਦੇ ਹਿੱਤਾਂ ਦੀ ਰਾਖੀ ਲਈ ਪ੍ਰਤੀਬੱਧ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਵਿਦਿਆਰਥੀ ਦੇਸ਼ ਦਾ ਭਵਿੱਖ ਹਨ ਅਤੇ ਉਨ੍ਹਾਂ ਨੂੰ ਕਿਸੇ ਕਾਰਨ ਵੀ ਖੱਜਲ-ਖੁਆਰ ਨਹੀਂ ਹੋਣ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕਿਸੇ ਵੀ ਵਿਅਕਤੀ ਜਾਂ ਅਥਾਰਟੀ ਦੀ ਧੱਕੇਸ਼ਾਹੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਵਿਦਿਆਰਥੀਆਂ ਨੂੰ ਹਰ ਹਾਲ ਵਿੱਚ ਇਨਸਾਫ਼ ਦਿਵਾਇਆ ਜਾਵੇਗਾ।