ਚੰਡੀਗੜ੍ਹ : ਬੀਤੇ ਦਿਨੀਂ ਸਰਹੱਦ 'ਤੇ ਸ਼ਹੀਦ ਹੋਏ ਅਗਨੀਵੀਰ ਅਜੈ ਸਿੰਘ ਦੇ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕਰਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੀਰਵਾਰ ਨੂੰ ਉਹਨਾਂ ਦੇ ਘਰ ਪਹੁੰਚੇ। ਇਸ ਮੌਕੇ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕਰਦਿਆਂ ਉਹਨਾਂ ਕਿਹਾ ਕਿ ਪਰਿਵਾਰ ਵਾਲਿਆਂ ਨੂੰ ਹਰ ਸੰਭਵ ਮਦਦ ਦਿੱਤੀ ਜਾਵੇਗੀ। ਇਸ ਦੌਰਾਨ ਉਨ੍ਹਾਂ ਨੇ ਸ਼ਹੀਦ ਦੇ ਪਰਿਵਾਰ ਨੂੰ 1 ਕਰੋੜ ਰੁਪਏ ਦੀ ਸਹਾਇਤਾ ਰਾਸ਼ੀ ਦਾ ਚੈੱਕ ਸੌਂਪਿਆ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਦੇਸ਼ ਦੀ ਸੇਵਾ ਕਰਦਿਆਂ ਆਪਣੀ ਜਾਨ ਗਵਾਉਣ ਵਾਲੇ ਸ਼ਹੀਦਾਂ ਦਾ ਦੇਸ਼ ਹਮੇਸ਼ਾ ਰਿਣੀ ਰਹੇਗਾ।
ਪਰਿਵਾਰ ਲਈ ਨਾ ਪੂਰਾ ਹੋਣ ਵਾਲਾ ਘਾਟਾ:ਪੰਜਾਬ ਦੇ ਮੁੱਖ ਮੰਤਰੀ ਨੇ ਕਿਹਾ ਕਿ ਅਸੀਂ ਪਰਿਵਾਰ ਦੇ ਨਾਲ ਖੜੇ ਹਾਂ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸ਼ਹਾਦਤ ਦੇਸ਼ ਅਤੇ ਪਰਿਵਾਰ ਲਈ ਨਾ ਪੂਰਾ ਹੋਣ ਵਾਲਾ ਘਾਟਾ ਹੈ, ਉਹਨਾਂ ਕਿਹਾ ਕਿ ਹਰ ਪਿੰਡ ਦੇ ਵਿੱਚ ਕੋਈ ਨਾ ਕੋਈ ਅਜਿਹਾ ਸ਼ਹੀਦ ਹੋਇਆ ਹੈ ਜਿਸ ਨੇ ਆਜ਼ਾਦੀ ਦੀ ਲੜਾਈ ਦੇ ਵਿੱਚ ਹਿੱਸਾ ਪਾਇਆ ਹੋਵੇ। ਉਹਨਾਂ ਕਿਹਾ ਕਿ 19 ਸਾਲ ਦਾ ਨੌਜਵਾਨ ਭਰਤੀ ਹੁੰਦਾ ਹੈ ਅਤੇ 22 ਸਾਲ ਦਾ ਨੌਜਵਾਨ ਸੇਵਾ ਮੁਕਤ ਵੀ ਬਣ ਜਾਂਦਾ ਹੈ ਉਸ ਨੂੰ ਕੋਈ ਪੈਨਸ਼ਨ ਨਹੀਂ ਦਿੱਤੀ ਜਾ ਰਹੀ ਉਹਨਾਂ ਕਿਹਾ ਕਿ ਇਹ ਮਾੜੀ ਸਕੀਮ ਹੈ। ਇਸ ਦੌਰਾਨ ਮੁੱਖ ਮੰਤਰੀ ਪੰਜਾਬ ਨੇ ਕਿਹਾ ਕਿ ਅਸੀਂ ਅਜਿਹੀ ਦੁੱਖ ਦੀ ਘੜੀ ਦੇ ਵਿੱਚ ਪਰਿਵਾਰ ਦੇ ਨਾਲ ਖੜੇ ਹਾਂ ਉਹਨਾਂ ਨੂੰ ਕਿਸ ਤਰ੍ਹਾਂ ਦੀ ਵੀ ਮਦਦ ਹੋਵੇਗੀ ਉਹ ਕੀਤੀ ਜਾਵੇਗੀ ।