ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਆਪਣੇ ਕਾਰਜਕਾਲ ਦੇ ਮਹਿਜ਼ 30 ਮਹੀਨਿਆਂ ਵਿੱਚ 44974 ਸਰਕਾਰੀ ਨੌਕਰੀਆਂ ਦੇ ਕੇ ਸੂਬੇ ਦੇ ਨੌਜਵਾਨਾਂ ਦਾ ਜੀਵਨ ਰੌਸ਼ਨ ਕਰਨ ਵਿੱਚ ਇਕ ਹੋਰ ਮੀਲ ਪੱਥਰ ਕਾਇਮ ਕੀਤਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਨੌਜਵਾਨਾਂ ਦੀ ਭਲਾਈ ਲਈ ਠੋਸ ਉਪਰਾਲੇ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਨੌਜਵਾਨ ਨੌਕਰੀ ਤਲਾਸ਼ਣ ਵਾਲਿਆਂ ਦੀ ਥਾਂ ਨੌਕਰੀ ਦੇਣ ਵਾਲੇ ਬਣਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਦੀ ਤਰੱਕੀ ਵਿੱਚ ਨੌਜਵਾਨਾਂ ਦੀ ਸਰਗਰਮ ਸ਼ਮੂਲੀਅਤ ਜ਼ਰੀਏ ਹੀ ਅਗਾਂਹਵਧੂ ਅਤੇ ਖੁਸ਼ਹਾਲ ਪੰਜਾਬ ਦੇ ਸੁਪਨੇ ਨੂੰ ਸਾਕਾਰ ਕੀਤਾ ਜਾ ਸਕਦਾ ਹੈ।
842 ਆਮ ਆਦਮੀ ਕਲੀਨਿਕ : ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਵੱਲੋਂ ਪਹਿਲਾਂ ਹੀ 842 ਆਮ ਆਦਮੀ ਕਲੀਨਿਕ ਸਥਾਪਿਤ ਕੀਤੇ ਜਾ ਚੁੱਕੇ ਹਨ ਜਿਨ੍ਹਾਂ ਵਿੱਚੋਂ ਹੁਣ ਤੱਕ 2 ਕਰੋੜ ਤੋਂ ਵੱਧ ਲੋਕ ਮਿਆਰੀ ਇਲਾਜ ਲੈਣ ਦੇ ਨਾਲ-ਨਾਲ 95 ਫੀਸਦੀ ਲੋਕ ਸਿਹਤਯਾਬ ਵੀ ਹੋ ਚੁੱਕੇ ਹਨ। ਉਨ੍ਹਾਂ ਕਿਹਾ ਕਿ ਅਜਿਹੇ 30 ਹੋਰ ਕਲੀਨਿਕ ਸਥਾਪਿਤ ਕੀਤੇ ਜਾ ਰਹੇ ਹਨ, ਜੋ ਲੋਕਾਂ ਲਈ ਉਨ੍ਹਾਂ ਦੇ ਘਰਾਂ ਦੇ ਨੇੜੇ ਹੀ ਮਿਆਰੀ ਸਿਹਤ ਸਹੂਲਤਾਂ ਯਕੀਨੀ ਬਣਾਉਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਕਲੀਨਿਕਾਂ ਨੇ ਸੂਬੇ ਵਿੱਚ ਪ੍ਰਚਲਿਤ ਵੱਖ-ਵੱਖ ਬਿਮਾਰੀਆਂ ਦੀ ਜਾਂਚ ਅਤੇ ਇਨ੍ਹਾਂ ਦੇ ਪ੍ਰਭਾਵਸ਼ਾਲੀ ਢੰਗ ਨਾਲ ਟਾਕਰੇ ਲਈ ਡਾਟਾਬੇਸ ਤਿਆਰ ਕਰਨ ਵਿੱਚ ਵੀ ਸਰਕਾਰ ਦੀ ਮਦਦ ਕੀਤੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਹੁਣ ਇਹ ਨੌਜਵਾਨ ਸਰਕਾਰ ਦਾ ਅਨਿੱਖੜਵਾਂ ਅੰਗ ਬਣ ਚੁੱਕੇ ਹਨ ਅਤੇ ਉਹ ਇਨ੍ਹਾਂ ਨੌਜਵਾਨਾਂ ਤੋਂ ਮਿਸ਼ਨਰੀ ਭਾਵਨਾ ਨਾਲ ਲੋਕਾਂ ਦੀ ਸੇਵਾ ਕਰਨ ਦੀ ਉਮੀਦ ਕਰਦੇ ਹਨ। ਭਗਵੰਤ ਮਾਨ ਨੇ ਉਮੀਦ ਜਤਾਈ ਕਿ ਨਵੇਂ ਭਰਤੀ ਹੋਏ ਨੌਜਵਾਨ ਆਪਣੀ ਕਲਮ ਦੀ ਵਰਤੋਂ ਸਮਾਜ ਦੇ ਲੋੜਵੰਦ ਅਤੇ ਪਛੜੇ ਵਰਗਾਂ ਦੀ ਮਦਦ ਲਈ ਕਰਨਗੇ। ਉਨ੍ਹਾਂ ਕਿਹਾ ਕਿ ਨਵੇਂ ਭਰਤੀ ਹੋਏ ਨੌਜਵਾਨਾਂ ਨੂੰ ਵੱਧ ਤੋਂ ਵੱਧ ਲੋਕਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਕੰਮ ਕਰਨ ਤਾਂ ਜੋ ਸਮਾਜ ਦੇ ਹਰੇਕ ਵਰਗ ਨੂੰ ਇਸ ਦਾ ਲਾਭ ਮਿਲ ਸਕੇ।