ਪੰਜਾਬ

punjab

ETV Bharat / state

CM ਵੱਲੋਂ ਪੰਜਾਬ ਦਾ ਪਹਿਲਾ ਬੁਟੀਕ ਤੇ ਵਿਰਾਸਤੀ ਹੋਟਲ ਕੀਤਾ ਲੋਕਾਂ ਨੂੰ ਸਮਰਪਿਤ - RAN BAAS PALACE

ਪਹਿਲਾ ਬੁਟੀਕ ਅਤੇ ਵਿਰਾਸਤੀ ਹੋਟਲ ਰਨ ਬਾਸ- ਪੈਲੇਸ ਲੋਕਾਂ ਨੂੰ ਸਮਰਪਿਤ

RAN BAAS PALACE
ਪੰਜਾਬ ਦਾ ਪਹਿਲਾ ਬੁਟੀਕ ਤੇ ਵਿਰਾਸਤੀ ਹੋਟਲ (ETV Bharat)

By ETV Bharat Punjabi Team

Published : Jan 15, 2025, 10:39 PM IST

ਪਟਿਆਲਾ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸ਼ਾਹੀ ਸ਼ਹਿਰ ਦੇ ਕਿਲ੍ਹਾ ਮੁਬਾਰਕ ਵਿਖੇ ਬਣਾਇਆ ਗਿਆ ਆਪਣੀ ਕਿਸਮ ਦਾ ਪਹਿਲਾ ਬੁਟੀਕ ਅਤੇ ਵਿਰਾਸਤੀ ਹੋਟਲ ਰਨ ਬਾਸ- ਪੈਲੇਸ ਲੋਕਾਂ ਨੂੰ ਸਮਰਪਿਤ ਕੀਤਾ। ਮੁੱਖ ਮੰਤਰੀ ਨੇ ਕਿਹਾ ਕਿ ਬਾਖੂਬੀ ਢੰਗ ਨਾਲ ਡਿਜ਼ਾਈਨ ਕੀਤਾ ਗਿਆ ਅਤੇ ਜਨਤਕ ਨਿੱਜੀ ਭਾਈਵਾਲੀ ਤਹਿਤ ਉਸਾਰਿਆ ਗਿਆ ਇਹ ਹੋਟਲ ਐਸ਼ੋ-ਆਰਾਮ, ਮਹਿਮਾਨ ਨਿਵਾਜ਼ੀ ਅਤੇ ਸ਼ਾਨੋ-ਸ਼ੌਕਤ ਦੇ ਮਾਪਦੰਡਾਂ ਨੂੰ ਧਿਆਨ ਵਿੱਚ ਰੱਖ ਕੇ ਬਣਾਇਆ ਗਿਆ ਹੈ, ਜੋ ਨਵਾਂ ਮੀਲ ਪੱਥਰ ਸਾਬਤ ਹੋਵੇਗਾ। ਉਨ੍ਹਾਂ ਉਮੀਦ ਜ਼ਾਹਰ ਕੀਤੀ ਕਿ ਇਹ ਸ਼ਾਨਦਾਰ ਹੋਟਲ ਡੈਸਟੀਨੇਸ਼ਨ ਵੈਡਿੰਗ ਅਤੇ ਹੋਰ ਪੱਖੋਂ ਤੋਂ ਲੋਕਾਂ ਲਈ ਪਸੰਦੀਦਾ ਸਥਾਨ ਵਜੋਂ ਉੱਭਰ ਕੇ ਸਾਹਮਣੇ ਆਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਹੋਟਲ ਸੂਬੇ ਵਿੱਚ ਸੈਰ-ਸਪਾਟਾ ਖੇਤਰ ਵਿਸ਼ੇਸ਼ ਕਰ ਕੇ ਸ਼ਾਹੀ ਸ਼ਹਿਰ ਪਟਿਆਲਾ ਨੂੰ ਵੱਡਾ ਹੁਲਾਰਾ ਦੇਵੇਗਾ।

ਸੈਰ-ਸਪਾਟੇ ਨੂੰ ਵੱਡਾ ਹੁਲਾਰਾ

ਮੁੱਖ ਮੰਤਰੀ ਨੇ ਉਮੀਦ ਜਤਾਈ ਕਿ ਸੈਲਾਨੀ ਇਸ ਹੋਟਲ ਵਿੱਚ ਆਰਾਮਦਾਇਕ ਠਹਿਰ ਅਤੇ ਸੂਬੇ ਦੀ ਨਿੱਘੀ ਮਹਿਮਾਨ ਨਿਵਾਜ਼ੀ ਦਾ ਆਨੰਦ ਮਾਣਨਗੇ। ਉਨ੍ਹਾਂ ਕਿਹਾ ਕਿ ਇਹ ਹੋਟਲ ਧਾਰਮਿਕ ਸੈਰ-ਸਪਾਟੇ ਦੇ ਕੇਂਦਰ ਵਜੋਂ ਆਪਣੀ ਮੌਜੂਦਾ ਸਥਿਤੀ ਦੇ ਨਾਲ-ਨਾਲ ਡੈਸਟੀਨੇਸ਼ਨ ਵੈਡਿੰਗ ਲਈ ਤਰਜੀਹੀ ਸਥਾਨ ਵਜੋਂ ਸ਼ਾਹੀ ਸ਼ਹਿਰ ਪਟਿਆਲਾ ਵਿਖੇ ਸੈਰ-ਸਪਾਟੇ ਨੂੰ ਵੱਡਾ ਹੁਲਾਰਾ ਦੇਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਆਪਣੀ ਵਿਲੱਖਣ ਸ਼ਾਨ ਤੋਂ ਇਲਾਵਾ ਇਹ ਹੋਟਲ ਸੂਬੇ ਦੀ ਅਮੀਰ ਸੱਭਿਆਚਾਰਕ ਵਿਰਾਸਤ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ ਅਹੁਦਾ ਸੰਭਾਲਣ ਦੇ ਪਹਿਲੇ ਦਿਨ ਤੋਂ ਲੈ ਕੇ ਹੀ ਇਹ ਉਨ੍ਹਾਂ ਦਾ ਸੁਪਨਾ ਰਿਹਾ ਹੈ ਕਿ ਪੰਜਾਬ ਦੀ ਵੰਨ-ਸੁਵੰਨਤਾ ਅਤੇ ਅਮੀਰ ਸੱਭਿਆਚਾਰਕ ਵਿਰਾਸਤ ਵਰਗੇ ਪਹਿਲੂਆਂ ਨੂੰ ਦੁਨੀਆ ਭਰ ਦੇ ਲੋਕਾਂ ਦੇ ਸਾਹਮਣੇ ਲੈ ਕੇ ਆਉਣ। ਭਗਵੰਤ ਮਾਨ ਨੇ ਕਿਹਾ ਕਿ ਪਹਿਲੇ ਦਿਨ ਤੋਂ ਹੀ ਉਨ੍ਹਾਂ ਦੀ ਸਰਕਾਰ ਸਰਕਾਰੀ ਖਜ਼ਾਨੇ ਦੀ ਆਮਦਨ ਵਧਾਉਣ ਲਈ ਅਣਥੱਕ ਮਿਹਨਤ ਕਰ ਰਹੀ ਹੈ ਅਤੇ ਇਸ ਹੋਟਲ ਦੀ ਉਸਾਰੀ ਇਸ ਦਿਸ਼ਾ ਵਿੱਚ ਇੱਕ ਸਾਰਥਕ ਕਦਮ ਹੈ।

ਪੰਜਾਬ ਦਾ ਪਹਿਲਾ ਬੁਟੀਕ ਤੇ ਵਿਰਾਸਤੀ ਹੋਟਲ (ETV Bharat)

ਪਹਿਲਾ ਵਿਰਾਸਤੀ ਹੋਟਲ

ਮੁੱਖ ਮੰਤਰੀ ਨੇ ਕਿਹਾ ਕਿ ਇਹ ਸੂਬੇ ਦਾ ਪਹਿਲਾ ਵਿਰਾਸਤੀ ਹੋਟਲ ਹੈ ਅਤੇ ਸੂਬੇ ਦੀਆਂ ਇਤਿਹਾਸਕ ਇਮਾਰਤਾਂ ਦੀ ਸਰਬੋਤਮ ਵਰਤੋਂ ਕਰਕੇ ਅਜਿਹੇ ਹੋਰ ਪ੍ਰਾਜੈਕਟ ਵਿਕਸਤ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਪੰਜਾਬ ਦੀ ਧਰਤੀ ਕੁਦਰਤੀ ਤੌਰ ‘ਤੇ ਸੁੰਦਰ ਦ੍ਰਿਸ਼ਾਂ ਨਾਲ ਭਰਪੂਰ ਹੈ, ਜਿਸ ਦੀ ਵਰਤੋਂ ਫਿਲਮ ਇੰਡਸਟਰੀ ਅਤੇ ਹੋਰ ਉਦਯੋਗ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਇਸ ਮਿਸ਼ਨ ਲਈ ਅਣਥੱਕ ਮਿਹਨਤ ਕਰ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਸੂਬੇ ਵਿੱਚ ਸੈਰ-ਸਪਾਟਾ ਖੇਤਰ ਨੂੰ ਵੱਡਾ ਹੁਲਾਰਾ ਦੇਣ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੀ।

ਪੰਜਾਬ ਦਾ ਪਹਿਲਾ ਬੁਟੀਕ ਤੇ ਵਿਰਾਸਤੀ ਹੋਟਲ (ETV Bharat)

ਵਿਰਾਸਤੀ ਗਲੀ ਦਾ ਨਿਰਮਾਣ

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜੱਦੀ ਪਿੰਡ ਵਿਖੇ ਇੱਕ ਵਿਰਾਸਤੀ ਗਲੀ ਦਾ ਨਿਰਮਾਣ ਕਰੇਗੀ, ਜੋ ਕੌਮੀ ਆਜ਼ਾਦੀ ਸੰਗਰਾਮ ਵਿੱਚ ਪੰਜਾਬ ਅਤੇ ਪੰਜਾਬੀਆਂ ਦੇ ਸ਼ਾਨਦਾਰ ਯੋਗਦਾਨ ਨੂੰ ਦਰਸਾਏਗੀ। ਉਨ੍ਹਾਂ ਕਿਹਾ ਕਿ ਇਹ 850 ਮੀਟਰ ਲੰਬੀ ਵਿਰਾਸਤੀ ਗਲੀ ਮੌਜੂਦਾ ਅਜਾਇਬ ਘਰ ਤੋਂ ਖਟਕੜ ਕਲਾਂ ਵਿਖੇ ਸ਼ਹੀਦ ਭਗਤ ਸਿੰਘ ਦੇ ਜੱਦੀ ਘਰ ਤੱਕ ਬਣਾਈ ਜਾਵੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਗਲੀ ਕੌਮੀ ਆਜ਼ਾਦੀ ਸੰਗਰਾਮ ਵਿੱਚ ਸੂਬੇ ਦੇ ਸ਼ਾਨਦਾਰ ਯੋਗਦਾਨ ਨੂੰ ਦਰਸਾਉਂਦੀ ਹੈ, ਜੋ ਨੌਜਵਾਨਾਂ ਨੂੰ ਦੇਸ਼ ਲਈ ਪੂਰੇ ਜੋਸ਼ ਨਾਲ ਕੰਮ ਕਰਨ ਲਈ ਪ੍ਰੇਰਿਤ ਕਰਦੀ ਰਹੇਗੀ। ਮੁੱਖ ਮੰਤਰੀ ਨੇ ਕਿਹਾ ਕਿ ਇਹ ਹੋਟਲ ਪੰਜਾਬ ਸਰਕਾਰ ਦੀ ਸੂਬੇ ਦੀ ਸ਼ਾਨਦਾਰ ਸੱਭਿਆਚਾਰਕ ਵਿਰਾਸਤ ਨੂੰ ਸੁਰੱਖਿਅਤ ਰੱਖਣ ਦੀ ਵਚਨਬੱਧਤਾ ਪ੍ਰਤੀ ਮਹੱਤਵਪੂਰਨ ਮੀਲ ਪੱਥਰ ਹੈ। ਉਨ੍ਹਾਂ ਕਿਹਾ ਕਿ ਆਪਣੀ ਸ਼ਾਨਦਾਰ ਸਥਿਤੀ ਅਤੇ ਢੁਕਵੀਂ ਰੇਲ, ਹਵਾਈ ਤੇ ਸੜਕੀ ਸੰਪਰਕ ਕਾਰਨ ਇਹ ਹੋਟਲ ਸੈਲਾਨੀਆਂ ਲਈ ਸੈਰ-ਸਪਾਟੇ ਦਾ ਪਸੰਦੀਦਾ ਸਥਾਨ ਬਣ ਜਾਵੇਗਾ।

ਪੰਜਾਬ ਦਾ ਪਹਿਲਾ ਬੁਟੀਕ ਤੇ ਵਿਰਾਸਤੀ ਹੋਟਲ (ETV Bharat)

ABOUT THE AUTHOR

...view details