ਲੁਧਿਆਣਾ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਅਣਗਿਣਤ ਕੁਰਬਾਨੀਆਂ ਦੇ ਕੇ ਦੇਸ਼ ਦੀ ਆਜ਼ਾਦੀ ਹਾਸਲ ਕਰਨ ਅਤੇ ਦੇਸ਼ ਦੀ ਏਕਤਾ, ਅਖੰਡਤਾ ਅਤੇ ਪ੍ਰਭੂਸੱਤਾ ਦੀ ਰਾਖੀ ਕਰਕੇ ਆਧੁਨਿਕ ਭਾਰਤੀ ਗਣਰਾਜ ਦੀ ਸਿਰਜਣਾ ਵਿੱਚ ਪੰਜਾਬ ਨੇ ਸਭ ਤੋਂ ਵੱਧ ਯੋਗਦਾਨ ਪਾਇਆ ਹੈ।75ਵੇਂ ਗਣਤੰਤਰ ਦਿਵਸ ਮੌਕੇ ਇੱਥੇ ਹੋਏ ਸਮਾਗਮ ਦੌਰਾਨ ਕੌਮੀ ਝੰਡਾ ਲਹਿਰਾਉਣ ਤੋਂ ਬਾਅਦ ਇਕੱਠ ਨੂੰ ਸੰਬਧੋਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅੱਜ ਦੇ ਦਿਨ ਦੀ ਪੰਜਾਬ ਲਈ ਵਿਸ਼ੇਸ਼ ਮਹੱਤਤਾ ਹੈ ਕਿਉਂਕਿ ਪੰਜਾਬੀਆਂ ਨੇ ਇਸ ਮੁਲਕ ਦੀ ਖਾਤਰ ਵੱਡੀਆਂ ਕੁਰਬਾਨੀਆਂ ਦਿੱਤੀਆਂ ਹਨ। ਉਨ੍ਹਾਂ ਕਿਹਾ, “ਦੇਸ਼ ਦੀ ਆਜ਼ਾਦੀ ਤੋਂ ਪਹਿਲਾਂ ਵੀ ਬਹੁਤ ਵਾਰ 26 ਜਨਵਰੀ ਦਾ ਦਿਨ ਗੁਜ਼ਰਿਆ ਸੀ ਪਰ ਕਿਸੇ ਨੂੰ ਕੌਮੀ ਝੰਡਾ ਲਹਿਰਾਉਣ ਦੀ ਇਜਾਜ਼ਤ ਨਹੀਂ ਸੀ। ਹੁਣ ਸਾਨੂੰ ਇਹ ਦਿਹਾੜਾ ਮਨਾਉਣ ਦਾ ਹੱਕ ਹੈ ਪਰ ਬੜੇ ਦੁੱਖ ਦੀ ਗੱਲ ਹੈ ਕਿ ਸੂਬੇ ਦੀ ਝਾਕੀ ਨੂੰ ਕੌਮੀ ਰਾਜਧਾਨੀ ਵਿੱਚ ਗਣਤੰਤਰ ਦਿਹਾੜੇ ਮੌਕੇ ਹੋਈ ਪਰੇਡ ਵਿੱਚੋਂ ਜਾਣਬੁੱਝ ਕੇ ਬਾਹਰ ਰੱਖਿਆ ਗਿਆ।”
ਮੁੱਖ ਮੰਤਰੀ ਨੇ ਕਿਹਾ ਕਿ ਇਹ ਬੜੀ ਹੈਰਾਨੀ ਦੀ ਗੱਲ ਹੈ ਕਿ ਕੌਮੀ ਦਿਹਾੜੇ ਪੰਜਾਬ ਤੋਂ ਬਿਨਾਂ ਕਿਵੇਂ ਮਨਾਏ ਜਾ ਸਕਦੇ ਹਨ। ਉਨ੍ਹਾਂ ਕਿਹਾ ਕਿ ਜਿਨ੍ਹਾਂ ਲੋਕਾਂ ਨੇ ਪੰਜਾਬ ਦੀ ਝਾਕੀ ਨੂੰ ਮਿੱਥ ਕੇ ਬਾਹਰ ਰੱਖਿਆ ਹੈ, ਉਨ੍ਹਾਂ ਨੂੰ ਇਹ ਦੱਸਣਾ ਚਾਹੀਦਾ ਹੈ ਕਿ ਇਸ ਝਾਕੀ ਵਿੱਚ ਕੀ ਗਲਤ ਸੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਤਿਆਰ ਕੀਤੀਆਂ ਝਾਕੀਆਂ ਸੂਬੇ ਦਾ ਅਮੀਰ ਸੱਭਿਆਚਾਰ ਅਤੇ ਵਿਰਾਸਤ ਨੂੰ ਮੂਰਤੀਮਾਨ ਕਰਦੀਆਂ ਸਨ ਕਿਉਂਕਿ ਅਸੀਂ ਸੂਬੇ ਦੇ ਗੌਰਵ ਤੇ ਮਾਣ ਨਾਲ ਕੋਈ ਸਮਝੌਤਾ ਨਹੀਂ ਕਰ ਸਕਦੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਪੰਜਾਬੀਆਂ ਦੀਆਂ ਲਮਿਸਾਲ ਕੁਰਬਾਨੀਆਂ ਦਾ ਮਜ਼ਾਕ ਉਡਾਇਆ ਹੈ ਜਿਸ ਨੂੰ ਕਿਸੇ ਵੀ ਕੀਮਤ ਉਤੇ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ ਅਤੇ ਇਸੇ ਕਰਕੇ ਸੂਬਾ ਸਰਕਾਰ ਨੇ ਕੇਂਦਰ ਦੇ ਇਸ ਕਦਮ ਦੀ ਜ਼ੋਰਦਾਰ ਮੁਖਾਲਫ਼ਤ ਕੀਤੀ ਸੀ।
ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਸੂਬੇ ਦੀਆਂ ਝਾਕੀਆਂ ਰੱਦ ਕਰਕੇ ਮਾਈ ਭਾਗੋ, ਗ਼ਦਰੀ ਬਾਬੇ, ਸ਼ਹੀਦ ਭਗਤ ਸਿੰਘ, ਸ਼ਹੀਦ ਰਾਜਗੁਰੂ, ਸ਼ਹੀਦ ਸੁਖਦੇਵ, ਲਾਲਾ ਲਾਜਪਤ ਰਾਏ, ਸ਼ਹੀਦ ਊਧਮ ਸਿੰਘ, ਸ਼ਹੀਦ ਕਰਤਾਰ ਸਿੰਘ ਸਰਾਭਾ ਤੇ ਹੋਰ ਸ਼ਹੀਦਾਂ ਦਾ ਅਪਮਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਗਣਤੰਤਰ ਦਿਵਸ ਦੀ ਪਰੇਡ ਵਿੱਚ ਸੂਬੇ ਦੀਆਂ ਝਾਕੀਆਂ ਸ਼ਾਮਲ ਨਾ ਕਰਕੇ ਇਨ੍ਹਾਂ ਨਾਇਕਾਂ ਦੀਆਂ ਕੁਰਬਾਨੀਆਂ ਅਤੇ ਯੋਗਦਾਨ ਦੇ ਮਹੱਤਵ ਨੂੰ ਘਟਾਇਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਵਰਤਾਰਾ ਸਹਿਣ ਨਹੀਂ ਕੀਤਾ ਜਾ ਸਕਦਾ ਕਿਉਂਕਿ ਇਹ ਸਿੱਧੇ ਤੌਰ ਉਤੇ ਸਾਡੇ ਦੇਸ਼ ਭਗਤਾਂ ਅਤੇ ਕੌਮੀ ਨੇਤਾਵਾਂ ਦਾ ਨਿਰਾਦਰ ਹੈ। ਉਨ੍ਹਾਂ ਕਿਹਾ ਕਿ ਹੁਣ ਪੰਜਾਬ ਸਰਕਾਰ ਪੂਰੇ ਸੂਬੇ ਵਿੱਚ ਇਹ ਝਾਕੀਆਂ ਕੱਢ ਕੇ ਦੇਸ਼ ਪ੍ਰਤੀ ਪੰਜਾਬੀਆਂ ਦਾ ਯੋਗਦਾਨ ਦਿਖਾਏਗੀ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਭਾਰਤੀ ਹਵਾਈ ਸੈਨਾ ਦੇ ਹਲਵਾਰਾ, ਲੁਧਿਆਣਾ ਵਿਖੇ ਬਣਨ ਜਾ ਰਹੇ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਨਾਮ ਸ਼ਹੀਦ ਕਰਤਾਰ ਸਿੰਘ ਸਰਾਭਾ ਅੰਤਰਰਾਸ਼ਟਰੀ ਹਵਾਈ ਅੱਡਾ ਰੱਖਣ ਦਾ ਫੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੇ ਅਣਥੱਕ ਯਤਨਾਂ ਸਦਕਾ ਮੁਹਾਲੀ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਨਾਮ ਪਹਿਲਾਂ ਹੀ ਸ਼ਹੀਦ ਭਗਤ ਸਿੰਘ ਦੇ ਨਾਮ ’ਤੇ ਰੱਖਿਆ ਗਿਆ ਹੈ ਅਤੇ ਹਲਵਾਰਾ ਹਵਾਈ ਅੱਡੇ ਦਾ ਨਾਮ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਮ ’ਤੇ ਰੱਖਣਾ ਸ਼ਹੀਦਾਂ ਨੂੰ ਨਿਮਾਣੀ ਜਿਹੀ ਸ਼ਰਧਾਂਜਲੀ ਹੋਵੇਗੀ। ਉਨ੍ਹਾਂ ਅੱਗੇ ਕਿਹਾ ਕਿ ਇਨ੍ਹਾਂ ਮਹਾਨ ਸ਼ਹੀਦਾਂ ਦੇ ਨਾਮ 'ਤੇ ਹਵਾਈ ਅੱਡਿਆਂ, ਯੂਨੀਵਰਸਿਟੀਆਂ ਅਤੇ ਹੋਰ ਸੰਸਥਾਵਾਂ ਦਾ ਨਾਮਕਰਨ ਉਨ੍ਹਾਂ ਦੀ ਸ਼ਾਨਦਾਰ ਵਿਰਾਸਤ ਨੂੰ ਕਾਇਮ ਰੱਖਣ ਲਈ ਜ਼ਰੂਰੀ ਹੈ।
ਆਪਣੀ ਤਕਰੀਰ ਦੌਰਾਨ ਭਾਵੁਕ ਹੁੰਦਿਆਂ ਮੁੱਖ ਮੰਤਰੀ ਨੇ ਲੋਕਾਂ ਨੂੰ ਲੜਕੇ ਅਤੇ ਲੜਕੀਆਂ ਵਿੱਚ ਲਿੰਗ ਭੇਦਭਾਵ ਖਤਮ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ, “ਇਹ ਸਮੇਂ ਦੀ ਲੋੜ ਹੈ ਕਿ ਲੜਕੀਆਂ ਨੂੰ ਹਰੇਕ ਖੇਤਰ ਵਿੱਚ ਮੱਲਾਂ ਮਾਰਨ ਲਈ ਵੱਧ ਤੋਂ ਵੱਧ ਮੌਕੇ ਦਿੱਤੇ ਜਾਣ ਤਾਂ ਕਿ ਉਹ ਸਫਲਤਾ ਦੀਆਂ ਨਵੀਆਂ ਇਬਾਰਤਾਂ ਲਿਖ ਸਕਣ। ਇਸ ਵਿੱਚ ਸ਼ੱਕ ਨਹੀਂ ਕਿ ਸੂਬੇ ਦੀਆਂ ਲੜਕੀਆਂ ਬਹੁਤ ਨਿੱਡਰ ਹਨ ਅਤੇ ਜੇਕਰ ਉਨ੍ਹਾਂ ਨੂੰ ਮੌਕਾ ਦਿੱਤਾ ਜਾਵੇ ਤਾਂ ਉਹ ਕੋਈ ਵੀ ਟੀਚਾ ਹਾਸਲ ਕਰਨ ਦੀ ਕਾਬਲੀਅਤ ਰੱਖਦੀਆਂ ਹਨ।”
ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਪੰਜਾਬ ਆਪਣੇ ਬੇਸ਼ਕੀਮਤੀ ਕੁਦਰਤੀ ਸਰੋਤ ਪਾਣੀ ਅਤੇ ਜਰਖੇਜ਼ ਮਿੱਟੀ ਕੁਰਬਾਨ ਕਰਕੇ ਦੇਸ਼ ਲਈ 182 ਲੱਖ ਮੀਟ੍ਰਿਕ ਟਨ ਝੋਨਾ ਪੈਦਾ ਕਰਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਯੋਗਦਾਨ ਨੇ ਦੇਸ਼ ਨੂੰ ਅਨਾਜ ਉਤਪਾਦਨ ਪੱਖੋਂ ਆਤਮ-ਨਿਰਭਰ ਬਣਾਇਆ ਜਿਸ ਕਾਰਨ ਭਾਰਤ ਵਿਸ਼ਵ ਭਰ ਵਿੱਚ ਮਜ਼ਬੂਤ ਰਾਸ਼ਟਰ ਵਜੋਂ ਉਭਰਿਆ ਹੈ। ਭਗਵੰਤ ਸਿੰਘ ਮਾਨ ਨੇ ਅਫਸੋਸ ਜ਼ਾਹਰ ਕੀਤਾ ਕਿ ਸੂਬੇ ਦੇ ਕਿਸਾਨਾਂ ਨੂੰ ਘੱਟੋ-ਘੱਟ ਸਮਰਥਨ ਮੁੱਲ (ਐੱਮਐੱਸਪੀ) ਤੋਂ ਵਾਂਝੇ ਕਰਨ ਦੀਆਂ ਸਾਜ਼ਿਸ਼ਾਂ ਰਚੀਆਂ ਜਾ ਰਹੀਆਂ ਹਨ, ਜੋ ਸਰਾਸਰ ਬੇਇਨਸਾਫੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਹਮੇਸ਼ਾ ਮੋਹਰੀ ਸੂਬਾ ਰਿਹਾ ਹੈ ਅਤੇ ਮੋਹਰੀ ਹੀ ਰਹੇਗਾ ਕਿਉਂਕਿ ਪੰਜਾਬੀਆਂ ਨੂੰ ਸਖ਼ਤ ਮਿਹਨਤ ਅਤੇ ਦ੍ਰਿੜ ਜਜ਼ਬੇ ਦੀ ਬਖਸ਼ਿਸ਼ ਪ੍ਰਾਪਤ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਆਪਣੀ ਡਿਊਟੀ ਪੂਰੀ ਤਨਦੇਹੀ ਨਾਲ ਨਿਭਾ ਰਹੀ ਹੈ ਤਾਂ ਜੋ ਪੰਜਾਬ ਹਰ ਖੇਤਰ ਵਿੱਚ ਦੇਸ਼ ਦੀ ਅਗਵਾਈ ਕਰੇ। ਭਗਵੰਤ ਸਿੰਘ ਮਾਨ ਨੇ ਕਿਹਾ, “ਮੈਨੂੰ ਅਗਲੀਆਂ ਚੋਣਾਂ ਦਾ ਫਿਕਰ ਨਹੀਂ ਸਗੋਂ ਮੈਂ ਤਾਂ ਆਉਣ ਵਾਲੀ ਪੀੜ੍ਹੀ ਦੇ ਭਲੇ ਲਈ ਕੰਮ ਕਰ ਰਿਹਾ ਹਾਂ ਜਿਸ ਕਰਕੇ ਮੇਰੀ ਸਰਕਾਰ ਨੇ ਕਈ ਲੀਹੋਂ ਹਟਵੇਂ ਉਪਰਾਲੇ ਕੀਤੇ ਹਨ।”ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਨੌਜਵਾਨਾਂ ਦੀ ਭਲਾਈ ਲਈ ਵੱਡੇ ਉਪਰਾਲੇ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਇਹ ਯਕੀਨੀ ਬਣਾਉਣ ਵਿੱਚ ਲੱਗੀ ਹੋਈ ਹੈ ਕਿ ਨੌਜਵਾਨ ਰੋਜ਼ਗਾਰ ਲੱਭਣ ਦੀ ਬਜਾਏ ਰੋਜ਼ਗਾਰ ਦੇਣ ਵਾਲੇ ਬਣਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਗਾਂਹਵਧੂ ਅਤੇ ਖੁਸ਼ਹਾਲ ਪੰਜਾਬ ਦੀ ਸਿਰਜਣਾ ਕਰਨਾ ਸਮੇਂ ਦੀ ਲੋੜ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੌਰਾਨ ਨੌਜਵਾਨਾਂ ਨੂੰ ਨੌਕਰੀਆਂ ਅਤੇ ਸਿੱਖਿਆ ਦੇ ਮੌਕੇ ਤੋਂ ਵਾਂਝਾ ਰੱਖਿਆ ਗਿਆ ਸੀ ਤਾਂ ਕਿ ਉਹ ਸਿਆਸੀ ਆਗੂਆਂ ਦੇ ਪਿੱਛੇ ਲੱਗੇ ਰਹਿਣ। ਉਨ੍ਹਾਂ ਕਿਹਾ ਕਿ ਇਸ ਪ੍ਰਥਾ ਨੂੰ ਤਿਆਗਿਆ ਜਾ ਰਿਹਾ ਹੈ ਤਾਂ ਜੋ ਨੌਜਵਾਨ ਸੂਬੇ ਦੀ ਤਰੱਕੀ ਅਤੇ ਖੁਸ਼ਹਾਲੀ ਦਾ ਅਨਿੱਖੜਵਾਂ ਅੰਗ ਬਣ ਸਕਣ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਦਿਨ ਦੂਰ ਨਹੀਂ, ਜਦੋਂ ਸੂਬਾ ਸਰਕਾਰ ਦੇ ਅਣਥੱਕ ਯਤਨਾਂ ਸਦਕਾ ਪੰਜਾਬ ਦੀ ਪੁਰਾਤਨ ਸ਼ਾਨ ਬਹਾਲ ਹੋਵੇਗੀ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਦੇ ਯਤਨਾਂ ਸਦਕਾ ਪਿਛਲੇ 75 ਸਾਲਾਂ ਵਿੱਚ ਪਹਿਲੀ ਵਾਰ ਸੂਬੇ ਵਿੱਚ ਨਹਿਰੀ ਪਾਣੀ ਆਖ਼ਰੀ ਖੇਤਾਂ ਦੇ ਟੇਲਾਂ ਤੱਕ ਪਹੁੰਚਿਆ ਹੈ। ਉਨ੍ਹਾਂ ਕਿਹਾ ਕਿ ਇਸ ਨੇਕ ਕਾਰਜ ਨੂੰ ਪੂਰਾ ਕਰਨਾ ਸੂਬਾ ਸਰਕਾਰ ਆਪਣਾ ਫਰਜ਼ ਬਣਦਾ ਹੈ ਤਾਂ ਜੋ ਸੂਬੇ ਦੇ ਕਿਸਾਨਾਂ ਨੂੰ ਇਸ ਦਾ ਭਰਪੂਰ ਲਾਭ ਮਿਲ ਸਕੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਦੇ ਅਣਥੱਕ ਯਤਨਾਂ ਸਦਕਾ ਪਹਿਲਾਂ ਹੀ ਪੰਜਾਬ ਦੇ ਦੂਰ-ਦੁਰਾਡੇ ਦੇ ਇਲਾਕਿਆਂ ਤੱਕ ਪਾਣੀ ਪਹੁੰਚ ਚੁੱਕਾ ਹੈ।