ਭਾਂਖਰਪੁਰ/ ਮੁਹਾਲੀ:ਪੰਜਾਬ ਵਾਸੀਆਂ ਨੂੰ ਉਨ੍ਹਾਂ ਦੇ ਬੂਹੇ ਉਤੇ ਜਾ ਕੇ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣ ਲਈ ਇਕ ਹੋਰ ਨਾਗਰਿਕ ਕੇਂਦਰਿਤ ਉਪਰਾਲਾ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਵਿੱਚ ‘ਆਪ ਦੀ ਸਰਕਾਰ, ਆਪ ਦੇ ਦੁਆਰ’ ਸਕੀਮ ਦਾ ਆਗਾਜ਼ ਕੀਤਾ। ਇਸ ਸਕੀਮ ਤਹਿਤ ਲੋਕਾਂ ਨੂੰ ਸੇਵਾਵਾਂ ਦੇਣ ਲਈ ਪਿੰਡ ਤੇ ਮੁਹੱਲਾ ਪੱਧਰ ਉਤੇ ਕੈਂਪ ਲਾਏ ਜਾਣਗੇ।
ਸੂਬੇ ਦੇ ਇਤਿਹਾਸ ਲਈ ਯਾਦਗਾਰੀ ਦਿਨ:ਇੱਥੇ ਕੈਂਪ ਦੀ ਸ਼ੁਰੂਆਤ ਕਰਨ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਅੱਜ ਦੇ ਦਿਨ ਨੂੰ ਸੂਬੇ ਦੇ ਇਤਿਹਾਸ ਲਈ ਯਾਦਗਾਰੀ ਦਿਨ ਦੱਸਿਆ ਕਿਉਂਕਿ ਹੁਣ ਲੋਕਾਂ ਨੂੰ ਆਪਣੇ ਆਮ ਪ੍ਰਸ਼ਾਸਕੀ ਕਾਰਜਾਂ ਲਈ ਸਰਕਾਰੀ ਦਫ਼ਤਰਾਂ ਵਿੱਚ ਜਾਣਾ ਪਵੇਗਾ, ਸਗੋਂ ਸਰਕਾਰੀ ਅਧਿਕਾਰੀ ਖ਼ੁਦ ਲੋਕਾਂ ਕੋਲ ਜਾ ਕੇ ਸੇਵਾਵਾਂ ਮੁਹੱਈਆ ਕਰਵਾਉਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਸਕੀਮ ਅਸਲ ਅਰਥਾਂ ਵਿੱਚ ਲੋਕਾਂ ਦੇ ਸਸ਼ਕਤੀਕਰਨ ਦਾ ਉਦੇਸ਼ ਪੂਰਾ ਕਰਦੀ ਹੈ, ਜਿੱਥੇ ਸਰਕਾਰ ਲੋਕਾਂ ਦੀ ਭਲਾਈ ਲਈ ਫਰਾਖ਼ਦਿਲੀ ਨਾਲ ਹੋਰ ਵੀ ਤਨਦੇਹੀ ਨਾਲ ਕੰਮ ਕਰੇਗੀ।
ਪੰਜਾਬ ਨੇ ਇਕ ਵਾਰ ਫੇਰ ਦੇਸ਼ ਭਰ ਵਿੱਚ ਮਾਰੀ ਬਾਜ਼ੀ: ਮੁੱਖ ਮੰਤਰੀ ਨੇ ਉਮੀਦ ਜ਼ਾਹਰ ਕੀਤੀ ਕਿ ਇਸ ਨਾਗਰਿਕ ਕੇਂਦਰ ਉਪਰਾਲੇ ਦੀ ਸ਼ੁੁਰੂਆਤ ਕਰ ਕੇ ਪੰਜਾਬ ਨੇ ਇਕ ਵਾਰ ਫੇਰ ਦੇਸ਼ ਭਰ ਵਿੱਚ ਬਾਜ਼ੀ ਮਾਰ ਲਈ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਹੋਰ ਵੱਖ-ਵੱਖ ਸੂਬੇ ਵੀ ਇਸ ਸਕੀਮ ਨੂੰ ਲਾਗੂ ਕਰਨਗੇ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਦਸੰਬਰ, 2023 ਵਿੱਚ ਲੋਕਾਂ ਨੂੰ 43 ਮਹੱਤਵਪੂਰਨ ਸੇਵਾਵਾਂ ਦੀ ਸ਼ੁਰੂਆਤ ਕਰਕੇ ਪ੍ਰਮੁੱਖ ਸਰਕਾਰੀ ਸੇਵਾਵਾਂ ਲੋਕਾਂ ਨੂੰ ਉਨ੍ਹਾਂ ਦੇ ਦਰ ਉਤੇ ਜਾ ਕੇ ਮੁਹੱਈਆ ਕਰਵਾਉਣ ਦੀ ਸਕੀਮ ਦਾ ਆਗਾਜ਼ ਕੀਤਾ ਸੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਸਕੀਮ ਤਹਿਤ ਕੋਈ ਵੀ ਨਾਗਰਿਕ 1076 ਨੰਬਰ ਉਤੇ ਕਾਲ ਕਰਕੇ ਆਪਣੀ ਸਹੂਲਤ ਮੁਤਾਬਕ ਸਮਾਂ ਤੈਅ ਕਰ ਸਕਦਾ ਹੈ ਜਿਸ ਤੋਂ ਬਾਅਦ ਮੁਲਾਜ਼ਮ ਉਸ ਨਾਗਰਿਕ ਦੇ ਘਰ ਜਾ ਕੇ ਸਬੰਧਤ ਸੇਵਾ ਦਾ ਪ੍ਰਮਾਣ ਪੱਤਰ ਮੁਹੱਈਆ ਕਰਵਾਏਗਾ।
ਪਿੰਡਾਂ-ਸ਼ਹਿਰਾਂ ਵਿੱਚ ਕੈਂਪ ਲਾ ਕੇ ਲੋਕਾਂ ਕੋਲ ਸਿੱਧੀ ਪਹੁੰਚ: ਮੁੱਖ ਮੰਤਰੀ ਨੇ ਕਿਹਾ ਕਿ ਹੁਣ ਸੂਬਾ ਸਰਕਾਰ ਨੇ ਇਸ ਤੋਂ ਵੀ ਵੱਡੀ ਪੁਲਾਂਘ ਪੁੱਟਦਿਆਂ ‘ਆਪ ਦੀ ਸਰਕਾਰ, ਆਪ ਦੇ ਦੁਆਰ’ ਸਕੀਮ ਦੀ ਸ਼ੁਰੂਆਤ ਕਰ ਦਿੱਤੀ ਹੈ ਤਾਂ ਕਿ ਪਿੰਡਾਂ-ਸ਼ਹਿਰਾਂ ਵਿੱਚ ਕੈਂਪ ਲਾ ਕੇ ਲੋਕਾਂ ਕੋਲ ਸਿੱਧੀ ਪਹੁੰਚ ਕੀਤੀ ਜਾ ਸਕੇ। ਉਨ੍ਹਾਂ ਦੱਸਿਆ ਕਿ ਇਸ ਮਹੀਨੇ ਪੇਂਡੂ ਤੇ ਸ਼ਹਿਰੀ ਇਲਾਕਿਆਂ ਵਿੱਚ 11600 ਕੈਂਪ ਲਾਏ ਜਾਣਗੇ। ਉਨ੍ਹਾਂ ਦੱਸਿਆ ਕਿ ਹਰੇਕ ਤਹਿਸੀਲ ਵਿੱਚ ਹਰ ਰੋਜ਼ ਚਾਰ ਕੈਂਪ ਲਗਾਏ ਜਾਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕੈਂਪ ਦੇ ਸਥਾਨ, ਤਰੀਕ ਅਤੇ ਸਮੇਂ ਬਾਰੇ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੂਕ ਕਰਨ ਲਈ ਬਣਦੇ ਕਦਮ ਚੁੱਕੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਲੋਕ ਹੁਣ ਅੱਜ ਦੇ ਕੈਂਪਾਂ ਜਾਂ ਆਉਣ ਵਾਲੇ ਕੈਂਪਾਂ ਬਾਰੇ ਪੋਰਟਲ ਰਾਹੀਂ ਵੀ ਜਾਣਕਾਰੀ ਹਾਸਲ ਕਰ ਸਕਦੇ ਹਨ।
ਕੈਂਪਾਂ 'ਚ ਬੈਠਣਗੇ ਅਫਸਰ: ਮੁੱਖ ਮੰਤਰੀ ਨੇ ਕਿਹਾ ਕਿ ਕੈਂਪ ਵਿੱਚ ਐਸ.ਡੀ.ਐਮ., ਤਹਿਸੀਲਦਾਰ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫਸਰ, ਜ਼ਿਲ੍ਹਾ ਫੂਡ ਸਪਲਾਈ ਅਫਸਰ, ਐਸ.ਐਚ.ਓ., ਜ਼ਿਲ੍ਹਾ ਭਲਾਈ ਅਫਸਰ, ਕਾਨੂੰਨਗੋ, ਪਟਵਾਰੀ, ਐਸ.ਡੀ.ਓ., ਐਕਸੀਅਨ ਵਰਗੇ ਵੱਡੇ ਅਧਿਕਾਰੀ ਅਰਜ਼ੀਆਂ ਅਤੇ ਸੇਵਾਵਾਂ ਪ੍ਰਦਾਨ ਕਰਨ ਲਈ ਹਾਜ਼ਰ ਰਹਿਣਗੇ। ਇਕ ਮਿਸਾਲ ਦਿੰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਜੇ ਕੋਈ ਹਲਫੀਆ ਬਿਆਨ ਜਾਂ ਕੋਈ ਹੋਰ ਦਸਤਾਵੇਜ਼ ਵੀ ਤਸਦੀਕ ਕਰਵਾਉਣਾ ਚਾਹੁੰਦਾ ਹੈ ਤਾਂ ਅਫ਼ਸਰ ਕੈਂਪ ਵਿੱਚ ਬੈਠਾ ਹੋਵੇਗਾ ਅਤੇ ਉਹ ਉਸੇ ਵੇਲੇ ਤਸਦੀਕ ਕਰਕੇ ਮੌਕੇ ਉਤੇ ਹੀ ਸਬੰਧਤ ਵਿਅਕਤੀ ਨੂੰ ਸੌਂਪ ਦੇਵੇਗਾ। ਇਸ ਤਰ੍ਹਾਂ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜੇ ਕਿਸੇ ਨੇ ਕਾਲਜ ਵਿੱਚ ਦਾਖ਼ਲਾ ਲੈਣ ਲਈ ਰਿਹਾਇਸ਼ੀ ਸਰਟੀਫਿਕੇਟ ਬਣਵਾਉਣਾ ਹੈ ਤਾਂ ਉਸ ਨੂੰ ਆਧਾਰ ਕਾਰਡ, ਵੋਟਰ ਕਾਰਡ ਅਤੇ ਹੋਰ ਲੋੜੀਂਦੇ ਅਸਲ ਦਸਤਾਵੇਜ਼ਾਂ ਨੂੰ ਕੈਂਪ ਵਿੱਚ ਅਪਲਾਈ ਕਰਨਾ ਹੋਵੇਗਾ ਅਤੇ ਇਸ ਦੀ ਤਸਦੀਕ ਲਈ ਕੈਂਪ ਵਿੱਚ ਪਟਵਾਰੀ ਮੌਜੂਦ ਹੋਵੇਗਾ ਅਤੇ ਤਹਿਸੀਲਦਾਰ ਜਾਂ ਨਾਇਬ ਤਹਿਸੀਲਦਾਰ ਮੌਕੇ ਉਤੇ ਉਸ ਦੀ ਤਸਦੀਕ ਕਰਕੇ ਸਰਟੀਫਿਕੇਟ ਸੌਂਪ ਦੇਣਗੇ।
44 ਪ੍ਰਮੁੱਖ ਸੇਵਾਵਾਂ ਦਾ ਮਿਲੇਗਾ ਲਾਭ: ਮੁੱਖ ਮੰਤਰੀ ਨੇ ਕਿਹਾ ਕਿ 44 ਪ੍ਰਮੁੱਖ ਸੇਵਾਵਾਂ ਜਿਨ੍ਹਾਂ ਦੀ ਲੋਕਾਂ ਨੂੰ ਅਕਸਰ ਸਭ ਤੋਂ ਵੱਧ ਲੋੜ ਹੁੰਦੀ ਹੈ ਜਿਵੇਂ ਕਿ ਰਿਹਾਇਸ਼ੀ ਸਰਟੀਫਿਕੇਟ, ਜਾਤੀ ਸਰਟੀਫਿਕੇਟ, ਆਮਦਨ ਸਰਟੀਫਿਕੇਟ, ਜਨਮ/ਮੌਤ ਸਰਟੀਫਿਕੇਟ, ਫਰਦ, ਲੇਬਰ ਰਜਿਸਟਰੇਸ਼ਨ, ਪੈਨਸ਼ਨ, ਪੇਂਡੂ ਖੇਤਰ ਸਰਟੀਫਿਕੇਟ ਅਤੇ ਹੋਰ ਸੇਵਾਵਾਂ ਕੈਂਪਾਂ ਵਿੱਚ ਅਪਲਾਈ ਕਰਕੇ ਮੁਹੱਈਆ ਕਰਵਾਈਆਂ ਜਾ ਸਕਦੀਆਂ ਹਨ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਨਾਗਰਿਕ ਵੀ ਆਪਣੀਆਂ ਸ਼ਿਕਾਇਤਾਂ ਕੈਂਪਾਂ ਵਿੱਚ ਦੇ ਸਕਣਗੇ, ਜਿਨ੍ਹਾਂ ਦਾ ਮੌਕੇ ’ਤੇ ਹੀ ਨਿਪਟਾਰਾ ਕੀਤਾ ਜਾਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਆਪਣੀ ਕਿਸਮ ਦਾ ਇਹ ਪਹਿਲਾ ਉਪਰਾਲਾ ਲੋਕਾਂ ਦੀ ਸਹੂਲਤ ਲਈ ਸਹਾਈ ਸਿੱਧ ਹੋਵੇਗਾ। ਉਨ੍ਹਾਂ ਕਿਹਾ ਕਿ ਡਿਪਟੀ ਕਮਿਸ਼ਨਰਾਂ ਨੂੰ ਛੋਟੇ-ਮੋਟੇ ਮਸਲੇ ਮੌਕੇ ਉਤੇ ਹੱਲ ਕਰਨ ਲਈ ਲੋੜੀਂਦੇ ਫੰਡ ਦਿੱਤੇ ਗਏ ਹਨ।
ਵਧੇਰੇ ਪਹੁੰਚਯੋਗ ਅਤੇ ਜਵਾਬਦੇਹ ਬਣਾਉਣ ਵਿੱਚ ਮਦਦਗਾਰ :ਮੁੱਖ ਮੰਤਰੀ ਨੇ ਕਿਹਾ ਕਿ ਇਹ ਕੈਂਪ ਸਰਕਾਰ ਨੂੰ ਆਪਣੇ ਨਾਗਰਿਕਾਂ ਦੀਆਂ ਲੋੜਾਂ ਪ੍ਰਤੀ ਵਧੇਰੇ ਪਹੁੰਚਯੋਗ ਅਤੇ ਜਵਾਬਦੇਹ ਬਣਾਉਣ ਵਿੱਚ ਮਦਦਗਾਰ ਸਾਬਤ ਹੋਣਗੇ। ਉਨ੍ਹਾਂ ਕਿਹਾ ਕਿ ਇਹ ਉਪਰਾਲਾ ਸਰਕਾਰੀ ਕਾਰਜਾਂ ਵਿੱਚ ਹੋਰ ਵਧੇਰੇ ਪਾਰਦਰਸ਼ਤਾ ਅਤੇ ਜਵਾਬਦੇਹੀ ਵਧਾਉਣ ਵਿੱਚ ਵੀ ਮਦਦ ਕਰੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਭ ਤੋਂ ਮਹੱਤਵਪੂਰਨ ਗੱਲ ਇਹ ਹੈ ਕਿ ਇਹ ਕਦਮ ਨਾਗਰਿਕਾਂ ਨੂੰ ਸਰਕਾਰੀ ਸੇਵਾਵਾਂ ਜਾਂ ਮਸਲਿਆਂ ਬਾਰੇ ਆਪਣੀਆਂ ਚਿੰਤਾਵਾਂ, ਸ਼ਿਕਾਇਤਾਂ ਅਤੇ ਸੁੁਝਾਅ ਦੇਣ ਲਈ ਢੁਕਵਾਂ ਮੰਚ ਪ੍ਰਦਾਨ ਕਰੇਗਾ।