ਪੰਜਾਬ

punjab

ETV Bharat / state

ਗਿੱਦੜਬਾਹਾ ਵਿਖੇ 16 ਨੂੰ ਪੰਜਾਬ ਸਰਕਾਰ ਦੇ ਵਾਅਦਿਆਂ ਦੀ ਪੋਲ ਖੋਲ੍ਹਣਗੇ ਕੰਪਿਊਟਰ ਅਧਿਆਪਕ !

ਇੱਕ ਪਾਸੇ ਜ਼ਿਮਨੀ ਚੋਣਾਂ ਨੂੰ ਲੈਕੇ ਸਿਆਸੀ ਪਾਰਟੀਆਂ ਦੀਆਂ ਤਿਆਰੀਆਂ ਤਾਂ ਉਧਰ ਸਰਕਾਰ ਖਿਲਾਫ਼ ਕੰਪਿਊਟਰ ਅਧਿਆਪਕ ਪ੍ਰਦਰਸ਼ਨ ਕਰਨਗੇ। ਪੜ੍ਹੋ ਖ਼ਬਰ...

ਪੋਲ ਖੋਲ੍ਹਣਗੇ ਕੰਪਿਊਟਰ ਅਧਿਆਪਕ
ਪੋਲ ਖੋਲ੍ਹਣਗੇ ਕੰਪਿਊਟਰ ਅਧਿਆਪਕ (ETV BHARAT)

By ETV Bharat Punjabi Team

Published : Nov 12, 2024, 6:59 PM IST

ਬਰਨਾਲਾ:ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਕੰਮ ਕਰ ਰਹੇ ਕੰਪਿਊਟਰ ਅਧਿਆਪਕਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਕੀਤਾ ਜਾ ਰਿਹਾ ਹੈ। ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਢਾਈ ਸਾਲਾਂ ਦੌਰਾਨ ਕੰਪਿਊਟਰ ਅਧਿਆਪਕਾਂ ਦੀਆਂ ਮੰਗਾਂ ਵੱਲ ਧਿਆਨ ਨਾ ਦਿੱਤੇ ਜਾਣ ਕਾਰਨ ਸੂਬੇ ਦੇ ਕੰਪਿਊਟਰ ਅਧਿਆਪਕ ਸਰਕਾਰ ਵਿਰੁੱਧ ਜ਼ਿਮਨੀ ਚੋਣਾਂ ਵਿੱਚ ਪ੍ਰਦਰਸ਼ਨ ਕਰ ਰਹੇ ਹਨ। ਜਿਸ ਦੇ ਅਗਲੇ ਪੜਾਅ ਤਹਿਤ ਕੰਪਿਊਟਰ ਅਧਿਆਪਕਾਂ ਵੱਲੋਂ 16 ਨਵੰਬਰ ਨੂੰ ਗਿੱਦੜਬਾਹਾ ਵਿਧਾਨ ਸਭਾ ਹਲਕੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਵਿਰੁੱਧ ਪੋਲ ਖੋਲ੍ਹ ਪ੍ਰਦਰਸ਼ਨ ਕੀਤੇ ਜਾਣਗੇ।

ਕੰਪਿਊਟਰ ਅਧਿਆਪਕਾਂ ਦਾ ਨੋਟੀਫਿਕੇਸ਼ਨ ਨਹੀਂ ਕੀਤਾ ਲਾਗੂ

ਅੱਜ ਕੰਪਿਊਟਰ ਅਧਿਆਪਕ ਯੂਨੀਅਨ ਪੰਜਾਬ ਜ਼ਿਲ੍ਹਾ ਬਰਨਾਲਾ ਦੇ ਪ੍ਰਧਾਨ ਪਰਦੀਪ ਕੁਮਾਰ ਅਤੇ ਸੂਬਾ ਮੀਤ ਪ੍ਰਧਾਨ ਸਿਕੰਦਰ ਸਿੰਘ ਨੇ ਦੱਸਿਆ ਕਿ ਕੰਪਿਊਟਰ ਅਧਿਆਪਕ ਯੂਨੀਅਨ ਪੰਜਾਬ ਦੇ ਬੈਨਰ ਹੇਠ ਗੁਰਵਿੰਦਰ ਸਿੰਘ ਤਰਨਤਾਰਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਦੇ ਕੰਪਿਊਟਰ ਅਧਿਆਪਕਾਂ ਨਾਲ ਕੀਤੇ ਲਿਖ਼ਤੀ ਵਾਅਦੇ ਅਤੇ ਐਲਾਨਾਂ ਨੂੰ ਲਾਗੂ ਕਰਨ ਤੋਂ ਟਾਲ –ਮਟੋਲ ਕੀਤੀ ਜਾ ਰਹੀ ਨੀਤੀ। ਇਸ ਦੇ ਵਿਰੋਧ ਵਿੱਚ ਕੀਤੇ ਜਾ ਰਹੇ ਝੰਡਾ ਮਾਰਚ ਦੀ ਲੜੀ ਤਹਿਤ 16 ਨਵੰਬਰ ਨੂੰ ਗਿੱਦੜਬਾਹਾ ਵਿਖੇ ਵੱਡੀ ਗਿਣਤੀ ਵਿੱਚ ਪੋਲ ਖੋਲ੍ਹ ਰੈਲੀ ਕਰਕੇ ਆਮ ਜਨਤਾ ਦੀ ਕਹਿਚਰੀ ਵਿੱਚ ਪ੍ਰਚਾਰਿਆ ਜਾਵੇਗਾ। ਉਨ੍ਹਾਂ ਕਿਹਾ ਕਿ ਜੁਲਾਈ 2011 ਨੂੰ ਮਾਨਯੋਗ ਰਾਜਪਾਲ ਪੰਜਾਬ ਦੇ ਨੋਟੀਫਿਕੇਸ਼ਨ ਅਨੁਸਾਰ ਮੌਕੇ ਦੀ ਸਰਕਾਰ ਵਲੋਂ ਸਿੱਖਿਆ ਵਿਭਾਗ ਅਧੀਨ ਬਣੀ ਪਿਕਟਸ ਸੁਸਾੲਟੀ ਵਿੱਚ ਕੰਪਿਊਟਰ ਅਧਿਆਪਕਾਂ ਨੂੰ ਪੰਜਾਬ ਸਿਵਲ ਸਰਵਿਸ ਸੇਵਾਵਾਂ ਤਹਿਤ ਰੈਗੂਲਰ ਕੀਤਾ ਗਿਆ। ਪਰ ਅੱਜ ਤੱਕ ਇਹ ਨੋਟੀਫਿਕੇਸ਼ਨ ਪੂਰਨ ਤੌਰ 'ਤੇ ਕੰਪਿਊਟਰ ਅਧਿਆਪਕਾਂ 'ਤੇ ਲਾਗੂ ਨਹੀ ਕੀਤਾ ਗਿਆ।

ਸਰਕਾਰ ਬਣਨ ਤੋਂ ਪਹਿਲਾਂ ਲਾਏ ਸੀ ਲਾਰੇ

ਉਨ੍ਹਾਂ ਕਿਹਾ ਕਿ ਭਾਗਵੰਤ ਮਾਨ ਸਰਕਾਰ ਦੇ ਵਿਧਾਇਕ, ਮੰਤਰੀ ਅਤੇ ਸੁਪਰੀਮੋ ਅਰਵਿੰਦਰ ਕੇਜਰੀਵਾਲ ਸੱਤਾ ਵਿੱਚ ਆਉਣ ਤੋਂ ਪਹਿਲਾ ਜੱਥੇਬੰਦੀ ਦੇ ਧਰਨਿਆਂ ਵਿੱਚ ਇਹ ਵਾਅਦੇ ਕਰਕੇ ਗਏ ਕਿ ਪੰਜਾਬ ਅੰਦਰ ਆਮ ਆਦਮੀ ਪਾਰਟੀ ਦੀ ਸਰਕਾਰ ਬਣਦੇ ਸਾਰ ਹੀ ਕੰਪਿਊਟਰ ਅਧਿਆਪਕਾਂ ਨੂੰ ਸਿੱਖਿਆ ਵਿਭਾਗ ਵਿੱਚ ਮਰਜ਼ ਕਰਕੇ ਉਹਨਾਂ ਨਾਲ ਨਿਆਂ ਕੀਤਾ ਜਾਵੇਗਾ। ਆਮ ਆਦਮੀ ਪਾਰਟੀ ਨੇ ਇਸ ਨੂੰ ਚੋਣ ਮਨੋਰਥ ਪੱਤਰ ਵਿੱਚ ਵੀ ਲਿਖਤੀ ਗਰੰਟੀ ਵਜੋਂ ਸ਼ਾਮਿਲ ਕੀਤਾ ਗਿਆ ਸੀ। ਭਾਵੇਂ 15 ਸਤੰਬਰ 2022 ਵਿੱਚ ਅਨੇਕਾਂ ਵਾਰ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅਖਬਾਰਾਂ, ਸ਼ੋਸ਼ਲ ਮੀਡੀਆ ਅਤੇ ਆਮ ਆਦਮੀ ਪਾਰਟੀ ਦੇ ਵੱਖ-2 ਮੰਚਾਂ 'ਤੇ ਕੰਪਿਊਟਰ ਅਧਿਆਪਕਾਂ ਨੁੰ ਦੀਵਾਲੀ ਦੇ ਮੌਕੇ 'ਤੇ ਬਣਦੇ ਲਾਭ ਦੇਣ ਦਾ ਐਲਾਨ ਕੀਤਾ ਸੀ, ਜੋ ਕਿ ਕੇਵਲ ਤਾਂ ਕੇਵਲ ਐਲਾਨ ਬਣ ਕੇ ਹੀ ਰਹਿ ਗਿਆ। ਜਿਸ ਨੂੰ ਅੱਜ ਤੱਕ ਅਮਲੀ ਰੂਪ ਵਿੱਚ ਲਾਗੂ ਨਹੀਂ ਕੀਤਾ ਗਿਆ।

ਕਈ ਵਾਰ ਮੰਤਰੀਆਂ ਨਾਲ ਕਰ ਚੁੱਕੇ ਮੀਟਿੰਗ

ਜ਼ਿਕਰਯੋਗ ਹੈ ਕਿ 55 ਤੋਂ ਵੱਧ ਮੀਟਿੰਗਾਂ ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਪੰਜਾਬ ਸਰਕਾਰ ਦੀ ਸਬ-ਕਮੇਟੀ ਦੇ ਨਾਲ ਕਰਨ ਉਪਰੰਤ ਵੀ ਕੰਪਿਊਟਰ ਅਧਿਆਪਕਾਂ ਦੀਆਂ ਜਾਇਜ਼ ਅਤੇ ਲੰਬਿਤ ਮੰਗਾਂ ਨੂੰ ਹੱਲ ਨਹੀਂ ਕੀਤਾ ਜਾ ਰਿਹਾ ਹੈ। ਜੱਥੇਬੰਦੀ ਦੇ ਆਗੂਆਂ ਨੇ ਜਾਣਕਾਰੀ ਦਿੰਦਿਆਂ ਕਿਹਾ ਕੰਪਿਊਟਰ ਅਧਿਆਪਕਾਂ ਦਾ 6ਵਾਂ ਤਨਖ਼ਾਹ ਕਮਿਸ਼ਨ, ਮਹਿੰਗਾਈ ਭੱਤਾ, ਏਸੀਪੀ ਅਤੇ ਹੋਰ ਵਿੱਤੀ ਲਾਭ ਜ਼ਬਰੀ ਰੋਕੇ ਹਨ, ਜਿਨ੍ਹਾਂ ਨੂੰ ਤੁਰੰਤ ਲਾਗੂ ਕੀਤੇ ਜਾਵੇ। ਜਦੋਂ ਕਿ ਉਪਰੋਕਤ ਲਾਭ ਪੰਜਾਬ ਦੇ ਬਾਕੀ ਸਾਰੇ ਮੁਲਾਜ਼ਮਾਂ ਨੂੰ ਦਿੱਤੇ ਜਾ ਚੁੱਕੇ ਹਨ ਪਰ ਕੰਪਿਊਟਰ ਅਧਿਆਪਕਾਂ ਨਾਲ ਮਤਰੇਈ ਮਾਂ ਵਾਲਾ ਸਲੂਕ ਕੀਤਾ ਜਾ ਰਿਹਾ ਹੈ।

ਕਈ ਅਧਿਆਪਕ ਫਾਨੀ ਸੰਸਾਰ ਨੂੰ ਆਖ ਚੁੱਕੇ ਅਲਵਿਦਾ

ਉਨ੍ਹਾਂ ਕਿਹਾ ਕਿ ਕੰਪਿਊਟਰ ਅਧਿਆਪਕਾਂ ਦੀ ਇੰਨੀ ਤਰਸਯੋਗ ਹਾਲਤ ਹੈ ਕਿ ਕੋਰੋਨਾ ਕਾਲ ਵਿੱਚ ਡਿਊਟੀ ਕਰਦਿਆਂ ਨੂੰ ਕੋਰੋਨਾ ਕਰਕੇ ਮੌਤ ਹੋ ਜਾਣ ਕਰਕੇ ਅਧਿਆਪਕਾਂ ਦੇ ਪਰਿਵਾਰ ਨੂੰ ਨੌਕਰੀ ਤਾਂ ਕੀ ਦੇਣੀ ਸੀ, ਉਹਨਾਂ ਦੇ ਆਸ਼ਰਿਤਾਂ ਦੀ ਇੱਕ ਧੇਲੇ ਦੀ ਵੀ ਆਰਥਿਕ ਸਹਾਇਤਾ ਨਹੀਂ ਕੀਤੀ ਅਤੇ ਵੱਖ-2 ਸਮੇਂ ਦੌਰਾਨ ਲੱਗਭਗ 100 ਦੇ ਕਰੀਬ ਕੰਪਿਊਟਰ ਅਧਿਆਪਕ ਇਸ ਫਾਨੀ ਸੰਸਾਰ ਨੂੰ ਅਲਵਿਦਾ ਕਹਿ ਗਏ। ਜਿਸ ਕਾਰਨ ਉਹਨਾਂ ਦੇ ਆਸ਼ਰਿਤ ਸੜਕਾਂ 'ਤੇ ਰੁੱਲਣ ਲਈ ਮਜ਼ਬੂਰ ਹੋ ਰਹੇ ਹਨ।

ਸਰਕਾਰ ਦੇ ਸ਼ੋਸ਼ਣ ਨੂੰ ਲੋਕਾਂ 'ਚ ਦੱਸਾਂਗੇ

ਉਹਨਾਂ ਕਿਹਾ ਕਿ ਰੋਸ ਪ੍ਰਦਰਸ਼ਨ ਦੌਰਾਨ 19 ਸਾਲਾ ਤੋਂ ਕੀਤੇ ਜਾ ਰਹੇ ਸ਼ੋਸ਼ਣ ਨੂੰ ਲੋਕਾਂ ਵਿੱਚ ਪ੍ਰਚਾਰਿਆ ਜਾਵੇਗਾ ਅਤੇ ਪੰਜਾਬ ਸਰਕਾਰ ਦਾ ਇਹ ਪੱਖ ਰੈਲੀ ਦੌਰਾਨ ਆਮ ਲੋਕਾਂ ਸਾਹਮਣੇ ਉਜਾਗਰ ਕਰਕੇ ਕੰਪਿਊਟਰ ਅਧਿਆਪਕ ਵਿਰੋਧੀ ਪੰਜਾਬ ਸਰਕਾਰ ਦੇ ਚਿਹਰੇ ਨੂੰ ਪੇਸ਼ ਕੀਤਾ ਜਾਵੇਗਾ। ਉਹਨਾਂ ਕਿਹਾ ਕਿ ਜੇਕਰ ਜਲਦ ਤੋਂ ਜਲਦ ਕੰਪਿਊਟਰ ਅਧਿਆਪਕਾਂ ਦੇ ਮਸਲੇ ਹੱਲ ਨਾ ਕੀਤੇ ਗਏ ਤਾਂ ਆਉਣ ਵਾਲੇ ਦਿਨਾਂ ਵਿੱਚ ਪੰਜਾਬ ਸਰਕਾਰ ਦੇ ਵਿਧਾਇਕਾਂ, ਮੰਤਰੀ ਅਤੇ ਮੁੱਖ ਮੰਤਰੀ ਪੰਜਾਬ ਦਾ ਹਰ ਮੰਚ 'ਤੇ ਵਿਰੋਧ ਕੀਤਾ ਜਾਵੇਗਾ, ਜਿਸ ਲਈ ਪੂਰੀ ਤਰਾਂ ਪੰਜਾਬ ਸਰਕਾਰ ਦੀ ਜ਼ਿੰਮੇਵਾਰੀ ਹੋਵੇਗੀ।

ABOUT THE AUTHOR

...view details