CONGRESS HELD A PRESS CONFERENCE ਚੰਡੀਗੜ੍ਹ:ਲੋਕ ਸਭਾ ਚੋਣਾਂ 2024 ਦੇ ਮੱਦੇਨਜ਼ਰ ਬੀਤੇ ਦਿਨੀਂ ਕਾਂਗਰਸ ਨੇ ਆਪਣਾ ਚੋਣ ਮਨੋਰਥ ਪੱਤਰ ਜਾਰੀ ਕੀਤਾ ਗਿਆ ਸੀ। ਕਾਂਗਰਸ ਨੇ ਇਸ ਚੋਣ ਮਨੋਰਥ ਪੱਤਰ ਵਿੱਚ ਨਿਆਂ ਦੇ ਪੰਜ ਥੰਮਾਂ ਅਤੇ ‘ਪੰਜ ਨਿਆਂ’ ਤੇ 25 ਗਾਰੰਟੀਆਂ ਸ਼ਾਮਲ ਹਨ, ਜਿਨ੍ਹਾਂ ਵਿੱਚ ਸਿਖਲਾਈ ਦਾ ਕਾਨੂੰਨ, ਐਮਐਸਪੀ ਦੀ ਕਾਨੂੰਨੀ ਗਾਰੰਟੀ, ਰਾਖਵੇਂਕਰਨ ਤੋਂ 50% ਦੀ ਹੱਦ ਹਟਾਉਣ ਲਈ ਸੰਵਿਧਾਨਕ ਸੋਧ, ਦੇਸ਼ ਭਰ ਵਿਚ ਜਾਤੀ ਆਧਾਰਤ ਜਨਗਣਨਾ ਕਰਵਾਉਣ ਅਤੇ ਅਗਨੀਪੱਥਯੋਜਨਾ ਰੱਦ ਕਰਨ ਸਮੇਤ ਹੋਰ ਕਈ ਵਾਅਦੇ ਕੀਤੇ ਗਏ ਹਨ। ਹਾਲ ਹੀ ਵਿੱਚ ਕਾਂਗਰਸ ਵੱਲੋਂ ਚੰਡੀਗੜ੍ਹ ਵਿਖੇ ਚੋਣ ਮੈਨੀਫੈਸਟੋ ਸਬੰਧੀ ਇੱਕ ਪ੍ਰੈਸ ਕਾਨਫਰੰਸ ਕੀਤੀ ਹੈ, ਜਿਸ ਵਿੱਚ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਸੀਨੀਅਰ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ, ਪੰਜਾਬ ਕਾਂਗਰਸ ਇੰਚਾਰਜ ਦੇਵੇਂਦਰ ਯਾਦਵ ਆਦਿ ਦਿੱਗਜ਼ ਆਗੂਆਂ ਨੇ ਸ਼ਮੂਲੀਅਤ ਕੀਤੀ।
ਇਸ ਮੌਕੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਅੱਜ ਸਾਰਾ ਦੇਸ਼ ਰਾਹੁਲ ਗਾਂਧੀ ਦੇ ਚੋਣ ਮਨੋਰਥ ਪੱਤਰ ਦੀ ਸ਼ਲਾਘਾ ਕਰ ਰਿਹਾ ਹੈ। ਕਾਂਗਰਸ ਦਾ ਚੋਣ ਮਨੋਰਥ ਪੱਤਰ ਆਮ ਲੋਕਾਂ ਦੀ ਭਲਾਈ ਲਈ ਬਣਾਇਆ ਗਿਆ ਹੈ। ਨਿਆ ਪੱਤਰ ਵਿੱਚ ਪੰਜਾਬ ਨਾਲ ਸਬੰਧਤ ਸਾਰੇ ਮੁੱਦੇ ਸ਼ਾਮਲ ਕੀਤੇ ਗਏ ਹਨ। ਇਸ ਵਿੱਚ ਕਿਸਾਨਾਂ ਅਤੇ ਖੇਤੀਬਾੜੀ ਨਾਲ ਸਬੰਧਤ ਸਾਰੇ ਮੁੱਦਿਆਂ ਨੂੰ ਸ਼ਾਮਲ ਕੀਤਾ ਗਿਆ ਹੈ। ਇਸ ਮੌਕੇ ਉਹਨਾਂ ਕਾਂਗਰਸ ਦੀ ਉੱਚ ਲੀਡਰਸ਼ਿਪ ਅਤੇ ਮੈਨੀਫੈਸਟੋ ਕਮੇਟੀ ਦਾ ਧੰਨਵਾਦ ਕੀਤਾ। ਅਖੀਰ ਉਹਨਾਂ ਕਿਹਾ ਕਿ ਕਾਂਗਰਸ ਸਿਰਫ਼ ਦਾਅਵੇ ਹੀ ਨਹੀਂ ਕਰਦੀ, ਉਹ ਸਾਬਤ ਕਰਦੀ ਹੈ।
ਇਸ ਮੌਕੇ ਸੀਨੀਅਰ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਦੇਸ਼ ਦੇ ਲੋਕ ਕੇਂਦਰ ਸਰਕਾਰ ਦੀ ਮਹਿੰਗਾਈ, ਭ੍ਰਿਸ਼ਟਾਚਾਰ ਅਤੇ ਬੇਰੁਜ਼ਗਾਰੀ ਤੋਂ ਦੁਖੀ ਹਨ। ਕਿਸਾਨਾਂ ਨਾਲ ਹੋਈ ਬੇਇਨਸਾਫ਼ੀ ਨੂੰ ਦੇਸ਼ ਦੇ ਕਿਸਾਨ ਭੁੱਲ ਨਹੀਂ ਸਕਦੇ, ਜਿਸ ਦਾ ਜਵਾਬ ਦੇਸ਼ ਦੀ ਜਨਤਾ ਭਾਜਪਾ ਨੂੰ ਜਰੂਰ ਦੇਵੇਗੀ। ਉਹਨਾਂ ਕਿਹਾ ਕਿ ਅਸੀਂ ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਅਨੁਸਾਰ ਐਮਐਸਪੀ ਦੇਵਾਂਗੇ। ਲੋਕ ਪੁੱਛਦੇ ਹਨ ਕਿ ਜਦੋਂ ਕਾਂਗਰਸ ਦੀ ਸਰਕਾਰ ਸੀ ਤਾਂ ਇਸ ਰਿਪੋਰਟ ਨੂੰ ਲਾਗੂ ਕਿਉਂ ਨਹੀਂ ਕੀਤਾ ਗਿਆ। ਉਹਨਾਂ ਕਿਹਾ ਕਿ ਸਾਡਾ ਇਹ ਵੀ ਮੰਨਣਾ ਹੈ ਕਿ ਜੇਕਰ ਅਸੀਂ ਇਸ ਰਿਪੋਰਟ ਦੇ ਆਧਾਰ 'ਤੇ ਐਮ.ਐਸ.ਪੀ ਦਿੱਤੀ ਹੁੰਦੀ ਤਾਂ ਸਾਨੂੰ 10 ਸਾਲ ਤਕ ਦੁੱਖ ਨਾ ਝੱਲਣਾ ਪੈਂਦਾ। ਕਦੇ ਨਾਲ ਹੀ ਸਹੀ ਪਰ ਅਸੀਂ ਕਿਸਾਨਾਂ ਦੀ ਇਸ ਮੰਗ ਨੂੰ ਪੂਰਾ ਕਰਾਂਗੇ।
ਇਸ ਮੌਕੇ ਪ੍ਰਤਾਪ ਬਾਜਵਾ ਨੇ ਆਮ ਆਦਮੀ ਪਾਰਟੀ 'ਤੇ ਤੰਜ ਕਸਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਉਮੀਦਵਾਰ ਖਾਲੀ ਹੱਥਾਂ ਨਾਲ ਭੱਜ ਰਹੇ ਹਨ, ਆਮ ਆਦਮੀ ਪਾਰਟੀ ਜਲਦੀ ਹੀ ਖਤਮ ਹੋ ਜਾਵੇਗੀ ਅਰਵਿੰਦ ਕੇਜਰੀਵਾਲ ਬਾਰੇ ਪੁੱਛੇ ਸਵਾਲਾਂ 'ਤੇ ਉਹਨਾਂ ਕਿਹਾ ਕਿ ਉਹ ਸਿਰਫ਼ ਦਿੱਲੀ ਤੱਕ ਹੀ ਸੀਮਤ ਕਿਉਂ ਹਨ, ਉਨ੍ਹਾਂ ਨੂੰ ਪੰਜਾਬ ਬਾਰੇ ਵੀ ਸੋਚਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਚੀਮਾ ਅੱਜ ਕੱਲ੍ਹ ਨੀਂਦ ਨਹੀਂ ਆ ਰਹੀ।
ਇਸ ਮੌਕੇ ਪੰਜਾਬ ਕਾਂਗਰਸ ਇੰਚਾਰਜ ਦੇਵੇਂਦਰ ਯਾਦਵ ਨੇ ਕਿਹਾ ਹੈ ਕਿ ਉਹ ਬਹੁਤ ਖੁਸ਼ ਹਨ, ਕਿਉਂਕਿ ਜੋ ਕਾਂਗਰਸ ਦੀ ਲੀਡਰਸ਼ਿਪ ਵੱਲੋਂ ਚੋਣ ਮਨੋਰਥ ਪੱਤਰ ਬਣਾਇਆ ਗਿਆ ਹੈ, ਉਹ ਪੰਜਾਬ ਦੇ ਮੁੱਖ ਮੁੱਦਿਆਂ ਨੂੰ ਲੈ ਕੇ ਬਣਾਇਆ ਗਿਆ ਹੈ। ਚੋਣ ਮਨੋਰਥ ਪੱਤਰ ਹਰ ਵਰਗ ਦੇ ਲੋਕਾਂ ਦੀ ਗੱਲ ਕੀਤੀ ਗਈ ਹੈ। ਪਾਰਟੀ ਵੱਲੋਂ ਉਮੀਦਵਾਰਾਂ ਦੀ ਲੀਸਟ ਜਾਰੀ ਕਰਨ ਸੰਬੰਧੀ ਪੁੱਛੇ ਸਵਾਲ ਦੇ ਜਵਾਬ ਵਿੱਚ ਉਹਨਾਂ ਕਿਹਾ ਕਿ ਆਉਣ ਵਾਲੇ 10 ਦਿਨਾਂ ਦੇ ਵਿੱਚ ਲੀਸਟ ਜਾਰੀ ਕਰ ਦਿੱਤੀ ਜਾਵੇਗੀ। ਉਹਨਾਂ ਕਿਹਾ ਕਿ ਅਸੀਂ ਲੋਕ ਸਭਾ ਚੋਣਾਂ ਲੜਨ ਲਈ ਪੁੂਰੀ ਤਰਾਂ ਤਿਆਰ ਹਾਂ ਅਤੇ ਉਹਨਾਂ ਨੂੰ ਪੂਰਾ ਵਿਸ਼ਵਾਸ਼ ਹੈ ਕਿ ਇਸ ਵਾਰ ਲੋਕ ਕਾਂਗਰਸ ਨਾਲ ਹੀ ਖੜੇ ਹਨ।