ਅੰਮ੍ਰਿਤਸਰ:ਬੀਤੇ ਦਿਨੀਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਨੇੜੇ ਡਾ. ਭੀਮ ਰਾਓ ਅੰਬੇਡਕਰ ਦੀ ਮੂਰਤੀ ਨੂੰ ਇੱਕ ਵਿਅਕਤੀ ਵੱਲੋਂ ਹਥੌੜੇ ਮਾਰ-ਮਾਰ ਕੇ ਤੋੜਨ ਦੀ ਕੋਸ਼ਿਸ਼ ਕੀਤੀ ਗਈ। ਇਸ ਘਟਨਾ ਨੇ ਹਰ ਪਾਸੇ ਹਲਚਲ ਮਚਾ ਦਿੱਤੀ ਹੈ ਕਿ ਗਣਤੰਤਰ ਦਿਹਾੜੇ ਮੌਕੇ ਅਜਿਹੀ ਕੋਝੀ ਹਰਕਤ ਹੋਣਾ ਬੇਹੱਦ ਨਿੰਦਣਯੋਗ ਹੈ। ਇਸ ਘਟਨਾ ਤੋਂ ਬਾਅਦ ਸਥਾਨਕ ਲੋਕਾਂ ਨੇ ਉਕਤ ਨੌਜਵਾਨ ਨੁੰ ਕਾਬੂ ਕਰਕੇ ਪੁਲਿਸ ਦੇ ਹਵਾਲੇ ਕਰ ਦਿੱਤਾ, ਪਰ ਇਸ ਘਟਨਾ ਤੋਂ ਬਾਅਦ ਸਿਆਸੀ ਪਾਰਟੀਆਂ ਵੱਲੋਂ ਸੂਬਾ ਸਰਕਾਰ ਨੂੰ ਨਿਸ਼ਾਨੇ 'ਤੇ ਲਿਆ ਜਾ ਰਿਹਾ ਹੈ।
ਵਿਰੋਧੀ ਧਿਰ ਦੇ ਸਾਧੇ ਨਿਸ਼ਾਨੇ ’ਤੇ ਮਾਨ ਸਰਕਾਰ
ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ "ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ 'ਚ ਇਹ ਘਟਨਾ ਕੋਈ ਨਵੀਂ ਨਹੀਂ ਹੈ। ਇਸ ਤੋਂ ਪਹਿਲਾਂ ਵੀ ਅਜਿਹੇ ਕਈ ਮਾਮਲੇ ਸਾਹਮਣੇ ਆ ਚੁੱਕੇ ਹਨ। ਕਦੇ ਬਾਰਡਰ 'ਤੇ ਤਸਕਰੀ ਹੁੰਦੀ ਹੈ, ਕਦੇ ਸਰਹੱਦੀ ਖੇਤਰਾਂ 'ਚ ਬੰਬ ਧਮਾਕੇ ਹੁੰਦੇ ਹਨ, ਜਿੰਨ੍ਹਾਂ ਨੂੰ ਸਰਕਾਰ ਵੱਲੋਂ ਕੁਝ ਹੋਰ ਰੂਪ ਦੇਣ ਦੀ ਕੋਸ਼ਿਸ਼ ਕੀਤੀ ਜਾਂਦੀ ਹੈ।" ਇਸ ਦੇ ਨਾਲ ਹੀ ਪੰਜਾਬ 'ਚ ਨਿੱਤ ਦਿਨ ਗੋਲੀਆਂ ਚੱਲਣ ਦੇ ਮਾਮਲੇ ਸਾਹਮਣੇ ਆ ਰਹੇ ਹਨ। ਇਸ ਲਈ ਸਾਫ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਸਰਕਾਰ ਚਲਾਉਣ 'ਚ ਅਸਫਲ ਹਨ। ਲੋਕਾਂ ਨੂੰ ਪੰਜਾਬ ਦੇ ਲਾਅ ਐਂਡ ਆਰਡਰ 'ਤੇ ਭਰੋਸਾ ਨਹੀਂ ਹੈ। ਇਸ ਦੇ ਨਾਲ ਹੀ ਪ੍ਰਤਾਪ ਸਿੰਘ ਬਾਜਵਾ ਨੇ ਇਲਜ਼ਾਮ ਲਾਉਂਦੇ ਹੋਏ ਕਿਹਾ ਕਿ ਅਜਿਹੀਆਂ ਘਟਨਾਵਾਂ ਪੰਜਾਬ ਸਰਕਾਰ ਦੀ ਸ਼ਹਿ ਉੱਤੇ ਹੀ ਹੋ ਰਹੀਆਂ ਹਨ ਅਤੇ ਇਨ੍ਹਾਂ ਦਾ ਜਲਦ ਹੀ ਪਰਦਾਫਾਸ਼ ਹੋਣਾ ਚਾਹੀਦਾ ਹੈ।
'ਫੇਲ੍ਹ ਹੈ ਪੰਜਾਬ ਸਰਕਾਰ'
ਇਸ ਮੌਕੇ ਸਾਂਸਦ ਗੁਰਜੀਤ ਔਜਲਾ ਨੇ ਵੀ ਪੰਜਾਬ ਸਰਕਾਰ 'ਤੇ ਨਿਸ਼ਾਨਾ ਸਾਧਿਆ। ਉਨ੍ਹਾਂ ਕਿਹਾ ਕਿ ਸੰਵਿਧਾਨ ਦੇ ਸਿਰਜਨਹਾਰ ਨੂੰ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਕੀਤੀ ਗਈ ਹੈ। ਇਸ ਨੂੰ ਦੇਖਦੇ ਹੋਏ ਸਾਫ ਕਿਹਾ ਜਾ ਸਕਦਾ ਹੈ ਕਿ ਪੰਜਾਬ ਸਰਕਾਰ ਦਾ ਇਹ ਫੇਲੀਅਰ ਹੈ ਜੋ ਅਜਿਹੀਆਂ ਘਟਨਾਵਾਂ ਹੋ ਰਹੀਆਂ ਹਨ। ਇੰਨੀਂ ਵੱਡੀ ਘਟਨਾ ਹੋ ਗਈ, ਪਰ ਕੈਬਨਿਟ ਮੀਟਿੰਗ ਨਹੀਂ ਸੱਦੀ ਗਈ ਇਹ ਮੰਦਭਾਗਾ ਹੈ। ਔਜਲਾ ਨੇ ਕਿਹਾ ਕਿ ਮਾਨ ਸਰਕਾਰ ਸ਼ਹੀਦ ਭਗਤ ਸਿੰਘ ਅਤੇ ਭੀਮ ਰਾਓ ਅੰਬੇਡਕਰ ਨੂੰ ਆਪਣਾ ਆਈਡਲ ਮੰਨ ਕੇ ਚਲਦੀ ਹੈ, ਪਰ ਅੱਜ ਇਸ ਘਟਨਾ 'ਤੇ ਕੋਈ ਜਵਾਬ ਨਹੀਂ ਹੈ।