ਬਠਿੰਡਾ: ਪਿਛਲੇ 17 ਸਾਲਾਂ ਤੋਂ ਪਸ਼ੂ ਪਾਲਣ ਵਿਭਾਗ ਵਿੱਚ ਕੱਚੇ ਕਾਮੇ ਦੇ ਤੌਰ 'ਤੇ ਕੰਮ ਕਰ ਰਹੇ ਵੈਟਨਰੀ ਫਾਰਮਸਿਸਟਾਂ ਵੱਲੋਂ ਅੱਜ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਦੇ ਦਫਤਰ ਅੱਗੇ ਧਰਨਾ ਦੇ ਕੇ ਜ਼ੋਰਦਾਰ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਧਰਨਾਕਾਰੀਆਂ ਦਾ ਕਹਿਣਾ ਸੀ ਕਿ ਸਰਕਾਰ ਵੱਲੋਂ ਉਨਾਂ ਦੀਆਂ ਮੰਗਾਂ ਵੱਲ ਕਿਸੇ ਤਰ੍ਹਾਂ ਦਾ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ।
ਸਰਕਾਰ 'ਤੇ ਮੰਗਾਂ ਨਾ ਮੰਨਣ ਦਾ ਇਲਜ਼ਾਮ:ਇਸ ਮੌਕੇ ਵੈਟਨਰੀ ਫਾਰਮਸਿਸਟ ਯੂਨੀਅਨ ਦੇ ਸੂਬਾ ਪ੍ਰਧਾਨ ਗੁਰਪ੍ਰੀਤ ਸਿੰਘ ਰੋਮਾਣਾ ਨੇ ਕਿਹਾ ਕਿ ਉਹ ਪਿਛਲੇ 17 ਸਾਲਾਂ ਤੋਂ ਪਸ਼ੂ ਪਾਲਣ ਵਿਭਾਗ ਵਿੱਚ ਕੱਚੇ ਕਾਮਿਆਂ ਦੇ ਤੌਰ 'ਤੇ ਕੰਮ ਕਰ ਰਹੇ ਹਨ। ਇਸ ਦੌਰਾਨ ਜੋ ਤਨਖਾਹ ਉਹਨਾਂ ਨੂੰ ਦਿੱਤੀ ਜਾ ਰਹੀ ਹੈ, ਉਸ ਨਾਲ ਉਹਨਾਂ ਦਾ ਗੁਜ਼ਾਰਾ ਨਹੀਂ ਹੋ ਸਕਦਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਅਤੇ ਸਬੰਧਿਤ ਵਿਭਾਗ ਵੱਲੋਂ ਵਾਰ-ਵਾਰ ਉਨ੍ਹਾਂ ਦੀਆਂ ਫਾਈਲਾਂ ਮੰਗਵਾਈਆਂ ਜਾ ਰਹੀਆਂ ਹਨ ਪਰ ਇਹਨਾਂ ਫਾਈਲਾਂ 'ਤੇ ਹਸਤਾਖਰ ਨਹੀਂ ਕੀਤੇ ਜਾ ਰਹੇ ਹਨ। ਜਿਸ ਕਾਰਨ ਉਹਨਾਂ ਨੂੰ ਵੱਡੀਆਂ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।