ਚੰਡੀਗੜ੍ਹ/ਸੰਗਰੂਰ:ਸੂਬੇ ਵਿੱਚ ਛੋਟੇ ਅਪਰਾਧਾਂ 'ਤੇ ਕਾਬੂ ਪਾਉਣ ਅਤੇ ਨਸ਼ਿਆਂ ਦੇ ਖਾਤਮੇ ਸਬੰਧੀ ਪੰਜਾਬ ਪੁਲਿਸ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਸਾਰੇ ਫੀਲਡ ਅਧਿਕਾਰੀਆਂ ਨੂੰ ਨਾਗਰਿਕਾਂ ਦੀ ਸੁਰੱਖਿਆ ਨੂੰ ਪ੍ਰਭਾਵਿਤ ਕਰਨ ਵਾਲੇ ਅਪਰਾਧਾਂ ਖਾਸ ਕਰਕੇ ਜਬਰੀ ਵਸੂਲੀ ਦੀਆਂ ਕਾਲਾਂ, ਲੁੱਟ-ਖੋਹ, ਚੋਰੀ, ਅਤੇ ਚੋਰੀ ਦੇ ਇਰਾਦੇ ਨਾਲ ਘੁਸਪੈਠ ਦੀਆਂ ਵਾਰਦਾਤਾਂ ਨੂੰ ਨੱਥ ਪਾਉਣ ਅਤੇ ਵਿਕਰੀ ਦੇ ਪੱਧਰ 'ਤੇ ਨਸ਼ਿਆਂ ਵਿਰੁੱਧ ਕਾਰਵਾਈ ਕਰਨ ਲਈ ਸਾਰੇ ਤੰਤਰਾਂ ਦੀ ਵਰਤੋਂ ਕਰਨ ਲਈ ਕਿਹਾ।
ਛੋਟੇ ਅਪਰਾਧਾਂ ਵਿੱਚ ਤੁਰੰਤ ਐਫਆਈਆਰ ਦਰਜ
ਉਨ੍ਹਾਂ ਕਿਹਾ ਕਿ ਪੁਲਿਸ ਕਰਮਚਾਰੀਆਂ ਨੂੰ ਬਿਨ੍ਹਾਂ ਕਿਸੇ ਦੇਰੀ ਤੋਂ ਲੁੱਟ-ਖੋਹ ਸਮੇਤ ਛੋਟੇ ਅਪਰਾਧਾਂ ਵਿੱਚ ਤੁਰੰਤ ਐਫਆਈਆਰ ਦਰਜ ਕਰਨੀ ਚਾਹੀਦੀ ਹੈ। ਉਨ੍ਹਾਂ ਅੱਗੇ ਕਿਹਾ ਕਿ ਕਿਸੇ ਵੀ ਤਰ੍ਹਾਂ ਦੀ ਢਿੱਲ-ਮੱਠ ਦੀ ਸੂਰਤ ਵਿੱਚ ਸਬੰਧਤ ਅਧਿਕਾਰੀਆਂ, ਚਾਹੇ ਐਸਐਸਪੀ, ਡੀਐਸਪੀ ਜਾਂ ਐਸਐਚਓ ਹੋਵੇ, ਨੂੰ ਜਿੰਮੇਵਾਰ ਠਹਿਰਾਇਆ ਜਾਵੇਗਾ।
ਉੱਚ ਪੱਧਰੀ ਸਮੀਖਿਆ ਮੀਟਿੰਗ
ਡੀਜੀਪੀ ਗੌਰਵ ਯਾਦਵ ਜਿਹਨਾਂ ਦੇ ਨਾਲ ਡੀਆਈਜੀ ਪਟਿਆਲਾ ਰੇਂਜ ਮਨਦੀਪ ਸਿੰਘ ਸਿੱਧੂ ਸ਼ਾਮਲ ਸਨ, ਪੰਚਾਇਤੀ ਚੋਣਾਂ ਤੋਂ ਪਹਿਲਾ ਕਾਰਗੁਜ਼ਾਰੀ ਅਤੇ ਅਮਨ-ਕਾਨੂੰਨ ਦੀ ਸਥਿਤੀ ਦਾ ਜਾਇਜ਼ਾ ਲੈਣ ਪੁਲਿਸ ਲਾਈਨ ਸੰਗਰੂਰ ਵਿਖੇ ਪਟਿਆਲਾ ਰੇਂਜ ਦੇ ਸਮੂਹ ਅਧਿਕਾਰੀਆਂ- ਪਟਿਆਲਾ, ਮਲੇਰਕੋਟਲਾ, ਸੰਗਰੂਰ ਅਤੇ ਬਰਨਾਲਾ- ਨਾਲ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ। ਮੀਟਿੰਗ ਵਿੱਚ ਐਸਐਸਪੀ ਪਟਿਆਲਾ ਨਾਨਕ ਸਿੰਘ, ਐਸਐਸਪੀ ਸੰਗਰੂਰ ਸਰਤਾਜ ਚਾਹਲ, ਐਸਐਸਪੀ ਬਰਨਾਲਾ ਸੰਦੀਪ ਮਲਿਕ ਅਤੇ ਐਸਐਸਪੀ ਮਾਲੇਰਕੋਟਲਾ ਗਗਨ ਅਜੀਤ ਸਿੰਘ ਵੀ ਮੌਜੂਦ ਸਨ।
ਲੁੱਟ-ਖੋਹ ਅਤੇ ਨਸ਼ਿਆਂ ਦੀ ਵਿਕਰੀ ਦੇ ਹੌਟਸਪੌਟਸ
ਉਨ੍ਹਾਂ ਕਿਹਾ ਕਿ ਇਸ ਟੀਚੇ ਦੀ ਪ੍ਰਾਪਤੀ ਲਈ ਸੂਬੇ ਭਰ ਵਿੱਚ ਲੁੱਟ-ਖੋਹ ਅਤੇ ਨਸ਼ਿਆਂ ਦੀ ਵਿਕਰੀ ਦੇ ਹੌਟਸਪੌਟਸ 'ਤੇ ਕਲੋਜ਼ਡ ਸਰਕਟ ਟੈਲੀਵਿਜ਼ਨ (ਸੀ.ਸੀ.ਟੀ.ਵੀ.) ਕੈਮਰਿਆਂ ਦੀ ਗਿਣਤੀ ਵਧਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਅਸਲ ਸਮੇਂ ਦੀ ਨਿਗਰਾਨੀ ਲਈ ਜ਼ਿਲ੍ਹਾ ਅਤੇ ਸਬ-ਡਵੀਜ਼ਨ ਪੱਧਰ 'ਤੇ ਕੰਟਰੋਲ ਰੂਮ ਸਥਾਪਿਤ ਕੀਤੇ ਜਾ ਰਹੇ ਹਨ। ਡੀਜੀਪੀ ਨੇ ਐਸਐਸਪੀਜ਼ ਨੂੰ ਅਜਿਹੇ ਅਪਰਾਧੀਆਂ ਨਾਲ ਸਖ਼ਤੀ ਨਾਲ ਨਜਿੱਠਣ ਅਤੇ ਨਸ਼ੀਲੇ ਪਦਾਰਥਾਂ ਦੇ ਸਪਲਾਇਰਾਂ ਵੱਲੋਂ ਗੈਰ-ਕਾਨੂੰਨੀ ਢੰਗ ਨਾਲ ਹਾਸਲ ਕੀਤੀਆਂ ਜਾਇਦਾਦਾਂ ਨੂੰ ਫ੍ਰੀਜ਼ ਕਰਨ ਲਈ ਐਨਡੀਪੀਐਸ ਦੀ ਧਾਰਾ 68ਐਫ ਦੀ ਵੱਧ ਤੋਂ ਵੱਧ ਵਰਤੋਂ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।
ਸੇਫ਼ ਪੰਜਾਬ ਐਂਟੀ ਡਰੱਗ ਹੈਲਪਲਾਈਨ
ਉਨ੍ਹਾਂ ਨੇ ਪੁਲਿਸ ਅਧਿਕਾਰੀਆਂ ਨੂੰ ਨਵੀਂ ਸ਼ੁਰੂ ਕੀਤੀ ‘ਸੇਫ਼ ਪੰਜਾਬ ਐਂਟੀ ਡਰੱਗ ਹੈਲਪਲਾਈਨ -9779100200’ ਰਾਹੀਂ ਪ੍ਰਾਪਤ ਹੋਈਆਂ ਸੂਚਨਾਵਾਂ ’ਤੇ ਤੁਰੰਤ ਕਾਰਵਾਈ ਕਰਨ ਲਈ ਵੀ ਕਿਹਾ। ਇਸ ਹੈਲਪਲਾਈਨ ਰਾਹੀਂ ਨਾਗਰਿਕ ਗੁਪਤ ਰੂਪ ਵਿੱਚ ਨਸ਼ਾ ਤਸਕਰਾਂ ਸਬੰਧੀ ਰਿਪੋਰਟ ਕਰ ਸਕਦੇ ਹਨ।
ਸੁਤੰਤਰ ਅਤੇ ਨਿਰਪੱਖ ਚੋਣਾਂ ਯਕੀਨੀ ਬਣਾਉਣ
ਪੰਚਾਇਤੀ ਚੋਣਾਂ ਤੋਂ ਪਹਿਲਾਂ ਡੀਜੀਪੀ ਗੌਰਵ ਯਾਦਵ ਨੇ ਸੂਬੇ ਭਰ ‘ਚ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਅਧਿਕਾਰੀਆਂ ਨੂੰ ਸੁਤੰਤਰ ਅਤੇ ਨਿਰਪੱਖ ਚੋਣਾਂ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਉਹਨਾਂ ਹਿੰਸਾ ਮੁਕਤ ਚੋਣਾਂ ਕਰਵਾਉਣ ਦੇ ਮੱਦੇਨਜ਼ਰ ਕਿਸੇ ਵੀ ਕਾਨੂੰਨ ਵਿਵਸਥਾ ਦੀ ਸਥਿਤੀ ਨਾਲ ਨਜਿੱਠਣ ਲਈ ਲੋੜੀਂਦੀ ਫੋਰਸ ਰਾਖਵੀਂ ਰੱਖਣ ’ਤੇ ਜ਼ੋਰ ਦਿੱਤਾ।
ਤਕਨਾਲੋਜੀ ਦੀ ਵਰਤੋਂ ਕਰਨ
ਮੀਟਿੰਗ ਦੌਰਾਨ ਐਸ.ਐਸ.ਪੀਜ਼ ਨੂੰ ਅਪਰਾਧੀਆਂ ਦੇ ਅਪਰਾਧਿਕ ਪਿਛੋਕੜ ਸਬੰਧੀ ਵੇਰਵੇ ਜੁਟਾਉਣ, ਹਿੰਸਕ ਅਪਰਾਧਾਂ ਵਿਰੁੱਧ ਮਿਸਾਲੀ ਕਾਰਵਾਈ ਕਰਨ, ਨਿਗਰਾਨੀ ਵਧਾਉਣ, ਅਪਰਾਧਾਂ ਦਾ ਪਤਾ ਲਗਾਉਣ ਲਈ ਤਕਨਾਲੋਜੀ ਦੀ ਵਰਤੋਂ ਕਰਨ ਅਤੇ ਨਸ਼ਾ ਤਸਕਰਾਂ ਦੀਆਂ ਸੰਪਤੀਆਂ ਜ਼ਬਤ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਉਨ੍ਹਾਂ ਐਸ.ਐਸ.ਪੀਜ਼ ਨੂੰ ਅਪਰਾਧੀਆਂ ਤੋਂ ਨਿੱਜੀ ਤੌਰ ’ਤੇ ਪੁੱਛਗਿੱਛ ਕਰਨ ਲਈ ਵੀ ਕਿਹਾ। ਜ਼ਿਕਰਯੋਗ ਹੈ ਕਿ ਡੀਜੀਪੀ ਪੰਜਾਬ ਨੇ ਜ਼ਮੀਨੀ ਪੱਧਰ ’ਤੇ ਅਧਿਕਾਰੀਆਂ ਨੂੰ ਦਰਪੇਸ਼ ਵਿਹਾਰਕ ਮੁੱਦਿਆਂ ਨੂੰ ਸਮਝਣ ਲਈ ਸਾਰੇ ਅਧਿਕਾਰੀਆਂ ਤੋਂ ਫੀਡਬੈਕ ਵੀ ਲਈ। ਉਨ੍ਹਾਂ ਨੇ ਐਸ.ਐਸ.ਪੀਜ਼. ਨੂੰ ਸਾਰੇ ਸਬ-ਡਵੀਜ਼ਨਲ ਡੀਐਸਪੀਜ਼ ਅਤੇ ਸਟੇਸ਼ਨ ਹਾਊਸ ਅਫ਼ਸਰਾਂ (ਐਸ.ਐਚ.ਓਜ਼.) ਨਾਲ ਹਫ਼ਤਾਵਾਰੀ ਅਪਰਾਧ ਸਮੀਖਿਆ ਮੀਟਿੰਗਾਂ ਕਰਨ ਲਈ ਕਿਹਾ।