ਬਠਿੰਡਾ:ਪਿਛਲੇ ਕਰੀਬ ਇੱਕ ਹਫਤੇ ਵਿੱਚ ਲਗਾਤਾਰ ਨੌਜਵਾਨਾਂ ਦੀਆਂ ਹੋਈਆਂ ਪੰਜ ਮੌਤਾਂ ਨੇ ਪੁਲਿਸ ਦੀ ਕਾਰਗੁਜ਼ਾਰੀ 'ਤੇ ਸਵਾਲ ਖੜੇ ਕਰ ਦਿੱਤੇ ਹਨ। ਇਹਨਾਂ ਪੰਜ ਮੌਤਾਂ ਨੂੰ ਜਿੱਥੇ ਨਸ਼ੇ ਨਾਲ ਜੋੜ ਕੇ ਵੇਖਿਆ ਜਾ ਰਿਹਾ ਹੈ, ਉਥੇ ਹੀ ਆਮ ਪਬਲਿਕ ਵਿੱਚ ਨਸ਼ੇ ਦੇ ਵੱਧ ਰਹੇ ਪ੍ਰਕੋਪ ਨੂੰ ਵੇਖਦਿਆਂ ਰੋਸ ਵੱਧਦਾ ਜਾ ਰਿਹਾ ਸੀ। ਲਗਾਤਾਰ ਹੋਈਆਂ ਮੌਤਾਂ ਤੋਂ ਬਾਅਦ ਐਸਐਸਪੀ ਬਠਿੰਡਾ ਦੀਪਕ ਪਾਰਿਕ ਨੇ ਕਿਹਾ ਕਿ ਨਸ਼ੇ ਖਿਲਾਫ ਬਠਿੰਡਾ ਪੁਲਿਸ ਵੱਲੋਂ ਵੱਡੇ ਪੱਧਰ 'ਤੇ ਕਾਰਵਾਈ ਕੀਤੀ ਗਈ ਹੈ ਅਤੇ ਪਿਛਲੇ ਕਈ ਦਿਨਾਂ ਵਿੱਚ ਵੱਡੀ ਗਿਣਤੀ ਵਿੱਚ ਨਸ਼ਾ ਤਸਕਰਾਂ ਨੂੰ ਜਿੱਥੇ ਗ੍ਰਿਫਤਾਰ ਕੀਤਾ ਗਿਆ ਹੈ, ਉੱਥੇ ਹੀ ਨਸ਼ਾ ਵੀ ਬਰਾਮਦ ਕੀਤਾ ਗਿਆ ਹੈ।
ਐਸਐਸਪੀ ਨੇ ਦੱਸੀ ਸਾਰੀ ਗੱਲ:ਪਿਛਲੇ ਦਿਨੀ ਹੋਈਆਂ ਨੌਜਵਾਨਾਂ ਦੀਆਂ ਮੌਤਾਂ ਸਬੰਧੀ ਟਿੱਪਣੀ ਕਰਦੇ ਹੋਏ ਐਸਐਸਪੀ ਬਠਿੰਡਾ ਨੇ ਕਿਹਾ ਕਿ ਜਿਆਦਾਤਰ ਮਾਮਲਿਆਂ ਵਿੱਚ ਪੁਲਿਸ ਨੂੰ ਮੌਤ ਸਬੰਧੀ ਰਿਪੋਰਟ ਹੀ ਨਹੀਂ ਕੀਤੀ ਜਾਂਦੀ। ਕਈ ਵਾਰ ਇਹ ਹੁੰਦਾ ਹੈ ਕਿ ਕਿਸੇ ਸਮਾਜ ਸੇਵੀ ਸੰਸਥਾ ਵੱਲੋਂ ਨੌਜਵਾਨ ਦੀ ਲਾਸ਼ ਕੋਲੋਂ ਕੁਝ ਬਰਾਮਦ ਹੋਣ ਤੋਂ ਬਾਅਦ ਉਸ ਨੂੰ ਨਸ਼ੇ ਨਾਲ ਜੋੜ ਦਿੱਤਾ ਜਾਂਦਾ ਹੈ ਪਰ ਅਜਿਹਾ ਨਹੀਂ ਹੈ। ਉਨ੍ਹਾਂ ਕਿਹਾ ਕਿ ਕਈ ਮਾਮਲਿਆਂ ਵਿੱਚ ਪੋਸਟਮਾਰਟਮ ਰਿਪੋਰਟ ਸਾਹਮਣੇ ਆਉਣ ਤੋਂ ਬਾਅਦ ਇਹ ਖੁਲਾਸਾ ਹੋਇਆ ਹੈ ਕਿ ਮ੍ਰਿਤਕ ਨੌਜਵਾਨ ਕਿਸੇ ਨਾ ਕਿਸੇ ਬਿਮਾਰੀ ਤੋਂ ਪੀੜਿਤ ਸਨ ਅਤੇ ਉਹਨਾਂ ਦਾ ਇਲਾਜ ਚੱਲ ਰਿਹਾ ਸੀ। ਇਸ ਤੋਂ ਇਲਾਵਾ ਇੱਕ ਦੋ ਮਾਮਲਿਆਂ ਵਿੱਚ ਗਰਮੀ ਲੱਗਣ ਕਾਰਨ ਮੌਤ ਹੋਣ ਦਾ ਵੀ ਸਮਾਚਾਰ ਮਿਲਿਆ ਹੈ।