ਬਰਨਾਲਾ:ਜ਼ਿਲ੍ਹਾ ਬਰਨਾਲਾ ਵਿੱਚ ਇਸ ਵਾਰ ਝੋਨੇ ਦੀ ਪਰਾਲੀ ਸਾੜਨ ਦੇ ਕੇਸ ਸਿਫ਼ਰ ਰੱਖਣ ਲਈ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਨੇ ਰਣਨੀਤੀ ਉਲੀਕ ਲਈ ਹੈ। ਇਸ ਬਾਬਤ ਪਿੰਡ - ਪਿੰਡ ਅਤੇ ਘਰ - ਘਰ ਪਹੁੰਚ ਕੀਤੀ ਜਾਵੇਗੀ ਅਤੇ ਜਿੱਥੇ ਵਟਸਐਪ ਗਰੁੱਪ ਬਣਾ ਕੇ ਕਿਸਾਨਾਂ ਨੂੰ ਜਾਗਰੂਕ ਕੀਤਾ ਜਾਵੇਗਾ ਅਤੇ ਢੁੱਕਵੀਂ ਜਾਣਕਾਰੀ ਦਿੱਤੀ ਜਾਵੇਗੀ, ਉੱਥੇ ਢੁੱਕਵੀਂ ਮਸ਼ੀਨਰੀ ਵੀ ਮੁਹੱਈਆ ਕਰਵਾਈ ਜਾਵੇਗੀ।
ਪਰਾਲੀ ਸਾੜਨ ਦੀਆਂ ਘਟਨਾਵਾਂ:
ਡਿਪਟੀ ਕਮਿਸ਼ਨਰ ਬਰਨਾਲਾ ਮੈਡਮ ਪੂਨਮਦੀਪ ਕੌਰ ਨੇ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿੱਚ ਸੀਨੀਅਰ ਸਿਵਲ ਅਤੇ ਪੁਲਿਸ ਅਧਿਕਾਰੀਆਂ ਨਾਲ ਮੀਟਿੰਗ ਕਰਦੇ ਹੋਏ ਇਹ ਜਾਣਕਾਰੀ ਦਿੱਤੀ। ਇਸ ਮੌਕੇ ਐੱਸ.ਐੱਸ.ਪੀ ਬਰਨਾਲਾ ਸੰਦੀਪ ਕੁਮਾਰ ਮਲਿਕ ਵੀ ਮੌਜੂਦ ਸਨ।ਡਿਪਟੀ ਕਮਿਸ਼ਨਰ ਨੇ ਆਖਿਆ ਕਿ ਪਿਛਲੇ ਸਾਲ ਜਿਨ੍ਹਾਂ 25 ਪਿੰਡਾਂ ਵਿੱਚ 30 ਤੋਂ ਜਿਆਦਾ ਪਰਾਲੀ ਸਾੜਨ ਦੇ ਕੇਸ ਸਾਹਮਣੇ ਆਏ ਸਨ, ਉਨ੍ਹਾਂ ਪਿੰਡਾਂ ਦੀ ਹਾਟ ਸਪਾਟ ਪਿੰਡਾਂ ਵਜੋਂ ਪਛਾਣ ਕੀਤੀ ਗਈ ਹੈ ਅਤੇ ਇਸ ਰਣਨੀਤੀ ਤਹਿਤ ਸੀਨੀਅਰ ਸਿਵਲ ਅਤੇ ਪੁਲਿਸ ਅਧਿਕਾਰੀਆਂ ਦੀਆਂ ਟੀਮਾਂ ਇਨ੍ਹਾਂ 25 ਪਿੰਡਾਂ ਲਈ ਬਣਾਈਆਂ ਗਈਆਂ ਹਨ ਤਾਂ ਜੋ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਿਆ ਜਾ ਸਕੇ।