ਹੁਸ਼ਿਆਰਪੁਰ:ਪੰਜਾਬ 'ਚ ਇਕ ਜੂਨ ਨੂੰ ਹੋਈ ਲੋਕ ਸਭਾ ਚੋਣਾਂ ਦੇ ਨਤੀਜੇ ਐਲਾਨੇ ਜਾ ਰਹੇ ਹਨ। ਪੰਜਾਬ ’ਚ 13 ਲੋਕ ਸਭਾ ਸੀਟਾਂ ’ਤੇ ਪੰਜਾਬ ਦੀਆਂ ਸਾਰੀਆਂ ਵੱਡੀਆਂ ਪਾਰਟੀਆਂ ਆਮ ਆਦਮੀ ਪਾਰਟੀ, ਕਾਂਗਰਸ, ਅਕਾਲੀ ਦਲ, ਭਾਜਪਾ ਅਤੇ ਬਸਪਾ ਵਲੋਂ ਆਪਣੇ ਦਿੱਗਜ ਉਮੀਦਵਾਰ ਚੋਣ ਮੈਦਾਨ ਵਿਚ ਉਤਾਰੇ ਹੋਏ ਸਨ। ਇਸ ਤੋਂ ਇਲਾਵਾ ਕਈ ਆਜ਼ਾਦ ਉਮੀਦਵਾਰ ਵੀ ਚੋਣ ਮੈਦਾਨ 'ਚ ਹਨ। ਪੰਜਾਬ ਦੀਆਂ 13 ਲੋਕ ਸਭਾ ਸੀਟਾਂ 'ਤੇ ਇਸ ਵਾਰ ਹੈਰਾਨੀਜਨਕ ਨਤੀਜੇ ਦੇਖਣ ਨੂੰ ਮਿਲ ਰਹੇ ਹਨ।
37258 ਵੋਟਾਂ ਨਾਲ ਲੀਡ : ਉਥੇ ਹੀ ਗੱਲ ਕੀਤੀ ਜਾਵੇ ਹੁਸ਼ਿਆਰਪੁਰ ਦੀ ਤਾਂ ਅੱਜ ਲੋਕ ਸਭਾ ਚੋਣਾਂ ਦੇ ਆਏ ਨਤੀਜਿਆਂ ਵਿੱਚ ਹੁਸ਼ਿਆਰਪੁਰ ਲੋਕ ਸਭਾ ਸੀਟ ਤੋਂ ਆਮ ਆਦਮੀ ਪਾਰਟੀ ਦੇ ਡਾ. ਰਾਜਕੁਮਾਰ ਚੱਬੇਵਾਲ ਨੇ ਜਿੱਤ ਦਰਜ ਕਰ ਲਈ ਹੈ। ਉਨ੍ਹਾਂ ਦਾ ਮੁਕਾਬਲਾ ਉਮੀਦਵਾਰ ਯਾਮਿਨੀ ਗੌਤਮ ਦੇ ਨਾਲ ਸੀ। ਡਾ. ਰਾਜਕੁਮਾਰ ਚੱਬੇਵਾਲ ਨੇ ਯਾਮਿਨੀ ਗੌਤ ਨੂੰ ਵੱਡੇ ਫਰਕ ਨਾਲ ਹਰਾ ਕੇ ਜਿੱਤ ਦਰਜ ਕੀਤੀ ਹੈ। ਉਨ੍ਹਾਂ ਨੇ 37258 ਵੋਟਾਂ ਨਾਲ ਲੀਡ ਹਾਸਲ ਕੀਤੀ ਹੈ।
ਆਮ ਆਦਮੀ ਪਾਰਟੀ ਦੇ ਡਾ. ਰਾਜਕੁਮਾਰ ਚੱਬੇਵਾਲ ਦੀ ਜਿੱਤ ਦੇ ਬਾਅਦ ‘ਆਪ’ ਵਰਕਰਾਂ ਨੇ ਉਨ੍ਹਾਂ ਨੂੰ ਫੁੱਲ ਦੀਆਂ ਮਾਲਾਵਾਂ ਪਾ ਕੇ ਉੁਨ੍ਹਾਂ ਦਾ ਸਵਾਗਤ ਕੀਤਾ। ਇਸ ਦੌਰਾਨ ਵਰਕਰਾਂ ਦੀ ਭਾਰੀ ਭੀੜ ਰਹੀ। ਦੂਜੇ ਪਾਸੇ ਆਮ ਆਦਮੀ ਪਾਰਟੀ ਦੀ ਜਿੱਤ ਦੀ ਖੁਸ਼ੀ ਵਿਚ ਪਾਰਟੀ ਵਰਕਰਾਂ ਨੇ ਢੋਲ ਵਜਾ ਕੇ ਡਾਂਸ ਵੀ ਕੀਤਾ। ਡਾ.ਰਾਜਕੁਮਾਰ ਨੇ ਆਪਣੀ ਜਿੱਤ ਨੂੰ ਲੈ ਕੇ ਆਮ ਆਦਮੀ ਪਾਰਟੀ ਦੀ ਜ਼ਿਲ੍ਹਾ ਲੀਡਰਸ਼ਿਪ ਦਾ ਧੰਨਵਾਦ ਕੀਤਾ ਤੇ ਹੁਸ਼ਿਆਰਪੁਰ ਲੋਕ ਸਭਾ ਖੇਤਰ ਦੇ ਵੋਟਰਾਂ ਦਾ ਵੀ ਧੰਨਵਾਦ ਕੀਤਾ।