ਅੰਮ੍ਰਿਤਸਰ: ਅੰਮ੍ਰਿਤਸਰ ਦੇ ਪੂਰੀ ਦੁਨੀਆਂ ਅੰਦਰ ਆਪਣੇ ਨਿਵੇਕਲੇ ਸੇਵਾ ਕਾਰਜਾਂ ਕਾਰਨ ਜਾਣੇ ਜਾਂਦੇ ਦੁਬਈ ਦੇ ਉੱਘੇ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਡਾ.ਐਸ.ਪੀ.ਸਿੰਘ ਓਬਰਾਏ ਦੇ ਯਤਨਾਂ ਸਦਕਾ ਅੱਜ ਫਤਿਹਗੜ੍ਹ ਸਾਹਿਬ ਜ਼ਿਲ੍ਹੇ ਦੇ ਨਾਮਵਰ ਸ਼ਹਿਰ ਮੰਡੀ ਗੋਬਿੰਦਗੜ੍ਹ ਨੇੜਲੇ ਪਿੰਡ ਦਰਹੇੜੀ ਨਾਲ ਸਬੰਧਿਤ 34 ਸਾਲਾ ਸੁਖਵਿੰਦਰ ਸਿੰਘ ਪੁੱਤਰ ਹਰਨੇਕ ਸਿੰਘ ਦਾ ਮ੍ਰਿਤਕ ਸਰੀਰ ਦੁਬਈ ਤੋਂ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡਾ ਅੰਮ੍ਰਿਤਸਰ ਵਿਖੇ ਪਹੁੰਚਿਆ।
ਸੁਖਵਿੰਦਰ ਸਿੰਘ ਦਾ ਮ੍ਰਿਤਕ ਸਰੀਰ ਭਾਰਤ ਲਿਆਂਦਾ:ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਸਰਬੱਤ ਦਾ ਭਲਾ ਟਰੱਸਟ ਦੇ ਆਗੂ ਪ੍ਰਧਾਨ ਸੁਖਜਿੰਦਰ ਸਿੰਘ ਹੇਰ ਨੇ ਦੱਸਿਆ ਕਿ ਦੋ ਮਸੂਮ ਬੱਚਿਆਂ ਦਾ ਪਿਤਾ ਸੁਖਵਿੰਦਰ ਸਿੰਘ ਵੀ ਹੋਰਨਾਂ ਨੌਜਵਾਨਾਂ ਵਾਂਗ ਆਪਣੇ ਬਿਹਤਰ ਭਵਿੱਖ ਦੇ ਸੁਪਨੇ ਲੈ ਕੇ ਕਰੀਬ ਦੋ ਸਾਲ ਪਹਿਲਾਂ ਦੁਬਈ ਆਇਆ ਸੀ ਬੀਤੀ 1 ਜੂਨ ਨੂੰ ਦਿਲ ਦਾ ਦੌਰਾ ਪੈਣ ਕਾਰਨ ਉਸਦੀ ਮੌਤ ਹੋ ਗਈ। ਉਨ੍ਹਾਂ ਨੇ ਦੱਸਿਆ ਕਿ ਇਸ ਮੰਦਭਾਗੀ ਘਟਨਾ ਸਬੰਧੀ ਮ੍ਰਿਤਕ ਦੇ ਪਿੰਡ ਦੇ ਸਰਪੰਚ ਗੁਰਪ੍ਰੀਤ ਸਿੰਘ ਨੇ ਟਰੱਸਟ ਦੇ ਨੌਰਥ ਇੰਡੀਆ ਦੇ ਪ੍ਰਧਾਨ ਜੱਸਾ ਸਿੰਘ ਸੰਧੂ ਰਾਹੀਂ ਉਨ੍ਹਾਂ ਨੂੰ ਪਟਿਆਲਾ ਦਫ਼ਤਰ ਵਿਖੇ ਮਿਲ ਕੇ ਸੁਖਵਿੰਦਰ ਸਿੰਘ ਦੇ ਮ੍ਰਿਤਕ ਸਰੀਰ ਨੂੰ ਭਾਰਤ ਭੇਜਣ ਲਈ ਕਿਹਾ ਸੀ। ਜਿਸ ਉਪਰੰਤ ਉਨ੍ਹਾਂ ਆਪਣੇ ਨਿੱਜੀ ਸਕੱਤਰ ਬਲਦੀਪ ਸਿੰਘ ਚਾਹਲ ਦੀ ਦੇਖ-ਰੇਖ 'ਚ ਸਾਰੀ ਲੋੜੀਂਦੀ ਕਾਗਜ਼ੀ ਕਾਰਵਾਈ ਮੁਕੰਮਲ ਕਰਵਾ ਕੇ ਅੱਜ ਸੁਖਵਿੰਦਰ ਸਿੰਘ ਦਾ ਮ੍ਰਿਤਕ ਸਰੀਰ ਭਾਰਤ ਭੇਜਿਆ ਹੈ।