ਪੰਜਾਬ

punjab

ETV Bharat / state

ਔਜਲਾ ਨੇ ਕਿਹਾ- 'ਕੇਂਦਰ ਸਰਕਾਰ ਨਾਲ ਸਬੰਧਤ ਕੰਮ ਕਰਵਾਉਣ ਲਈ ਮੈਂ ਹਰ ਵੇਲੇ ਹਾਜ਼ਰ ਹਾਂ' - MP FROM AMRITSAR GURJIT AUJLA

ਅੰਮ੍ਰਿਤਸਰ ਤੋਂ ਸਾਂਸਦ ਗੁਰਜੀਤ ਔਜਲਾ ਕਿਹਾ ਕਿ ਸ਼ਹਿਰ ਵਿੱਚ ਸਫਾਈ ਦਾ ਸਥਾਈ ਪ੍ਰਬੰਧ ਯਕੀਨੀ ਬਣਾਇਆ ਜਾਵੇ।

MP FROM AMRITSAR GURJIT AUJLA
ਔਜਲਾ ਕਿਹਾ ਕਿ ਸ਼ਹਿਰ ਵਿੱਚ ਸਫਾਈ ਦਾ ਸਥਾਈ ਪ੍ਰਬੰਧ ਯਕੀਨੀ ਬਣਾਇਆ ਜਾਵੇ (ETV Bharat (ਪੱਤਰਕਾਰ, ਅੰਮ੍ਰਿਤਸਰ))

By ETV Bharat Punjabi Team

Published : Nov 22, 2024, 11:05 PM IST

ਅੰਮ੍ਰਿਤਸਰ: ਸਾਂਸਦ ਗੁਰਜੀਤ ਔਜਲਾ ਵੱਲੋਂ ਅੱਜ ਵਿਕਾਸ ਦੇ ਕੰਮਾਂ ਦਾ ਰੀਵਿਊ ਕਰਨ ਲਈ ਜ਼ਿਲ੍ਹਾ ਵਿਕਾਸ ਅਤੇ ਮੁਲਾਂਕਣ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਨਗਰ ਨਿਗਮ ਅਧਿਕਾਰੀਆਂ ਨੂੰ ਜ਼ੋਰ ਦੇ ਕੇ ਕਿਹਾ ਕਿ ਸ਼ਹਿਰ ਵਿੱਚ ਸਫਾਈ ਦਾ ਸਥਾਈ ਪ੍ਰਬੰਧ ਯਕੀਨੀ ਬਣਾਇਆ ਜਾਵੇ ਅਤੇ ਕੂੜੇ ਦੀ ਸਮੱਸਿਆ ਤੋਂ ਨਿਜਾਤ ਪਾਉਣ ਲਈ ਇਸ ਦਾ ਠੋਸ ਹੱਲ ਕੀਤਾ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਡੰਪ ਵਾਲੇ ਸਥਾਨ ’ਤੇ ਹੋਰ ਨਵੀਂ ਮਸ਼ੀਨਰੀ ਲਗਾਈ ਜਾ ਰਹੀ ਹੈ ਤਾਂ ਜੋ ਕੂੜੇ ਦੀ ਸਮੱਸਿਆ ਤੋਂ ਨਿਜਾਤ ਮਿਲ ਸਕੇ।

ਔਜਲਾ ਕਿਹਾ ਕਿ ਸ਼ਹਿਰ ਵਿੱਚ ਸਫਾਈ ਦਾ ਸਥਾਈ ਪ੍ਰਬੰਧ ਯਕੀਨੀ ਬਣਾਇਆ ਜਾਵੇ (ETV Bharat (ਪੱਤਰਕਾਰ, ਅੰਮ੍ਰਿਤਸਰ))

ਗੰਦੇ ਪਾਣੀ ਉੱਤੇ ਚਿੰਤਾ ਜਾਹਿਰ

ਸਾਂਸਦ ਗੁਰਜੀਤ ਔਜਲਾ ਨੇ ਕਿਹਾ ਕਿ ਰਣਜੀਤ ਐਵੀਨਿਊ ਵਿਖੇ ਕੂੜੇ ਦੀਆਂ ਗੱਡੀਆਂ ਦੀ ਪਾਰਕਿੰਗ ਤੁਰੰਤ ਬੰਦ ਕੀਤੀ ਜਾਵੇ। ਔਜਲਾ ਨੇ ਸ਼ਹਿਰ ਦੀਆਂ ਡਰੇਨਾਂ ਜਿਨਾਂ ਵਿੱਚ ਤੁੰਗ ਢਾਬ, ਮਾਨਾਂਵਾਲਾ, ਭਗਤਾਂਵਾਲਾ ਅਤੇ ਤਰਨਤਾਰਨ ਸੜਕ ’ਤੇ ਸਥਿਤ ਡਰੇਨ ਸ਼ਾਮਲ ਹੈ ਵਿੱਚ ਪੈਂਦੇ ਸਨਅਤਾਂ ਦੇ ਗੰਦੇ ਪਾਣੀ ਉੱਤੇ ਚਿੰਤਾ ਜਾਹਿਰ ਕਰਦੇ ਇਨ੍ਹਾਂ ਦਾ ਸਾਰਥਿਕ ਹੱਲ ਲੱਭਣ ਲਈ ਕਿਹਾ। ਉਨ੍ਹਾਂ ਇਨਾਂ ਗੰਦੇ ਨਾਲ੍ਹਿਆਂ ਵਿੱਚ ਪੈਂਦੇ ਸਨਅਤੀ ਪਾਣੀ ਰੋਕਣ ਅਤੇ ਇਨ੍ਹਾਂ ਨਾਲ੍ਹਿਆਂ ਦੇ ਪਾਣੀ ਨੂੰ ਸਾਫ਼ ਕਰਕੇ ਯੋਗ ਵਰਤੋਂ ਕਰਨ ਲਈ ਪ੍ਰੋਜੈਕਟ ਬਣਾਉਣ ਦੀ ਹਦਾਇਤ ਵੀ ਕੀਤੀ।

ਪੀਆਰਟੀਸੀ ਬੱਸ ਸੇਵਾ ਨੂੰ ਮੁੜ ਚਾਲੂ

ਸਾਂਸਦ ਗੁਰਜੀਤ ਔਜਲਾ ਨੇ ਕਿਹਾ ਕਿ ਕੇਂਦਰ ਸਰਕਾਰ ਨਾਲ ਸਬੰਧਤ ਕੰਮ ਮੇਰੇ ਹਵਾਲੇ ਕੀਤੇ ਜਾਣ ਤਾਂ ਜੋ ਮੈਂ ਸ਼ੁਰੂ ਹੋਣ ਵਾਲੇ ਇਸ ਸ਼ੈਸ਼ਨ ਵਿੱਚ ਮੌਕੇ ਤੇ ਜਾ ਕੇ ਕਰਵਾ ਸਕਾਂ। ਔਜਲਾ ਨੇ ਨੈਸ਼ਨਲ ਹਾਈਵੇ ਦੇ ਅਧਿਕਾਰੀਆਂ ਨੂੰ ਕਿਹਾ ਕਿ ਜਿੰਨੇ ਵੀ ਅੰਡਰਪਾਸ ਬਣਾਏ ਜਾ ਰਹੇ ਹਨ ਉਹ 5.5 ਮੀਟਰ ਦੇ ਹੋਣ ਤਾਂ ਜੋ ਲੋਕਾਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਪੇਸ਼ ਨਾ ਆਵੇ। ਉਨ੍ਹਾਂ ਨੇ ਪੀਆਰਟੀਸੀ ਬੱਸ ਸੇਵਾ ਨੂੰ ਮੁੜ ਚਾਲੂ ਕਰਨ ’ਤੇ ਜੋਰ ਦਿੰਦਿਆਂ ਕਿਹਾ ਕਿ ਇਨ੍ਹਾਂ ਬੱਸਾਂ ਦੀ ਗਿਣਤੀ ਵਧਾਉਣ ਦੀ ਲੋੜ ਹੈ ਨਾ ਕਿ ਬੰਦ ਕਰਨ ਦੀ। ਉਨ੍ਹਾਂ ਨੇ ਲੋਕਾਂ ਦੀ ਸਹੂਲਤ ਲਈ ਇਹ ਬੱਸਾਂ ਜਲਦੀ ਸ਼ੁਰੂ ਕਰਨ ਦੀ ਮੰਗ ਕੀਤੀ ਹੈ। ਗੁਰਜੀਤ ਔਜਲਾ ਨੇ ਨੈਸ਼ਨਲ ਹਾਈਵੇ ਲਈ ਅਕਵਾਈਰ ਕੀਤੀਆਂ ਜਮੀਨਾਂ ਦਾ ਯੋਗ ਮੁਆਵਜ਼ਾ ਕਿਸਾਨਾਂ ਨੂੰ ਤੁਰੰਤ ਰਲੀਜ ਕਰਨ ਦੀ ਵੀ ਹਦਾਇਤ ਕੀਤੀ।

ਕਿਸੇ ਕਿਸਮ ਦੀ ਦੇਰੀ ਬਰਦਾਸ਼ਤ ਨਹੀਂ

ਗੁਰਜੀਤ ਔਜਲਾ ਨੇ ਕਿਹਾ ਕਿ ਵਿਕਾਸ ਕਾਰਜਾਂ ਵਿੱਚ ਕਿਸੇ ਕਿਸਮ ਦੀ ਦੇਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਇਹ ਵੀ ਕਿਹਾ ਕਿ ਸਾਰੇ ਵਿਕਾਸ ਕਾਰਜ ਮਿੱਥੇ ਸਮੇਂ ਅੰਦਰ ਪੂਰੇ ਕੀਤੇ ਜਾਣ। ਮੀਟਿੰਗ ਦੌਰਾਨ ਨੈਸ਼ਨਲ ਹੈਲਥ ਮਿਸ਼ਨ, ਸਵੱਛ ਭਾਰਤ ਮਿਸ਼ਨ,ਆਜੀਵਕਾ ਮਿਸ਼ਨ, ਪ੍ਰਧਾਨ ਕੌਸ਼ਲ ਵਿਕਾਸ ਯੋਜਨਾ, ਸਾਇਲ ਹੈਲਥ ਕਾਰਡ, ਨੈਸ਼ਨਲ ਰੂਰਲ ਡਰਿੰਕਿੰਗ ਵਾਟਰ ਪ੍ਰੋਗਰਾਮ, ਬੇਟੀ ਬਚਾਓ-ਬੇਟੀ ਪੜਾਓ ਅਤੇ ਹੋਰ ਵੱਖ ਵੱਖ ਚੱਲ ਰਹੀਆਂ ਸਕੀਮਾਂ ਦਾ ਜਾਇਜਾ ਵੀ ਲਿਆ।

ਸ਼ਹਿਰ ਵਿੱਚ ਕੂੜੇ ਦੀ ਲਿਫਟਿੰਗ

ਇਸ ਮੌਕੇ ਵਿਧਾਇਕਾ ਜੀਵਨਜੋਤ ਕੌਰ ਨੇ ਕਿਹਾ ਕਿ ਸ਼ਹਿਰ ਵਿੱਚ ਕੂੜੇ ਦੀ ਲਿਫਟਿੰਗ ਨੂੰ ਵਧਾਉਣ ਲਈ ਹੋਰ ਨਵੀਂਆਂ ਗੱਡੀਆਂ ਨਾਲ ਸੰਬੰਧਤ ਕੰਪਨੀ ਵੱਲੋਂ ਲਗਾਈਆਂ ਜਾਣ। ਉਨ੍ਹਾਂ ਨੇ ਕੂੜਾ ਪ੍ਰਬੰਧਨ ਅਤੇ ਸ਼ਹਿਰ ਦੀ ਸਾਫ਼ ਸਫਾਈ ਲਈ ਕਾਰਪੋਰੇਸ਼ਨ ਵਿੱਚ ਖਾਲ੍ਹੀ ਪਈਆਂ ਆਸਾਮੀਆਂ ਨੂੰ ਤੁਰੰਤ ਭਰਨ ਦੀ ਮੰਗ ਵੀ ਕੀਤੀ।

ਕੰਮਾਂ ਨੂੰ ਪੂਰੇ ਕਰਵਾਉਣ ਦਾ ਭਰੋਸਾ ਦਿੱਤਾ

ਡਿਪਟੀ ਕਮਿਸ਼ਨਰ ਮੈਡਮ ਸਾਕਸ਼ੀ ਸਾਹਨੀ ਨੇ ਕਮੇਟੀ ਮੈਂਬਰਾਂ ਵਲੋਂ ਉਠਾਏ ਮੁੱਦਿਆਂ ਨੂੰ ਗੰਭੀਰਤਾ ਨਾਲ ਲੈਂਦੇ ਕੰਮਾਂ ਨੂੰ ਨਿਸਚਿਤ ਸਮੇਂ ਵਿੱਚ ਪੂਰੇ ਕਰਵਾਉਣ ਦਾ ਭਰੋਸਾ ਦਿੱਤਾ ਅਤੇ ਕਿਹਾ ਕਿ ਜੋ ਵੀ ਅਧਿਕਾਰੀ ਕਿਸੇ ਵੀ ਤਰ੍ਹਾਂ ਦੀ ਅਣਗਹਿਲੀ ਕਰੇਗਾ ਉਸ ਵਿਰੁੱਧ ਵਿਭਾਗੀ ਕਾਰਵਾਈ ਕੀਤੀ ਜਾਵੇਗੀ। ਇਸ ਮੌਕੇ ਕਮਿਸ਼ਨਰ ਕਾਰਪੋਰੇਸ਼ਨ ਗੁਲਪ੍ਰੀਤ ਸਿੰਘ ਔਲਖ, ਡਿਪਟੀ ਕਮਿਸ਼ਨਰ ਸ੍ਰੀਮਤੀ ਪਰਮਜੀਤ ਕੌਰ, ਐਸ.ਡੀ.ਐਮ. ਸ੍ਰੀ ਗੁਰਸਿਮਰਨ ਸਿੰਘ ਢਿਲੋਂ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।

ABOUT THE AUTHOR

...view details