ਕਪੂਰਥਲਾ :ਪੰਜਾਬ ਵਿਚ ਹੋਣ ਵਾਲੀਆਂ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਸਿਆਸੀ ਪਾਰਟੀਆਂ ਦੇ ਉਮੀਦਵਾਰ ਪ੍ਰਚਾਰ ਵਿੱਚ ਡਟੇ ਹੋਏ ਹਨ। ਉਥੇ ਹੀ ਖਡੂਰ ਸਾਹਿਬ ਤੋਂ ਅਕਾਲੀ ਉਮੀਦਵਾਰ ਵਿਰਸਾ ਸਿੰਘ ਵਲਟੋਹਾ ਦੇ ਹੱਕ ਵਿੱਚ ਪ੍ਰਚਾਰ ਕਰਨ ਨਿੱਤਰੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਕਪੂਰਥਲਾ ਵਿੱਚ ਜਿਥੇ ਲੋਕਾਂ ਨੂੰ ਸ਼੍ਰੋਮਣੀ ਅਕਾਲੀ ਦਲ ਦੀਆਂ ਪ੍ਰਾਪਤੀਆਂ ਬਾਰੇ ਜਾਣੂ ਕਰਵਾਇਆ ਅਤੇ ਵਿਰਸਾ ਸਿੰਘ ਵਲਟੋਹਾ ਦੇ ਹੱਕ ਵਿੱਚ ਨਿਤਰਨ ਲਈ ਕਿਹਾ ਉਥੇ ਹੀ ਉਹਨਾਂ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਵੱਜੋਂ ਲੜ ਰਹੇ ਅੰਮ੍ਰਿਤਪਾਲ ਸਿੰਘ ਉੱਤੇ ਨਿਸ਼ਾਨੇ ਸਾਧੇ।
ਆਰ ਐਸ ਐਸ ਨਾਲ ਰਲਿਆ ਅੰਮ੍ਰਿਤਪਾਲ ਸਿੰਘ : ਇਸ ਦੌਰਾਨ ਉਹਨਾਂ ਕਿਹਾ ਕਿ ਜਿਹੜਾ ਵਿਅਕਤੀ ਦੋ ਸਾਲ ਪਹਿਲਾਂ ਦੁਬਈ ਵਿੱਚ ਆਪਣੇ ਵਾਲ ਕਟਵਾ ਰਿਹਾ ਸੀ, ਉਹ ਪੰਜਾਬ ਆ ਕੇ ਚੋਲਾ ਪਾ ਕੇ ਪੰਥਕ ਹੋਣ ਦਾ ਦਾਅਵਾ ਕਿਵੇਂ ਕਰ ਸਕਦਾ ਹੈ? ਸੁਖਬੀਰ ਬਾਦਲ ਨੇ ਕਿਹਾ ਕਿ ਆਰਐਸਐਸ ਅੰਮ੍ਰਿਤਪਾਲ ਰਾਹੀਂ ਪੰਜਾਬ ਦੀ ਸ਼ਾਂਤੀ ਭੰਗ ਕਰਕੇ ਨੌਜਵਾਨਾਂ ਨੂੰ ਭੜਕਾਉਣਾ ਚਾਹੁੰਦੀ ਹੈ ਅਤੇ ਜਿਸ ਤਰ੍ਹਾਂ ਦੇਸ਼ ਦੇ ਹੋਰਨਾਂ ਸੂਬਿਆਂ ਹਰਿਆਣਾ ਅਤੇ ਮਹਾਰਾਸ਼ਟਰ ਵਿੱਚ ਸਿੱਖ ਧਰਮ ਨੂੰ ਅਲੱਗ-ਥਲੱਗ ਕਰ ਰਹੀ ਹੈ, ਉਹੀ ਪੰਜਾਬ ਵਿੱਚ ਵੀ ਕਰਨਾ ਚਾਹੁੰਦੀ ਹੈ। ਉਨ੍ਹਾਂ ਆਸਾਮ ਜੇਲ੍ਹ ਤੋਂ ਅੰਮ੍ਰਿਤਪਾਲ ਵੱਲੋਂ ਨਾਮਜ਼ਦਗੀ ਦਾਖ਼ਲ ਕਰਨ ਦੀ ਪ੍ਰਕਿਰਿਆ ’ਤੇ ਵੀ ਸਵਾਲ ਖੜ੍ਹੇ ਕੀਤੇ। ਉਨ੍ਹਾਂ ਕਿਹਾ ਕਿ ਗੁਰੂ ਗ੍ਰੰਥ ਸਾਹਿਬ ਦਾ ਸਤਿਕਾਰ ਕਰਨ ਵਾਲੇ ਨੂੰ ਥਾਣੇ ਨਹੀਂ ਲਿਜਾਣਾ ਚਾਹੀਦਾ। ਸੁਖਬੀਰ ਬਾਦਲ ਨੇ ਕਿਹਾ ਕਿ ਖਾਲਿਸਤਾਨ ਦਾ ਨਾਅਰਾ ਲਾਉਣ ਵਾਲਾ ਵਿਅਕਤੀ ਜਦੋਂ ਪੁਲਿਸ ਨੂੰ ਚਕਮਾ ਦੇ ਕੇ ਭੱਜਦਾ ਹੈ ਤਾਂ ਉਹ ਦੂਜੇ ਸਾਲ ਵਿੱਚ ਹੀ ਜੇਲ੍ਹ ਵਿੱਚੋਂ ਬਾਹਰ ਨਿਕਲਣ ਦੀਆਂ ਸਿਆਸੀ ਸਾਜ਼ਿਸ਼ਾਂ ਨਹੀਂ ਰਚਦਾ।