ਬਰਨਾਲਾ: ਸਰਕਾਰੀ ਵਿਭਾਗਾਂ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵਲੋਂ ਸਾਂਝਾ ਮੁਲਾਜ਼ਮ ਫ਼ਰੰਟ ਦੀ ਅਗਵਾਈ ਵਿੱਚ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦੀ ਬਰਨਾਲਾ ਰਿਹਾਇਸ਼ ਅੱਗੇ ਬਰਨਾਲਾ ਵਿਖੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਪ੍ਰਦਰਸ਼ਨ ਵਿੱਚ ਸੈਂਕੜੇ ਦੀ ਗਿਣਤੀ ਵਿੱਚ ਮੁਲਾਜ਼ਮ ਤੇ ਪੈਨਸ਼ਨਰ ਸ਼ਾਮਲ ਹੋਏ। ਪ੍ਰਦਰਸ਼ਨਕਾਰੀਆਂ ਨੇ ਸੂਬਾ ਸਰਕਾਰ ਉਪਰ ਵਾਅਦਾਖਿਲਾਫ਼ੀ ਦੇ ਦੋਸ਼ ਲਗਾਏ ਅਤੇ ਮੰਗਾਂ ਪੂਰੀਆਂ ਨਾ ਕੀਤੇ ਜਾਣ ਤੇ ਮੁਲਾਜ਼ਮ ਤੇ ਪੈਨਸ਼ਨਰ ਵਰਗ ਵਲੋਂ ਆਪ ਸਰਕਾਰ ਦੇ ਬਾਈਕਾਟ ਕਰਨ ਦੀ ਚੇਤਾਵਨੀ ਵੀ ਦਿੱਤੀ।
ਕੈਬਨਿਟ ਮੰਤਰੀ ਮੀਤ ਹੇਅਰ ਦੀ ਰਿਹਾਇਸ਼ ਅੱਗੇ ਗਰਜ਼ੇ ਮੁਲਾਜ਼ਮ ਅਤੇ ਪੈਨਸ਼ਨਰ, ਸੂਬਾ ਸਰਕਾਰ ਦਾ ਬਾਈਕਾਟ ਕਰਨ ਦੀ ਦਿੱਤੀ ਚਿਤਾਵਨੀ - ਕੈਬਨਿਟ ਮੰਤਰੀ
ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵਲੋਂ ਅੱਜ ਪੰਜਾਬ ਦੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦੀ ਬਰਨਾਲਾ ਸਥਿਤ ਰਿਹਾਇਸ਼ ਦਾ ਘਿਰਾਓ ਕਰਕੇ ਪ੍ਰਦਰਸ਼ਨ ਕੀਤਾ ਗਿਆ। ਪ੍ਰਦਰਸ਼ਨਕਾਰੀਆਂ ਮੁਤਾਬਿਕ ਸਰਕਾਰ ਉਨ੍ਹਾਂ ਦੀਆਂ ਮੰਗਾਂ ਨੂੰ ਲੰਮੇਂ ਸਮੇਂ ਤੋਂ ਲਟਕਾਉਂਦੀ ਆ ਰਹੀ ਹੈ।
Published : Feb 28, 2024, 10:01 PM IST
ਇਸ ਮੌਕੇ ਪ੍ਰਦਰਸ਼ਨਕਾਰੀ ਆਗੂ ਨਰਾਇਣ ਦੱਤ, ਦਰਸ਼ਨ ਚੀਮਾ, ਬਖਸ਼ੀਸ਼ ਸਿੰਘ ਅਤੇ ਸਿੰਦਰ ਧੌਲਾ ਨੇ ਕਿਹਾ ਕਿ ਸਰਕਾਰ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਮੰਨਣ ਤੋਂ ਭੱਜ ਰਹੀ ਹੈ, ਜਿਸ ਕਰਕੇ ਅੱਜ ਸੂਬੇ ਭਰ ਵਿੱਚ ਮੰਤਰੀਆਂ ਨੂੰ ਮੰਗ ਪੱਤਰ ਦਿੱਤੇ ਗਏ ਹਨ। ਉਹਨਾਂ ਕਿਹਾ ਕਿ ਅੱਜ ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀ ਸਾਂਝੀ ਯੂਨੀਅਨ ਵਲੋਂ ਆਪਣੀਆਂ ਮੰਗਾਂ ਨੂੰ ਲੈਕੇ ਪੰਜਾਬ ਸਰਕਾਰ ਦੇ ਸਮੁੱਚੇ ਮੰਤਰੀਆਂ ਨੂੰ ਮੰਗ ਪੱਤਰ ਦਿਤੇ ਜਾ ਰਹੇ ਹਨ। ਸਮੂਹ ਮੁਲਾਜ਼ਮ ਅਤੇ ਪੈਨਸ਼ਨਰ ਆਪਣੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਕਰਦੇ ਆ ਰਹੇ ਹਨ। ਕੋਈ ਵੀ ਸਰਕਾਰ ਸਾਡੀਆਂ ਮੰਗਾਂ ਵੱਲ ਧਿਆਨ ਨਹੀਂ ਦੇ ਰਹੀ। ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਵੀ ਸਾਡੀਆਂ ਮੰਗਾਂ ਨੂੰ ਅਣਗੌਲਿਆਂ ਕੀਤਾ ਹੋਇਆ ਹੈ। ਜਿਸ ਕਰਕੇ ਅੱਜ ਬਰਨਾਲਾ ਵਿਖੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦੇ ਘਰ ਅੱਗੇ ਜਿਲ੍ਹੇ ਦੇ ਮੁਲਾਜ਼ਮ ਅਤੇ ਪੈਨਸ਼ਨਰ ਇਕੱਠੇ ਹੋ ਕੇ ਰੋਸ ਕਰ ਰਹੇ ਹਾਂ।
ਉਹਨਾਂ ਕਿਹਾ ਕਿ ਆਪ ਸਰਕਾਰ ਨੇ ਸਾਡੇ ਨਾਲ ਜੋ ਵਾਅਦੇ ਕੀਤੇ ਸੀ, ਉਸਤੋਂ ਸਰਕਾਰ ਪੂਰੀ ਤਰ੍ਹਾਂ ਨਾਲ ਮੁੱਕਰ ਚੁੱਕੀ ਹੈ। ਸਾਡੀ ਪੁਰਾਣੀ ਪੈਨਸ਼ਨ ਬਹਾਲੀ, ਠੇਕਾ ਸਿਸਟਮ ਬੰਦ ਕਰਨ, ਠੇਕਾ ਮੁਲਾਜ਼ਮਾਂ ਨੂੰ ਰੈਗੂਲਰ ਕਰਨ, ਤਨਖ਼ਾਹਾਂ, ਟੀਏ-ਡੀਏ ਆਦਿ ਦੇ ਸਾਰੇ ਮਸਲਿਆਂ ਦੇ ਹੱਲ ਕਰਨ ਦੀ ਮੰਗ ਉਹ ਕਰ ਰਹੇ ਹਨ। ਉਹਨਾਂ ਕਿਹਾ ਕਿ ਮੰਤਰੀ ਮੀਤ ਹੇਅਰ ਖੁ਼ਦ ਸਾਡੇ ਧਰਨਿਆਂ ਵਿੱਚ ਆਕੇ ਸਾਡੀਆਂ ਮੰਗਾਂ ਨੂੰ ਜਾਇਜ਼ ਦੱਸਦਾ ਰਿਹਾ ਹੈ, ਪ੍ਰੰਤੂ ਹੁਣ ਸੱਤਾ ਵਿੱਚ ਆਉਣ ਤੋਂ ਬਾਅਦ ਇਹਨਾਂ ਨੇ ਸਾਡੀਆਂ ਮੰਗਾਂ ਨੂੰ ਸੁਨਣਾ ਵੀ ਬੰਦ ਕਰ ਦਿੱਤਾ ਹੈ। ਉਹਨਾਂ ਕਿਹਾ ਕਿ ਸਰਕਾਰ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਨੂੰ ਤੁਰੰਤ ਪੂਰਾ ਕਰੇ। ਜੇਕਰ ਸਾਡੀਆਂ ਮੰਗਾਂ ਵੱਲ ਸਰਕਾਰ ਨੇ ਕੋਈ ਧਿਆਨ ਨਾ ਦਿੱਤਾ ਤਾਂ ਉਹ ਆਉਣ ਵਾਲੇ ਦਿਨਾਂ ਵਿੱਚ ਆਪਣਾ ਸੰਘਰਸ਼ ਹੋਰ ਤੇਜ਼ ਅਤੇ ਤਿੱਖਾ ਕਰਨਗੇ। ਆਗੂਆਂ ਨੇ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਸਾਡੀਆਂ ਮੰਗਾਂ ਜਲਦ ਪੂਰੀਆਂ ਨਾ ਕੀਤੀਆਂ ਤਾਂ ਉਹ ਆਉਣ ਵਾਲੀ ਲੋਕ ਸਭਾ ਚੋਣ ਵਿੱਚ ਆਪ ਸਰਕਾਰ ਦਾ ਬਾਈਕਾਟ ਵੀ ਕਰਨ ਤੋਂ ਗੁਰੇਜ਼ ਨਹੀਂ ਕਰਨਗੇ।