ਬਿੱਟੂ ਦੇ ਬਿਆਨ ‘ਤੇ ਤਕਰਾਰ (ETV BHARAT) ਬਠਿੰਡਾ: ਸਾਬਕਾ ਮੈਂਬਰ ਪਾਰਲੀਮੈਂਟ ਅਤੇ ਮੌਜੂਦਾ ਸਮੇਂ ਕੇਂਦਰ ਸਰਕਾਰ ਵਿੱਚ ਰਾਜ ਮੰਤਰੀ ਅਤੇ ਰਾਜਸਥਾਨ ਤੋਂ ਰਾਜ ਸਭਾ ਦੀ ਚੋਣ ਲੜ ਰਹੇ ਰਵਨੀਤ ਸਿੰਘ ਬਿੱਟੂ ਵੱਲੋਂ ਪਿਛਲੇ ਦਿਨੀਂ ਕਿਸਾਨ ਆਗੂਆਂ ਨੂੰ ਵਿਦੇਸ਼ਾਂ ਤੋ ਫੰਡਿੰਗ ਸਬੰਧੀ ਬਿਆਨ ਦਿੱਤਾ ਸੀ। ਉਨ੍ਹਾਂ ਦੇ ਇਸ ਬਿਆਨ ਤੋਂ ਬਾਅਦ ਕਿਸਾਨ ਆਗੂਆਂ ਵੱਲੋਂ ਤਿੱਖਾ ਪਲਟਵਾਰ ਕੀਤਾ ਜਾ ਰਿਹਾ ਹੈ। ਦੱਸ ਦਈਏ ਕਿ ਫਰਵਰੀ 2024 ਤੋਂ ਲਗਾਤਾਰ ਦਿੱਲੀ ਜਾਣ ਨੂੰ ਲੈ ਕੇ ਸ਼ੁਰੂ ਕੀਤੇ ਗਏ ਕਿਸਾਨ ਅੰਦੋਲਨ 2.0 ਤੋਂ ਪੈਦਾ ਹੋਏ ਹਾਲਾਤਾਂ ਤੋਂ ਬਾਅਦ ਰਵਨੀਤ ਸਿੰਘ ਬਿੱਟੂ ਵੱਲੋਂ ਲਗਾਤਾਰ ਕਿਸਾਨ ਜਥੇਬੰਦੀਆਂ ਦੇ ਆਗੂਆਂ 'ਤੇ ਨਿਸ਼ਾਨੇ ਸਾਧੇ ਜਾ ਰਹੇ ਹਨ।
'ਪੰਜਾਬ ਤੇ ਸਿੱਖ ਵਿਰੋਧੀ ਬਿੱਟੂ':ਉਥੇ ਹੀ ਇਸ ਸਬੰਧੀ ਕੁੱਲ ਹਿੰਦ ਮਜ਼ਦੂਰ ਸਭਾ ਦੇ ਸੂਬਾ ਪ੍ਰਧਾਨ ਬਲਕਰਨ ਸਿੰਘ ਬਰਾੜ ਨੇ ਕਿਹਾ ਕਿ ਰਵਨੀਤ ਸਿੰਘ ਬਿੱਟੂ ਜਿਸ ਨੂੰ ਲੁਧਿਆਣੇ ਦੇ ਲੋਕਾਂ ਵੱਲੋਂ ਨਕਾਰ ਦਿੱਤਾ ਗਿਆ ਲਗਾਤਾਰ ਭਾਜਪਾ ਦੀ ਬੋਲੀ ਬੋਲਦਿਆਂ ਕਿਸਾਨਾਂ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ। ਉਹਨਾਂ ਕਿਹਾ ਕਿ ਰਵਨੀਤ ਸਿੰਘ ਬਿੱਟੂ ਅਤੇ ਉਸ ਦਾ ਪਰਿਵਾਰ ਹਮੇਸ਼ਾ ਪੰਜਾਬ ਅਤੇ ਸਿੱਖ ਵਿਰੋਧੀ ਰਹੇ ਹਨ। ਇਹਨਾਂ ਵੱਲੋਂ ਕਦੇ ਵੀ ਪੰਜਾਬ ਵਿੱਚ ਆਪਸੀ ਭਾਈਚਾਰਕ ਸਾਂਝ ਦੀ ਗੱਲ ਨਹੀਂ ਕੀਤੀ ਗਈ। ਰਵਨੀਤ ਸਿੰਘ ਬਿੱਟੂ ਵੱਲੋਂ ਭਾਜਪਾ ਵਿੱਚ ਜਾਣ ਤੋਂ ਬਾਅਦ ਲਗਾਤਾਰ ਅਜਿਹੇ ਬਿਆਨ ਦਿੱਤੇ ਜਾ ਰਹੇ ਹਨ, ਜਿਸ ਨਾਲ ਪੰਜਾਬ ਦਾ ਮਾਹੌਲ ਲਗਾਤਾਰ ਗਰਮਾਉਂਦਾ ਰਿਹਾ ਹੈ।
ਏਜੰਸੀਆਂ ਤੋਂ ਜਾਂਚ ਕਰਵਾ ਲੈਣ ਬਿੱਟੂ: ਉਹਨਾਂ ਕਿਹਾ ਕਿ ਬਿੱਟੂ ਵੱਲੋਂ ਪਿਛਲੇ ਦਿਨੀਂ ਕੁਝ ਕਿਸਾਨ ਆਗੂਆਂ ਨੂੰ ਵਿਦੇਸ਼ਾਂ ਤੋਂ ਫੰਡਿੰਗ ਹੋਣ ਦੇ ਇਲਜ਼ਾਮ ਲਗਾਏ ਗਏ ਹਨ। ਕਿਸਾਨ ਆਗੂ ਨੇ ਬਲਕਰਨ ਸਿੰਘ ਬਰਾੜ ਨੇ ਕਿਹਾ ਕਿ ਰਵਨੀਤ ਸਿੰਘ ਬਿੱਟੂ ਕੇਂਦਰ ਸਰਕਾਰ ਦਾ ਹਿੱਸਾ ਹਨ ਅਤੇ ਕੇਂਦਰ ਸਰਕਾਰ ਕੋਲ ਸਾਰੀਆਂ ਹੀ ਏਜੰਸੀਆਂ ਹਨ ਜਿਸ ਤੋਂ ਮਰਜ਼ੀ ਜਾਂਚ ਕਰਵਾ ਲਵੇ। ਉਨ੍ਹਾਂ ਕਿਹਾ ਕਿ ਕਿਸਾਨ ਆਗੂਆਂ ਅਤੇ ਕਿਸਾਨ ਅੰਦੋਲਨ ਨੂੰ ਬਦਨਾਮ ਕਰਨ ਲਈ ਭਾਜਪਾ ਦਾ ਲਗਾਤਾਰ ਜ਼ੋਰ ਲੱਗਿਆ ਹੋਇਆ ਹੈ। ਜਦਕਿ ਪੰਜਾਬ ਅਤੇ ਦੇਸ਼ ਦੇ ਲੋਕ ਜਾਣਦੇ ਹਨ ਕਿ ਕੌਣ ਕੀ ਕਰ ਰਿਹਾ ਹੈ।
ਕਿਸਾਨੀ ਮੰਗਾਂ ਤੋਂ ਧਿਆਨ ਹਟਾਉਣ ਦੀ ਕੋਸ਼ਿਸ਼: ਇਸ ਦੇ ਨਾਲ ਹੀ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਸੂਬਾ ਪ੍ਰਧਾਨ ਸਰਵਣ ਸਿੰਘ ਪੰਧੇਰ ਨੇ ਰਵਨੀਤ ਸਿੰਘ ਬਿੱਟੂ ਦੇ ਬਿਆਨ 'ਤੇ ਟਿੱਪਣੀ ਕਰਦੇ ਹੋਏ ਕਿਹਾ ਕਿ ਇਹ ਕੋਈ ਪਹਿਲੀ ਵਾਰ ਨਹੀਂ ਹੋਇਆ। ਇਸ ਤੋਂ ਪਹਿਲਾਂ ਵੀ ਕਿਸਾਨ ਅੰਦੋਲਨ ਅਤੇ ਕਿਸਾਨਾਂ ਨੂੰ ਅੱਤਵਾਦੀ।ਖਾਲਿਸਤਾਨੀ ਅਤੇ ਹੋਰ ਪਤਾ ਨਹੀਂ ਕੀ-ਕੀ ਕਿਹਾ ਜਾਂਦਾ ਰਿਹਾ ਹੈ। ਭਾਜਪਾ ਅਤੇ ਰਵਨੀਤ ਸਿੰਘ ਬਿੱਟੂ ਦੋਵੇਂ ਹੀ ਕਿਸਾਨਾਂ ਅਤੇ ਕਿਸਾਨ ਆਗੂਆਂ ਨੂੰ ਬਦਨਾਮ ਕਰਕੇ ਉਹਨਾਂ ਦੀਆਂ ਮੰਗਾਂ ਤੋਂ ਧਿਆਨ ਭੜਕਾਉਣਾ ਚਾਹੁੰਦੇ ਹਨ ਪਰ ਕਿਸਾਨ ਅਜਿਹਾ ਨਹੀਂ ਹੋਣ ਦੇਣਗੇ। ਪੰਧੇਰ ਨੇ ਕਿਹਾ ਕਿ ਉਹ ਆਪਣੀਆਂ ਰਹਿੰਦੀਆਂ ਮੰਗਾਂ ਮਨਵਾਉਣ ਲਈ ਆਪਣਾ ਕਿਸਾਨ ਅੰਦੋਲਨ ਇਸੇ ਤਰ੍ਹਾਂ ਜਾਰੀ ਰੱਖਣਗੇ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਜਿੰਨ੍ਹਾਂ ਕਿਸਾਨ ਆਗੂਆਂ ਨੂੰ ਬਿੱਟੂ ਖਾਲਿਸਤਾਨ ਨਾਲ ਜੋੜ ਰਹੇ ਹਨ ਤਾਂ ਉਨ੍ਹਾਂ ਦੀ ਹੀ ਸਰਕਾਰ ਦੇ ਮੰਤਰੀ ਤੇ ਅਧਿਕਾਰੀ ਸਾਡੇ ਨਾਲ ਮੀਟਿੰਗਾਂ ਕਰ ਰਹੇ ਹਨ।