ਚੰਡੀਗੜ੍ਹ: ਇੱਕ ਪਾਸੇ ਕਿਸਾਨ ਆਪਣੀਆਂ ਮੰਗਾਂ ਨੂੰ ਲੈਕੇ ਦਿੱਲੀ ਜਾਣ ਦੀ ਕੋਸ਼ਿਸ਼ ਕਰ ਰਹੇ ਹਨ ਤਾਂ ਦੂਜੇ ਪਾਸੇ ਹਰਿਆਣਾ ਸਰਕਾਰ ਕਿਸਾਨਾਂ ਨੂੰ ਰੋਕਣ ਲਈ ਆਪਣੀ ਪੂਰੀ ਵਾਹ ਲਾ ਰਹੀ ਹੈ। ਜਿਸ ਦੇ ਚੱਲਦਿਆਂ ਹਰਿਆਣਾ ਸਰਕਾਰ ਨੇ ਕਈ ਲੇਅਰ ਦੀ ਬੈਰੀਕੇਡਿੰਗ ਕੀਤੀ ਹੋਈ ਹੈ ਤਾਂ ਜੋ ਕਿਸਾਨ ਅੱਗੇ ਨਾ ਲੰਘ ਸਕਣ। ਇਸ ਦੇ ਨਾਲ ਹੀ ਹਰਿਆਣਾ ਸਰਕਾਰ ਨੇ ਕਈ ਜ਼ਿਲ੍ਹਿਆਂ 'ਚ ਇੰਟਰਨੈਟ ਸੇਵਾ ਬੰਦ ਕੀਤੀ ਹੋਈ ਹੈ।
ਸ਼ਾਂਤੀਪੂਰਵਕ ਪ੍ਰਦਰਸ਼ਨ ਕਰਨ ਦਾ ਹੱਕ: ਹਰਿਆਣਾ ਦੀ ਇਸ ਕਾਰਵਾਈ ਨੂੰ ਲੈਕੇ ਦਿੱਲੀ ਦੇ ਇੱਕ ਵਕੀਲ ਨੇ ਸਰਹੱਦਾਂ ਨੂੰ ਬੰਦ ਕਰਨ ਅਤੇ ਇੰਟਰਨੈੱਟ 'ਤੇ ਪਾਬੰਦੀ ਨੂੰ ਚੁਣੌਤੀ ਦਿੰਦੇ ਹੋਏ ਪੰਜਾਬ ਹਰਿਆਣਾ ਹਾਈਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਸੀ, ਜਿਸ 'ਤੇ ਹਾਈਕੋਰਟ 'ਚ ਅੱਜ ਸੁਣਵਾਈ ਹੋਈ ਹੈ। ਪਟੀਸ਼ਨ ਦਾਇਰ ਕਰਨ ਵਾਲੇ ਦਿੱਲੀ ਦੇ ਵਕੀਲ ਉਦੈ ਪ੍ਰਤਾਪ ਸਿੰਘ ਨੇ ਕਿਹਾ ਕਿ ਕਿਸਾਨਾਂ ਨੂੰ ਸ਼ਾਂਤੀਪੂਰਵਕ ਪ੍ਰਦਰਸ਼ਨ ਕਰਨ ਦਾ ਹੱਕ ਹੈ। ਇਸ ਦੇ ਬਾਵਜੂਦ ਹਰਿਆਣਾ ਸਰਕਾਰ ਨੇ ਪੰਜਾਬ ਨਾਲ ਲੱਗਦੀਆਂ ਸਰਹੱਦਾਂ ਨੂੰ ਸੀਲ ਕਰ ਦਿੱਤਾ ਹੈ। ਇਸ ਤੋਂ ਇਲਾਵਾ 15 ਜ਼ਿਲ੍ਹਿਆਂ ਵਿੱਚ ਧਾਰਾ 144 ਲਾਗੂ ਕਰ ਦਿੱਤੀ ਗਈ ਹੈ। 7 ਜ਼ਿਲ੍ਹਿਆਂ ਵਿੱਚ ਇੰਟਰਨੈੱਟ ਬੰਦ ਕਰ ਦਿੱਤਾ ਗਿਆ ਹੈ।
15 ਫਰਵਰੀ ਨੂੰ ਹੋਵੇਗੀ ਅਗਲੀ ਸੁਣਵਾਈ:ਇਹ ਸੁਣਵਾਈ ਕਾਰਜਕਾਰੀ ਚੀਫ਼ ਜਸਟਿਸ ਜੀਐਸ ਸੰਧਾਵਾਲੀਆ ਅਤੇ ਜਸਟਿਸ ਲੁਪਿਤਾ ਬੈਨਰਜੀ ਦੇ ਬੈਂਚ ਨੇ ਕੀਤੀ। ਇਸ ਦੌਰਾਨ ਹਾਈਕੋਰਟ ਨੇ ਕਿਹਾ ਕਿ ਮੌਲਿਕ ਅਧਿਕਾਰਾਂ ਵਿਚ ਸੰਤੁਲਨ ਹੋਣਾ ਚਾਹੀਦਾ ਹੈ। ਕਿਸਾਨਾਂ ਅਤੇ ਆਮ ਲੋਕਾਂ ਦੇ ਆਪਣੇ ਹੱਕ ਹਨ। ਸਰਕਾਰਾਂ ਨੂੰ ਚਾਹੀਦਾ ਹੈ ਕਿ ਉਹ ਇਸ ਮਾਮਲੇ ਨੂੰ ਸੁਲਝਾਉਣ। ਹਾਈਕੋਰਟ ਨੇ ਹਰਿਆਣਾ ਸਰਕਾਰ ਨੂੰ ਇਹ ਵੀ ਕਿਹਾ ਕਿ ਤਾਕਤ ਦੀ ਕੋਈ ਵੀ ਵਰਤੋਂ ਆਖਰੀ ਵਿਕਲਪ ਹੋਣਾ ਚਾਹੀਦਾ ਹੈ। ਪ੍ਰਦਰਸ਼ਨ ਦੌਰਾਨ ਕਾਨੂੰਨ ਵਿਵਸਥਾ ਨੂੰ ਭੰਗ ਨਹੀਂ ਕੀਤਾ ਜਾਣਾ ਚਾਹੀਦਾ। ਮਾਮਲੇ ਦੀ ਅਗਲੀ ਸੁਣਵਾਈ 15 ਫਰਵਰੀ ਨੂੰ ਹੋਵੇਗੀ।
ਹਰਿਆਣਾ ਸਰਕਾਰ ਤੋਂ ਪੁੱਛੇ ਇਹ ਸਵਾਲ:ਇਸ ਤੋਂ ਪਹਿਲਾਂ ਸੁਣਵਾਈ ਦੌਰਾਨ ਹਰਿਆਣਾ ਸਰਕਾਰ ਨੇ ਕਿਹਾ ਕਿ ਕਿਸਾਨਾਂ ਨੇ ਪ੍ਰਦਰਸ਼ਨ ਦੀ ਇਜਾਜ਼ਤ ਨਹੀਂ ਲਈ ਹੈ। ਜਿਸ 'ਤੇ ਹਾਈਕੋਰਟ ਨੇ ਹਰਿਆਣਾ ਸਰਕਾਰ ਨੂੰ ਕਿਹਾ ਕਿ ਕਿਸਾਨ ਤੁਹਾਡੇ ਸੂਬੇ 'ਚੋਂ ਸਿਰਫ਼ ਗੁਜ਼ਰ ਰਹੇ ਹਨ। ਉਨ੍ਹਾਂ ਨੂੰ ਆਉਣ ਅਤੇ ਜਾਣ ਦਾ ਅਧਿਕਾਰ ਹੈ। ਉਨ੍ਹਾਂ ਦਾ ਰਾਹ ਕਿਉਂ ਰੋਕਿਆ ਗਿਆ? ਤੁਸੀਂ ਪਰੇਸ਼ਾਨ ਕਿਉਂ ਹੋ? ਕੀ ਉਹ ਤੁਹਾਡੇ ਰਾਜ ਵਿੱਚ ਅੰਦੋਲਨ ਕਰ ਰਹੇ ਹਨ? ਤੁਸੀਂ ਸੜਕਾਂ ਕਿਉਂ ਬੰਦ ਕਰ ਰਹੇ ਹੋ? ਇਸ ਦੇ ਜਵਾਬ ਵਿੱਚ ਹਰਿਆਣਾ ਸਰਕਾਰ ਨੇ ਕਿਹਾ ਕਿ ਉਨ੍ਹਾਂ ਨੇ ਦਿੱਲੀ ਤੋਂ 5 ਕਿਲੋਮੀਟਰ ਪਹਿਲਾਂ ਇਕੱਠੇ ਹੋਣ ਦਾ ਸੱਦਾ ਦਿੱਤਾ ਹੈ। ਉਨ੍ਹਾਂ ਨੇ ਹਥਿਆਰਾਂ ਨਾਲ ਟਰੈਕਟਰਾਂ ਨੂੰ ਮੋਡੀਫਾਈ ਕੀਤਾ ਹੈ। ਅਸੀਂ ਸਿਰਫ਼ ਸੂਬੇ ਵਿੱਚ ਕਾਨੂੰਨ ਵਿਵਸਥਾ ਬਣਾਈ ਰੱਖਣਾ ਚਾਹੁੰਦੇ ਹਾਂ।
ਪੰਜਾਬ ਨੇ ਰੱਖਿਆ ਇਹ ਪੱਖ ਤਾਂ ਹਰਿਆਣਾ ਨੇ ਵੀ ਆਖੀ ਇਹ ਗੱਲ: ਹਾਈ ਕੋਰਟ ਦੀ ਸੁਣਵਾਈ ਦੌਰਾਨ ਪੰਜਾਬ ਸਰਕਾਰ ਨੇ ਕਿਹਾ ਕਿ ਉਨ੍ਹਾਂ ਨੇ ਕੋਈ ਸੀਲਿੰਗ ਨਹੀਂ ਕੀਤੀ ਹੈ। ਉਹ ਵਿਰੋਧ ਪ੍ਰਦਰਸ਼ਨ ਕਰਨ ਲਈ ਦਿੱਲੀ ਜਾ ਰਹੇ ਹਨ। ਜੇਕਰ ਉਹ ਸ਼ਾਂਤੀ ਨਾਲ ਜਾ ਰਹੇ ਹਨ ਤਾਂ ਅਸੀਂ ਇਸ ਦੀ ਇਜਾਜ਼ਤ ਦੇ ਰਹੇ ਹਾਂ। ਸਰਕਾਰ ਨੇ ਭੀੜ ਨੂੰ ਕਾਬੂ ਕਰਨ ਲਈ ਪੂਰੇ ਪ੍ਰਬੰਧ ਕੀਤੇ ਹਨ। ਉਥੇ ਹੀ ਹਰਿਆਣਾ ਸਰਕਾਰ ਨੇ ਕਿਹਾ ਕਿ ਸ਼ਾਂਤਮਈ ਪ੍ਰਦਰਸ਼ਨ ਦਾ ਸਮਰਥਨ ਕੀਤਾ ਜਾ ਸਕਦਾ ਹੈ ਪਰ ਇੱਥੇ ਕਿਸਾਨ ਲੋਕਾਂ ਨੂੰ ਅਸੁਵਿਧਾ ਪੈਦਾ ਕਰ ਰਹੇ ਹਨ। ਉਨ੍ਹਾਂ ਦੇ ਪਿਛਲੇ ਰਿਕਾਰਡ 'ਤੇ ਨਜ਼ਰ ਮਾਰੀਏ ਤਾਂ ਸਭ ਕੁਝ ਪਤਾ ਲੱਗ ਜਾਵੇਗਾ। ਇਸ 'ਤੇ ਹਾਈਕੋਰਟ ਨੇ ਪੁੱਛਿਆ ਕਿ ਤੁਹਾਨੂੰ ਕਿਵੇਂ ਪਤਾ ਲੱਗਾ ਕਿ ਇਹ ਉਹੀ ਲੋਕ ਹਨ।