ਮਾਨਸਾ:ਮੰਡੀਆਂ ਦੇ ਵਿੱਚ ਝੋਨੇ ਦੀ ਖਰੀਦ ਨਾ ਹੋਣ ਕਾਰਨ ਪਰੇਸ਼ਾਨ ਕਿਸਾਨਾਂ ਵੱਲੋਂ ਮਾਨਸਾ ਸਿਰਸਾ ਰੋਡ 'ਤੇ ਪਿੰਡ ਦੁੱਲੋਵਾਲ ਵਿਖੇ ਧਰਨਾ ਲਗਾ ਕੇ ਪੰਜਾਬ ਅਤੇ ਕੇਂਦਰ ਸਰਕਾਰ ਦੇ ਖਿਲਾਫ ਵਿਰੋਧ ਪ੍ਰਦਰਸ਼ਨ ਕੀਤਾ ਗਿਆ। ਕਿਸਾਨਾਂ ਨੇ ਕਿਹਾ ਕਿ ਜਦੋਂ ਤੱਕ ਸਰਕਾਰ ਉਹਨਾਂ ਦੇ ਝੋਨੇ ਦੀ ਖਰੀਦ ਨਹੀਂ ਕਰਦੀ, ਉਦੋਂ ਤੱਕ ਸਰਕਾਰ ਦੇ ਖਿਲਾਫ ਪ੍ਰਦਰਸ਼ਨ ਜਾਰੀ ਰਹੇਗਾ।
ਮੰਡੀਆਂ 'ਚ ਕਿਸਾਨਾਂ ਦਾ ਬੁਰਾ ਹਾਲ
ਕਾਬਿਲੇਗੌਰ ਹੈ ਕਿ ਮਾਨਸਾ ਜ਼ਿਲ੍ਹੇ ਦੇ ਵਿੱਚ ਕਿਸਾਨਾਂ ਵੱਲੋਂ ਲਗਾਤਾਰ ਝੋਨੇ ਦੀ ਖਰੀਦ ਨੂੰ ਲੈ ਕੇ ਪੰਜਾਬ ਅਤੇ ਕੇਂਦਰ ਸਰਕਾਰ ਦੇ ਖਿਲਾਫ ਵਿਰੋਧ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਮਾਨਸਾ ਜ਼ਿਲ੍ਹੇ ਦੇ ਪਿੰਡ ਦੁੱਲੋਵਾਲ ਵਿਖੇ ਸਿਰਸਾ ਮਾਨਸਾ ਰੋਡ ਦੇ ਉੱਪਰ ਕਿਸਾਨਾਂ ਵੱਲੋਂ ਧਰਨਾ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਕਿਸਾਨ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਇਕ ਅਕਤੂਬਰ ਤੋਂ ਝੋਨੇ ਦੀ ਖਰੀਦ ਸ਼ੁਰੂ ਹੋਣ ਦੇ ਝੂਠੇ ਦਾਅਵੇ ਕਰ ਰਹੀ ਹੈ ਪਰ ਦੂਸਰੇ ਪਾਸੇ ਮੰਡੀਆਂ ਦੇ ਵਿੱਚ ਕਿਸਾਨ ਆਪਣੀ ਫਸਲ ਨੂੰ ਲੈ ਕੇ ਰੁਲ ਰਹੇ ਹਨ।