ਪੰਜਾਬ

punjab

ETV Bharat / state

ਕਿਸਾਨਾਂ ਦਾ ਦਿੱਲੀ ਵੱਲ ਮਾਰਚ ਮੁਲਤਵੀ, ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕੀਤਾ ਵੱਡਾ ਐਲਾਨ - KISAN ANDOLAN UPDATE

ਕਿਸਾਨਾਂ ਨੇ ਕੱਲ੍ਹ ਦਾ ਦਿੱਲੀ ਵੱਲ ਜਾਣ ਵਾਲਾ ਮਾਰਚ ਮੁਲਤਵੀ ਕਰ ਦਿੱਤਾ ਹੈ। 26 ਜਨਵਰੀ ਨੂੰ ਦੇਸ਼ ਭਰ ਵਿੱਚ ਟਰੈਕਟਰ ਮਾਰਚ ਕੱਢੇ ਜਾਣਗੇ।

KISAN ANDOLAN UPDATE
ਕਿਸਾਨਾਂ ਦਾ ਦਿੱਲੀ ਵੱਲ ਮਾਰਚ ਮੁਲਤਵੀ (Etv Bharat)

By ETV Bharat Punjabi Team

Published : Jan 20, 2025, 1:54 PM IST

ਚੰਡੀਗੜ੍ਹ:ਐੱਮਐੱਸਪੀ ਦੀ ਕਾਨੂੰਨੀ ਗਰੰਟੀ ਅਤੇ ਕਈ ਹੋਰ ਮੰਗਾਂ ਨੂੰ ਲੈ ਕੇ ਚੱਲ ਰਹੇ ਧਰਨੇ ਵਿੱਚ ਕਿਸਾਨਾਂ ਨੇ ਹੁਣ ਨਵਾਂ ਐਲਾਨ ਕੀਤਾ ਹੈ। ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਜਾਣਕਾਰੀ ਸਾਂਝੀ ਕਰਦੇ ਹੋਏ ਕਿਹਾ ਕਿ ਕਿਸਾਨਾਂ ਨੇ ਕੱਲ੍ਹ ਦਾ ਦਿੱਲੀ ਵੱਲ ਜਾਣ ਵਾਲਾ ਮਾਰਚ ਮੁਲਤਵੀ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ 14 ਫਰਵਰੀ ਨੂੰ ਚੰਡੀਗੜ੍ਹ ਦੀ ਬਜਾਏ ਦਿੱਲੀ ਵਿੱਚ ਮੀਟਿੰਗ ਕਰਨੀ ਚਾਹੀਦੀ ਹੈ। ਕੇਂਦਰ ਨੇ ਕਿਸਾਨਾਂ ਨੂੰ 14 ਫਰਵਰੀ ਨੂੰ ਚੰਡੀਗੜ੍ਹ ਵਿੱਚ ਗੱਲਬਾਤ ਲਈ ਸੱਦਿਆ ਹੈ।

26 ਜਨਵਰੀ ਨੂੰ ਟਰੈਕਟਰ ਮਾਰਚ

ਇਸ ਤੋਂ ਇਲਾਵਾ ਪੰਧੇਰ ਨੇ ਕਿਹਾ ਕਿ 26 ਜਨਵਰੀ ਨੂੰ ਦੇਸ਼ ਭਰ ਵਿੱਚ ਟਰੈਕਟਰ ਮਾਰਚ ਕੱਢੇ ਜਾਣਗੇ, ਕਿਉਂਕਿ ਕੇਂਦਰ ਸਰਕਾਰ ਨੇ 14 ਫਰਵਰੀ ਨੂੰ ਮੀਟਿੰਗ ਲਈ ਸੱਦਾ ਦਿੱਤਾ ਹੈ ਜੋ ਕਿ ਬਹੁਤ ਦੂਰ ਹੈ। ਸੰਯੁਕਤ ਕਿਸਾਨ ਮੋਰਚਾ (ਐਸਕੇਐਮ) ਨੇ ਅੱਜ (20 ਜਨਵਰੀ) ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ (ਐਮਐਸਪੀ) ਬਾਰੇ ਗਰੰਟੀ ਕਾਨੂੰਨ ਅਤੇ ਹੋਰ ਮੰਗਾਂ ਨੂੰ ਲੈ ਕੇ ਪੰਜਾਬ-ਹਰਿਆਣਾ ਸਮੇਤ ਦੇਸ਼ ਭਰ ਵਿੱਚ ਲੋਕ ਸਭਾ ਅਤੇ ਰਾਜ ਸਭਾ ਸੰਸਦ ਮੈਂਬਰਾਂ ਦੀਆਂ ਰਿਹਾਇਸ਼ਾਂ ਦਾ ਘਿਰਾਓ ਕਰਨ ਦਾ ਐਲਾਨ ਕੀਤਾ ਸੀ। ਪਰ ਕੇਂਦਰ ਵੱਲੋਂ ਗੱਲਬਾਤ ਦਾ ਸੱਦਾ ਮਿਲਣ ਤੋਂ ਬਾਅਦ ਕਿਸਾਨਾਂ ਨੇ ਭਾਜਪਾ ਆਗੂਆਂ ਦਾ ਘਿਰਾਓ ਕਰਨ ਦੀ ਬਜਾਏ ਈ-ਮੇਲ ਰਾਹੀਂ ਸੰਸਦ ਮੈਂਬਰਾਂ ਨੂੰ ਮੰਗ ਪੱਤਰ ਭੇਜਣ ਦਾ ਫੈਸਲਾ ਲਿਆ ਸੀ।

14 ਫਰਵਰੀ ਨੂੰ ਚੰਡੀਗੜ੍ਹ ਵਿੱਚ ਵਿੱਚ ਮੀਟਿੰਗ

16 ਜਨਵਰੀ ਨੂੰ ਖੇਤੀਬਾੜੀ ਅਤੇ ਭਲਾਈ ਵਿਭਾਗ ਦੇ ਸੰਯੁਕਤ ਸਕੱਤਰ ਪ੍ਰਿਯਰੰਜਨ ਹੋਰ ਕੇਂਦਰੀ ਅਧਿਕਾਰੀਆਂ ਨਾਲ ਖਨੌਰੀ ਸਰਹੱਦ 'ਤੇ ਪਹੁੰਚੇ ਸਨ। ਇੱਥੇ ਉਨ੍ਹਾਂ ਨੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨਾਲ ਮੁਲਾਕਾਤ ਕੀਤੀ। ਉਨ੍ਹਾਂ ਕਿਸਾਨਾਂ ਨੂੰ 14 ਫਰਵਰੀ ਨੂੰ ਚੰਡੀਗੜ੍ਹ ਵਿਖੇ ਮੀਟਿੰਗ ਲਈ ਸੱਦਾ ਵੀ ਦਿੱਤਾ। ਮੀਟਿੰਗ ਤੋਂ ਬਾਅਦ ਪ੍ਰਿਯਰੰਜਨ ਨੇ ਕਿਹਾ ਕਿ ਮਰਨ ਵਰਤ 'ਤੇ ਬੈਠੇ ਡੱਲੇਵਾਲ ਦੀ ਸਿਹਤ ਨੂੰ ਲੈ ਕੇ ਕੇਂਦਰ ਨੂੰ ਚਿੰਤਾ ਹੈ। ਅਸੀਂ ਇੱਥੇ ਇਸ ਲਈ ਆਏ ਹਾਂ ਤਾਂ ਕਿ ਕੋਈ ਰਸਤਾ ਲੱਭਿਆ ਜਾ ਸਕੇ। ਅਸੀਂ ਉਮੀਦ ਕਰਦੇ ਹਾਂ ਕਿ ਡੱਲੇਵਾਲ ਜਲਦੀ ਹੀ ਆਪਣਾ ਮਰਨ ਵਰਤ ਖਤਮ ਕਰਕੇ ਮੀਟਿੰਗ ਵਿੱਚ ਸ਼ਾਮਲ ਹੋਣਗੇ।

ਡੱਲੇਵਾਲ ਦਾ ਮਰਨ ਵਰਤ ਜਾਰੀ

ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੇ ਮਰਨ ਵਰਤ ਦਾ ਅੱਜ 56ਵਾਂ ਦਿਨ ਹੈ। ਕੇਂਦਰ ਸਰਕਾਰ ਵੱਲੋਂ 14 ਫਰਵਰੀ ਨੂੰ ਗੱਲਬਾਤ ਦਾ ਪ੍ਰਸਤਾਵ ਆਉਣ ਤੋਂ ਬਾਅਦ ਵੀ ਡੱਲੇਵਾਲ ਨੇ ਸਪੱਸ਼ਟ ਕੀਤਾ ਹੈ ਕਿ ਜਦੋਂ ਤੱਕ ਘੱਟੋ-ਘੱਟ ਸਮਰਥਨ ਮੁੱਲ 'ਤੇ ਗਾਰੰਟੀ ਕਾਨੂੰਨ ਲਾਗੂ ਨਹੀਂ ਹੁੰਦਾ, ਉਦੋਂ ਤੱਕ ਉਹ ਕੁਝ ਨਹੀਂ ਖਾਣਗੇ ਤੇ ਮਰਨ ਵਰਤ ਜਾਰੀ ਰਹੇਗਾ। ਹਾਲਾਂਕਿ ਕਿਸਾਨਾਂ ਦੇ ਕਹਿਣ 'ਤੇ ਉਹ ਸ਼ਨੀਵਾਰ ਦੇਰ ਰਾਤ ਤੋਂ ਹੀ ਮੈਡੀਕਲ ਸਹੂਲਤ ਲੈ ਰਹੇ ਹਨ। ਡੱਲੇਵਾਲ ਦੀ ਨਿਗਰਾਨੀ ਕਰ ਰਹੇ ਡਾਕਟਰਾਂ ਦੀ ਟੀਮ ਦਾ ਹਿੱਸਾ ਰਹੇ ਡਾ. ਸਵੈਮਾਨ ਸਿੰਘ ਦਾ ਕਹਿਣਾ ਹੈ ਕਿ 14 ਫਰਵਰੀ ਤੱਕ ਸਿਰਫ਼ ਡਾਕਟਰੀ ਸਹਾਇਤਾ 'ਤੇ ਹੀ ਡੱਲੇਵਾਲ ਦਾ ਜਿਉਂਦਾ ਰਹਿਣਾ ਮੁਸ਼ਕਲ ਹੈ।

ABOUT THE AUTHOR

...view details