ਕੇਂਦਰ ਸਰਕਾਰ ਵਿਰੁੱਧ ਕੀਤਾ ਪ੍ਰਦਰਸ਼ਨ (Etv Bharat (ਬਰਨਾਲਾ ,ਪੱਤਰਕਾਰ)) ਬਰਨਾਲਾ: ਸੰਯੁਕਤ ਕਿਸਾਨ ਮੋਰਚੇ ਵੱਲੋਂ ਕੇਂਦਰ ਅਤੇ ਕਾਰਪੋਰੇਟਾਂ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਗਿਆ। ਬਰਨਾਲਾ ਵਿਖੇ ਰਿਲਾਇੰਸ ਪੈਟਰੋਲ ਪੰਪ ਉਪਰ ਵੱਖ-ਵੱਖ ਕਿਸਾਨ ਜੱਥੇਬੰਦੀਆਂ ਨੇ ਨਾਅਰੇਬਾਜ਼ੀ ਕੀਤੀ ਗਈ। ਕੇਂਦਰ ਸਰਕਾਰ ਉੱਪਰ ਲਗਾਏ ਕਿਸਾਨ ਵਿਰੋਧੀ ਫ਼ੈਸਲੇ ਲੈਣ ਅਤੇ ਕਿਸਾਨਾਂ ਨਾਲ ਵਾਅਦਾ ਖਿਲਾਫ਼ੀ ਕਰਨ ਦੇ ਇਲਜ਼ਾਮ ਲਗਾਏ ਗਏ ਅਤੇ ਆਉਣ ਵਾਲੇ ਸਮੇਂ ਵਿੱਚ ਸੰਘਰਸ਼ ਤੇਜ਼ ਅਤੇ ਤਿੱਖਾ ਕਰਨ ਦੀ ਚੇਤਵਾਨੀ ਦਿੱਤੀ।
ਦੇਸ਼ ਦੇ ਮਹਾਨ ਸ਼ਹੀਦਾਂ ਨੇ ਆਪਣੀਆਂ ਕੁਰਬਾਨੀਆਂ:ਇਸ ਮੌਕੇ ਪ੍ਰਦਰਸ਼ਨਕਾਰੀਆਂ ਕਿਸਾਨ ਆਗੂਆਂ ਨੇ ਕਿਹਾ ਕਿ ਸਾਡੇ ਦੇਸ਼ ਦੇ ਮਹਾਨ ਸ਼ਹੀਦਾਂ ਨੇ ਆਪਣੀਆਂ ਕੁਰਬਾਨੀਆਂ ਦੇ ਕੇ ਦੇਸ਼ ਨੂੰ ਅੰਗਰੇਜ਼ਾਂ ਤੋਂ ਆਜ਼ਾਦ ਕਰਵਾਇਆ ਹੈ। ਪਰ ਦੇਸ਼ ਦੇ ਹਾਕਮ ਦੇਸ਼ ਦੇ ਲੋਕਾਂ ਨੂੰ ਮੁੜ ਕਾਰਪੋਰੇਟਾਂ ਦੇ ਗੁਲਾਮ ਬਨਾਉਣ ਲੱਗੇ ਹਨ। ਜਿਸ ਕਰਕੇ ਅੱਜ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ ਦੇਸ਼ ਭਰ ਵਿੱਚ ਕਾਰਪੋਰੇਟਾਂ ਦੇ ਕਾਰੋਬਾਰਾਂ ਅੱਗੇ ਧਰਨੇ ਪ੍ਰਦਰਸ਼ਨ ਦਿੱਤੇ ਜਾ ਰਹੇ ਹਨ। ਜਿਸ ਕੜੀ ਤਹਿਤ ਅੱਜ ਬਰਨਾਲਾ ਜਿਲ੍ਹੇ ਦੇ ਪਿੰਡ ਸੰਘੇੜਾ ਵਿਖੇ ਕਿਸਾਨ ਜੱਥੇਬੰਦੀਆਂ ਨੇ ਰਿਲਾਇੰਸ ਕੰਪਨੀ ਦੇ ਪੈਟਰੋਲ ਪੰਪ ਅੱਗੇ ਧਰਨਾ ਦਿੱਤਾ ਹੈ।
ਸੰਯੁਕਤ ਕਿਸਾਨ ਮੋਰਚੇ ਨਾਲ ਦਿੱਲੀ ਅੰਦੋਲਨ : ਉਨ੍ਹਾਂ ਕਿਹਾ ਕਿ ਇਹ ਰੋਸ ਪ੍ਰਦਰਸ਼ਨ ਨਿਰੋਲ ਕੇਂਦਰ ਦੀ ਭਾਜਪਾ ਸਰਕਾਰ ਵਿਰੁੱਧ ਹੈ। ਕਿਉਂਕਿ ਕੇਂਦਰ ਸਰਕਾਰ ਜਿੱਥੇ ਕਿਸਾਨਾਂ ਦੀਆਂ ਜਾਇਜ਼ ਮੰਗਾਂ ਨੂੰ ਅਣਦੇਖਿਆ ਕਰ ਰਹੀ ਹੈ। ਉੱਥੇ ਦੇਸ਼ ਦਾ ਸਾਰਾ ਸਰਮਾਇਆ ਕਾਰਪੋੇਰੇਟਾਂ ਹਵਾਲੇ ਕਰ ਰਹੀ ਹੈ। ਸੰਯੁਕਤ ਕਿਸਾਨ ਮੋਰਚੇ ਨਾਲ ਦਿੱਲੀ ਅੰਦੋਲਨ ਮੌਕੇ ਕੇਂਦਰ ਸਰਕਾਰ ਨੇ ਸਾਰੀਆਂ ਕਿਸਾਨੀ ਮੰਗਾਂ ਨੂੰ ਮੰਨਣ ਦਾ ਵਾਅਦਾ ਕੀਤਾ ਸੀ, ਪਰ ਅਜੇ ਤੱਕ ਉਨ੍ਹਾਂ ਵਿੱਚੋਂ ਬਹੁਤੀਆਂ ਮੰਗਾਂ ਲਟਕ ਰਹੀਆਂ ਹਨ। ਜਿਨ੍ਹਾਂ ਨੂੰ ਮੰਨਣ ਤੋਂ ਸਰਕਾਰ ਇਨਕਾਰੀ ਹੋ ਰਹੀ ਹੈ। ਉੱਥੇ ਨਾਲ ਹੀ ਦੇਸ਼ ਵਿੱਚ ਲੋਕ ਵਿਰੋਧੀ ਕਾਨੂੰਨ ਬਣਾਏ ਜਾ ਰਹੇ ਹਨ।
ਕੇਂਦਰ ਸਰਕਾਰ ਦਾ ਕਿਸਾਨਾਂ ਪ੍ਰਤੀ ਵਤੀਰਾ: ਕਿਸਾਨਾਂ ਦੀਆਂ ਜ਼ਮੀਨਾਂ ਕਾਰਪੋਰੇਟਾਂ ਹਵਾਲੇ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ। ਜਿਸ ਕਰਕੇ ਅੱਜ ਦਾ ਪ੍ਰਦਰਸ਼ਨ ਕੇਂਦਰ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਅਤੇ ਕਿਸਾਨਾਂ ਦੀਆਂ ਮੰਗਾਂ ਨੂੰ ਲੈ ਕੇ ਹੈ। ਉਨ੍ਹਾਂ ਕਿਹਾ ਕਿ ਜੇਕਰ ਕੇਂਦਰ ਸਰਕਾਰ ਦਾ ਕਿਸਾਨਾਂ ਪ੍ਰਤੀ ਵਤੀਰਾ ਇਹੀ ਰਿਹਾ ਤਾਂ ਆਉਣ ਵਾਲੇ ਸਮੇਂ ਵਿੱਚ ਪਹਿਲਾਂ ਵਾਂਗ ਕਾਰਪੋਰੇਟਾਂ ਦੇ ਪੈਟਰੋਲ ਪੰਪਾਂ ਅਤੇ ਮਾਲਾਂ ਅੱਗੇ ਪੱਕੇ ਮੋਰਚੇ ਲਗਾਏ ਜਾਣਗੇ।