ਬਰਨਾਲਾ:ਭਾਜਪਾ ਉਮੀਦਵਾਰ ਅਰਵਿੰਦ ਖੰਨਾ ਦਾ ਬਰਨਾਲਾ 'ਚ ਕਿਸਾਨਾਂ ਵਲੋਂ ਵਿਰੋਧ ਕੀਤਾ ਗਿਆ। ਲੋਕ ਸਭਾ ਹਲਕਾ ਸੰਗਰੂਰ ਦੇ ਭਾਜਪਾ ਉਮੀਦਵਾਰ ਇਤਿਹਾਸਕ ਪਿੰਡ ਠੀਕਰੀਵਾਲਾ ਵਿਖੇ ਚੋਣ ਪ੍ਰਚਾਰ ਕਰਨ ਪਹੁੰਚੇ ਸਨ। ਕਿਸਾਨਾਂ ਦੇ ਵਿਰੋਧ ਕਾਰਨ ਭਾਰੀ ਗਿਣਤੀ ਵਿੱਚ ਪੁਲਿਸ ਬਲ ਤੈਨਾਤ ਰਿਹਾ। ਵਿਰੋਧ ਕਰਨ ਵਾਲਿਆਂ ਨੂੰ ਪੁਲਿਸ ਵਲੋਂ ਹਿਰਾਸਤ ਵਿੱਚ ਲਿਆ ਗਿਆ। ਪ੍ਰਦਰਸ਼ਨਕਾਰੀਆਂ ਨੇ ਭਾਜਪਾ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ। ਕਿਸਾਨਾਂ ਨੇ ਕਿਹਾ ਕਿ ਭਾਜਪਾ ਸਰਕਾਰ ਨੇ ਸਾਨੂੰ ਦਿੱਲੀ ਦਾਖ਼ਲ ਨਹੀਂ ਹੋਣ ਦਿੱਤਾ, ਸਾਡੇ 750 ਕਿਸਾਨਾਂ ਲਈ ਭਾਜਪਾ ਸਰਕਾਰ ਜਿੰਮੇਵਾਰ ਰਹੀ, ਜਿਸ ਕਰਕੇ ਉਹ ਭਾਜਪਾ ਆਗੂਆਂ ਨੂੰ ਪਿੰਡਾਂ ਵਿੱਚ ਦਾਖ਼ਲ ਨਹੀਂ ਹੋਣ ਦੇਣਗੇ ।
ਕਿਸਾਨ ਵਿਰੋਧੀ ਭਾਜਪਾ ਸਰਕਾਰ:ਇਸ ਮੌਕੇ ਗੱਲਬਾਤ ਕਰਦਿਆਂ ਪ੍ਰਦਰਸ਼ਨਕਾਰੀ ਕਿਸਾਨਾਂ ਨੇ ਕਿਹਾ ਕਿ ਅੱਜ ਉਹਨਾਂ ਦੇ ਪਿੰਡ ਠੀਕਰੀਵਾਲਾ ਵਿਖੇ ਸੰਗਰੂਰ ਤੋਂ ਭਾਜਪਾ ਉਮੀਦਵਾਰ ਅਰਵਿੰਦ ਖੰਨਾ ਚੋਣ ਪ੍ਰਚਾਰ ਕਰਨ ਆਏ ਸਨ। ਜਿਸਦਾ ਕਿਸਾਨਾਂ ਅਤੇ ਪਿੰਡ ਵਾਸੀਆਂ ਨੇ ਵਿਰੋਧ ਕੀਤਾ ਹੈ। ਉਹਨਾਂ ਕਿਹਾ ਕਿ ਭਾਜਪਾ ਕਿਸਾਨ ਵਿਰੋਧੀ ਪਾਰਟੀ ਹੈ। ਖੇਤੀ ਕਾਨੂੰਨਾਂ ਦੀ ਲੜਾਈ ਭਾਜਪਾ ਦੇ ਵਿਰੁੱਧ ਕਿਸਾਨਾਂ ਨੇ ਲੜੀ ਅਤੇ ਇਸ ਸੰਘਰਸ਼ ਵਿੱਚ ਸਾਡਾ 750 ਕਿਸਾਨ ਸ਼ਹੀਦ ਹੋਇਆ, ਜਿਸ ਲਈ ਭਾਜਪਾ ਸਰਕਾਰ ਜਿੰਮੇਵਾਰ ਹੈ। ਉਹਨਾਂ ਕਿਹਾ ਕਿ ਅਸੀਂ ਭਾਜਪਾ ਉਮੀਦਵਾਰ ਨੂੰ ਸਵਾਲ ਕਰਨ ਸਨ। ਪੁਲਿਸ ਪ੍ਰਸ਼ਾਸ਼ਨ ਨੇ ਸਾਡੇ ਨਾਲ ਵਾਅਦਾ ਕੀਤਾ ਸੀ ਕਿ ਸਾਡੇ ਸਵਾਲ-ਜਵਾਬ ਕਰਵਾਉਣਗੇ, ਪਰ ਭਾਜਪਾ ਆਗੂ ਖੰਨਾ ਸਾਡੇ ਸਵਾਲਾਂ ਦੇ ਜਵਾਬ ਦੇਣ ਤੋਂ ਭੱਜ ਗਿਆ।