ਚੰਡੀਗੜ੍ਹ: ਅੱਜ ਕਿਸਾਨ ਅੰਦੋਲਨ ਦਾ ਛੇਵਾਂ ਦਿਨ ਹੈ। ਦਿੱਲੀ ਮਾਰਚ ਲਈ ਰਵਾਨਾ ਹੋਏ ਕਿਸਾਨ ਪੰਜਾਬ-ਹਰਿਆਣਾ ਦੀ ਸ਼ੰਭੂ ਸਰਹੱਦ 'ਤੇ ਡਟੇ ਹੋਏ ਹਨ। ਦੂਜੇ ਪਾਸੇ ਕੇਂਦਰ ਵੱਲੋਂ ਕਿਸਾਨ ਆਗੂਆਂ ਨਾਲ ਗੱਲਬਾਤ ਕਰਕੇ ਮਾਮਲਾ ਸੁਲਝਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਹਾਲਾਂਕਿ ਹੁਣ ਤੱਕ ਤਿੰਨ ਦੌਰ ਦੀਆਂ ਮੀਟਿੰਗਾਂ ਹੋ ਚੁੱਕੀਆਂ ਹਨ, ਪਰ ਅਜੇ ਤੱਕ ਮਸਲਾ ਹੱਲ ਨਹੀਂ ਹੋਇਆ। ਹੁਣ ਅਜਿਹੇ 'ਚ ਅੱਜ ਸ਼ਾਮ ਨੂੰ ਚੰਡੀਗੜ੍ਹ ਵਿੱਚ ਕਿਸਾਨਾਂ ਦੀ ਕੇਂਦਰ ਨਾਲ ਮੀਟਿੰਗ ਹੋਵੇਗੀ। ਇਹ ਚੌਥੀ ਵਾਰਤਾਲਾਪ ਹੈ। ਇਸ ਤੋਂ ਪਹਿਲਾਂ 3 ਮੀਟਿੰਗਾਂ ਬੇਸਿੱਟਾ ਰਹੀਆਂ ਸਨ। ਉਮੀਦ ਹੈ ਕਿ ਇਸ ਮੀਟਿੰਗ ਵਿੱਚ ਸ਼ਾਇਦ ਦੋਵਾਂ ਧਿਰਾਂ ਵਿਚਾਲੇ ਸਹਿਮਤੀ ਬਣ ਸਕਦੀ ਹੈ ਅਤੇ ਮਸਲਾ ਹੱਲ ਹੋ ਸਕਦਾ ਹੈ। ਇਸ ਮੀਟਿੰਗ ਵਿੱਚ ਕੋਈ ਫੈਸਲਾ ਨਾ ਹੋਣ ’ਤੇ ਕਿਸਾਨਾਂ ਨੇ ਦਿੱਲੀ ਵੱਲ ਮਾਰਚ ਕਰਨ ਦਾ ਐਲਾਨ ਕੀਤਾ ਹੈ।
ਘੱਟੋ-ਘੱਟ ਸਮਰਥਨ ਮੁੱਲ ਅਤੇ ਕਰਜ਼ਾ ਮੁਆਫੀ 'ਤੇ ਅੜੀ ਗੱਲ:ਹੁਣ ਤੱਕ ਕਿਸਾਨ ਆਗੂਆਂ ਅਤੇ ਸਰਕਾਰ ਵਿਚਾਲੇ ਤਿੰਨ ਦੌਰ ਦੀ ਗੱਲਬਾਤ ਹੋ ਚੁੱਕੀ ਹੈ। ਜਦੋਂ ਵੀ ਇਹ ਮੀਟਿੰਗਾਂ ਹੋਈਆਂ ਤਾਂ ਉਮੀਦ ਸੀ ਕਿ ਸ਼ਾਇਦ ਇਸ ਮੀਟਿੰਗ ਵਿੱਚ ਕੁਝ ਹੱਲ ਹੋ ਜਾਵੇਗਾ ਅਤੇ ਮੀਟਿੰਗ ਖ਼ਤਮ ਹੋਣ ਤੋਂ ਬਾਅਦ ਕੋਈ ਚੰਗੀ ਖ਼ਬਰ ਸੁਣਨ ਨੂੰ ਮਿਲੇਗੀ, ਪਰ ਅਜਿਹਾ ਨਹੀਂ ਹੋ ਸਕਿਆ। ਦੱਸਿਆ ਜਾ ਰਿਹਾ ਹੈ ਕਿ ਐਮਐਸਪੀ ਅਤੇ ਕਰਜ਼ਾ ਮੁਆਫੀ ਨੂੰ ਲੈ ਕੇ ਡੈੱਡਲਾਕ ਹੈ। ਅਜਿਹੇ 'ਚ ਕਿਸਾਨ ਸ਼ੰਭੂ ਸਰਹੱਦ 'ਤੇ ਦਿੱਲੀ ਵੱਲ ਮਾਰਚ ਕਰਨ ਲਈ ਅੜੇ ਹੋਏ ਹਨ। ਸੁਰੱਖਿਆ ਬਲ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕਰ ਰਹੇ ਹਨ ਤੇ ਕਿਸਾਨਾਂ ਉੱਤੇ ਅੱਥਰੂ ਗੈਸ ਦੇ ਗੋਲੇ ਤੇ ਪਲਾਸਟਿਕ ਦੀਆਂ ਗੋਲੀਆਂ ਚਲਾਈਆਂ ਜਾ ਰਹੀਆਂ ਹਨ।